ਨਸ਼ਾ ਮੁਕਤੀ ਯਾਤਰਾ ਤਹਿਤ ਮੁੜ ਸ਼ੁਰੂ ਕੀਤੀਆਂ ਜਾਣਗੀਆਂ ਪਿੰਡਾਂ ‘ਚ ਜਾਗਰੂਕਤਾ ਮੀਟਿੰਗਾਂ: ਐਸ.ਡੀ.ਐਮ. ਜਸਪਾਲ ਸਿੰਘ ਬਰਾੜ
ਮਲੋਟ/ਲੰਬੀ, 14 ਜੁਲਾਈ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਿੱਚ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਯਾਤਰਾ ਤਹਿਤ ਮੁੜ ਪਿੰਡਾਂ ‘ਚ ਜਾਗਰੂਕਤਾ ਮੀਟਿੰਗਾਂ ਸ਼ੁਰੂ ਕੀਤੀਆਂ ਜਾਣਗੀਆਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਸ.ਡੀ.ਐਮ. ਜਸਪਾਲ ਸਿੰਘ ਬਰਾੜ ਨੇ ਨਸ਼ਾ ਮੁਕਤੀ ਮੋਰਚੇ ਦੇ ਅਹੁਦੇਦਾਰਾਂ ਅਤੇ ਪਿੰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਹਿਤ ਲੋਕਾਂ ਨਾਲ ਸਿੱਧਾ ਰਾਬਤਾ ਕੀਤਾ ਜਾ ਰਿਹਾ ਹੈ ਤੇ ਨਸ਼ਿਆਂ ਤੋਂ ਪੀੜਤ ਮਰੀਜ਼ਾਂ ਨੂੰ ਸਹੀ ਇਲਾਜ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਐਸ.ਡੀ.ਐਮ. ਜਸਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ 'ਤੇ ਬੁਲਡੋਜ਼ਰ ਚਲਾਇਆ ਜਾ ਰਿਹਾ ਹੈ ਅਤੇ ਨਾਲੋ-ਨਾਲ ਤਸਕਰਾਂ ਨੂੰ ਫੜਿਆ ਵੀ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਨਸ਼ਾ ਮੁਕਤੀ ਯਾਤਰਾ ਕੋਈ ਯਾਤਰਾ ਨਹੀਂ ਹੈ, ਇਹ ਇੱਕ ਸਮਾਜਿਕ ਸੰਕਲਪ ਹੈ। ਉਹ ਸਮਾਜ ਦੇ ਹਰ ਵਰਗ, ਹਰ ਪੰਚਾਇਤ, ਹਰ ਨੌਜਵਾਨ, ਹਰ ਮਾਤਾ-ਪਿਤਾ ਨੂੰ ਅਪੀਲ ਕਰਦੇ ਹਨ ਕਿ ਇਸ ਅੰਦੋਲਨ ਨਾਲ ਜੁੜਨ।
ਉਨ੍ਹਾਂ ਇਸ ਮੌਕੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਲੜਾਈ ਹੁਣ ਪਿੰਡ-ਪਿੰਡ ਤੋਂ ਸ਼ੁਰੂ ਹੋ ਚੁੱਕੀ ਹੈ। ਹਰ ਨਾਗਰਿਕ ਆਪਣੇ ਪਿੰਡ ਦਾ ਪਹਿਰੇਦਾਰ ਬਣੇਗਾ ਅਤੇ ਨਸ਼ਿਆਂ ਨੂੰ ਪਿੰਡ ਵਿੱਚ ਵੜਨ ਨਹੀਂ ਦੇਵੇਗਾ। ਹੁਣ ਨਾ ਕੋਈ ਨਸ਼ਾ ਵਿਕੇਗਾ, ਨਾ ਕੋਈ ਤਸਕਰ ਪਿੰਡ ਵਿੱਚ ਵੜੇਗਾ।
ਐਸ.ਡੀ.ਐਮ. ਜਸਪਾਲ ਸਿੰਘ ਬਰਾੜ ਨੇ ਕਿਹਾ ਕਿ ਜੋ ਨਸ਼ਿਆਂ ਦੇ ਸ਼ਿਕਾਰ ਹਨ, ਉਨ੍ਹਾਂ ਨੂੰ ਸਮਾਜ ਤੋਂ ਬਾਹਰ ਨਹੀਂ ਕੀਤਾ ਜਾਵੇਗਾ, ਸਗੋਂ ਉਨ੍ਹਾਂ ਨੂੰ ਸਹੀ ਰਾਹ ਵਿਖਾ ਕੇ , ਪੁਨਰਵਾਸ ਲਈ ਉਪਰਾਲੇ ਕੀਤੇ ਜਾਣਗੇ। ਉਹਨਾਂ ਨੇ ਅਪੀਲ ਕੀਤੀ ਕਿ ਹਰ ਪਿੰਡ, ਹਰ ਪਰਿਵਾਰ, ਹਰ ਨੌਜਵਾਨ ਇਸ ਅੰਦੋਲਨ ਨਾਲ ਜੁੜੇ।
ਇਸ ਮੌਕੇ ਨਸ਼ਾ ਮੁਕਤੀ ਮੋਰਚੇ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਕੋਆਰਡੀਨੇਟਰ ਮਨਵੀਰ ਸਿੰਘ ਖੁੱਡੀਆਂ, ਡੀ.ਐਸ.ਪੀ. ਇਕਬਾਲ ਸਿੰਘ ਢਿੱਲੋਂ, ਡੀ.ਐਸ.ਪੀ. ਜਸਪਾਲ ਸਿੰਘ, ਬੀ.ਡੀ.ਪੀ.ਓ. ਰਾਕੇਸ਼ ਬਿਸ਼ਨੋਈ, ਹਲਕਾ ਲੰਬੀ ਤੋਂ ਮੋਰਚਾ ਕੋਆਰਡੀਨੇਟਰ ਪਰਮਪਾਲ ਸਿੰਘ ਪੰਨੀਵਾਲਾ, ਹਲਕਾ ਮਲੋਟ ਦੇ ਕੋਆਰਡੀਨੇਟਰ ਬਲਰਾਜ ਸਿੰਘ ਤੇ ਵੱਡੀ ਗਿਣਤੀ ‘ਚ ਪੇਂਡੂ ਰੱਖਿਆ ਕਮੇਟੀਆਂ ਦੇ ਮੈਂਬਰ ਹਾਜ਼ਰ ਸਨ।