ਹਰ ਗਰਭਵਤੀ ਔਰਤ ਦੇ ਚਾਰ ਸਿਹਤ ਮੁਆਇਨੇ ਜ਼ਰੂਰੀ : ਡਾ. ਤਮੰਨਾ ਸਿੰਘਲ
ਦਫ਼ਤਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਹਰ ਗਰਭਵਤੀ ਔਰਤ ਦੇ ਚਾਰ ਸਿਹਤ ਮੁਆਇਨੇ ਜ਼ਰੂਰੀ : ਡਾ. ਤਮੰਨਾ ਸਿੰਘਲ
ਸਰਕਾਰੀ ਸਿਹਤ ਸੰਸਥਾਵਾਂ ਵਿਚ ਸੁਰੱਖਿਅਤ ਜਣੇਪੇ ਲਈ ਕੀਤੀ ਗਈ ਵਿਸ਼ੇਸ਼ ਜਾਂਚ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਸਤੰਬਰ :
ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ (ਪੀ.ਐਮ.ਐਸ.ਐਮ.ਏ.) ਦਿਵਸ ਮਨਾਇਆ ਗਿਆ, ਜਿਸ ਤਹਿਤ ਇਸਤਰੀ ਰੋਗਾਂ ਦੇ ਮਾਹਰ ਡਾਕਟਰਾਂ ਵਲੋਂ ਗਰਭਵਤੀ ਔਰਤਾਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਸੁਰੱਖਿਅਤ ਜਣੇਪੇ ਸਬੰਧੀ ਜਾਣਕਾਰੀ ਦਿਤੀ ਗਈ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦੀ ਜਾਂਚ ਕਰਨਾ ਅਤੇ ਹਾਈਰਿਸਕ ਗਰਭਵਤੀ ਔਰਤਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਸਹੀ ਇਲਾਜ ਪ੍ਰਦਾਨ ਕਰਨਾ ਹੈੇ।
ਜ਼ਿਲ੍ਹਾ ਪਰਵਾਰ ਭਲਾਈ ਅਫ਼ਸਰ ਡਾ. ਤਮੰਨਾ ਸਿੰਘਲ ਨੇ ਦਸਿਆ ਕਿ ਇਸ ਪ੍ਰੋਗਰਾਮ ਤਹਿਤ ਹਰ ਮਹੀਨੇ ਦੀ 9 ਤਰੀਕ ਤੇ 23 ਤਰੀਕ ਨੂੰ ਗਰਭਵਤੀ ਔਰਤਾਂ ਖ਼ਾਸਕਰ ਉੱਚ ਜੋਖਮ ਵਾਲੀਆਂ ਗਰਭਵਤੀ ਔਰਤਾਂ ਦੀ ਮੁਫ਼ਤ ਜਾਂਚ ਕੀਤੀ ਜਾਂਦੀ ਹੈ। ਸਿਹਤ ਅਧਿਕਾਰੀ ਨੇ ਆਮ ਲੋਕਾਂ ਖ਼ਾਸਕਰ ਗਰਭਵਤੀ ਔਰਤਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਪਹੁੰਚ ਕੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਮੁਫਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਦੀ ਸਲਾਮਤੀ ਲਈ ਕਦੇ ਵੀ ਗੈਰ-ਸਿੱਖਿਅਤ ਵਿਅਕਤੀ ਤੋਂ ਜਣੇਪਾ ਨਹੀਂ ਕਰਾਉਣਾ ਚਾਹੀਦਾ, ਕਿਉਂਕਿ ਅਜਿਹਾ ਕਰਨ ਨਾਲ ਔਰਤ ਅਤੇ ਬੱਚੇ ਦੋਹਾਂ ਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ। ਜ਼ਿਕਰਯੋਗ ਹੈ ਕਿ ਹਰ ਗਰਭਵਤੀ ਔਰਤ ਦੇ ਚਾਰ ਏ.ਐੱਨ.ਸੀ. ਚੈਕਅੱਪ ਜ਼ਰੂਰੀ ਹਨ ਜਿਹੜੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ। ਸਿਹਤ ਅਧਿਕਾਰੀ ਨੇ ਆਖਿਆ ਕਿ ਸਿਹਤ ਵਿਭਾਗ ਲੋਕਾਂ ਦੀ ਤੰਦਰੁਸਤੀ ਲਈ ਸੂਬਾਈ ਅਤੇ ਕੇਂਦਰੀ ਸਿਹਤ ਯੋਜਨਾਵਾਂ ਅਤੇ ਪ੍ਰੋਗਰਾਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰ ਰਿਹਾ ਹੈ ਅਤੇ ਲੋਕਾਂ ਨੂੰ ਬਿਹਤਰ ਜੱਚਾੑ-ਬੱਚਾ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ ।