ਡਾ. ਬਲਬੀਰ ਸਿੰਘ ਵੱਲੋਂ ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਨੂੰ ਨਸ਼ਿਆਂ ਖਿਲਾਫ਼ ਇਕਜੁੱਟ ਹੋਣ ਦਾ ਸੱਦਾ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਟਿਆਲਾ
ਡਾ. ਬਲਬੀਰ ਸਿੰਘ ਵੱਲੋਂ ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਨੂੰ ਨਸ਼ਿਆਂ ਖਿਲਾਫ਼ ਇਕਜੁੱਟ ਹੋਣ ਦਾ ਸੱਦਾ
-ਵਿਲੇਜ ਡਿਫੈਂਸ ਕਮੇਟੀਆਂ ਪਿੰਡਾਂ 'ਚ ਨਸ਼ਾ ਕਰਨ ਵਾਲੇ ਤੇ ਵੇਚਣ ਵਾਲਿਆਂ 'ਤੇ ਰੱਖਣਗੀਆਂ ਬਾਜ ਅੱਖ : ਡਾ. ਬਲਬੀਰ ਸਿੰਘ
-ਪਿੰਡ ਇੱਛੇਵਾਲ, ਰੋਹਟੀ ਬਸਤਾ ਤੇ ਰੋਹਟੀ ਮੌੜਾ ਦੇ ਵਸਨੀਕਾਂ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਹੋਣ ਦੀ ਚੁਕਾਈ ਸਹੁੰ
-ਕੇਂਦਰ ਡਰੋਨ ਰਾਹੀਂ ਹੁੰਦੇ ਹਮਲੇ ਰੋਕ ਸਕਦਾ ਹੈ ਤਾਂ ਡਰੋਨ ਰਾਹੀਂ ਆਉਂਦੇ ਨਸ਼ੇ ਕਿਉਂ ਨਹੀਂ ਰੋਕਦਾ : ਡਾ. ਬਲਬੀਰ ਸਿੰਘ
ਨਾਭਾ/ਪਟਿਆਲਾ, 21 ਮਈ:
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਿੰਡ ਇੱਛੇਵਾਲ, ਰੋਹਟੀ ਬਸਤਾ ਤੇ ਰੋਹਟੀ ਮੌੜਾ ਵਿਖੇ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕਰਨ ਲਈ ਇਸ ਲੜਾਈ 'ਚ ਹਰੇਕ ਪੰਜਾਬੀ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਨਸ਼ਿਆਂ ਖਿਲਾਫ਼ ਸੂਬੇ ਭਰ 'ਚ ਸ਼ੁਰੂ ਕੀਤੀ ਗਈ ਜੰਗ ਹੁਣ ਲੋਕ ਲਹਿਰ ਦਾ ਰੂਪ ਲੈ ਚੁੱਕੀ ਹੈ ਤੇ ਬਹੁਤ ਜਲਦੀ ਪੰਜਾਬ ਨਸ਼ਾ ਮੁਕਤ ਹੋਕੇ ਹੱਸਦਾ ਖੇਡਦਾ ਤੰਦਰੁਸਤ ਪੰਜਾਬ ਕਹਾਵੇਗਾ।
ਵੱਖ ਵੱਖ ਪਿੰਡਾਂ 'ਚ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਕਿਹਾ ਕਿ ਸਰਕਾਰ ਵੱਲੋਂ ਨਸ਼ਾ ਵੇਚਣ ਵਾਲਿਆਂ ਅਤੇ ਨਸ਼ਾ ਕਰਨ ਵਾਲਿਆਂ 'ਤੇ ਬਾਜ ਅੱਖ ਰੱਖਣ ਲਈ ਵਿਲੇਜ਼ ਡਿਫੈਂਸ ਕਮੇਟੀਆਂ ਤੇ ਵਾਰਡ ਡਿਫੈਂਸ ਕਮੇਟੀਆਂ ਬਣਾ ਦਿੱਤੀਆਂ ਗਈਆਂ ਹਨ ਜੋ ਪਿੰਡ ਦੀ ਨਸ਼ਿਆਂ ਸਬੰਧੀ ਸਾਰੀ ਰਿਪੋਰਟ ਦੇਣਗੀਆਂ। ਉਨ੍ਹਾਂਡ ਨੌਜਵਾਨਾਂ, ਔਰਤਾਂ, ਪੰਚਾਂ ਅਤੇ ਸਰਪੰਚਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਤਸਕਰਾਂ ਦੀ ਸ਼ਿਕਾਇਤ ਅਧਿਕਾਰੀਆਂ ਨੂੰ ਕਰਨ ਦਾ ਅਹਿਦ ਦਿਵਾਉਦਿਆਂ ਕਿਹਾ ਕਿ 2022 ਦੀਆਂ ਚੋਣਾਂ ਵਿੱਚ ਸਾਡੀ ਪਾਰਟੀ ਨੇ ਲੋਕਾਂ ਨਾਲ ਵਾਅਦਾ ਕੀਤਾ ਹੈ ਕਿ ਉਹ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰ ਦੇਣਗੇ ਅਤੇ ਪਹਿਲੇ ਦਿਨ ਤੋਂ ਹੀ ਇਹ ਕਾਰਵਾਈ ਸ਼ੁਰੂ ਕਰਦਿਆਂ ਪਹਿਲਾਂ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਿਆ ਗਿਆ ਹੈ ਅਤੇ ਨਸ਼ਾ ਤਸਕਰਾਂ ਖਿਲਾਫ਼ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਮੰਤਰੀ ਨੇ ਲੋਕਾਂ, ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਿਚਕਾਰ ਮਜ਼ਬੂਤ ਸਹਿਯੋਗ ਦੀ ਜ਼ਰੂਰਤ 'ਤੇ ਵੀ ਜ਼ੋਰ ਦਿੱਤਾ। ਨਾਗਰਿਕਾਂ ਨੂੰ ਵਟਸਐਪ ਹੈਲਪਲਾਈਨ 97791-00200 ਰਾਹੀਂ ਗੁਪਤ ਰੂਪ ਵਿੱਚ ਨਸ਼ਿਆਂ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕਰਨ ਲਈ ਉਤਸ਼ਾਹਿਤ ਕੀਤਾ।
ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਤੁਹਾਡੀ ਘਰ ਵਿੱਚ ਜਾਂ ਗੁਆਂਢ ਵਿੱਚ ਕੋਈ ਨਸ਼ਾ ਕਰਦਾ ਹੈ ਤਾਂ ਉਸ ਨੂੰ ਪ੍ਰੇਰਿਤ ਕਰਕੇ ਨਸ਼ਾ ਛੁਡਾਊ ਕੇਂਦਰ ਵਿੱਚ ਭੇਜਿਆ ਜਾਵੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਵਿੱਚ ਮਰੀਜ਼ਾਂ ਨੂੰ ਇਲਾਜ ਸਮੇਤ ਸਵੈ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਕਿੱਤਾ ਮੁਖੀ ਕੋਰਸ ਵੀ ਕਰਵਾਏ ਜਾ ਰਹੇ ਹਨ ਤਾਂ ਜੋ ਠੀਕ ਹੋਣ ਤੋਂ ਬਾਅਦ ਆਪਣੇ ਪਰਿਵਾਰ ਦਾ ਸਹਾਰਾ ਬਣ ਸਕਣ।
ਡਾ. ਬਲਬੀਰ ਸਿੰਘ ਨੇ ਪਿਛਲੀ ਸਰਕਾਰਾਂ 'ਤੇ ਤਨਜ਼ ਕਸਦਿਆਂ ਕਿਹਾ ਕਿ ਅੱਜ ਤੋਂ 25 ਸਾਲ ਪਹਿਲਾਂ ਕਿਸੇ ਨੇ ਚਿੱਟੇ ਦਾ ਨਾਮ ਪੰਜਾਬ ਵਿੱਚ ਨਹੀਂ ਸੁਣਿਆ ਸੀ, ਪਰ ਪਿਛਲੀ ਸਰਕਾਰਾਂ ਦੀ ਸ਼ੈਅ 'ਤੇ ਅਜਿਹੇ ਨਸ਼ੇ ਪੰਜਾਬ ਵਿੱਚ ਆਏ, ਪਰ ਹੁਣ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰੇਗੀ।
ਉਨ੍ਹਾਂ ਕੇਂਦਰ ਸਰਕਾਰ ਨੂੰ ਆੜੇ ਹੱਥੀ ਲੈਦਿਆਂ ਕਿਹਾ ਕਿ ਕੇਂਦਰ ਪੰਜਾਬ ਨਾਲ ਮਤਰੇਈ ਮਾਂ ਨਾਲੋਂ ਵੀ ਮਾੜਾ ਸਲੂਕ ਕਰ ਰਿਹਾ ਹੈ ਅਤੇ ਕਿਸੇ ਨਾਲ ਕਿਸੇ ਬਹਾਨੇ ਪੰਜਾਬ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨਸ਼ਿਆਂ ਦੇ ਮੁੱਦੇ 'ਤੇ ਕਿਹਾ ਕਿ ਜੇਕਰ ਕੇਂਦਰ ਪਾਕਿਸਤਾਨ ਤੋਂ ਡਰੋਨ ਰਾਹੀਂ ਹੁੰਦੇ ਹਮਲੇ ਰੋਕ ਸਕਦਾ ਹੈ ਤਾਂ ਫੇਰ ਉਹ ਡਰੋਨ ਰਾਹੀਂ ਪੰਜਾਬ ਨੂੰ ਬਰਬਾਦ ਕਰਨ ਲਈ ਭੇਜਿਆ ਜਾ ਰਿਹਾ ਨਸ਼ਾ ਕਿਉ ਨਹੀਂ ਬੰਦ ਕਰਵਾਉਂਦਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਤਿੰਨ ਕਰੋੜ ਪੰਜਾਬੀ ਅਣਖ ਨਾਲ ਜਿਊਂਣਾ ਜਾਣਦੇ ਹਨ, ਉਹ ਇਨ੍ਹਾਂ ਦੀਆਂ ਅਜਿਹੀਆਂ ਚਾਲਾਂ ਨੂੰ ਕਦੇ ਕਾਮਯਾਬ ਨਹੀਂ ਹੋਣ ਦੇਣਗੇ।
ਇਸ ਮੌਕੇ ਐਸ.ਡੀ.ਐਮ. ਨਾਭਾ ਡਾ. ਇਸਮਤ ਵਿਜੈ ਸਿੰਘ, ਨਸ਼ਾ ਮੁਕਤੀ ਮੋਰਚੇ ਦੇ ਕੁਆਰਡੀਨੇਟਰ ਜਗਦੀਪ ਜੱਗਾ, ਜ਼ਿਲ੍ਹਾ ਕੁਆਰਡੀਨੇਟਰ ਯਾਦਵਿੰਦਰ ਗੋਲਡੀ, ਪਟਿਆਲਾ ਦਿਹਾਤੀ ਕੁਆਰਡੀਨੇਟਰ ਹਰਪਾਲ ਸਿੰਘ ਵਿਰਕ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਮੌਜੂਦ ਸਨ।