ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਟਰਮੀਨਲ ਦੀ ਇਮਾਰਤ ਦਾ ਨਿਰਮਾਣ 31 ਮਾਰਚ ਤੱਕ ਹੋ ਜਾਵੇਗਾ ਮੁਕੰਮਲ - ਸਾਕਸ਼ੀ ਸਾਹਨੀ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਲੁਧਿਆਣਾ
ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਟਰਮੀਨਲ ਦੀ ਇਮਾਰਤ ਦਾ ਨਿਰਮਾਣ 31 ਮਾਰਚ ਤੱਕ ਹੋ ਜਾਵੇਗਾ ਮੁਕੰਮਲ - ਸਾਕਸ਼ੀ ਸਾਹਨੀ
- ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕਾਰਜ਼ਾਂ ਦੀ ਸਮੀਖਿਆ, ਭਾਗੀਦਾਰਾਂ ਨਾਲ ਮੀਟਿੰਗ ਵੀ ਕੀਤੀ
ਲੁਧਿਆਣਾ, 28 ਫਰਵਰੀ (2024) - ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਟਰਮੀਨਲ ਦੀ ਇਮਾਰਤ ਦਾ ਨਿਰਮਾਣ 31 ਮਾਰਚ, 2024 ਤੱਕ ਮੁਕੰਮਲ ਕਰ ਲਿਆ ਜਾਵੇਗਾ।
ਸਾਈਟ ਦੇ ਨਿਰੀਖਣ ਦੌਰਾਨ, ਸਾਹਨੀ ਨੇ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.), ਪਬਲਿਕ ਹੈਲਥ, ਏਅਰਪੋਰਟ ਅਥਾਰਟੀ ਆਫ ਇੰਡੀਆ (ਏ.ਏ.ਆਈ.), ਐਨ.ਐਚ.ਏ.ਆਈ., ਅਤੇ ਠੇਕੇ ਵਾਲੀ ਕੰਪਨੀ ਦੇ ਨੁਮਾਇੰਦਿਆਂ ਨਾਲ ਵਿਸਥਾਰ ਚਰਚਾ ਕੀਤੀ। ਉਨ੍ਹਾਂ ਟਰਮੀਨਲ ਬਿਲਡਿੰਗ, ਅੰਦਰੂਨੀ ਸੜਕਾਂ ਦੇ ਨਿਰਮਾਣ, ਟੈਕਸੀਵੇਅ, ਏਪਰਨ ਅਤੇ ਸੜਕ ਚੌੜੀ ਕਰਨ, ਪਾਰਕਿੰਗ ਅਤੇ ਹੋਰ ਕੰਮਾਂ ਦਾ ਮੁਆਇਨਾ ਕੀਤਾ।
ਡਿਪਟੀ ਕਮਿਸ਼ਨਰ ਸਾਹਨੀ ਨੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਕਿ ਉਹ ਸਾਰੇ ਕੰਮਾਂ ਦੀ ਰਫ਼ਤਾਰ ਵਿੱਚ ਤੇਜ਼ੀ ਲਿਆਉਣ ਕਿਉਂਕਿ ਇਹ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਅਭਿਲਾਸ਼ੀ ਪ੍ਰੋਜੈਕਟ ਹੈ ਅਤੇ ਸੂਬੇ ਦੇ ਵਿਕਾਸ ਲਈ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਅਧਿਕਾਰੀਆਂ ਨੂੰ ਇਨ੍ਹਾਂ ਕੰਮਾਂ ਨੂੰ ਤੇਜ਼ੀ ਨਾਲ ਚਲਾਉਣਾ ਚਾਹੀਦਾ ਹੈ। ਉਨ੍ਹਾਂ ਜਨ ਸਿਹਤ ਵਿਭਾਗ ਨੂੰ ਐਸ.ਟੀ.ਪੀ. ਦਾ ਕੰਮ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਕਿਉਂਕਿ ਲੋਕ ਨਿਰਮਾਣ ਵਿਭਾਗ ਵੱਲੋਂ ਲੋੜੀਂਦੀ ਜਗ੍ਹਾ ਦੀ ਸ਼ਨਾਖਤ ਕੀਤੀ ਗਈ ਹੈ। ਇਸ ਤੋਂ ਇਲਾਵਾ, ਉਨ੍ਹਾਂ ਠੇਕੇ ਵਾਲੀ ਕੰਪਨੀ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ 31 ਮਾਰਚ ਤੋਂ ਪਹਿਲਾਂ ਇਸ ਨੂੰ ਮੁਕੰਮਲ ਕਰ ਲਿਆ ਜਾਵੇ।
ਡੀ.ਸੀ. ਸਾਹਨੀ ਨੇ ਕਿਹਾ ਕਿ ਹਵਾਈ ਅੱਡਾ ਉਦਯੋਗਿਕ ਵਿਕਾਸ, ਨਿਰਯਾਤ, ਰੁਜ਼ਗਾਰ, ਰੀਅਲ ਅਸਟੇਟ ਅਤੇ ਆਰਥਿਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਦੇਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰਵਾਸੀ ਭਾਰਤੀਆਂ ਨੂੰ ਆਪਣੇ ਸਮੇਂ, ਪੈਸੇ ਅਤੇ ਊਰਜਾ ਦੀ ਬਚਤ ਕਰਦੇ ਹੋਏ ਮਾਤ ਭੂਮੀ ਵਿੱਚ ਆਪਣੇ ਪਰਿਵਾਰਾਂ ਨਾਲ ਜੁੜੇ ਰਹਿਣ ਦੀ ਸਹੂਲਤ ਵੀ ਦੇਵੇਗਾ। ਬਾਅਦ ਵਿੱਚ, ਉਨ੍ਹਾਂ ਪ੍ਰੋਜੈਕਟ ਦੇ ਸਬੰਧ ਵਿੱਚ ਭਾਰਤੀ ਹਵਾਈ ਸੈਨਾ ਸਟੇਸ਼ਨ, ਹਲਵਾਰਾ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ) ਮੇਜਰ ਅਮਿਤ ਸਰੀਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
© 2022 Copyright. All Rights Reserved with Arth Parkash and Designed By Web Crayons Biz