ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਲਕੇ ਦੇ 32 ਪਿੰਡਾਂ ਦੇ ਵਿਕਾਸ ਲਈ ਕਰੀਬ 03 ਕਰੋੜ 85 ਲੱਖ ਰੁਪਏ ਦੇ ਚੈੱਕ ਸੌਂਪੇ ਤੇ ਨੀ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਲਕੇ ਦੇ 32 ਪਿੰਡਾਂ ਦੇ ਵਿਕਾਸ ਲਈ ਕਰੀਬ 03 ਕਰੋੜ 85 ਲੱਖ ਰੁਪਏ ਦੇ ਚੈੱਕ ਸੌਂਪੇ ਤੇ ਨੀਂਹ ਪੱਥਰ ਰੱਖੇ
ਕਿਹਾ; ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਤਹਿਤ ਜ਼ਮੀਨ ਜਬਰੀ ਐਕੁਆਇਰ ਨਹੀਂ ਹੋਵੇਗੀ
31 ਜੁਲਾਈ ਨੂੰ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਜੀ ਦੇ ਰਾਜ ਪੱਧਰੀ ਸ਼ਹੀਦੀ ਸਮਾਗਮ ਵਿੱਚ ਸ਼ਿਰਕਤ ਕਰਨ ਦੀ ਅਪੀਲ
ਸੰਗਰੂਰ/ ਸੁਨਾਮ, 22 ਜੁਲਾਈ
ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਸ਼੍ਰੀ ਅਮਨ ਅਰੋੜਾ ਨੇ ਹਲਕੇ ਦੇ ਵੱਖੋ-ਵੱਖ ਪਿੰਡਾਂ ਖੇੜੀ, ਨਾਗਰਾ, ਬਿਗੜਵਾਲ, ਘਾਸੀਵਾਲ, ਬੀਰਕਲਾਂ, ਤੋਗਾਵਾਲ ਅਤੇ ਪਿੰਡ ਮੰਡੇਰ ਕਲਾਂ ਵਿਖੇ ਕਰਵਾਏ ਸਮਾਗਮਾਂ ਦੌਰਾਨ ਹਲਕੇ ਦੇ 32 ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕਰੀਬ 03 ਕਰੋੜ 85 ਲੱਖ ਰੁਪਏ ਦੇ ਵਿਕਾਸ ਕਾਰਜਾਂ ਸਬੰਧੀ ਨੀਂਹ ਪੱਥਰ ਰੱਖੇ ਤੇ ਪੰਚਾਇਤਾਂ ਨੂੰ ਚੈੱਕ ਸੌਂਪੇ।
ਇਸ ਮੌਕੇ ਸ਼੍ਰੀ ਅਰੋੜਾ ਨੇ ਕਿਹਾ ਕਿ ਲੋਕਾਂ ਨੇ ਜਿਨ੍ਹਾਂ ਉਮੀਦਾਂ ਨਾਲ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਚੁਣੀ ਸੀ, ਉਹਨਾਂ ਉਮੀਦਾਂ 'ਤੇ ਪੰਜਾਬ ਸਰਕਾਰ ਖਰੀ ਉੱਤਰ ਰਹੀ ਹੈ। ਵਿਧਾਨ ਸਭਾ ਹਲਕਾ ਸੁਨਾਮ ਸਮੇਤ ਪੂਰੇ ਸੂਬੇ ਵਿੱਚ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ, ਜਿਸ ਨਾਲ ਸੂਬੇ ਦੀ ਕਾਇਆ ਕਲਪ ਹੋ ਰਹੀ ਹੈ।
ਵੱਖ ਵੱਖ ਸਮਾਗਮਾਂ ਦੌਰਾਨ ਸੰਬੋਧਨ ਕਰਦਿਆਂ ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦਾ ਵਿਕਾਸ ਯੋਜਨਾਬੱਧ ਤਰੀਕੇ ਨਾਲ ਕੀਤਾ ਜਾ ਰਿਹਾ ਹੈ। ਜਿੱਥੇ ਸਿੱਖਿਆ ਅਤੇ ਸਿਹਤ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ, ਉਥੇ ਹੀ ਬੁਨਿਆਦੀ ਢਾਂਚੇ ਦੇ ਨਿਰੰਤਰ ਵਿਕਾਸ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਦੇਸ਼ ਵਿੱਚ ਇਹ ਪਹਿਲੀ ਵਾਰ ਹੋਵੇਗਾ ਕਿ ਜਿੱਥੇ ਹਰੇਕ ਪਰਿਵਾਰ ਦਾ 10 ਲੱਖ ਰੁਪਏ ਦਾ ਇਲਾਜ ਬੀਮਾ ਹੋਵੇਗਾ। ਬਿਮਾਰੀ ਦੀ ਹਾਲਤ ਵਿੱਚ ਵਿਅਕਤੀ ਨੇ ਸਿਰਫ ਹਸਪਤਾਲ ਵਿੱਚ ਜਾ ਕੇ ਦਾਖ਼ਲ ਹੀ ਹੋਣਾ ਹੈ। ਬਾਕੀ ਸਾਰਾ ਕੰਮ ਪੰਜਾਬ ਸਰਕਾਰ ਕਰੇਗੀ। ਇਹ ਇਲਾਜ ਸਰਕਾਰੀ ਅਤੇ ਇਮਪੈਨਲਡ ਨਿੱਜੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਉਪਲਬਧ ਹੋਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਤਹਿਤ ਜ਼ਮੀਨ ਜਬਰੀ ਐਕੁਆਇਰ ਨਹੀਂ ਹੋਵੇਗੀ ਅਤੇ ਇਸ ਦਾ ਸੂਬੇ ਦੇ ਕਿਸਾਨਾਂ ਨੂੰ ਵੱਡਾ ਲਾਭ ਹੋਵੇਗਾ। ਇਸ ਲੈਂਡ ਪੂਲਿੰਗ ਸਕੀਮ ਦਾ ਮੰਤਵ ਕਿਸਾਨਾਂ ਲਈ ਆਮਦਨ ਦੇ ਸਥਾਈ ਸਰੋਤ ਪੈਦਾ ਕਰ ਕੇ ਉਨ੍ਹਾਂ ਨੂੰ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਵਿੱਚ ਸਰਗਰਮ ਭਾਈਵਾਲ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਜ਼ਮੀਨ ਜਬਰੀ ਐਕੁਆਇਰ ਨਹੀਂ ਕੀਤੀ ਜਾਵੇਗੀ ਅਤੇ ਜਿਹੜੇ ਕਿਸਾਨ ਸਹਿਮਤ ਹੋਣਗੇ, ਉਨ੍ਹਾਂ ਦੀ ਜ਼ਮੀਨ ਹੀ ਇਸ ਨੀਤੀ ਤਹਿਤ ਲਈ ਜਾਵੇਗੀ। ਇਸ ਨੀਤੀ ਤਹਿਤ ਕਿਸਾਨਾਂ ਨੂੰ ਰਿਹਾਇਸ਼ੀ ਤੇ ਕਮਰਸ਼ੀਅਲ ਪਲਾਟ ਮਿਲਣਗੇ।
ਸ਼੍ਰੀ ਅਰੋੜਾ ਨੇ ਕਿਹਾ ਕਿ ਜਿੱਥੇ ਫਸਲਾਂ ਲਈ ਨਹਿਰੀ ਪਾਣੀ ਅਤੇ ਨਿਰੰਤਰ ਬਿਜਲੀ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਉਥੇ ਹੀ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਹਰੇਕ ਪਿੰਡ ਨੂੰ ਖੇਡ ਮੈਦਾਨ ਅਤੇ ਖੇਡਾਂ ਦਾ ਸਮਾਨ ਦਿੱਤਾ ਜਾ ਰਿਹਾ ਹੈ ਤਾਂ ਜੋ ਨੌਜਵਾਨ ਨਸ਼ਿਆਂ ਨਾਲੋਂ ਦੂਰ ਹੋ ਕੇ ਖੇਡਾਂ ਨਾਲ ਜੁੜਨ। ਇਸ ਮੌਕੇ ਉਹਨਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ 31 ਜੁਲਾਈ ਨੂੰ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਜੀ ਦੇ ਰਾਜ ਪੱਧਰੀ ਸ਼ਹੀਦੀ ਸਮਾਗਮ ਵਿੱਚ ਸ਼ਿਰਕਤ ਕਰਨ।
ਇਸ ਦੌਰਾਨ ਕੈਬਨਿਟ ਮੰਤਰੀ ਨੇ ਪਿੰਡ ਬੀਰ ਕਲਾਂ, ਤੋਲਾਵਾਲ, ਮਾਡਲ ਟਾਊਨ 01, ਮਾਡਲ ਟਾਊਨ 02 , ਬਿਗੜਵਾਲ, ਸਿੰਘਪੁਰਾ , ਜਗਤਪੁਰਾ , ਅਕਾਲਗੜ੍ਹ , ਮੰਡੇਰ ਕਲਾਂ, ਮੰਡੇਰ ਖੁਰਦ , ਬੁੱਗਰਾਂ , ਲੋਹਾਖੇੜਾ , ਰੱਤੋਕੇ , ਤਕੀਪੁਰ , ਨਾਗਰਾ , ਤੋਗਾਵਾਲ, ਦਿਆਲਗੜ੍ਹ, ਸਾਹੋਕੇ, ਖੇੜੀ, ਗੱਗੜਪੁਰ, ਕੰਮੋਮਾਜਰਾ, ਕਨੋਈ, ਕੰਮੋਮਾਜਰਾ ਖੁਰਦ, ਖੁਰਾਣਾ, ਖੁਰਾਣੀ, ਬਲਵਾੜ ਕਲਾਂ, ਬਲਵਾੜ ਖੁਰਦ, ਸੋਹੀਆਂ ਕਲਾਂ, ਘਾਸੀਵਾਲਾ, ਬਖਸ਼ੀਵਾਲਾ, ਕੋਟੜਾ ਅਮਰੂ ਅਤੇ ਟਿੱਬੀ ਰਵਿਦਾਸਪੁਰਾ ਵਿਖੇ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਲਈ ਨੀਂਹ ਪੱਥਰ ਰੱਖੇ ਤੇ ਚੈੱਕ ਵੰਡੇ।
ਕੈਬਨਿਟ ਮੰਤਰੀ ਨੇ ਇਸ ਦੌਰਾਨ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਦੇ ਮਿਆਰ ਬਾਬਤ ਕਿਸੇ ਕਿਸਮ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਸਾਰੇ ਵਿਕਾਸ ਕਾਰਜ ਤੈਅ ਸਮੇਂ ਵਿੱਚ ਮੁਕੰਮਲ ਹੋਣੇ ਯਕੀਨੀ ਬਣਾਏ ਜਾਣ। ਉਹਨਾਂ ਨੇ ਨਾਲ ਹੀ ਲੋਕਾਂ ਨੂੰ ਵੀ ਇਹ ਅਪੀਲ ਕੀਤੀ ਕਿ ਉਹ ਆਪ ਵੀ ਵਿਕਾਸ ਕਾਰਜਾਂ ਉੱਤੇ ਨਿਗ੍ਹਾ ਰੱਖਣ, ਜੇਕਰ ਕਿਤੇ ਕੋਈ ਊਣਤਾਈ ਨਜ਼ਰ ਆਵੇ ਤਾਂ ਫੌਰੀ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ।
ਸ਼੍ਰੀ ਅਰੋੜਾ ਨੇ ਹਾਜ਼ਰੀਨ ਨੂੰ ਇਹ ਵੀ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਡੇ ਪੱਧਰ ਉੱਤੇ ਨਸ਼ਿਆਂ ਖ਼ਿਲਾਫ਼ ਜੰਗ ਲੜ ਰਹੀ ਹੈ ਤੇ ਵਿਆਪਕ ਰੂਪ ਵਿੱਚ ਕਾਮਯਾਬ ਵੀ ਹੋਈ ਹੈ ਪਰ ਸਰਕਾਰ ਵੱਲੋਂ ਵਿੱਢੀ ਕੋਈ ਵੀ ਮੁਹਿੰਮ ਤਾਂ ਹੀ ਮੁਕੰਮਲ ਤੌਰ ਉੱਤੇ ਕਾਮਯਾਬ ਹੋ ਸਕਦੀ ਹੈ ਜੇਕਰ ਲੋਕਾਂ ਵੱਲੋਂ ਉਸ ਮੁਹਿੰਮ ਵਿੱਚ ਪੂਰਨ ਸਹਿਯੋਗ ਦਿੱਤਾ ਜਾਵੇ। ਇਸ ਲਈ ਲੋਕ ਸਾਬਤ ਕਦਮੀਂ ਇਸ ਮੁਹਿੰਮ ਵਿੱਚ ਸਰਕਾਰ ਨੂੰ ਸਹਿਯੋਗ ਜ਼ਰੂਰ ਦੇਣ।
ਇਸ ਮੌਕੇ ਐਸ ਡੀ ਐਮ ਸੁਨਾਮ ਸ਼੍ਰੀ ਪ੍ਰਮੋਦ ਸਿੰਗਲਾ, ਡੀ.ਐੱਸ.ਪੀ. ਸੁਖਦੇਵ ਸਿੰਘ, ਬੀ.ਡੀ.ਪੀ.ਓ. ਗੁਰਦਰਸ਼ਨ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਹਲਕੇ ਦੇ ਵੱਡੇ ਗਿਣਤੀ ਵਿੱਚ ਸਰਪੰਚ, ਪੰਚ ਅਤੇ ਹੋਰ ਲੋਕ ਹਾਜ਼ਰ ਸਨ।