ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ‘ਚ ਸਿਹਤ ਸੇਵਾਵਾਂ ਦਾ ਲਿਆ ਜਾਇਜ਼ਾ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ‘ਚ ਸਿਹਤ ਸੇਵਾਵਾਂ ਦਾ ਲਿਆ ਜਾਇਜ਼ਾ
ਡੇਂਗੂ ‘ਤੇ ਮਲੇਰੀਆ ਦੀ ਰੋਕਥਾਮ ਨੂੰ ਲੈ ਕੇ ਵਿਭਾਗ ਨੂੰ ਦਿੱਤੇ ਨਿਰਦੇਸ਼
ਸਾਫ ਪੀਣ ਵਾਲੇ ਪਾਣੀ ਤੇ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵਰਤਾ ‘ਤੇ ਜ਼ੋਰ
100 ਫੀਸਦੀ ਟੀਕਾਕਰਨ ਤੇ ਜੱਚਾ-ਬੱਚਾ ਸਿਹਤ ਸੇਵਾਵਾਂ ਨੂੰ ਪਹਿਲ
ਹੁਸ਼ਿਆਰਪੁਰ, 26 ਸਤੰਬਰ : ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਦੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਵੱਲੋਂ ਵੈਕਟਰ ਬੋਰਨ ਅਤੇ ਵਾਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਵੀ ਸਮੀਖਿਆ ਕੀਤੀ। ਇਸ ਮੌਕੇ ਏ.ਡੀ.ਸੀ (ਵਿਕਾਸ) ਨਿਕਾਸ ਕੁਮਾਰ, ਸਿਵਲ ਸਰਜਨ ਡਾ. ਬਲਵੀਰ ਕੁਮਾਰ ਸਮੇਤ ਸਾਰੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਸੀਨੀਅਰ ਮੈਡੀਕਲ ਅਫ਼ਸਰ ਅਤੇ ਵਿਭਾਗੀ ਅਫ਼ਸਰ ਮੌਜੂਦ ਸਨ। ਮੀਟਿੰਗ ਵਿਚ ਵੱਖ-ਵੱਖ ਸਿਹਤ ਸਕੀਮਾਂ ਅਤੇ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਸਿਵਲ ਸਰਜਨ ਨੇ ਵਿਭਾਗੀ ਗਤੀਵਿਧੀਆਂ ਅਤੇ ਮੌਜੂਦਾ ਸਥਿਤੀ ਬਾਰੇ ਸੰਖੇਪ ਜਾਣਕਾਰੀ ਦੇ ਕੇ ਮੀਟਿੰਗ ਦੀ ਸ਼ੁਰੂਆਤ ਕੀਤੀ।
ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਡੇਂਗੂ ਅਤੇ ਮਲੇਰੀਆ ਕੰਟਰੋਲ ਲਈ ਟੈਸਟਾਂ ਦੀ ਗਿਣਤੀ ਵਧਾਈ ਜਾਵੇ ਅਤੇ ਘਰ-ਘਰ ਜਾ ਕੇ ਲਾਰਵੇ ਦੀ ਜਾਂਚ ਯਕੀਨੀ ਬਣਾਈ ਜਾਵੇ। ਬਰਸਾਤ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਲੋਕਾਂ ਨੂੰ ਸਾਫ਼ ਪੀਣ ਵਾਲੇ ਪਾਣੀ ਦੀ ਵਰਤੋਂ ਬਾਰੇ ਜਾਗਰੂਕ ਕਰਨ ਅਤੇ ਪਾਣੀ ਦੇ ਨਮੂਨੇ ਲੈਣ ਦੀ ਗਿਣਤੀ ਵਧਾਉਣ ਦੇ ਨਿਰਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ ਜ਼ਿਲ੍ਹਾ ਸਿਹਤ ਅਧਿਕਾਰੀ ਨੂੰ ਤਿਉਹਾਰਾਂ ਦੇ ਸੀਜ਼ਨ ਦੌਰਾਨ ਬਾਜ਼ਾਰਾਂ ਵਿੱਚ ਵਿਕਣ ਵਾਲੀਆਂ ਖਾਣ-ਪੀਣ ਦੀਆਂ ਵਸਤਾਂ ਦੀ ਸਮੇਂ-ਸਮੇਂ 'ਤੇ ਜਾਂਚ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ।
ਡਿਪਟੀ ਕਮਿਸ਼ਨਰ ਨੇ ਸਿਹਤ ਸੰਸਥਾਵਾਂ ਨੂੰ ਹਦਾਇਤ ਕੀਤੀ ਕਿ ਉਹ 100 ਫੀਸਦੀ ਟੀਕਾਕਰਨ ਯਕੀਨੀ ਬਣਾਉਣ, ਮਾਂ ਅਤੇ ਬਾਲ ਮੌਤ ਦਰ ਘਟਾਉਣ, ਲਿੰਗ ਅਨੁਪਾਤ ਵਿੱਚ ਸੁਧਾਰ ਕਰਨ, ਪਰਿਵਾਰ ਨਿਯੋਜਨ ਸੇਵਾਵਾਂ ਨੂੰ ਪ੍ਰਭਾਵਸ਼ਾਲੀ ਬਣਾਉਣ ਅਤੇ ਗਰਭਵਤੀ ਔਰਤਾਂ ਦੇ ਮਾਸਿਕ ਚੈੱਕਅਪ ਅਤੇ ਸੰਸਥਾਗਤ ਜਣੇਪੇ ਨੂੰ ਤਰਜੀਹ ਦੇਣ। ਮਾਹਿਰ ਡਾਕਟਰਾਂ ਦੁਆਰਾ ਉੱਚ-ਜ਼ੋਖਮ ਵਾਲੇ ਮਾਮਲਿਆਂ ਦੀ ਵਿਸ਼ੇਸ਼ ਨਿਗਰਾਨੀ 'ਤੇ ਵੀ ਜ਼ੋਰ ਦਿੱਤਾ ਗਿਆ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਟੀ.ਬੀ. ਕੰਟਰੋਲ ਪ੍ਰੋਗਰਾਮ, ਕੋਹੜ ਕੰਟਰੋਲ ਪ੍ਰੋਗਰਾਮ, ਤੰਬਾਕੂ ਕੰਟਰੋਲ ਪ੍ਰੋਗਰਾਮ ਅਤੇ ਹੈਪੇਟਾਈਟਸ ਕੰਟਰੋਲ ਪ੍ਰੋਗਰਾਮ ਦਾ ਵੀ ਜਾਇਜ਼ਾ ਲਿਆ। ਇਨ੍ਹਾਂ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਸੁਚਾਰੂ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।