Hindi
1

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰਾਂ ਨਾਲ ਮੀਟਿੰਗ

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰਾਂ ਨਾਲ ਮੀਟਿੰਗ

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰਾਂ ਨਾਲ ਮੀਟਿੰਗ

 

-ਜ਼ਿਲ੍ਹਾ ਪ੍ਰਸ਼ਾਸਨ ਨੂੰ 'ਕੰਪਨਸੇਸ਼ਨ ਟੂ ਵਿਕਟਮ ਯੋਜਨਾ' ਬਾਰੇ ਜਾਗਰੂਕਤਾ ਫੈਲਾਉਣ ਦੇ ਦਿੱਤੇ ਨਿਰਦੇਸ਼

 

-ਜ਼ਿਲ੍ਹਾ ਵਾਸੀਆਂ ਨੂੰ 14 ਮਾਰਚ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦਾ ਲਾਭ ਲੈਣ ਦੀ ਕੀਤੀ ਅਪੀਲ

 

ਹੁਸ਼ਿਆਰਪੁਰ, 15 ਜਨਵਰੀ :

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਜਿੰਦਰ ਅਗਰਵਾਲ ਨੇ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨੇ ਨਾਲਸਾ ਨਾਲ ਸਬੰਧਤ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਦਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਉਹ 'ਕੰਪਨਸੇਸ਼ਨ ਟੂ ਵਿਕਟਮ ਯੋਜਨਾ' ਬਾਰੇ ਜਾਗਰੂਕਤਾ ਫੈਲਾਉਣ, ਤਾਂ ਜੋ ਸੜਕ ਹਾਦਸਿਆਂ ਵਿੱਚ ਮਾਰੇ ਗਏ ਮ੍ਰਿਤਕਾਂ ਦੇ ਆਸ਼ਰਿਤਾਂ ਨੂੰ ਸਮੇਂ ਸਿਰ 2 ਲੱਖ ਰੁਪਏ ਦਾ ਮੁਆਵਜ਼ਾ ਮਿਲ ਸਕੇ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਜੁੜੀਆਂ ਐਨ.ਜੀ.ਓਜ਼ ਨੂੰ ਹਦਾਇਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਹ ਵਿੱਦਿਅਕ ਸੰਸਥਾਵਾਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਦੀ ਰੋਕਥਾਮ ਅਤੇ ਡਰਾਈਵਿੰਗ ਲਾਇਸੰਸ ਬਣਾਉਣ ਬਾਰੇ ਵੀ ਜਾਗਰੂਕ ਕਰਨ।

ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ 14 ਮਾਰਚ ਨੂੰ ਲੱਗਣ ਵਾਲੀ ਰਾਸ਼ਟਰੀ ਲੋਕ ਅਦਾਲਤ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਕੇਸ ਦਰਜ ਕਰਕੇ ਇਸ ਰਾਸ਼ਟਰੀ ਲੋਕ ਅਦਾਲਤ ਦਾ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਇਸ ਨਾਲ ਸਮਾਂ ਅਤੇ ਪੈਸੇ ਦੋਵਾਂ ਦੀ ਬੱਚਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਦੇ ਫ਼ੈਸਲੇ ਨੂੰ ਸਿਵਲ ਡਿਕਰੀ ਦੀ ਮਾਨਤਾ ਪ੍ਰਾਪਤ ਹੈ। ਇਸ ਮੌਕੇ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਕਤੂਬਰ 2025 ਤੋਂ ਦਸੰਬਰ 2025 ਤੱਕ ਦੇ ਦੌਰਾਨ 414 ਲੋਕਾਂ ਨੂੰ ਕਾਨੂੰਨੀ ਸਹਾਇਤਾ ਅਤੇ 132 ਲੋਕਾਂ ਨੂੰ ਕਾਨੂੰਨੀ ਸਲਾਹ ਪ੍ਰਦਾਨ ਕੀਤੀ ਗਈ। ਇਸ ਤੋਂ ਇਲਾਵਾ ਅਥਾਰਟੀ ਵੱਲੋਂ 876 ਸੈਮੀਨਾਰ ਕਰਵਾਏ ਗਏ, 42 ਕੇਸਾਂ ਦਾ ਹੱਲ ਵਿਚੋਲਗੀ ਅਤੇ ਸੁਲ੍ਹਾ ਕੇਂਦਰ ਵਿੱਚ ਕੀਤਾ ਗਿਆ ਅਤੇ 12 ਕੇਸਾਂ ਦਾ ਫ਼ੈਸਲਾ ਕੇਂਦਰੀ ਜੇਲ੍ਹ ਵਿੱਚ ਕੈਂਪ ਕੋਰਟ ਰਾਹੀਂ ਮੌਕੇ 'ਤੇ ਹੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੰਪਨਸੇਸ਼ਨ ਟੂ ਵਿਕਟਮ ਯੋਜਨਾ ਦੇ ਤਹਿਤ 3 ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ ਅਤੇ 1,50,000 ਰੁਪਏ ਦੇ ਅਵਾਰਡ ਪਾਸ ਕੀਤੇ ਗਏ।

     ਇਸ ਮੌਕੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਸਵਿੰਦਰ ਸ਼ੀਂਮਾਰ , ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਸੀ.ਜੇ.ਐਮ ਅਜੇ ਪਾਲ ਸਿੰਘ, ਜ਼ਿਲ੍ਹਾ ਅਟਾਰਨੀ ਵਰਿੰਦਰ ਕੁਮਾਰ, ਸਹਾਇਕ ਲੋਕ ਸੰਪਰਕ ਅਧਿਕਾਰੀ ਲੋਕੇਸ਼ ਕੁਮਾਰ, ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਉਪ ਪ੍ਰਧਾਨ ਵਿਕਰਮ ਸਿੰਘ, ਐਸ.ਐਚ.ਓ ਸਿਟੀ ਗੁਰਸਾਹਿਬ ਸਿੰਘ, ਆਗਿਆ ਪਾਲ ਸਿੰਘ ਸਾਹਨੀ, ਕਿਰਨਪ੍ਰੀਤ ਕੌਰ ਧਾਮੀ, ਦਰਸ਼ਨ ਕੌਸ਼ਲ, ਲੈਫਟੀਨੈਂਟ ਜਨਰਲ (ਸੇਵਾਮੁਕਤ) ਜਸਬੀਰ ਸਿੰਘ ਢਿੱਲੋਂ ਵੀ ਮੌਜੂਦ ਸਨ।


Comment As:

Comment (0)