ਵਧੀਕ ਡਿਪਟੀ ਕਮਿਸ਼ਨਰ ਨੇ ਦਿਹਾਤੀ ਖੇਤਰਾਂ ’ਚ ਚੱਲ ਰਹੀਆਂ ਸਕੀਮਾਂ ਦਾ ਲਿਆ ਜਾਇਜ਼ਾ
ਵਧੀਕ ਡਿਪਟੀ ਕਮਿਸ਼ਨਰ ਨੇ ਦਿਹਾਤੀ ਖੇਤਰਾਂ ’ਚ ਚੱਲ ਰਹੀਆਂ ਸਕੀਮਾਂ ਦਾ ਲਿਆ ਜਾਇਜ਼ਾ*
ਜਲੰਧਰ, 13 ਅਕਤੂਬਰ : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਵਦੀਪ ਕੌਰ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਸਮੀਖਿਆ ਮੀਟਿੰਗ ਦੌਰਾਨ ਦਿਹਾਤੀ ਖੇਤਰਾਂ ਵਿੱਚ ਚੱਲ ਰਹੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
ਵਧੀਕ ਡਿਪਟੀ ਕਮਿਸ਼ਨਰ ਨੇ ਪਿੰਡਾਂ ਵਿੱਚ ਮਾਡਲ ਖੇਡ ਮੈਦਾਨਾਂ, ਆਂਗਣਵਾੜੀ ਸੈਂਟਰਾਂ ਅਤੇ ਲਾਇਬ੍ਰੇਰੀਆਂ ਦੀ ਉਸਾਰੀ ਦੇ ਚੱਲ ਰਹੇ ਕੰਮ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਂ ਸੀਮਾਂ ਨੂੰ ਧਿਆਨ ਰੱਖਦੇ ਹੋਏ ਸਮੁੱਚੇ ਕੰਮ ਮਿਆਰੀ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਇਆ ਜਾਵੇ। ਮਗਨਰੇਗਾ ਸਕੀਮ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰਾਪਤ ਟੀਚੇ ਅਨੁਸਾਰ ਮੈਨਡੇਜ਼ ਜਨਰੇਟ ਕੀਤੇ ਜਾਣ।
ਪਿੰਡਾਂ ਵਿੱਚ ਚੱਲ ਰਹੇ ਠੋਸ ਅਤੇ ਤਰਲ ਰਹਿੰਦ-ਖੂਹੰਦ ਪ੍ਰਬੰਧਨ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਸਵੱਛ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਕੰਮਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਨਿਵੇਕਲੀ ਪਹਿਲਕਦਮੀ ‘ਵਿਲੇਜ ਚੈਂਪੀਅਨ’ ਸਬੰਧੀ ਜਾਣਕਾਰੀ ਦਿੰਦਿਆਂ ਪਿੰਡਾਂ ਵਿੱਚ ਵਿਕਾਸ ਪਹਿਲਕਦਮੀਆਂ ਨੂੰ ਸਰਗਰਮ ਹੁਲਾਰਾ ਦੇਣ ਲਈ ਸਮੂਹ ਬੀ.ਡੀ.ਪੀ.ਓਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਪਿੰਡਾਂ ਵਿੱਚ ਇਸ ਪਹਿਲ ਸਬੰਧੀ ਵੱਡੇ ਪੱਧਰ ’ਤੇ ਜਾਗਰੂਕਤਾ ਫੈਲਾਉਣ ਲਈ ਕਿਹਾ।
ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਸਫਾਈ, ਡੋਰ ਟੂ ਡੋਰ ਵੇਸਟ ਕੁਲੈਕਸ਼ਨ ਮੈਨੇਜਮੈਂਟ, ਗ੍ਰੀਨ ਬੈਲਟ/ਪਾਰਕਾਂ/ਗਰਾਊਂਡਾਂ ਦਾ ਰਖ-ਰਖਾਅ, ਸੁਚੱਜੀ ਜਲ ਸਪਲਾਈ ਅਤੇ ਕਾਰਜਸ਼ੀਲ ਟੂਟੀ ਕੁਨੈਕਸ਼ਨ, ਨਸ਼ਿਆਂ ਦਾ ਖਾਤਮਾ ਤੇ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਉਪਰਾਲੇ, ਸਰਕਾਰੀ ਯੋਜਨਾਵਾਂ ਵਿੱਚ ਪ੍ਰਦਰਸ਼ਨ, ਪਿੰਡਾਂ ਦੇ ਰੱਖ-ਰਖਾਅ ਵਿੱਚ ਲੋਕਾਂ ਦੀ ਸ਼ਮੂਲੀਅਤ ਸਮੇਤ ਵੱਖ-ਵੱਖ ਮਾਪਦੰਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਪਹਿਲੇ ਤਿੰਨ ਪਿੰਡਾਂ ਨੂੰ ਵਿਕਾਸ ਗ੍ਰਾਂਟ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਰਬਓਤਮ ਪਿੰਡ ਨੂੰ 4 ਲੱਖ ਰੁਪਏ, ਦੂਜੇ ਸਥਾਨ ’ਤੇ ਰਹਿਣ ਵਾਲੇ ਪਿੰਡ ਨੂੰ 2 ਲੱਖ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਪਿੰਡ ਨੂੰ 1 ਲੱਖ ਰੁਪਏ ਦੀ ਵਿਕਾਸ ਗ੍ਰਾਂਟ ਦਿੱਤੀ ਜਾਵੇਗੀ।
ਇਸ ਤੋਂ ਇਲਾਵਾ ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ), ਸਾਂਸਦ ਆਦਰਸ਼ ਗ੍ਰਾਮ ਯੋਜਨਾ, ਸੋਲਰ ਪ੍ਰਾਜੈਕਟ ਆਦਿ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਗਿਆ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।