Hindi

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 2000 ਤੋਂ ਵੱਧ ਹੜ੍ਹ ਪੀੜ੍ਹਤਾਂ ਨੂੰ ਕੀਤਾ ਗਿਆ ਰੈਸਕਿਊ: ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 2000 ਤੋਂ ਵੱਧ ਹੜ੍ਹ ਪੀੜ੍ਹਤਾਂ ਨੂੰ ਕੀਤਾ ਗਿਆ ਰੈਸਕਿਊ: ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 2000 ਤੋਂ ਵੱਧ ਹੜ੍ਹ ਪੀੜ੍ਹਤਾਂ ਨੂੰ ਕੀਤਾ ਗਿਆ ਰੈਸਕਿਊ: ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ

160 ਮੈਡੀਕਲ ਟੀਮਾਂ ਬਣਾ ਕੇ ਕੀਤੀ ਜਾ ਰਹੀ ਹੈ ਹੜ੍ਹ ਪੀੜਤਾਂ ਦੀ ਸਹਾਇਤਾ
ਜ਼ਿਲ੍ਹੇ ਨੂੰ ਵੱਖ-ਵੱਖ ਸੈਕਟਰਾਂ ਵਿੱਚ ਵੰਡ ਕੇ ਪਹੁੰਚਾਈ ਜਾ ਰਹੀ ਹੈ ਰਾਹਤ

ਫਿਰੋਜ਼ਪੁਰ, 28 ਅਗਸਤ: 

ਜ਼ਿਲ੍ਹੇ ਦੇ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਵਾਲੇ 65 ਪਿੰਡ ਪ੍ਰਭਾਵਿਤ ਹੋਏ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 13 ਦੇ ਕਰੀਬ ਰਾਹਤ ਕੈਂਪ ਬਣਾਏ ਗਏ ਹਨ। ਹੁਣ ਤੱਕ 2000 ਤੋਂ ਵੱਧ ਹੜ੍ਹ ਪੀੜ੍ਹਤਾਂ ਨੂੰ ਰੈਸਕਿਊ ਕੀਤਾ ਗਿਆ ਹੈ। ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਸਰਕਾਰੀ ਸਕੂਲ ਬਾਰੀਕੇ ਵਿਖੇ ਬਣਾਏ ਗਏ ਰਾਹਤ ਕੈਂਪ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇਹ ਜਾਣਕਾਰੀ ਦਿੱਤੀ।  ਇਸ ਮੌਕੇ ਵਿਧਾਇਕ ਹਲਕਾ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਹਲਕਾ ਫਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਕੁਮਾਰ ਦਹੀਯਾ, ਵਿਧਾਇਕ ਗੁਰੂਹਰਸਹਾਏ ਸ਼੍ਰੀ ਫੌਜਾ ਸਿੰਘ ਸਰਾਰੀ ਅਤੇ ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

      ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੈਬਿਨਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਹੜ ਪ੍ਰਭਾਵਿਤਾਂ ਦੀ ਜਾਨ ਮਾਲ ਦੀ ਰਾਖੀ ਕਰਨਾ ਸਰਕਾਰ ਦੀ ਪਹਿਲੀ ਪ੍ਰਾਥਮਿਕਤਾ ਹੈ। ਸਰਕਾਰ ਵੱਲੋਂ ਬਣਾਏ ਗਏ ਰਾਹਤ ਕੇਂਦਰਾਂ ਦੇ ਵਿੱਚ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਤੱਥ 62 ਪਿੰਡ ਪ੍ਰਭਾਵਿਤ ਸਨ ਪਾਣੀ ਦਾ ਪੱਧਰ ਵੱਧਣ ਕਰਕੇ 3 ਹੋਰ ਪਿੰਡ ਪ੍ਰਭਾਵਿਤ ਹੋਏ ਹਨ ਅਤੇ ਰਾਹਤ ਕਾਰਜ ਦਿਨ ਰਾਤ ਜੰਗੀ ਪੱਧਰ ਤੇ ਜਾਰ ਹਨ। ਜ਼ਿਲ੍ਹੇ ਦੇ ਵਿੱਚ ਕਰੀਬ 160 ਮੈਡੀਕਲ ਟੀਮਾਂ ਬਣਾਈਆਂ ਗਈਆਂ ਹਨ ਜੋ  ਅੱਠ-ਅੱਠ ਘੰਟੇ ਦੀਆਂ ਡਿਊਟੀਆਂ ਬਣਾ ਕੇ ਕੰਮ ਕਰ ਰਹੀਆਂ ਹਨ ਅਤੇ 24 ਘੰਟੇ ਲਈ ਤੈਨਾਤ ਹਨ। ਪਸ਼ੂ ਪਾਲਣ ਵਿਭਾਗ ਵੱਲੋਂ ਜਿੱਥੇ ਪਸ਼ੂਆਂ ਨੂੰ ਚਾਰਾ ਮੁਹੱਈਆ ਕਰਵਾਇਆ ਗਿਆ ਹੈ ਉੱਥੇ ਇਨ੍ਹਾਂ ਦੀ ਸਿਹਤ ਸੰਭਾਲ ਦੇ ਲਈ ਡਾਕਟਰ ਅਤੇ ਹੋਰ ਟੀਮਾਂ ਵੀ ਤੈਨਾਤ ਕੀਤੀਆਂ ਗਈਆਂ ਹਨ। ਜ਼ਿਲ੍ਹੇ ਦੇ ਵਿੱਚ ਸਾਰਾ ਜ਼ਿਲ੍ਹਾ ਪ੍ਰਸ਼ਾਸਨ ਡਿਪਟੀ ਕਮਿਸ਼ਨਰ ਤੋਂ ਲੈ ਕੇ ਨਿਚਲੇ ਪਟਵਾਰੀ ਤੱਕ, ਵਿਭਾਗਾਂ ਦੇ ਸਕੱਤਰ, ਪੁਲਿਸ ਅਧਿਕਾਰੀ ਅਤੇ ਨੀਚਲੇ ਪੱਧਰ ਤੇ  ਖੁਦ ਪਿੰਡ ਵਾਸੀ ਵੀ ਇੱਕ ਦੂਜੇ ਦੀ ਸਹਾਇਤਾ ਕਰ ਰਹੇ ਹਨ ਤਾਂ ਜੋ ਇਸ ਔਖੀ ਘੜੀ ਵਿਚੋਂ ਬਾਹਰ ਨਿਕਲਿਆ ਜਾ ਸਕੇ। ਇਸ ਤੋਂ ਇਲਾਵਾ ਵਿਧਾਇਕ ਸਾਹਿਬਾਨ, ਜ਼ਿਲ੍ਹਾ ਪ੍ਰਧਾਨ, ਬਲਾਕ ਪ੍ਰਧਾਨ ਵੀ ਹੜ੍ਹ ਪ੍ਰਭਾਵਿਤਾਂ ਦੀ ਸਹਾਇਤਾ ਦੇ ਲਈ ਪਿੰਡਾਂ ਵਿੱਚ ਘੁੰਮ ਰਹੇ ਹਨ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਸਹਾਇਤਾ ਤੋਂ ਵਾਂਝਾ ਨਾ ਰਹਿ ਸਕੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਖੁਦ ਰਾਹਤ ਕਾਰਜਾਂ ਦੇ ਨਜ਼ਰ ਰੱਖੇ ਹੋਏ ਹਨ। ਪਿਛਲੇ ਦਿਨੀਂ ਜਦੋਂ ਮੁੱਖ ਮੰਤਰੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਰਹੇ ਸਨ ਤਾਂ ਉਨ੍ਹਾਂ ਨੇ ਮਹਿਸੂਸ ਕੀਤਾ ਕਿ ਪੀੜ੍ਹਤਾਂ ਤੱਕ ਸਹਾਇਤਾ ਪਹੁੰਚਾਉਣ ਦੇ ਲਈ ਹੈਲੀਕਾਪਟਰ ਦੀ ਜ਼ਰੂਰਤ ਹੈ ਇਸ ਲਈ ਉਨ੍ਹਾਂ ਨੇ ਤੁਰੰਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਹੈਲੀਕਾਪਟਰ ਰਾਹੀਂ ਪੀੜ੍ਹਤਾਂ ਤੱਕ ਰੈਸਕਿਊ ਅਤੇ ਰਾਹਤ ਸਹਾਇਤਾ ਮੁਹੱਈਆ ਕਰਵਾਉਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਵੀ ਮੁਹੱਈਆ ਕਰਵਾਈ ਜਾਵੇਗੀ ਜਿਸ ਦੇ ਲਈ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਦਰਿਆ ਜੋ ਕਿ ਆਪਣਾ ਰਸਤਾ ਬਦਲਦੇ ਰਹਿੰਦੇ ਹਨ, ਪਾਣੀ ਨੀਂਵੇ ਪਾਸੇ ਵੱਲ ਨਿਕਲਦਾ ਹੋਇਆ ਖੇਤਾਂ ਵਿੱਚ ਵੜ ਜਾਂਦਾ ਹੈ ਜਿਸ ਨਾਲ ਫ਼ਸਲ ਦਾ ਨੁਕਸਾਨ ਹੁੰਦਾ ਹੈ। ਇਸ ਦੇ ਪੱਕੇ ਤੌਰ ਤੇ ਹੱਲ ਦੇ ਲਈ  ਬੰਨ੍ਹਾਂ ਨੂੰ ਹੋਰ ਵੀ ਮਜ਼ਬੂਤ ਕਰਨ ਦੇ ਯਤਨ ਕੀਤੇ ਜਾਣਗੇ।


ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਖ-ਵੱਖ 8 ਕੈਬਨਿਟ ਮੰਤਰੀਆਂ ਦੀ ਡਿਊਟੀ ਰਾਹਤ ਕਾਰਜਾਂ ਵਿੱਚ ਲਗਾਈ ਗਈ ਹੈ ਜੋ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਰਾਹਤ ਕਾਰਜਾਂ ਨੂੰ ਦੇਖ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹੜ੍ਹ ਖੇਤਰਾਂ ਨੂੰ ਸੈਕਟਰਾਂ ਵਿੱਚ ਵੰਡ ਕੇ ਜ਼ਮੀਨੀ ਪੱਧਰ ਤੇ ਸਹਾਇਤਾ ਪਹੁੰਚਾਈ ਜਾ ਰਹੀ ਹੈ। ਹਰ ਕੋਈ ਬੜੀ ਮਿਹਨਤ ਨਾਲ ਆਪਣੀ ਡਿਊਟੀ ਨੂੰ ਸੇਵਾ ਭਾਵਨਾ ਨਾਲ ਨਿਭਾ ਰਿਹਾ ਹੈ।
 ਇਸ ਦੌਰਾਨ ਕੈਬਿਨਟ ਮੰਤਰੀ ਵੱਲੋਂ  ਰਾਹਤ ਕੇਂਦਰਾਂ ਵਿੱਚ ਰੱਖੇ ਗਏ ਪੀੜਤ ਪਰਿਵਾਰਾਂ ਨਾਲ ਗੱਲਬਾਤ ਵੀ ਕੀਤੀ ਗਈ ਅਤੇ  ਦਰਪੇਸ਼ ਮੁਸ਼ਕਿਲਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਮੌਕੇ ਤੇ ਲੋੜਵੰਦਾਂ ਤੱਕ ਹਰ ਸੰਭਵ ਸਹਾਇਤਾ ਪਹੁੰਚਾਉਣ ਦੇ ਹੁਕਮ ਦਿੱਤੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਡਾ. ਨਿਧੀ ਕੁਮੁਦ ਬੰਬਾਹ, ਜ਼ਿਲ੍ਹਾ  ਪ੍ਰਧਾਨ ਹਰਜਿੰਦਰ ਸਿੰਘ ਘਾਂਗਾ, ਚੇਅਰਮੈਨ ਬਲਰਾਜ ਸਿੰਘ ਕਟੋਰਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਿੰਡ ਵਾਸੀ ਹਾਜ਼ਰ ਸਨ|


Comment As:

Comment (0)