ਗੁਰਦਰਸ਼ਨ ਸੈਣੀ ਦੀ ਕੇਂਦਰੀ ਮੰਤਰੀ ਰਵਨੀਤ ਬਿੱਟੂ ਨਾਲ ਅਹਿਮ ਮੁਲਾਕਾਤ ; ਇਸਾਪੁਰ ਫਾਟਕ 'ਤੇ ਪੁਲ ਅਤੇ ਰੇਲਵੇ ਸਟੇਸ਼ਨ ਬਣਾ
ਗੁਰਦਰਸ਼ਨ ਸੈਣੀ ਦੀ ਕੇਂਦਰੀ ਮੰਤਰੀ ਰਵਨੀਤ ਬਿੱਟੂ ਨਾਲ ਅਹਿਮ ਮੁਲਾਕਾਤ ; ਇਸਾਪੁਰ ਫਾਟਕ 'ਤੇ ਪੁਲ ਅਤੇ ਰੇਲਵੇ ਸਟੇਸ਼ਨ ਬਣਾਉਣ 'ਤੇ ਹੋਈ ਚਰਚਾ
ਡੇਰਾਬੱਸੀ/16 ਜਨਵਰੀ (ਜਸਬੀਰ ਸਿੰਘ)
ਹਲਕਾ ਡੇਰਾਬੱਸੀ ਦੇ ਵਿਕਾਸ ਅਤੇ ਲੋਕਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਅੱਜ ਇੱਕ ਅਹਿਮ ਕਦਮ ਚੁੱਕਿਆ ਗਿਆ ਹੈ। ਹਲਕੇ ਦੇ ਸੀਨੀਅਰ ਭਾਜਪਾ ਆਗੂ ਸ. ਗੁਰਦਰਸ਼ਨ ਸਿੰਘ ਸੈਣੀ ਨੇ ਅੱਜ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਇਲਾਕੇ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਪ੍ਰਮੁੱਖਤਾ ਨਾਲ ਚੁੱਕਿਆ।
ਸ੍ਰੀ ਸੈਣੀ ਵਲੋਂ ਇਸ ਮੁਲਾਕਾਤ ਦੌਰਾਨ ਦੋ ਮੁੱਖ ਮੁੱਦੇ ਮੰਤਰੀ ਸਾਹਿਬ ਦੇ ਧਿਆਨ ਵਿੱਚ ਲਿਆਂਦੇ ਗਏ। ਉਹਨਾਂ ਨੇ ਦੱਸਿਆ ਕਿ ਡੇਰਾਬੱਸੀ ਇਲਾਕੇ ਵਿੱਚ ਇਸਾਪੁਰ ਰੇਲਵੇ ਫਾਟਕ ਬੰਦ ਹੋਣ ਕਾਰਨ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇੱਥੇ ਅਕਸਰ ਲੱਗਦੇ ਲੰਬੇ ਜਾਮ ਕਾਰਨ ਪੰਜ ਗ੍ਰਾਮੀ ਅਤੇ ਦਰਜਨਾਂ ਹੋਰ ਪਿੰਡਾਂ ਦੀ ਆਵਾਜਾਈ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਇੱਥੇ ਜਲਦ ਤੋਂ ਜਲਦ ਇੱਕ ਰੇਲਵੇ ਓਵਰਬ੍ਰਿਜ ਬਣਾਇਆ ਜਾਵੇ ਤਾਂ ਜੋ ਲੋਕਾਂ ਦਾ ਸਫਰ ਸੁਖਾਲਾ ਹੋ ਸਕੇ।
ਇਸ ਤੋਂ ਇਲਾਵਾ ਇਲਾਕੇ ਦੇ ਵਪਾਰਕ ਅਤੇ ਉਦਯੋਗਿਕ ਵਿਸਥਾਰ ਨੂੰ ਦੇਖਦੇ ਹੋਏ ਸ੍ਰੀ ਸੈਣੀ ਨੇ ਡੇਰਾਬੱਸੀ ਵਿਖੇ ਇੱਕ ਨਵਾਂ ਰੇਲਵੇ ਸਟੇਸ਼ਨ ਬਣਾਉਣ ਦੀ ਪੁਰਜ਼ੋਰ ਮੰਗ ਰੱਖੀ, ਜਿਸ ਨਾਲ ਹਜ਼ਾਰਾਂ ਲੋਕਾਂ ਨੂੰ ਸਿੱਧਾ ਫਾਇਦਾ ਮਿਲੇਗਾ।
ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸ. ਗੁਰਦਰਸ਼ਨ ਸਿੰਘ ਸੈਣੀ ਦੀਆਂ ਮੰਗਾਂ ਨੂੰ ਬੜੇ ਧਿਆਨ ਨਾਲ ਸੁਣਿਆ। ਉਨ੍ਹਾਂ ਨੇ ਵਿਸ਼ਵਾਸ ਦਵਾਇਆ ਕਿ ਉਹ ਡੇਰਾਬੱਸੀ ਦੇ ਲੋਕਾਂ ਦੀਆਂ ਇਨ੍ਹਾਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਕੇਂਦਰ ਸਰਕਾਰ ਅੱਗੇ ਰੱਖਣਗੇ ਅਤੇ ਜਲਦ ਹੀ ਇਸ ਸਬੰਧੀ ਠੋਸ ਕਾਰਵਾਈ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਮੀਟਿੰਗ ਦੌਰਾਨ ਪੰਜਾਬ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਵੀ ਵਿਸਥਾਰਪੂਰਵਕ ਚਰਚਾ ਹੋਈ। ਮੰਤਰੀ ਰਵਨੀਤ ਬਿੱਟੂ ਨੇ ਸੂਬੇ ਵਿੱਚ ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਡਿਵੈਲਪਮੈਂਟ ਪ੍ਰੋਜੈਕਟਾਂ ਬਾਰੇ ਚਾਨਣ ਪਾਇਆ ਅਤੇ ਭਰੋਸਾ ਦਿੱਤਾ ਕਿ ਪੰਜਾਬ ਦੀ ਤਰੱਕੀ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੌਕੇ ਹਰਦੀਪ ਸਿੰਘ, ਹਰਪ੍ਰੀਤ ਸਿੰਘ ਟਿੰਕੂ , ਸਨਅਤ ਭਾਰਤਵਾਜ, ਅਰਜੁਨ ਵੀ ਵਿਸ਼ੇਸ਼ ਤੌਰ ਤੇ ਮੌਜ਼ੂਦ ਸਨ।