ਮਾਤਰੂ ਵੰਦਨਾ ਯੋਜਨਾ ਤਹਿਤ ਜ਼ਿਲ੍ਹੇ ’ਚ ਸਾਲ 2024-25 ਦੌਰਾਨ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈ 3.14 ਕਰੋੜ ਤੋਂ ਵੱਧ ਦੀ
ਮਾਤਰੂ ਵੰਦਨਾ ਯੋਜਨਾ ਤਹਿਤ ਜ਼ਿਲ੍ਹੇ ’ਚ ਸਾਲ 2024-25 ਦੌਰਾਨ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈ 3.14 ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ : ਜ਼ਿਲ੍ਹਾ ਪ੍ਰੋਗਰਾਮ ਅਫ਼ਸਰ
ਦੋ ਕਿਸ਼ਤਾਂ ’ਚ ਮਿਲਦੀ ਹੈ 5000 ਰੁਪਏ ਦੀ ਵਿੱਤੀ ਮਦਦ
ਦੂਜਾ ਬੱਚਾ ਲੜਕੀ ਪੈਦਾ ਹੋਣ ’ਤੇ 6000 ਰੁਪਏ ਦੀ ਯਕਮੁਸ਼ਤ ਸਹਾਇਤਾ ਰਾਸ਼ੀ ਕੀਤੀ ਜਾਂਦੀ ਹੈ ਪ੍ਰਦਾਨ
ਜਲੰਧਰ, 28 ਮਈ : ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਜ਼ਿਲ੍ਹੇ ਵਿਚ ਸਾਲ 2024-25 ਦੌਰਾਨ 6352 ਲਾਭਪਾਤਰੀਆਂ ਨੂੰ ਰਜਿਸਟਰ ਕੀਤਾ ਗਿਆ ਅਤੇ 3 ਕਰੋੜ 14 ਲੱਖ 88 ਹਜ਼ਾਰ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਇਸੇ ਤਰ੍ਹਾਂ ਚਾਲੂ ਵਿੱਤੀ ਸਾਲ 2025-26 ਦੌਰਾਨ ਹੁਣ ਤੱਕ 985 ਲਾਭਪਾਤਰੀਆਂ ਨੂੰ ਰਜਿਸਟਰ ਕੀਤਾ ਗਿਆ ਹੈ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਕੀਮ ਤਹਿਤ ਗਰਭਵਤੀ ਔਰਤਾਂ ਅਤੇ ਦੁੱਧ ਪਿਆਉਂਦੀਆਂ ਮਾਵਾਂ ਨੂੰ ਸਿਹਤ ਪੱਖੋਂ ਮਜ਼ਬੂਤੀ ਅਤੇ ਪੋਸ਼ਣ ਪ੍ਰਦਾਨ ਕਰਨ ਲਈ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਇਸ ਸਕੀਮ ਦਾ ਉਦੇਸ਼ ਗਰਭਵਤੀ ਔਰਤਾਂ ਅਤੇ ਦੁੱਧ ਪਿਆਉਂਦੀਆਂ ਮਾਵਾਂ ਦੀ ਸਿਹਤ ਵਿੱਚ ਸੁਧਾਰ ਅਤੇ ਪੋਸ਼ਣ ਸੰਬੰਧੀ ਜ਼ਰੂਰਤਾਂ ਨੂੰ ਪੂਰਾ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਕ ਔਰਤ ਨੂੰ ਇਹ ਲਾਭ ਪਹਿਲੇ ਦੋ ਜੀਵਤ ਬੱਚਿਆਂ ਲਈ ਉਪਲਬਧ ਹੈ ਬਸ਼ਰਤੇ ਦੂਜਾ ਬੱਚਾ ਲੜਕੀ ਹੋਵੇ। ਉਨ੍ਹਾਂ ਦੱਸਿਆ ਕਿ ਪਹਿਲੇ ਬੱਚੇ ਦੇ ਮਾਮਲੇ ਵਿੱਚ ਦੋ ਕਿਸ਼ਤਾਂ ਵਿੱਚ 5000 ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਜਾਂਦੀ ਹੈ ਅਤੇ ਦੂਜਾ ਬੱਚਾ ਲੜਕੀ ਪੈਦਾ ਹੋਣ ’ਤੇ 6000 ਰੁਪਏ ਦੀ ਯਕਮੁਸ਼ਤ ਸਹਾਇਤਾ ਰਾਸ਼ੀ ਮੁਹੱਈਆ ਕਰਵਾਈ ਜਾਂਦੀ ਹੈ।
ਸ਼੍ਰੀ ਸਿੰਘ ਨੇ ਦੱਸਿਆ ਕਿ ਪਹਿਲੀ ਕਿਸ਼ਤ ਤਿੰਨ ਹਜ਼ਾਰ ਰੁਪਏ ਆਂਗਣਵਾੜੀ ਕੇਂਦਰ, ਮਨਜ਼ੂਰਸ਼ੁਦਾ ਸਿਹਤ ਸਹੂਲਤਾਂ ’ਤੇ ਗਰਭਅਵਸਥਾ ਦੀ ਰਜਿਸਟ੍ਰੇਸ਼ਨ ਅਤੇ ਐਲਐਮਪੀ ਦੀ ਮਿਤੀ ਤੋਂ 6 ਮਹੀਨਿਆਂ ਦੇ ਅੰਦਰ ਘੱਟੋ-ਘੱਟ ਇਕ ਐਂਟੀ ਨੇਟਲ ਚੈਕਅਪ ਕਰਵਾਉਣ ’ਤੇ ਮਿਲਦੀ ਹੈ ਜਦਕਿ ਦੋ ਹਜ਼ਾਰ ਰੁਪਏ ਦੀ ਦੂਜੀ ਕਿਸ਼ਤ ਬੱਚੇ ਦੀ ਜਨਮ ਰਜਿਸਟ੍ਰੇਸ਼ਨ ਅਤੇ ਬੱਚੇ ਦੇ ਜਨਮ ਤੋਂ ਬਾਅਦ ਇੱਕ ਗੇੜ ਦਾ ਟੀਕਾਕਰਨ ਪੂਰਨ ਕਰਨ ਉਪਰੰਤ ਮਿਲਦੀ ਹੈ।
ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਅਤੇ ਵਧੇਰੇ ਜਾਣਕਾਰੀ ਲਈ ਆਪਣੇ ਆਂਗਣਵਾੜੀ ਵਰਕਰ ਨਾਲ ਜਾਂ ਦਫ਼ਤਰ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਸਰਕਾਰੀ ਨੌਕਰੀ ਜਾਂ ਕਰ ਦਾਤਾ ਨੂੰ ਨਹੀਂ ਦਿੱਤਾ ਜਾਂਦਾ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਸਕੀਮ ਦਾ ਲਾਭ ਲੈਣ ਲਈ ਆਪਣੇ ਨੇੜਲੇ ਆਂਗਣਵਾੜੀ ਸੈਂਟਰ ਨਾਲ ਸੰਪਰਕ ਕਰਨ।