Hindi

ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ

ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ

ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ

 

ਸੰਕਟ ਦੀ ਘੜੀ ਵਿੱਚ ਲੋਕਾਂ ਨਾਲ ਖੜ੍ਹੀ ਹੈ ਪੰਜਾਬ ਸਰਕਾਰ

 

ਹੜ੍ਹਾਂ ਨਾਲ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਭਰਪਾਈ ਕਰੇਗੀ ਪੰਜਾਬ ਸਰਕਾਰ

 

*ਟਾਂਡਾ (ਹੁਸ਼ਿਆਰਪੁਰ), 1 ਸਤੰਬਰ*

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਹੁਣ ਤੱਕ ਦੇ ਸਭ ਤੋਂ ਭਿਆਨਕ ਹੜ੍ਹਾਂ ਦਾ ਸਾਹਮਣਾ ਕਰ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸੰਕਟ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਉਨ੍ਹਾਂ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਇਸ ਸੰਕਟ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਅੱਜ ਹੁਸ਼ਿਆਪੁਰ ਜ਼ਿਲ੍ਹੇ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਿਆਣੀ ਦੇ ਰਾਹਤ ਕੈਂਪ ਵਿਖੇ ਰਹਿ ਰਹੇ ਹੜ੍ਹ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਦੁੱਖ-ਤਕਲੀਫਾਂ ਸੁਣੀਆਂ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕੁਦਰਤੀ ਆਫ਼ਤ ਨਾਲ ਸੂਬੇ ਦਾ ਵੱਡਾ ਨੁਕਸਾਨ ਹੋਇਆ ਹੈ ਪਰ ਸੂਬਾ ਸਰਕਾਰ ਨੇ ਪ੍ਰਭਾਵਿਤ ਲੋਕਾਂ ਦੇ ਬਚਾਅ ਅਤੇ ਰਾਹਤ ਲਈ ਜੰਗੀ ਪੱਧਰ ਕਾਰਜ ਵਿੱਢਿਆ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਚੁਣੌਤੀਪੂਰਨ ਸਮੇਂ ਵਿੱਚ ਰਾਹਤ ਕਾਰਜਾਂ ਲਈ ਪਹਿਲਾਂ ਹੀ ਵਿਆਪਕ ਪੱਧਰ ’ਤੇ ਕਦਮ ਚੁੱਕੇ ਹਨ।

  ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਲੋਕਾਂ ਨੂੰ ਸੰਕਟ ਵਿੱਚੋਂ ਕੱਢਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨੀਵੇਂ ਇਲਾਕਿਆਂ ਵਿੱਚੋਂ ਲੋਕਾਂ ਨੂੰ ਕੱਢਣ ਅਤੇ ਉਨ੍ਹਾਂ ਨੂੰ ਤੁਰੰਤ ਰਾਹਤ ਦੇਣ ਲਈ ਪਹਿਲਾਂ ਹੀ ਪ੍ਰਸ਼ਾਸਨ ਨੂੰ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜ਼ਿਲ੍ਹਿਆਂ ਦੇ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਇਕਜੁਟ ਹੋ ਕੇ ਬਚਾਅ ਤੇ ਰਾਹਤ ਕਾਰਜ ਕਰਨ ਲਈ ਆਖਿਆ ਗਿਆ ਹੈ ਤਾਂ ਲੋਕਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਭਰਪਾਈ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੁਦਰਤੀ ਆਫ਼ਤ ਨਾਲ ਪੈਦਾ ਹੋਈ ਸਥਿਤੀ ’ਤੇ ਉਹ ਨਿਰੰਤਰ ਨਜ਼ਰ ਰੱਖ ਰਹੇ ਹਨ।

ਮੁੱਖ ਮੰਤਰੀ ਨੇ ਰਾੜਾ ਪੁਲ ਤੇ ਹੋਰ ਥਾਵਾਂ ਦਾ ਦੌਰਾ ਕਰਕੇ ਹੜ੍ਹਾਂ ਤੋਂ ਪ੍ਰਭਾਵਿਤ ਇਲਾਕਿਆਂ ਵਿੱਚ ਜ਼ਮੀਨੀ ਪੱਧਰ ’ਤੇ ਸਥਿਤੀ ਦਾ ਜਾਇਜ਼ਾ ਲਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਭਾਰਤ ਸਰਕਾਰ ਕੋਲ ਸੂਬੇ ਦੇ ਰੁਕੇ ਹੋਏ 60,000 ਕਰੋੜ ਰੁਪਏ ਦੇ ਫੰਡ ਤੁਰੰਤ ਜਾਰੀ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਹਾਲ ਵਿੱਚ ਆਏ ਹੜ੍ਹਾਂ ਨਾਲ 1000 ਤੋਂ ਵੱਧ ਪਿੰਡ ਪ੍ਰਭਾਵਿਤ ਹੋਏ ਹਨ ਅਤੇ ਲੱਖਾਂ ਲੋਕਾਂ ਦਾ ਜਨ-ਜੀਵਨ ਲੀਹੋਂ ਲਹਿ ਗਿਆ ਹੈ। 

ਮੁੱਖ ਮੰਤਰੀ ਨੇ ਕਿਹਾ ਕਿ ਭਾਰੀ ਮੀਂਹ ਅਤੇ ਡੈਮਾਂ ਤੋਂ ਪਾਣੀ ਛੱਡਣ ਨਾਲ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਹੜ੍ਹ ਆਏ ਹਨ। ਉਨ੍ਹਾਂ ਕਿਹਾ ਕਿ ਸਥਿਤੀ ਗੰਭੀਰ ਹੋ ਰਹੀ ਹੈ ਅਤੇ ਇਹ ਹੋਰ ਵੀ ਚਿੰਤਾਜਨਕ ਹੈ ਕਿ ਆਉਂਦੇ ਦਿਨਾਂ ਵਿੱਚ ਹਾਲਾਤ ਹੋਰ ਖਰਾਬ ਹੋ ਸਕਦੇ ਹਨ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਲਗਪਗ ਤਿੰਨ ਲੱਖ ਏਕੜ ਖੇਤੀਬਾੜੀ ਜ਼ਮੀਨ ਮੁੱਖ ਤੌਰ 'ਤੇ ਝੋਨੇ ਦੇ ਖੇਤ, ਹੜ੍ਹ ਦੇ ਪਾਣੀ ਨਾਲ ਡੁੱਬੇ ਹੋਏ ਹਨ, ਜਿਸ ਕਾਰਨ ਵਾਢੀ ਤੋਂ ਕੁਝ ਹਫ਼ਤੇ ਪਹਿਲਾਂ ਹੀ ਫਸਲਾਂ ਦਾ ਵੱਡਾ ਨੁਕਸਾਨ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਸ਼ੂਆਂ ਦਾ ਵੀ ਕਾਫ਼ੀ ਨੁਕਸਾਨ ਹੋਇਆ ਹੈ, ਜਿਸ ਨਾਲ ਆਪਣੀ ਰੋਜ਼ੀ-ਰੋਟੀ ਲਈ ਡੇਅਰੀ ਫਾਰਮਿੰਗ ਅਤੇ ਪਸ਼ੂ ਪਾਲਣ 'ਤੇ ਨਿਰਭਰ ਪੇਂਡੂ ਇਲਾਕੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਰਾਹਤ ਤੇ ਬਚਾਅ ਕਾਰਜਾਂ ਨੂੰ ਪੂਰਾ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਦਿਨ-ਰਾਤ ਲੋਕਾਂ ਦੀ ਮਦਦ ਲਈ ਜੁਟੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਦਰਿਆਵਾਂ ਦੇ ਨਾਲ ਲੱਗਦੇ ਪਾੜਾਂ ਨੂੰ ਪੂਰਨ ਦੇ ਨਾਲ-ਨਾਲ ਮੈਡੀਕਲ ਟੀਮਾਂ ਨੂੰ ਬਿਮਾਰੀਆਂ ਤੋਂ ਬਚਾਅ ਲਈ ਹਰੇਕ ਪਿੰਡ ਵਿੱਚ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਰਾਹਤ ਕਾਰਜਾਂ ਦੇ ਨਾਲ-ਨਾਲ ਮੈਡੀਕਲ ਟੀਮਾਂ ਨੂੰ ਪਾਣੀ ਦੇ ਨਮੂਨੇ ਲੈਣ, ਘਰਾਂ ਤੇ ਪਿੰਡਾਂ ਦੇ ਅੰਦਰ ਅਤੇ ਬਾਹਰ ਸਪਰੇਅ ਦੇ ਛਿੜਕਾਅ, ਪਾਣੀ ਦੀ ਕਲੋਰੀਨੇਸ਼ਨ, ਬੁਖਾਰ ਦੇ ਸਰਵੇਖਣ, ਮਲੇਰੀਆ ਅਤੇ ਡੇਂਗੂ ਦਾ ਸਮੇਂ ਸਿਰ ਪਤਾ ਲਾਉਣ ਲਈ ਕਾਰਡ ਟੈਸਟ ਅਤੇ ਸੈਨੇਟਰੀ ਨੈਪਕਿਨ ਅਤੇ ਮੱਛਰਦਾਨੀਆਂ ਵੰਡਣ ਦੇ ਕਾਰਜਾਂ ਲਈ ਵੀ ਲੋੜੀਂਦੇ ਆਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। 

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਪਿੰਡਾਂ ਵਿੱਚ ਸਾਫ਼ ਤੇ ਪੀਣ ਯੋਗ ਪਾਣੀ ਮੁਹੱਈਆ ਕਰਵਾਉਣ ਲਈ ਪਾਣੀ ਦੇ ਟੈਂਕਰਾਂ ਨੂੰ ਉਦੋਂ ਤੱਕ ਸੇਵਾ ਲਈ ਲਾਇਆ ਜਾਵੇ, ਜਦੋਂ ਤੱਕ ਜਲ ਸਪਲਾਈ ਸਕੀਮਾਂ ਰਾਹੀਂ ਸਪਲਾਈ ਪੂਰੀ ਤਰ੍ਹਾਂ ਬਹਾਲ ਨਹੀਂ ਹੋ ਜਾਂਦੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਵਾਟਰ ਟੈਸਟਿੰਗ ਟੀਮਾਂ ਨੂੰ ਕਿਸੇ ਵੀ ਮਹਾਂਮਾਰੀ ਦੇ ਫੈਲਾਅ ਤੋਂ ਬਚਣ ਲਈ ਸਾਰੇ ਪਿੰਡਾਂ ਵਿੱਚ ਪਾਣੀ ਦੀ ਗੁਣਵੱਤਾ ਦੀ ਜਾਂਚ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਪਾਣੀ ਦੇ ਨਾਲ-ਨਾਲ ਸੁੱਕੇ ਰਾਸ਼ਨ ਦੀਆਂ ਕਿੱਟਾਂ, ਖੰਡ, ਚੌਲ, ਆਟਾ, ਘਿਓ, ਦੁੱਧ ਪਾਊਡਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਦੀ ਮਾਰ ਹੇਠਲੇ ਪਿੰਡਾ ‘ਚੋਂ ਪਾਣੀ ਕੱਢਣ ਲਈ ਪੰਪਿੰਗ ਦੇ ਕਾਰਜ ਪਹਿਲਾਂ ਹੀ ਜੰਗੀ ਪੱਧਰ 'ਤੇ ਚੱਲ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਭਾਵਿਤ ਲੋਕਾਂ ਨੂੰ ਰਾਹਤ ਕੈਂਪਾਂ ਤੇ ਮੈਡੀਕਲ ਕੈਂਪਾਂ ਰਾਹੀਂ ਅਤੇ ਇੱਥੋਂ ਤੱਕ ਕਿ ਉਨ੍ਹਾਂ ਦੇ ਦਰਾਂ 'ਤੇ ਜਾ ਕੇ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। 

ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਵਿੱਚ ਮੋਬਾਈਲ ਮੈਡੀਕਲ ਯੂਨਿਟ ਤਾਇਨਾਤ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਡੇਂਗੂ ਦੇ ਲਾਰਵੇ ਦਾ ਪਤਾ ਲਾਉਣ ਲਈ ਸਮਰਪਿਤ ਐਂਟੀ ਲਾਰਵਾ ਟੀਮਾਂ ਵੀ ਤਾਇਨਾਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਟੀਮਾਂ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨੂੰ ਮਲੇਰੀਆ, ਡੇਂਗੂ, ਦਸਤ, ਟਾਈਫਾਈਡ ਅਤੇ ਚਮੜੀ ਦੀਆਂ ਸਮੱਸਿਆਵਾਂ ਵਰਗੀਆਂ ਬਿਮਾਰੀਆਂ ਨੂੰ ਰੋਕਣ ਦੇ ਉਪਾਵਾਂ ਬਾਰੇ ਜਾਗਰੂਕ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪ੍ਰਭਾਵਿਤ ਪਸ਼ੂਆਂ ਦੇ ਇਲਾਜ ਤੇ ਟੀਕਾਕਰਨ, ਜਾਨਵਰਾਂ ਦੇ ਕੀੜੇ ਮਾਰਨ ਅਤੇ ਫੀਡ/ਚਾਰੇ ਦੀ ਵਿਵਸਥਾ ਲਈ ਵੱਡੀ ਗਿਣਤੀ ਵਿੱਚ ਵੈਟਰਨਰੀ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਵਿਆਪਕ ਪੱਧਰ ’ਤੇ ਸੈਨੀਟਾਈਜ਼ੇਸ਼ਨ ਮੁਹਿੰਮ ਚਲਾਉਣ ਦੇ ਨਾਲ-ਨਾਲ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਫੌਗਿੰਗ ਟੀਮਾਂ ਤਾਇਨਾਤ ਕੀਤੀਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੈਨੇਟਰੀ ਤੇ ਮਨਰੇਗਾ ਵਰਕਰਾਂ ਨੂੰ ਪਿੰਡਾਂ ਦੀ ਸਫ਼ਾਈ ਦਾ ਕੰਮ ਸੌਂਪਿਆ ਜਾਵੇਗਾ। 

ਮੁੱਖ ਮੰਤਰੀ ਨੇ ਕਿਹਾ ਕਿ ਨਾਲੇ/ਨਾਲੀਆਂ ਵਿੱਚ ਬਲੀਚਿੰਗ ਪਾਊਡਰ ਦਾ ਛਿੜਕਾਅ ਕੀਤਾ ਜਾਵੇਗਾ ਤਾਂ ਜੋ ਬਦਬੂ ਨੂੰ ਰੋਕਣ ਦੇ ਨਾਲ-ਨਾਲ ਇਸ ਤੋਂ  ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਦੀ ਮਦਦ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਅਜਿਹੀ ਸਥਿਤੀ ਨਾਲ ਪੂਰੀ ਸਮਰੱਥਾ ਨਾਲ ਨਜਿੱਠੇਗੀ।

ਇਸ ਮੌਕੇ ਮੁੱਖ ਮੰਤਰੀ ਦੇ ਨਾਲ ਕੈਬਨਿਟ ਮੰਤਰੀ ਡਾ. ਰਵਜੋਤ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਹੋਰ ਵੀ ਮੌਜੂਦ ਸਨ।


Comment As:

Comment (0)