ਵਣ ਮੰਡਲ ਪਟਿਆਲਾ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ
ਵਣ ਮੰਡਲ ਪਟਿਆਲਾ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ
-ਕੇਂਦਰ ਤੇ ਪੰਜਾਬ ਦੇ ਖੇਤੀਬਾੜੀ ਮੰਤਰੀਆਂ ਨੇ ਲਗਾਏ ਬੂਟੇ
-ਸੰਜੀਦਗੀ ਨਾਲ ਵਾਤਾਵਰਨ ਦੀ ਸੰਭਾਲ ਕੀਤੀ ਜਾਵੇ : ਵਣ ਮੰਡਲ ਅਫ਼ਸਰ
ਪਟਿਆਲਾ, 6 ਜੂਨ:
ਪਟਿਆਲਾ ਵਣ ਮੰਡਲ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਣ ਮੰਡਲ ਅਫ਼ਸਰ ਪਟਿਆਲਾ ਗੁਰਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਵਿਸ਼ਵ ਵਾਤਾਵਰਨ ਦਿਵਸ ਮੌਕੇ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਬੂਟੇ ਲਗਾਕੇ ਵੱਧ ਤੋਂ ਵੱਧ ਬੂਟੇ ਲਗਾਉਣ ਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੁਨੇਹਾ ਦਿੱਤਾ।
ਵਣ ਮੰਡਲ ਅਫ਼ਸਰ ਪਟਿਆਲਾ ਗੁਰਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਵਿਸ਼ਵ ਵਾਤਾਵਰਨ ਦਿਵਸ ਹਰ ਸਾਲ 5 ਜੂਨ ਨੂੰ ਮਨਾਇਆ ਜਾਂਦਾ ਹੈ ਅਤੇ ਇਹ ਦਿਨ ਸਾਨੂੰ ਕੁਦਰਤ ਪ੍ਰਤੀ ਸਾਡੀ ਜ਼ਿੰਮੇਵਾਰੀ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਵਾਤਾਵਰਨ ਦਿਵਸ ਦਾ ਇਸ ਸਾਲ ਦਾ ਥੀਮ 'ਪਲਾਸਟਿਕ ਪ੍ਰਦੂਸ਼ਣ ਖ਼ਤਮ ਕਰੋ' ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਵਾਸੀਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ ਓਥੇ ਪਲਾਸਟਿਕ ਦੇ ਪ੍ਰਦੂਸ਼ਣ ਨੂੰ ਖ਼ਤਮ ਕਰਨ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਮਾਨਸੂਨ ਸੀਜ਼ਨ ਦੌਰਾਨ ਆਮ ਲੋਕਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਬੂਟੇ ਲਗਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਮੁਕਤ ਤੇ ਸਿਹਤਮੰਦ ਵਾਤਾਵਰਨ ਸਿਰਜਣ ਲਈ ਵੱਧ ਤੋਂ ਵੱਧ ਬੂਟੇ ਲਗਾ ਕੇ ਹਰਿਆ-ਭਰਿਆ ਚੌਗਿਰਦਾ ਬਣਾਉਣਾ ਹਰੇਕ ਇਨਸਾਨ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਚੁੱਕਾ ਹੈ ਕਿ ਅਸੀਂ ਸੰਜੀਦਗੀ ਨਾਲ ਵਾਤਾਵਰਨ ਦੀ ਸੰਭਾਲ ਲਈ ਅੱਗੇ ਆਈਏ ਅਤੇ ਆਪਣੀ ਧਰਤੀ ਮਾਂ ਤੇ ਵਾਤਾਵਰਣ ਦੀ ਸੰਭਾਲ ਲਈ ਨਿੱਜੀ ਅਤੇ ਸਮੂਹਿਕ ਉਪਰਾਲੇ ਕਰੀਏ। ਉਨ੍ਹਾਂ ਕਿਹਾ ਕਿ ਕੁਦਰਤ ਦਾ ਸੰਤੁਲਨ ਬਣਾਈ ਰੱਖਣ ਲਈ ਪਸ਼ੂ, ਪੰਛੀ, ਪਵਨ, ਪਾਣੀ ਤੇ ਧਰਤੀ ਦਾ ਸਤਿਕਾਰ ਅਤੇ ਸੰਭਾਲ ਬੇਹੱਦ ਜ਼ਰੂਰੀ ਹੈ। ਇਸ ਮੌਕੇ ਵਣ ਰੇਂਜ ਅਫ਼ਸਰ ਸਵਰਨ ਸਿੰਘ ਤੇ ਵਣ ਵਿਭਾਗ ਦੇ ਹੋਰ ਅਧਿਕਾਰੀਆਂ ਸਮੇਤ ਵੱਡੀ ਗਿਣਤੀ ਕਿਸਾਨ ਮੌਜੂਦ ਸਨ।