ਡਿਪਟੀ ਕਮਿਸ਼ਨਰ ਨੇ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਡਿਪਟੀ ਕਮਿਸ਼ਨਰ ਨੇ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਆਫ਼ਤ ਪ੍ਰਬੰਧਨ ਦੌਰਾਨ ਰਾਹਤ ਅਤੇ ਬਚਾਅ ਕਾਰਜਾਂ ਦੇ ਸਾਰੇ ਪ੍ਰਬੰਧ ਮੁਕੰਮਲ ਰੱਖਣ ਦੀ ਹਦਾਇਤ
ਮਾਨਸਾ, 26 ਅਗਸਤ:
ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲਗਾਤਾਰ ਹੋ ਰਹੀ ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਜੇਕਰ ਹੜ੍ਹਾਂ ਦੀ ਸਥਿਤੀ ਪੈਦਾ ਹੁੰਦੀ ਹੈ ਤਾਂ ਉਸ ਦੇ ਲਈ ਬਚਾਅ ਕਾਰਜਾਂ ਦੇ ਸਾਰੇ ਪ੍ਰਬੰਧ ਮੁਕੰਮਲ ਰੱਖੇ ਜਾਣ।
ਉਨ੍ਹਾਂ ਕਾਰਜਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਵਿਚੋਂ ਮਸ਼ੀਨਾਂ ਲਗਾ ਕੇ ਪਾਣੀ ਕਢਵਾਇਆ ਜਾਵੇ ਤਾਂ ਜੋ ਆਵਾਜਾਈ ਅਤੇ ਲੋਕਾਂ ਦੇ ਕਾਰੋਬਾਰ ਵਿਚ ਵਿਘਨ ਨਾ ਪਵੇ।
ਉਨ੍ਹਾਂ ਕਿਹਾ ਕਿ ਪਸ਼ੂਆਂ ਲਈ ਦਵਾਈਆਂ ਅਤੇ ਚਾਰੇ ਦਾ ਪ੍ਰਬੰਧ ਰੱਖਿਆ ਜਾਵੇ। ਉਨ੍ਹਾਂ ਤੈਰਾਕਾਂ ਅਤੇ ਗੋਤਾਖੋਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸੂਚੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਐਮਰਜੈਂਸੀ ਸਥਿਤੀਆਂ ਵਿਚ ਰਾਹਤ ਕਾਰਜਾਂ ਦੌਰਾਨ ਉਨ੍ਹਾਂ ਦੀ ਸਹਾਇਤਾ ਲਈ ਜਾ ਸਕੇ। ਉਨ੍ਹਾਂ ਹੜ੍ਹ ਪ੍ਰਬੰਧਨ ਦੀਆਂ ਤਿਆਰੀਆਂ ਨੂੰ ਤਰਜੀਹ ਦੇਣ ਅਤੇ ਆਫ਼ਤ ਪ੍ਰਬੰਧਨ ਦੌਰਾਨ ਰਾਹਤ ਅਤੇ ਬਚਾਅ ਕਾਰਜਾਂ ਵਿਚ ਸਹਾਇਤਾ ਕਰਨ ਦੇ ਨਿਰਦੇਸ਼ ਦਿੱਤੇ, ਜਦੋਂ ਕਿ ਬੀ.ਡੀ.ਪੀ.ਓਜ਼ ਨੂੰ ਪੇਂਡੂ ਖੇਤਰਾਂ ਵਿਚ ਰਾਹਤ ਕਾਰਜਾਂ ਨੂੰ ਚਲਾਉਣ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ ਗਿਆ।
ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਨੂੰ ਇਕ-ਦੂਜੇ ਨਾਲ ਤਾਲਮੇਲ ਕਰਕੇ ਕੰਮ ਕਰਨ ਅਤੇ ਕਿਸੇ ਵੀ ਸੰਭਾਵੀ ਐਮਰਜੈਂਸੀ ਸਥਿਤੀ ਨਾਲ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਤਿਆਰ ਰਹਿਣ ਲਈ ਕਿਹਾ।
ਇਸ ਮੌਕੇ ਐਸ.ਡੀ.ਐਮ. ਮਾਨਸਾ ਤੇ ਸਰਦੂਲਗੜ੍ਹ ਸ੍ਰੀ ਕਾਲਾ ਰਾਮ ਕਾਂਸਲ, ਐਸ.ਡੀ.ਐਮ. ਬੁਢਲਾਡਾ ਸ੍ਰ ਗਗਨਦੀਪ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।