
ਦੇਸ਼ ਭਰ ਵਿੱਚ ਮੈਡੀਕਲ ਪ੍ਰਵੇਸ਼ ਪ੍ਰੀਖਿਆ (NEET) ਵਿੱਚ ਕਥਿਤ ਧਾਂਦਲੀ ਅਤੇ ਵਾਰ-ਵਾਰ ਸਾਹਮਣੇ ਆ ਰਹੇ ਪੇਪਰ ਲੀਕ ਦੇ ਮਾਮਲਿਆਂ ਨੂੰ ਲੈ ਕੇ ਵਿਰੋਧੀ ਧਿਰ ਨੇ ਕੇਂਦਰ ਸਰਕਾਰ ਖ਼ਿਲਾਫ਼ ਆਪਣਾ ਰੁੱਖ ਹੋਰ ਸਖ਼ਤ ਕਰ ਦਿੱਤਾ ਹੈ। ਕਾਂਗਰਸ ਦੀ ਅਗਵਾਈ ਹੇਠ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸੰਸਦ ਭਵਨ ਕੰਪਲੈਕਸ ਵਿੱਚ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਕੀਤਾ।
ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ ਅਤੇ ਵਿਰੋਧੀ ਧਿਰਾਂ ਦੇ ਕਈ ਸੰਸਦ ਮੈਂਬਰ ਕਾਲੇ ਕੱਪੜੇ ਪਾ ਕੇ ਸੰਸਦ ਪਹੁੰਚੇ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਵਿਰੋਧੀ ਧਿਰ ਦਾ ਦੋਸ਼ ਹੈ ਕਿ ਵਾਰ-ਵਾਰ ਹੋ ਰਹੇ ਪੇਪਰ ਲੀਕ ਕਾਰਨ ਕਰੋੜਾਂ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿੱਚ ਪੈ ਰਿਹਾ ਹੈ ਅਤੇ ਸਰਕਾਰ ਇਸ ਮੁੱਦੇ 'ਤੇ ਜਵਾਬ ਦੇਣ ਤੋਂ ਬਚ ਰਹੀ ਹੈ।
ਵਿਰੋਧੀ ਨੇਤਾਵਾਂ ਨੇ ਕਿਹਾ ਕਿ ਉਨ੍ਹਾਂ ਦਾ ਇਹ ਪ੍ਰਦਰਸ਼ਨ ਦੇਸ਼ ਦੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਅਤੇ ਕੇਂਦਰੀ ਸਿੱਖਿਆ ਮੰਤਰਾਲੇ ਤੋਂ ਇਸ ਮਾਮਲੇ ਵਿੱਚ ਜਵਾਬਦੇਹੀ ਤੈਅ ਕਰਨ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਮੰਗ ਕੀਤੀ ਹੈ।