Arth Parkash : Latest Hindi News, News in Hindi
Punjab Cashless MTP Services Under CM Health Scheme Increase Chief Minister Health Scheme ਬਣੀ ਔਰਤਾਂ ਲਈ ਸਹਾਰਾ, ਪੰਜਾਬ ਵਿੱਚ ਸੁਰੱਖਿਅਤ ਅਤੇ ਸਮੇਂ ਸਿਰ ਗਰਭਪਾਤ ਸੇਵਾਵਾਂ ਤੱਕ ਵਧੀ ਪਹੁੰਚ
Monday, 22 Jun 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

Chief Minister's Health Scheme becomes: ਸਟੇਟ ਹੈਲਥ ਏਜੰਸੀ (SHA), ਪੰਜਾਬ ਦੇ ਅੰਕੜਿਆਂ ਅਨੁਸਾਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੀਤੇ ਗਏ ਮੈਡੀਕਲ ਟਰਮੀਨੇਸ਼ਨ ਆਫ਼ ਪ੍ਰੈਗਨੈਂਸੀ (MTP) ਦੇ ਮਾਮਲਿਆਂ ਵਿੱਚੋਂ 57 ਫ਼ੀਸਦੀ ਗਰਭ ਅਵਸਥਾ ਦੇ ਪਹਿਲੇ ਅੱਠ ਹਫ਼ਤਿਆਂ ਦੇ ਅੰਦਰ-ਅੰਦਰ ਕੀਤੇ ਗਏ। ਹੁਣ ਤੱਕ ਦਰਜ 323 ਕੈਸ਼ਲੈੱਸ ਪ੍ਰਕਿਰਿਆਵਾਂ, ਜਿਨ੍ਹਾਂ ਦੀ ਕੁੱਲ ਲਾਗਤ 14.86 ਲੱਖ ਰੁਪਏ ਰਹੀ, ਵਿੱਚੋਂ 185 ਮਾਮਲੇ ਗਰਭ ਅਵਸਥਾ ਦੇ ਸ਼ੁਰੂਆਤੀ ਦੌਰ ਦੌਰਾਨ ਕੀਤੇ ਗਏ। ਇਹ ਸੂਬੇ ਭਰ ਦੇ 800 ਤੋਂ ਵੱਧ ਸੂਚੀਬੱਧ (ਪੈਨਲ 'ਤੇ ਮੌਜੂਦ) ਹਸਪਤਾਲਾਂ ਵਿੱਚ ਸਮੇਂ ਸਿਰ ਅਤੇ ਸੁਰੱਖਿਅਤ ਪ੍ਰਜਨਨ ਸਿਹਤ ਸੇਵਾਵਾਂ ਤੱਕ ਵਧ ਰਹੀ ਪਹੁੰਚ ਨੂੰ ਦਰਸਾਉਂਦਾ ਹੈ।

ਗਰਭਪਾਤ ਦਾ ਫ਼ੈਸਲਾ ਕਈ ਨਿੱਜੀ, ਡਾਕਟਰੀ ਅਤੇ ਸਮਾਜਿਕ-ਆਰਥਿਕ ਕਾਰਨਾਂ ਕਰਕੇ ਪ੍ਰਭਾਵਿਤ ਹੁੰਦਾ ਹੈ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪਹਿਲੇ ਅੱਠ ਹਫ਼ਤਿਆਂ ਦੇ ਅੰਦਰ ਕੀਤੇ ਗਏ ਐਮ.ਟੀ.ਪੀ. (MTP) ਮਾਮਲਿਆਂ ਦੀ ਗਿਣਤੀ ਕੁੱਲ ਮਾਮਲਿਆਂ ਦੇ ਅੱਧੇ ਤੋਂ ਵੱਧ ਰਹੀ, ਜਿਸ ਕਾਰਨ ਇਹ ਯੋਜਨਾ ਦੇ ਅਧੀਨ ਸਭ ਤੋਂ ਵੱਧ ਵਰਤੀ ਜਾਣ ਵਾਲੀ ਸ਼੍ਰੇਣੀ ਬਣ ਗਈ ਹੈ।

ਇਹ ਅੰਕੜੇ ਅਜਿਹੇ ਸਮੇਂ ਸਾਹਮਣੇ ਆਏ ਹਨ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਗਰਭਪਾਤ (MTP) ਸੇਵਾਵਾਂ ਦੀ ਕੈਸ਼ਲੈੱਸ ਸਹੂਲਤ ਦਾ ਦਾਇਰਾ ਵਧਾਇਆ ਹੈ। ਹੁਣ ਔਰਤਾਂ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਵੀ ਬਿਨਾਂ ਕਿਸੇ ਖ਼ਰਚੇ ਦੇ ਇਹ ਸੇਵਾਵਾਂ ਪ੍ਰਾਪਤ ਕਰ ਸਕਦੀਆਂ ਹਨ, ਜਿਸ ਨਾਲ ਪੂਰੇ ਪੰਜਾਬ ਵਿੱਚ ਸਿਹਤ ਸੇਵਾਵਾਂ ਤੱਕ ਉਨ੍ਹਾਂ ਦੀ ਪਹੁੰਚ ਹੋਰ ਵੀ ਆਸਾਨ ਹੋ ਗਈ ਹੈ।

ਅੰਕੜੇ ਸੰਕੇਤ ਦਿੰਦੇ ਹਨ ਕਿ ਜ਼ਿਆਦਾਤਰ ਲਾਭਪਾਤਰੀ ਗਰਭ ਅਵਸਥਾ ਦੇ ਸ਼ੁਰੂਆਤੀ ਪੜਾਵਾਂ ਵਿੱਚ ਹੀ ਗਰਭਪਾਤ ਸੇਵਾਵਾਂ ਦਾ ਲਾਭ ਉਠਾ ਰਹੇ ਹਨ, ਜਦੋਂ ਡਾਕਟਰੀ ਪ੍ਰਕਿਰਿਆਵਾਂ ਘੱਟ ਗੁੰਝਲਦਾਰ ਹੁੰਦੀਆਂ ਹਨ ਅਤੇ ਸਿਹਤ ਦੇ ਜੋਖਮ ਵੀ ਘੱਟ ਹੁੰਦੇ ਹਨ।

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਦੇ 800 ਤੋਂ ਵੱਧ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਐਮ.ਟੀ.ਪੀ. ਸੇਵਾਵਾਂ ਕੈਸ਼ਲੈੱਸ ਉਪਲਬਧ ਹਨ। ਇਸ ਯੋਜਨਾ ਦਾ ਉਦੇਸ਼ ਲੋਕਾਂ ਦੀ ਜੇਬ 'ਚੋਂ ਹੋਣ ਵਾਲੇ ਖ਼ਰਚੇ ਨੂੰ ਘਟਾਉਣਾ ਅਤੇ ਸਮੇਂ ਸਿਰ ਪ੍ਰਜਨਨ ਸਿਹਤ ਸੇਵਾਵਾਂ ਤੱਕ ਪਹੁੰਚ ਨੂੰ ਬਿਹਤਰ ਬਣਾਉਣਾ ਹੈ।

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਚੀਬੱਧ ਸਿਹਤ ਸੰਸਥਾਵਾਂ ਦੇ ਹਾਲੀਆ ਵਿਸਤਾਰ ਦਾ ਉਦੇਸ਼ ਸੇਵਾਵਾਂ ਤੱਕ ਪਹੁੰਚ ਨੂੰ ਆਸਾਨ ਬਣਾਉਣਾ ਅਤੇ ਇਲਾਜ ਵਿੱਚ ਹੋਣ ਵਾਲੀ ਦੇਰੀ ਨੂੰ ਘਟਾਉਣਾ ਹੈ। ਉਨ੍ਹਾਂ ਕਿਹਾ, “ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਕੈਸ਼ਲੈੱਸ ਸੇਵਾਵਾਂ ਮੁਹੱਈਆ ਕਰਵਾਉਣ ਦਾ ਉਦੇਸ਼ ਸਮੇਂ ਸਿਰ ਇਲਾਜ ਯਕੀਨੀ ਬਣਾਉਣਾ ਅਤੇ ਦੇਰੀ ਨਾਲ ਕੀਤੇ ਜਾਣ ਵਾਲੇ ਦਖ਼ਲ ਕਾਰਨ ਪੈਦਾ ਹੋਣ ਵਾਲੀਆਂ ਗੁੰਝਲਾਂ ਨੂੰ ਘੱਟ ਕਰਨਾ ਹੈ।”

ਡਾਕਟਰੀ ਮਾਹਰਾਂ ਦਾ ਮੰਨਣਾ ਹੈ ਕਿ ਡਾਕਟਰੀ ਨਿਗਰਾਨੀ ਹੇਠ ਸਮੇਂ ਸਿਰ ਗਰਭਪਾਤ ਸੇਵਾਵਾਂ ਤੱਕ ਪਹੁੰਚ ਸਿਹਤ ਜੋਖਮਾਂ ਨੂੰ ਘਟਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਮਾਤਾ ਕੌਸ਼ੱਲਿਆ ਹਸਪਤਾਲ ਦੀ ਸੀਨੀਅਰ ਪ੍ਰਸੂਤੀ ਅਤੇ ਇਸਤਰੀ ਰੋਗ ਮਾਹਰ ਡਾ. ਰਮਿਤਾ ਅਗਰਵਾਲ ਨੇ ਕਿਹਾ ਕਿ ਨਿਰਧਾਰਿਤ ਗਰਭਕਾਲ ਸੀਮਾ ਦੇ ਅੰਦਰ ਡਾਕਟਰੀ ਨਿਗਰਾਨੀ ਹੇਠ ਕੀਤਾ ਗਿਆ ਗਰਭਪਾਤ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਇਲਾਜ ਲੈਣ ਵਿੱਚ ਦੇਰੀ ਅਕਸਰ ਆਰਥਿਕ ਤੰਗੀ, ਜਾਗਰੂਕਤਾ ਦੀ ਘਾਟ ਅਤੇ ਸਮਾਜਿਕ ਰੁਕਾਵਟਾਂ ਨਾਲ ਜੁੜੀ ਹੁੰਦੀ ਹੈ, ਜਿਸ ਕਾਰਨ ਕਈ ਵਾਰ ਔਰਤਾਂ ਅਸੁਰੱਖਿਅਤ ਤਰੀਕਿਆਂ ਜਾਂ ਖ਼ੁਦ ਦਵਾਈ ਲੈਣ ਦਾ ਸਹਾਰਾ ਲੈਂਦੀਆਂ ਹਨ। ਉਨ੍ਹਾਂ ਕਿਹਾ, “ਸੁਰੱਖਿਆ ਯਕੀਨੀ ਬਣਾਉਣ ਲਈ ਕਿਸੇ ਵੀ ਦਵਾਈ ਜਾਂ ਪ੍ਰਕਿਰਿਆ ਤੋਂ ਪਹਿਲਾਂ ਹਰੇਕ ਮਾਮਲੇ ਦਾ ਉਚਿਤ ਡਾਕਟਰੀ ਮੁਲਾਂਕਣ ਜ਼ਰੂਰੀ ਹੈ।” ਗਰਭਪਾਤ ਕਰਵਾਉਣ ਦੇ ਕੁਝ ਆਮ ਕਾਰਨ

ਡਾ. ਰਮਿਤਾ ਅਗਰਵਾਲ ਨੇ ਗਰਭਪਾਤ ਕਰਵਾਉਣ ਦੇ ਕੁਝ ਆਮ ਕਾਰਨ ਵੀ ਸਾਂਝੇ ਕੀਤੇ:

ਗਰਭ ਨਿਰੋਧਕ ਸਾਧਨਾਂ ਦਾ ਅਸਫ਼ਲ ਹੋਣਾ: ਕੰਡੋਮ, ਆਈ.ਯੂ.ਡੀ. (IUD) ਜਾਂ ਹੋਰ ਗਰਭ ਨਿਰੋਧਕ ਸਾਧਨਾਂ ਦਾ ਉਮੀਦ ਮੁਤਾਬਕ ਪ੍ਰਭਾਵਸ਼ਾਲੀ ਨਾ ਹੋਣਾ।

ਗ਼ੈਰ-ਯੋਜਨਾਬੱਧ ਜਾਂ ਅਣਚਾਹੀ ਗਰਭ ਅਵਸਥਾ: ਜਦੋਂ ਔਰਤ ਜਾਂ ਜੋੜਾ ਬੱਚੇ ਲਈ ਤਿਆਰ ਨਾ ਹੋਵੇ।

ਆਰਥਿਕ ਕਾਰਨ: ਬੱਚੇ ਦੇ ਜਨਮ ਅਤੇ ਪਾਲਣ-ਪੋਸ਼ਣ ਨਾਲ ਜੁੜੇ ਖ਼ਰਚਿਆਂ ਬਾਰੇ ਚਿੰਤਾਵਾਂ।

ਮਾਂ ਦੀ ਸਿਹਤ ਸੰਬੰਧੀ ਜੋਖਮ: ਗਰਭ ਅਵਸਥਾ ਜਾਰੀ ਰਹਿਣ ਨਾਲ ਔਰਤ ਦੀ ਸਰੀਰਕ ਸਿਹਤ ਨੂੰ ਖ਼ਤਰਾ ਹੋਣਾ।

ਭਰੂਣ ਵਿੱਚ ਗੰਭੀਰ ਨੁਕਸ: ਭਰੂਣ ਵਿੱਚ ਗੰਭੀਰ ਜਨਮਜਾਤ ਜਾਂ ਡਾਕਟਰੀ ਸਮੱਸਿਆਵਾਂ ਦਾ ਪਤਾ ਲੱਗਣਾ।

ਨਿੱਜੀ, ਵਿੱਦਿਅਕ ਜਾਂ ਕਰੀਅਰ ਸੰਬੰਧੀ ਕਾਰਨ: ਗਰਭ ਅਵਸਥਾ ਦਾ ਪੜ੍ਹਾਈ, ਨੌਕਰੀ ਜਾਂ ਜ਼ਿੰਦਗੀ ਦੀਆਂ ਹੋਰ ਯੋਜਨਾਵਾਂ 'ਤੇ ਅਸਰ ਪੈਣਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਵਿਸਤਾਰ ਪ੍ਰਜਨਨ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਵਿੱਚ ਕੈਸ਼ਲੈੱਸ ਸਿਹਤ ਸੇਵਾਵਾਂ ਦੀ ਵਧ ਰਹੀ ਭੂਮਿਕਾ ਨੂੰ ਦਰਸਾਉਂਦਾ ਹੈ। ਇਹ ਆਰਥਿਕ ਰੁਕਾਵਟਾਂ ਨੂੰ ਘਟਾ ਕੇ ਅਤੇ ਸੰਸਥਾਗਤ ਸਿਹਤ ਸੇਵਾਵਾਂ ਤੱਕ ਪਹੁੰਚ ਵਧਾ ਕੇ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਮਦਦ ਕਰ ਰਿਹਾ ਹੈ।