Hindi
WhatsApp Image 2025-07-31 at 5

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਦਾ ਸੰਕਲਪ

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਦਾ ਸੰਕਲਪ

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਦਾ ਸੰਕਲਪ

 

ਪਿਛਲੀਆਂ ਸਰਕਾਰਾਂ ਨੇ ਪੰਜਾਬ ਵਾਸੀਆਂ ਅਤੇ ਮਹਾਨ ਸ਼ਹੀਦਾਂ ਨੂੰ ਵਿਸਾਰ ਦਿੱਤਾ ਸੀ-ਕੇਜਰੀਵਾਲ

 

ਬੀਤੇ 75 ਸਾਲਾਂ ਵਿੱਚ ਸ਼ਹੀਦਾਂ ਅਤੇ ਕੌਮੀ ਨੇਤਾਵਾਂ ਦੇ ਸੁਪਨੇ ਮਿੱਟੀ ਵਿੱਚ ਮਿਲਾ ਦਿੱਤੇ ਗਏ ਸਨ

 

ਬਦਨਾਮ ਅਤੇ ਖਤਰਨਾਕ ਨਸ਼ਾ ਸਰਗਣਾ ਜੇਲ੍ਹ ਦੀ ਸ਼ਲਾਖਾਂ ਪਿੱਛੇ ਭੇਜਿਆ

 

ਮੁੱਖ ਮੰਤਰੀ ਨੇ ਮਹਾਨ ਸ਼ਹੀਦਾਂ ਅਤੇ ਦੇਸ਼ ਭਗਤਾਂ ਦੇ ਨਕਸ਼ੇ-ਕਦਮਾਂ ’ਤੇ ਚੱਲਣ ਲਈ ਵਚਨਬੱਧਤਾ ਦੁਹਰਾਈ

 

ਬਹੁਤ ਪ੍ਰਧਾਨ ਮੰਤਰੀ ਆਏ ਅਤੇ ਗਏ ਪਰ ਲਾਲ ਕਿਲ੍ਹੇ ਦੀ ਫਸੀਲ ਤੋਂ ਭਾਸ਼ਣ ਨਾ ਬਦਲੇ

 

ਹਰੇਕ ਸਮਾਜ ਦੀ ਭਲਾਈ ਲਈ ਸੂਬਾ ਸਰਕਾਰ ਦੀਆਂ ਪਹਿਲਕਦਮੀਆਂ ਦਾ ਜ਼ਿਕਰ ਕੀਤਾ

 

ਬਰਤਾਨਵੀ ਹਾਕਮਾਂ ਦੇ ਪਿੱਠੂਆਂ ਦੇ ਫਰਜ਼ੰਦ ਨੇ ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ਦੀ ਪੁਸ਼ਤਪਨਾਹੀ ਨਾਲ ਸੂਬਾ ਬਰਬਾਦ ਕਰ ਦਿੱਤਾ


ਸ਼ਹੀਦ ਊਧਮ ਸਿੰਘ ਵਾਲਾ (ਸੁਨਾਮ), 31 ਜੁਲਾਈ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਆਪਣੇ ਸੰਕਲਪ ਨੂੰ ਦੁਹਰਾਉਂਦਿਆਂ ਕਿਹਾ ਕਿ ਸਮਾਜ ਦੇ ਹਰੇਕ ਤਬਕੇ ਦੀ ਭਲਾਈ ਨੂੰ ਯਕੀਨੀ ਬਣਾ ਕੇ ਸ਼ਹੀਦਾਂ ਦੇ ਸਾਕਾਰ ਕੀਤੇ ਜਾਣਗੇ।
ਅੱਜ ਇੱਥੇ ਸ਼ਹੀਦ ਊਧਮ ਸਿੰਘ ਵਾਲਾ ਨਗਰ ਦੇ ਵਿਕਾਸ ਲਈ 85 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਆਪਣੇ ਦੇਸ਼ ਨੂੰ ਗੁਲਾਮੀ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਲਾਮਿਸਾਲ ਕੁਰਬਾਨੀ ਦਿੱਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮਹਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਰੱਖੇ ਸਮਾਗਮ ਵਿੱਚ ਸ਼ਿਰਕਤ ਕਰਨਾ ਉਨ੍ਹਾਂ ਲਈ ਬਹੁਤ ਮਾਣ ਤੇ ਸਕੂਨ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਵੱਡੀ ਗਿਣਤੀ ਵਿੱਚ ਪਰਵਾਨਿਆਂ ਨੇ ਕੁਰਬਾਨੀਆਂ ਦਿੱਤੀਆਂ ਤਾਂ ਕਿ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ ਜਿਸ ਨਾਲ ਕਮਜ਼ੋਰ ਅਤੇ ਦੱਬੇ-ਕੁਚਲੇ ਵਰਗਾਂ ਦੀ ਭਲਾਈ ਯਕੀਨੀ ਬਣਾਈ ਜਾ ਸਕੇਗੀ।
ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਆਜ਼ਾਦੀ ਦੇ 75 ਸਾਲ ਬਾਅਦ ਵੀ ਸ਼ਹੀਦਾਂ ਦੇ ਸੁਪਨੇ ਅਜੇ ਅਧੂਰੇ ਹਨ ਕਿਉਂਕਿ ਸੱਤਾ ਭੋਗਣ ਵਾਲੇ ਲੋਕਾਂ ਨੇ ਸਰਕਾਰੀ ਖਜ਼ਾਨੇ ਦੀ ਲੁੱਟ ਕੀਤੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦੀਆਂ ਅਲਾਮਤਾਂ ਨਾਲ ਪੰਜਾਬ ਨੂੰ ਬਰਬਾਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿਆਸਤਦਾਨਾਂ ਨੇ ਆਪਣੇ ਨਿੱਜੀ ਹਿੱਤਾਂ ਲਈ ਲੋਕਾਂ ਦੇ ਪੈਸੇ ਨੂੰ ਬੇਰਹਿਮੀ ਨਾਲ ਲੁੱਟਿਆ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਕੂਲਾਂ ਅਤੇ ਹਸਪਤਾਲਾਂ ਦੀ ਹਾਲਤ ਬਦ ਤੋਂ ਬਦਤਰ ਹੋ ਗਈ ਸੀ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਆਮ ਲੋਕਾਂ ਨੂੰ ਮਿਆਰੀ ਸਿਹਤ ਅਤੇ ਸਿੱਖਿਆ ਮੁਹੱਈਆ ਕਰਵਾਉਣ ਲਈ ਕਦੇ ਪ੍ਰਵਾਹ ਹੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਲੀਡਰਾਂ ਨੇ ਹੀ ਸੂਬੇ ਵਿੱਚ ਨਸ਼ਿਆਂ ਦਾ ਜਾਲ ਫੈਲਾਇਆ ਜਿਸ ਨੇ ਸਾਡੀ ਪੀੜ੍ਹੀਆਂ ਬਰਬਾਦ ਕਰ ਦਿੱਤੀਆਂ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਖੁਸ਼ੀ ਹੋਈ ਹੈ ਕਿ ਪੰਜਾਬ ਵਿੱਚ ਹੁਣ ਨਸ਼ਿਆਂ ਦਾ ਲੱਕ ਟੁੱਟ ਚੁੱਕਾ ਹੈ ਜਿਸ ਲਈ ਸੂਬਾ ਸਰਕਾਰ ਨੂੰ ਸਾਬਾਸ਼ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿਸ ਢੰਗ ਨਾਲ ਸੂਬੇ ਵਿੱਚ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ, ਇਸ ਦਾ ਮਿਸਾਲ ਦੇਸ਼ ਦੇ ਇਤਿਹਾਸ ਵਿੱਚ ਨਹੀਂ ਮਿਲਦੀ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬੇ ਵਿੱਚ ਇਮਾਨਦਾਰ ਸਰਕਾਰ ਨੇ ਬਦਨਾਮ ਅਤੇ ਖਤਰਨਾਕ ਨਸ਼ਾ ਸਰਗਣਾ ਨੂੰ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਸੁੱਟਿਆ ਹੈ। ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਕੋਈ ਵੀ ਸਰਕਾਰ ਇਸ ਰਸੂਖਵਾਨ ਸਿਆਸੀ ਲੀਡਰ ਨੂੰ ਹੱਥ ਲਾਉਣ ਦੀ ਹਿੰਮਤ ਨਹੀਂ ਕਰਦੀ ਸੀ ਜੋ ਸੂਬੇ ਵਿੱਚ ਨਸ਼ੇ ਫੈਲਾਉਣ ਦਾ ਸੂਤਰਧਾਰ ਸੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਮਿਸਾਲੀ ਕੰਮ ਕੀਤਾ ਅਤੇ ਨਸ਼ੇ ਦੇ ਕਾਰੋਬਾਰ ਦੀਆਂ ਵੱਡੀਆਂ ਮੱਛੀਆਂ ਨੂੰ ਜੇਲ੍ਹ ਭੇਜਿਆ। ਉਨ੍ਹਾਂ ਕਿਹਾ ਕਿ ਅਜਿਹੇ ਹੋਰ ਲੋਕਾਂ ਖਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ ਜਿਨ੍ਹਾਂ ਨੇ ਸਾਡੇ ਨੌਜਵਾਨਾਂ ਦਾ ਭਵਿੱਖ ਤਬਾਹ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਕੌਮੀ ਕਨਵੀਨਰ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਸ਼ਾਸਨਕਾਲ ਦੌਰਾਨ ਪੰਜਾਬ ਨੇ ਹਰ ਖੇਤਰ ਵਿੱਚ ਇਨਕਲਾਬੀ ਬਦਲਾਅ ਦੇਖੇ ਹਨ।  ਉਨ੍ਹਾਂ ਦੱਸਿਆ ਕਿ ਸਕੂਲਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, ਹਸਪਤਾਲਾਂ ਦੀ ਕਾਇਆਕਲਪ ਕੀਤੀ ਜਾ ਰਹੀ ਹੈ, ਕਿਸਾਨਾਂ ਤੱਕ ਨਹਿਰੀ ਪਾਣੀ ਪਹੁੰਚ ਰਿਹਾ ਹੈ, 20,000 ਕਿਲੋਮੀਟਰ ਪੇਂਡੂ ਸੜਕਾਂ ਅਤੇ ਹੋਰ ਉਸਾਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਮਾਨਦਾਰ ਸਰਕਾਰ ਸਰਕਾਰੀ ਖਜ਼ਾਨੇ ਦੇ ਇਕ-ਇਕ ਪੈਸੇ ਦੀ ਸਮਝਦਾਰੀ ਨਾਲ ਵਰਤੋਂ ਕਰਕੇ ਸ਼ਹੀਦਾਂ ਦੇ ਸੁਪਨੇ ਪੂਰਾ ਕਰਨ ਵਿੱਚ ਕੋਈ ਕਸਰ ਨਹੀਂ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਭਲਾਈ ਦੇ ਇਨ੍ਹਾਂ ਨੇਕ ਕੰਮਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਸੁਚੇਤ ਕੀਤਾ ਕਿ ਜੇਕਰ ਕਾਂਗਰਸ ਜਾਂ ਅਕਾਲੀ-ਭਾਜਪਾ ਕਦੇ ਵੀ ਸੂਬੇ ਵਿੱਚ ਸੱਤਾ ਵਿੱਚ ਵਾਪਸ ਆਉਂਦੀ ਹੈ ਤਾਂ ਉਹ ਆਪਣੇ ਨਖਿੱਧ ਕਾਰਗੁਜ਼ਾਰੀ ਰਾਹੀਂ ਪੰਜਾਬ ਵਿੱਚ ਚੱਲ ਰਹੇ ਵਿਕਾਸ ਨੂੰ ਫਿਰ ਤੋਂ ਪਟੜੀ ਤੋਂ ਉਤਾਰ ਦੇਣਗੇ।
ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਖਾਤਰ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਭੇਟ ਕਰਨਾ ਸੂਬਾ ਸਰਕਾਰ ਦਾ ਫਰਜ਼ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੇ ਨਾਮ 'ਤੇ ਹਵਾਈ ਅੱਡਿਆਂ, ਯੂਨੀਵਰਸਿਟੀਆਂ ਅਤੇ ਹੋਰ ਸੰਸਥਾਵਾਂ ਦਾ ਨਾਮ ਰੱਖਣਾ ਇਨ੍ਹਾਂ ਨਾਇਕਾਂ ਦੀ ਸ਼ਾਨਾਮੱਤੀ ਵਿਰਾਸਤ ਨੂੰ ਕਾਇਮ ਰੱਖਣ ਲਈ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਨਾਇਕਾਂ ਦੀਆਂ ਕੁਰਬਾਨੀਆਂ ਸਦਕਾ ਹੀ ਦੇਸ਼ ਵਾਸੀ ਅੱਜ ਆਜ਼ਾਦੀ ਦੇ ਫਲ ਦਾ ਆਨੰਦ ਮਾਣ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਜਲ੍ਹਿਆਂਵਾਲਾ ਬਾਗ ਕਤਲੇਆਮ ਦਾ ਬਦਲਾ ਲੈਣ ਲਈ ਲੰਡਨ ਦੇ ਕੈਕਸਟਨ ਹਾਲ ਵਿੱਚ ਜਾ ਕੇ ਸਰ ਮਾਈਕਲ ਓ'ਡਵਾਇਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅੰਗਰੇਜ਼ਾਂ ਦੀ ਕਠਪੁਤਲੀ ਬਣ ਕੇ ਚੱਲਣ ਵਾਲਿਆਂ ਨੂੰ ਉਹ ਸਰ ਦਾ ਖਿਤਾਬ ਦਿੰਦੇ ਸਨ ਅਤੇ ਅਜਿਹਾ ਹੀ ਇਕ ਖਿਤਾਬ ਉਸ ਪਰਿਵਾਰ ਨੂੰ ਵੀ ਦਿੱਤਾ ਗਿਆ ਸੀ ਜਿਸ ਨੇ ਅਪ੍ਰੈਲ 1919 ਵਿੱਚ ਜਲ੍ਹਿਆਂਵਾਲਾ ਬਾਗ ਕਤਲੇਆਮ ਦੀ ਰਾਤ ਜਨਰਲ ਡਾਇਰ ਲਈ ਖਾਣੇ ਦੀ ਮੇਜ਼ਬਾਨੀ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਸੇ ਗੱਦਾਰ ਪਰਿਵਾਰ ਦਾ ਫਰਜ਼ੰਦ, ਜਿਸਨੇ ਪੰਜਾਬ ਵਿੱਚ ਨਸ਼ਿਆਂ ਨੂੰ ਸਰਪ੍ਰਸਤੀ ਦਿੱਤੀ, ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਕਰਨ ਦੇ ਜੁਰਮ ਵਿੱਚ ਹੁਣ ਨਾਭਾ ਜੇਲ੍ਹ ‘ਚ ਬੰਦ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਲਗਾਤਾਰ ਕੈਕਸਟਨ ਹਾਲ ਜਾਂਦੇ ਰਹੇ ਹਨ ਜਿੱਥੇ ਸ਼ਹੀਦ ਊਧਮ ਸਿੰਘ ਨੇ ਜਨਰਲ ਡਾਇਰ ਨੂੰ ਮਾਰ ਕੇ ਲੱਖਾਂ ਭਾਰਤੀਆਂ ਦਾ ਬਦਲਾ ਲਿਆ ਸੀ। ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਆਜ਼ਾਦੀ ਦੇ 75 ਵਰ੍ਹੇ ਤੋਂ ਵੀ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਹਾਲੇ ਤੱਕ ਆਜ਼ਾਦੀ ਦਾ ਫਲ ਅਸਲ ਮਾਇਨੇ ਵਿੱਚ ਹਰ ਘਰ ਤੱਕ ਨਹੀਂ ਪਹੁੰਚਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀਤੇ ਸਮਿਆਂ ਵਿੱਚ ਸੱਤਾ ਵਿੱਚ ਬੈਠੇ ਲੋਕਾਂ ਨੇ ਚਿੱਟੇ ਵਰਗੇ ਨਸ਼ੇ ਫੈਲਾਉਣ, ਲੋਕਾਂ ਦੀ ਲੁੱਟ-ਖਸੁੱਟ ਕਰਨ, ਭ੍ਰਿਸ਼ਟਾਚਾਰ ਅਤੇ ਹੋਰ ਲਾਹਨਤਾਂ ਨੂੰ ਉਤਸ਼ਾਹਿਤ ਕਰਨ ਲਈ ਆਜ਼ਾਦੀ ਦੀ ਦੁਰਵਰਤੋਂ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਹੁਣ ਤੱਕ ਦੇ ਪ੍ਰਧਾਨ ਮੰਤਰੀ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਆਪਣੇ ਆਜ਼ਾਦੀ ਦਿਹਾੜੇ ਦੇ ਭਾਸ਼ਣਾਂ ਵਿੱਚ ਇਕੋ-ਜਿਹੇ ਬਿਆਨ ਦਿੰਦੇ ਆਏ ਹਨ। ਉਨ੍ਹਾਂ ਕਿਹਾ ਕਿ ਇਹ ਵਧੇਰੇ ਅਫ਼ਸੋਸ ਦੀ ਗੱਲ ਹੈ ਕਿ ਇਨ੍ਹਾਂ ਆਗੂਆਂ ਨੇ ਲੋਕਾਂ ਨੂੰ ਸਿਰਫ਼ ਡਰਾਮੇ ਹੀ ਦਿੱਤੇ ਹਨ ਅਤੇ ਜਨਤਾ ਅਜੇ ਵੀ ਮੁੱਢਲੀਆਂ ਸਹੂਲਤਾਂ ਤੋਂ ਵਾਂਝੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਵਰਗੇ ਸ਼ਹੀਦਾਂ ਦੇ ਸੁਪਨੇ ਅਜੇ ਵੀ ਸਾਕਾਰ ਨਹੀਂ ਹੋਏ ਕਿਉਂਕਿ ਇਨ੍ਹਾਂ ਲੋਕਾਂ ਨੇ ਇਸ ਲਈ ਕਦੇ ਕੋਈ ਠੋਸ ਯਤਨ ਨਹੀਂ ਕੀਤੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਆਮ ਆਦਮੀ ਪਾਰਟੀ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅਣਥੱਕ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ਦਾ ਹਰ ਹਿੱਸੇ ‘ਤੇ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਸ਼ਹੀਦਾਂ ਦੇ ਨਿਸ਼ਾਨ ਹਨ, ਜਿਨ੍ਹਾਂ ਨੇ ਸਾਨੂੰ ਜ਼ੁਲਮ, ਬੇਇਨਸਾਫ਼ੀ ਅਤੇ ਅੱਤਿਆਚਾਰ ਦਾ ਡਟ ਕੇ ਵਿਰੋਧ ਕਰਨ ਦਾ ਰਸਤਾ ਦਿਖਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਇਥੋਂ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਿਹਤ, ਸਿੱਖਿਆ, ਰੋਜ਼ਗਾਰ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚੇ ਵਰਗੇ ਖੇਤਰਾਂ ਨੂੰ ਦੇਸ਼ ਦੀ ਰਾਜਨੀਤੀ ਦੇ ਕੇਂਦਰ ਬਿੰਦੂ 'ਤੇ ਲਿਆਉਣ ਦਾ ਸਿਹਰਾ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਖੇਤਰ ਉਨ੍ਹਾਂ ਦੀ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਹਨ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੇ ਦੂਜੀਆਂ ਰਾਜਨੀਤਿਕ ਪਾਰਟੀਆਂ ਨੇ ਹਮੇਸ਼ਾ ਨਫ਼ਰਤ ਅਤੇ ਫੁੱਟ ਪਾਊ ਏਜੰਡੇ ਨੂੰ ਅੱਗੇ ਵਧਾਇਆ ਹੈ, ਉੱਥੇ ਸ੍ਰੀ ਕੇਜਰੀਵਾਲ ਦੀ ਅਗਵਾਈ ਵਿੱਚ 'ਆਪ' ਨੇ ਇਨ੍ਹਾਂ ਖੇਤਰਾਂ ਨੂੰ ਤਰਜੀਹ ਦੇ ਕੇ ਰਾਜਨੀਤੀ ਨੂੰ ਨਵੀਂ ਦਿਸ਼ਾ ਦਿੱਤੀ ਹੈ।
ਇੱਕ ਹੋਰ ਵੱਡੀ ਭਲਾਈ ਪਹਿਲਕਦਮੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਗੱਲ ਕਰਦਿਆਂ ਕਿਹਾ ਇਹ ਦੇਸ਼ ਦੀ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ ਜੋ ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ। ਉਨ੍ਹਾਂ ਮਾਣ ਨਾਲ ਕਿਹਾ ਕਿ ਪੰਜਾਬ ਅਜਿਹਾ ਵਿਆਪਕ ਸਿਹਤ ਸੰਭਾਲ ਕਵਰੇਜ ਪ੍ਰਦਾਨ ਕਰਨ ਵਾਲਾ ਪਹਿਲਾ ਭਾਰਤੀ ਸੂਬਾ ਹੈ, ਜੋ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਂਦਿਆਂ ਜਨਤਾ 'ਤੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤੱਕ ਘਟਾਏਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਇਤਿਹਾਸਕ ਕਦਮ ਦਾ ਉਦੇਸ਼ ਸੂਬੇ ਦੇ ਸਾਰੇ ਪਰਿਵਾਰਾਂ ਨੂੰ ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਹੁਣ ਤੱਕ 55,000 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ  ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ। ਇਸਦੇ ਨਾਲ ਹੀ ਸੂਬੇ ਭਰ ਵਿੱਚ ਸਕੂਲਾਂ ਦਾ ਨਵੀਨੀਕਰਨ ਕੀਤਾ ਗਿਆ ਹੈ ਅਤੇ ਹੁਣ ਟੇਲਾਂ ‘ਤੇ ਵਸਦੇ ਕਿਸਾਨਾਂ ਨੂੰ ਵੀ ਨਹਿਰੀ ਪਾਣੀ ਮਿਲ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ ਦੇ 90 ਫੀਸਦ ਪਰਿਵਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ ਅਤੇ ਇਸ ਸਭ ਤੋਂ ਇਲਾਵਾ ਹੋਰ ਕਈ ਲੋਕ-ਪੱਖੀ ਪਹਿਲਕਦਮੀਆਂ ਲਗਾਤਾਰ ਜਾਰੀ ਹਨ।
ਉਨ੍ਹਾਂ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਮਿਹਨਤੀ ਅਤੇ ਅਗਵਾਈ ਕਰਨ ਵਾਲੇ ਰਹੇ ਹਨ ਅਤੇ ਆਪਣੇ ਇਸ ਸੁਭਾਅ ਕਰਕੇ ਹੀ ਉਨ੍ਹਾਂ ਨੇ ਦੁਨੀਆ ਭਰ ਦੇ ਹਰ ਖੇਤਰ ਵਿੱਚ ਮੱਲਾਂ ਮਾਰੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਆਪਣੀ ਸਖ਼ਤ ਮਿਹਨਤ ਅਤੇ ਸਿਰੜੀ ਸੁਭਾਅ ਨਾਲ ਹਰ ਖੇਤਰ ਵਿੱਚ ਵੱਡਾ ਨਾਮ ਕਮਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਤਰੱਕੀ ਲਈ ਪੰਜਾਬੀਆਂ ਦੀ ਇਸ ਭਾਵਨਾ ਦੀ ਸਹੀ ਵਰਤੋਂ ਕਰਨ ਅਤੇ 'ਰੰਗਲਾ ਪੰਜਾਬ' ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਊਧਮ ਸਿੰਘ ਦੇ ਵਾਰਸਾਂ ਨੂੰ ਸਨਮਾਨਿਤ ਵੀ ਕੀਤਾ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਇਸ ਪਵਿੱਤਰ ਧਰਤੀ 'ਤੇ ਆਉਣ ਲਈ ਸਵਾਗਤ ਕੀਤਾ।
ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਸਿੰਘ ਚੀਮਾ, ਲਾਲਜੀਤ ਸਿੰਘ ਭੁੱਲਰ, ਡਾ. ਰਵਜੋਤ, ਗੁਰਮੀਤ ਸਿੰਘ ਖੁੱਡੀਆਂ, ਹਰਭਜਨ ਸਿੰਘ ਈ.ਟੀ.ਓ., ਬਰਿੰਦਰ ਕੁਮਾਰ ਗੋਇਲ ਅਤੇ ਹਰਦੀਪ ਸਿੰਘ ਮੁੰਡੀਆਂ, ਸੀਨੀਅਰ 'ਆਪ' ਨੇਤਾ ਮਨੀਸ਼ ਸਿਸੋਦੀਆ, ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕਿਸ਼ਨ ਸਿੰਘ ਰੋੜੀ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਜਗਦੀਪ ਕੰਬੋਜ ਗੋਲਡੀ, ਪ੍ਰੋਫੈਸਰ ਬਲਜਿੰਦਰ ਕੌਰ ਅਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।


Comment As:

Comment (0)