ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ ਰੂਪਨਗਰ ਦਾ ਅਚਨਚੇਤ ਦੌਰਾ ਕੀਤਾ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ ਰੂਪਨਗਰ ਦਾ ਅਚਨਚੇਤ ਦੌਰਾ ਕੀਤਾ
ਕਿਹਾ, ਮਰੀਜ਼ਾ ਨੂੰ ਹੀ ਆਉਂਦੀਆਂ ਦਰਪੇਸ਼ ਸਮੱਸਿਆਵਾਂ ਦਾ ਹੱਲ ਕੱਢਣਾ ਸਾਡੀ ਮੁੱਖ ਤਰਜੀਹ
ਰੂਪਨਗਰ, 07 ਦਸੰਬਰ: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਵਲ ਹਸਪਤਾਲ ਰੂਪਨਗਰ ਦਾ ਦੌਰਾ ਕਰਦੇ ਹੋਏ ਓਪੀਡੀ ਸੇਵਾਵਾਂ ਅਤੇ ਡਰੱਗ ਡੀ-ਐਡੀਕਸ਼ਨ ਸੈਂਟਰ ਵਿੱਚ ਚੱਲ ਰਹੀਆਂ ਸਿਹਤ ਸੁਵਿਧਾਵਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ।
ਇਸ ਦੌਰੇ ਦੌਰਾਨ ਉਨ੍ਹਾਂ ਨੇ ਹਸਪਤਾਲ ਪ੍ਰਬੰਧ, ਮਰੀਜ਼ਾਂ ਨਾਲ ਹੋ ਰਹੇ ਵਿਵਹਾਰ, ਦਵਾਈਆਂ ਦੀ ਉਪਲਬਧਤਾ ਅਤੇ ਸਫਾਈ ਪ੍ਰਬੰਧ ਦੀ ਸਮੀਖਿਆ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਮਰੀਜ਼ਾ ਨੂੰ ਆਉਂਦੀਆਂ ਦਰਪੇਸ਼ ਸਮੱਸਿਆਵਾਂ ਦਾ ਹੱਲ ਕੱਢਣਾ ਸਾਡੀ ਮੁੱਖ ਤਰਜੀਹ ਹੈ।
ਸਿਹਤ ਮੰਤਰੀ ਨੇ ਓਪੀਡੀ ਬਲਾਕ ਦਾ ਦੌਰਾ ਕੀਤਾ ਜਿੱਥੇ ਉਨ੍ਹਾਂ ਨੇ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਜ਼ਰੂਰਤਾਂ ਅਤੇ ਹਸਪਤਾਲ ਬਾਰੇ ਉਨ੍ਹਾਂ ਦੀ ਰਾਇ ਲਈ ਅਤੇ ਜਾਣਕਾਰੀ ਇਕੱਠੀ ਕੀਤੀ।
ਡਾ. ਬਲਬੀਰ ਸਿੰਘ ਨੇ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ ਨੂੰ ਮਰੀਜ਼ਾਂ ਨੂੰ ਵਧੀਆ ਸਹੂਲਤਾਂ ਅਤੇ ਸਮੇਂ ਸਿਰ ਇਲਾਜ ਮੁਹੱਈਆ ਕਰਵਾਉਣ ਲਈ ਹੋਰ ਵਧੇਰੇ ਜ਼ਿੰਮੇਵਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਨੇ ਕਿਹਾ ਕਿ ਰਾਜ ਸਰਕਾਰ ਲਗਾਤਾਰ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਸਰਕਾਰੀ ਹਸਪਤਾਲਾਂ ਵਿੱਚ ਆਮ ਲੋਕਾਂ ਨੂੰ ਬਿਹਤਰੀਨ ਅਤੇ ਆਧੁਨਿਕ ਸਿਹਤ ਸਹੂਲਤਾਂ ਮਿਲਣ।
ਓਪੀਡੀ ਦੇ ਦੌਰੇ ਤੋਂ ਬਾਅਦ ਸਿਹਤ ਮੰਤਰੀ ਨੇ ਰੂਪਨਗਰ ਸਥਿਤ ਡਰੱਗ ਡੀ-ਐਡੀਕਸ਼ਨ ਸੈਂਟਰ ਦਾ ਮੁਆਇਨਾ ਕੀਤਾ। ਇੱਥੇ ਉਨ੍ਹਾਂ ਨੇ ਇਲਾਜ ਅਧੀਨ ਮਰੀਜ਼ਾਂ ਦੀਆਂ ਜ਼ਰੂਰਤਾਂ, ਕਾਊਂਸਲਿੰਗ ਪ੍ਰਕਿਰਿਆ, ਦਵਾਈਆਂ ਦੀ ਉਪਲਬਧਤਾ ਅਤੇ ਰਿਹੈਬਿਲੀਟੇਸ਼ਨ ਪ੍ਰਬੰਧ ਬਾਰੇ ਜਾਣਕਾਰੀ ਲਈ। ਉਨ੍ਹਾਂ ਨੇ ਸਟਾਫ ਨੂੰ ਨਸ਼ਿਆਂ ਤੋਂ ਮੁਕਤ ਪੰਜਾਬ ਬਣਾਉਣ ਦੀ ਸਰਕਾਰ ਦੀ ਵਚਨਬੱਧਤਾ ਨੂੰ ਅਮਲ ਵਿੱਚ ਲਿਆਉਣ ਲਈ ਪੂਰੇ ਮਨ ਨਾਲ ਸੇਵਾ ਕਰਨ ਦੀ ਅਪੀਲ ਕੀਤੀ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਾ ਇੱਕ ਸਮਾਜਕ ਬੁਰਾਈ ਹੈ ਅਤੇ ਇਸ ਨਾਲ ਲੜਨ ਲਈ ਸਰਕਾਰ, ਹੈਲਥ ਸਿਸਟਮ ਅਤੇ ਸਮਾਜ ਨੂੰ ਮਿਲਕੇ ਕੰਮ ਕਰਨਾ ਪਵੇਗਾ।
ਸਿਹਤ ਮੰਤਰੀ ਨੇ ਹਸਪਤਾਲ ਪ੍ਰਬੰਧਨ ਨੂੰ ਨਿਰਦੇਸ਼ ਜਾਰੀ ਕੀਤੇ ਕਿ ਮਰੀਜ਼ਾਂ ਲਈ ਸਾਫ-ਸੁਥਰਾ ਵਾਤਾਵਰਣ ਯਕੀਨੀ ਬਣਾਇਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਕਮੀ ਨੂੰ ਤੁਰੰਤ ਪੂਰਾ ਕੀਤਾ ਜਾਵੇ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਰਾਜ ਸਰਕਾਰ ਦਾ ਮੁੱਖ ਮੰਤਵ ਹੈ ਕਿ ਹਰੇਕ ਨਾਗਰਿਕ ਨੂੰ ਉੱਚ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਮਿਲਣ ਅਤੇ ਸਰਕਾਰੀ ਹਸਪਤਾਲਾਂ ਨੂੰ ਪਹਿਲੀ ਪਸੰਦ ਬਣਾਇਆ ਜਾਵੇ।
ਇਸ ਦੌਰੇ ਦੌਰਾਨ ਸੀਨੀਅਰ ਮੈਡੀਕਲ ਅਫਸਰ ਰੂਪਨਗਰ ਡਾ. ਸਿਮਰਨਜੀਤ ਕੌਰ ਡਾਕਟਰੀ ਸਟਾਫ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਜੂਦ ਸਨ।