Hindi
WhatsApp Image 2025-09-29 at 6

ਮੁੱਖ ਮੰਤਰੀ ਵੱਲੋਂ ‘ਜਿਸਦਾ ਖੇਤ, ਉਸਦੀ ਰੇਤ’ ਸਕੀਮ ਤਹਿਤ ਖੇਤਾਂ ’ਚੋਂ ਰੇਤ ਕੱਢਣ ਲਈ ਕਿਸਾਨਾਂ ਨੂੰ 7200 ਰੁਪਏ ਪ੍ਰਤੀ

ਮੁੱਖ ਮੰਤਰੀ ਵੱਲੋਂ ‘ਜਿਸਦਾ ਖੇਤ, ਉਸਦੀ ਰੇਤ’ ਸਕੀਮ ਤਹਿਤ ਖੇਤਾਂ ’ਚੋਂ ਰੇਤ ਕੱਢਣ ਲਈ ਕਿਸਾਨਾਂ ਨੂੰ 7200 ਰੁਪਏ ਪ੍ਰਤੀ ਏਕੜ ਦੇਣ ਦਾ ਐਲਾਨ

ਮੁੱਖ ਮੰਤਰੀ ਵੱਲੋਂ ‘ਜਿਸਦਾ ਖੇਤ, ਉਸਦੀ ਰੇਤ’ ਸਕੀਮ ਤਹਿਤ ਖੇਤਾਂ ’ਚੋਂ ਰੇਤ ਕੱਢਣ ਲਈ ਕਿਸਾਨਾਂ ਨੂੰ 7200 ਰੁਪਏ ਪ੍ਰਤੀ ਏਕੜ ਦੇਣ ਦਾ ਐਲਾਨ

 

ਹੜ੍ਹ ਪੀੜਤ ਲੋਕਾਂ ਨੂੰ ਰਾਹਤ ਦੇਣ ਲਈ ਮੁਆਵਜ਼ਾ ਰਾਸ਼ੀ ਵਿੱਚ ਵੱਡਾ ਵਾਧਾ

 

ਪ੍ਰਧਾਨ ਮੰਤਰੀ ਕੋਲ ਨਿਯੁਕਤ ਕੀਤੇ ਨੁਮਾਇੰਦਿਆਂ ਨੂੰ ਮਿਲਣ ਦਾ ਸਮਾਂ ਹੈ ਪਰ ਚੁਣੇ ਹੋਏ ਨੁਮਾਇੰਦਿਆਂ ਨੂੰ ਅਣਗੌਲਿਆ ਕੀਤਾ ਜਾ ਰਿਹਾ

 

ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ‘ਅਣਐਲਾਨਿਆ ਰਾਸ਼ਟਰਪਤੀ ਰਾਜ’ ਲਾਗੂ ਕਰਨ ਦੀ ਸਖ਼ਤ ਆਲੋਚਨਾ

ਚੰਡੀਗੜ੍ਹ, 29 ਸਤੰਬਰ:
ਪੰਜਾਬ ਦੇ ਹੜ੍ਹ ਪੀੜਤ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ‘ਜਿਸਦਾ ਖੇਤ, ਉਸਦੀ ਰੇਤ’ ਸਕੀਮ ਤਹਿਤ ਕਿਸਾਨਾਂ ਨੂੰ ਖੇਤਾਂ ਵਿੱਚੋਂ ਰੇਤ ਕੱਢਣ ਲਈ 7200 ਰੁਪਏ ਪ੍ਰਤੀ ਏਕੜ ਦੇਣ ਦਾ ਐਲਾਨ ਕੀਤਾ ਹੈ।
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਵਿਚਾਰ-ਚਰਚਾ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ 'ਜਿਸਦਾ ਖੇਤ, ਉਸਦੀ ਰੇਤ' ਤਹਿਤ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚੋਂ ਹੜ੍ਹਾਂ ਕਾਰਨ ਇਕੱਠੀ ਹੋਈ ਰੇਤ ਤੇ ਗਾਰ ਕੱਢਣ ਅਤੇ ਜੇਕਰ ਉਹ ਚਾਹੁਣ ਤਾਂ ਵੇਚਣ ਦੀ ਇਜਾਜ਼ਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਡੁੱਬੇ ਪਿੰਡਾਂ ਦੇ ਕਈ ਖੇਤਾਂ ਵਿੱਚ ਰੇਤ ਅਤੇ ਗਾਰ ਜਮ੍ਹਾਂ ਹੋ ਗਈ ਹੈ, ਇਸ ਲਈ ਇਹ ਫੈਸਲਾ ਕੀਤਾ ਗਿਆ ਹੈ ਕਿ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚੋਂ ਇਸ ਨੂੰ ਕੱਢਣ ਦੀ ਆਗਿਆ ਦਿੱਤੀ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਸਕੀਮ ਤਹਿਤ ਕਿਸਾਨਾਂ ਨੂੰ 7200 ਰੁਪਏ ਪ੍ਰਤੀ ਏਕੜ ਦੇਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹ ਪੀੜਤਾਂ ਨੂੰ ਵੱਡੀ ਰਾਹਤ ਪਹੁੰਚਾਉਣ ਲਈ ਸੂਬਾ ਸਰਕਾਰ ਨੇ ਐਸ.ਡੀ.ਆਰ.ਐਫ. ਨਿਯਮਾਂ ਤਹਿਤ 26 ਤੋਂ 33 ਪ੍ਰਤੀਸ਼ਤ ਫਸਲ ਦੇ ਨੁਕਸਾਨ ਦੇ ਮੁਆਵਜ਼ੇ ਨੂੰ ਮੌਜੂਦਾ 2000 ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 10,000 ਰੁਪਏ ਪ੍ਰਤੀ ਏਕੜ, 33 ਤੋਂ 75 ਪ੍ਰਤੀਸ਼ਤ ਫਸਲ ਦੇ ਨੁਕਸਾਨ ਦੇ ਮੁਆਵਜ਼ੇ ਨੂੰ ਮੌਜੂਦਾ 6800 ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 10,000 ਰੁਪਏ ਪ੍ਰਤੀ ਏਕੜ ਅਤੇ 75 ਤੋਂ 100 ਪ੍ਰਤੀਸ਼ਤ ਫਸਲ ਦੇ ਨੁਕਸਾਨ ਦੇ ਮੁਆਵਜ਼ੇ ਨੂੰ ਮੌਜੂਦਾ 6800 ਰੁਪਏ ਤੋਂ ਵਧਾ ਕੇ 20,000 ਰੁਪਏ ਪ੍ਰਤੀ ਏਕੜ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਦਿੱਤੇ ਜਾ ਰਹੇ 20,000 ਰੁਪਏ ਪ੍ਰਤੀ ਏਕੜ ਮੁਆਵਜ਼ੇ ਵਿੱਚ ਸੂਬਾ ਸਰਕਾਰ 14,900 ਰੁਪਏ ਦਾ ਯੋਗਦਾਨ ਪਾਵੇਗੀ ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਭਲਕੇ (ਮੰਗਲਵਾਰ) ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਕੇ ਸੂਬੇ ਦੇ ਵੱਖ-ਵੱਖ ਮਾਮਲਿਆਂ ਨੂੰ ਉਠਾਉਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਪੂਰੀ ਤਰ੍ਹਾਂ ਨੁਕਸਾਨੇ ਗਏ ਘਰਾਂ ਦੀ ਮੁਰੰਮਤ ਲਈ 1.20 ਲੱਖ ਰੁਪਏ ਅਤੇ ਅੰਸ਼ਕ ਤੌਰ 'ਤੇ ਨੁਕਸਾਨੇ ਗਏ ਘਰਾਂ ਲਈ ਮੁਆਵਜ਼ਾ ਮੌਜੂਦਾ 6500 ਰੁਪਏ ਤੋਂ ਵਧਾ ਕੇ 35,100 ਰੁਪਏ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਹੜ੍ਹਾਂ ਨਾਲ ਲੋਕਾਂ ਨੂੰ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਤੈਅ ਸਮੇਂ ਦੇ ਅੰਦਰ ਵਿਸ਼ੇਸ਼ ਗਿਰਦਾਵਰੀ ਪਹਿਲਾਂ ਹੀ ਚੱਲ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ 47,500 ਰੁਪਏ (18,800 ਰੁਪਏ ਪ੍ਰਤੀ ਏਕੜ) ਦੇਵੇਗੀ, ਜਿਨ੍ਹਾਂ ਦੀ ਜ਼ਮੀਨ ਦਰਿਆਵਾਂ ਵਿੱਚ ਰੁੜ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਗੰਭੀਰ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ, “ਉਸਾਰੂ ਆਲੋਚਨਾ ਦਾ ਹਮੇਸ਼ਾ ਸਵਾਗਤ ਹੈ ਕਿਉਂਕਿ ਆਲੋਚਕ ਹੀ ਅਸਲ ਦੋਸਤ ਹੁੰਦੇ ਹਨ ਜੋ ਸਰਕਾਰ ਦੇ ਕੰਮਕਾਜ ਵਿੱਚ ਕਮੀਆਂ ਨੂੰ ਉਭਾਰਦੇ ਹਨ।” ਉਨ੍ਹਾਂ ਨੇ ਹੜ੍ਹਾਂ ਦੌਰਾਨ ਨਿਰਸਵਾਰਥ ਸਮਾਜ ਸੇਵਾ ਕਰਨ ਵਾਲਿਆਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਵਰਕਰਾਂ ਨੇ ਮੁੜ ਵਸੇਬੇ ਲਈ ਸ਼ਾਨਦਾਰ ਕੰਮ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਾਸ਼ਨ ਅਤੇ ਹੋਰ ਹੜ੍ਹ ਰਾਹਤ ਸਮੱਗਰੀ ਦੂਜੇ ਸੂਬਿਆਂ ਦੇ ਵਲੰਟੀਅਰਾਂ ਦੁਆਰਾ ਵੀ ਪ੍ਰਦਾਨ ਕੀਤੀ ਗਈ, ਜੋ ਕਿ ਸੱਚਮੁਚ ਸ਼ਲਾਘਾਯੋਗ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿੱਚੋਂ ਕੁਝ ਸਮਾਜ ਸੇਵੀ ਲੋਕਾਂ ਨੇ ਮੁੜ ਵਸੇਬੇ ਲਈ ਪਿੰਡ ਗੋਦ ਲਏ ਹਨ ਜਦੋਂ ਕਿ ਫੌਜ ਅਤੇ ਐਨ.ਡੀ.ਆਰ.ਐਫ. ਨੇ ਰਾਹਤ ਕਾਰਜਾਂ ਲਈ ਅਤਿ-ਆਧੁਨਿਕ ਉਪਕਰਨ ਮੁਹੱਈਆ ਕਰਵਾਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਮੁੜ ਵਸੇਬੇ ਦਾ ਸਮਾਂ ਹੈ ਅਤੇ ਸੂਬਾ ਸਰਕਾਰ ਇਸ ਸਬੰਧ ਵਿੱਚ ਬਿੱਲ ਪੇਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ 15 ਅਕਤੂਬਰ ਤੋਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਵੰਡਣਾ ਸ਼ੁਰੂ ਕਰ ਦੇਵੇਗੀ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਸੇਮ ਪ੍ਰਭਾਵਿਤ ਇਲਾਕਿਆਂ ਲਈ ਪਹਿਲਾਂ ਹੀ 4.50 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੌਸਮ ਦੀ ਭਵਿੱਖਬਾਣੀ ਲਈ ਉੱਨਤ ਵਿਧੀ ਬਣਾਉਣ ਵਾਸਤੇ ਆਈ.ਆਈ.ਟੀ. ਖੜਗਪੁਰ ਅਤੇ ਬੰਗਲੌਰ ਦੇ ਨਾਲ-ਨਾਲ ਥਾਪਰ ਯੂਨੀਵਰਸਿਟੀ ਪਟਿਆਲਾ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਥਾਪਰ ਯੂਨੀਵਰਸਿਟੀ ਅਜਿਹੀਆਂ ਕੁਦਰਤੀ ਆਫ਼ਤਾਂ ਕਾਰਨ ਹੋਣ ਵਾਲੇ ਨੁਕਸਾਨ ਨੂੰ ਟਾਲਣ ਅਤੇ ਘੱਟ ਤੋਂ ਘੱਟ ਕਰਨ ਲਈ ਮੌਸਮ ਸੰਬੰਧੀ ਭਵਿੱਖਬਾਣੀਆਂ ਵਾਸਤੇ ਆਪਣਾ ਸੈਟੇਲਾਈਟ ਲਾਂਚ ਕਰੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਭਾਰਤ ਸਰਕਾਰ ਤੋਂ ਹੜ੍ਹਾਂ ਦਾ ਮੁਆਵਜ਼ਾ ਵਧਾ ਕੇ 50,000 ਰੁਪਏ ਪ੍ਰਤੀ ਏਕੜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਗੱਲ 'ਤੇ ਅਫ਼ਸੋਸ ਪ੍ਰਗਟ ਕੀਤਾ ਕਿ ਪ੍ਰਧਾਨ ਮੰਤਰੀ ਕੋਲ ਮਹੱਤਵਪੂਰਨ ਮੁੱਦਿਆਂ 'ਤੇ ਰਾਜਪਾਲ ਨੂੰ ਮਿਲਣ ਦਾ ਸਮਾਂ ਹੈ ਜਦੋਂ ਕਿ ਲੋਕਾਂ ਵੱਲੋਂ ਚੁਣੇ ਹੋਏ ਪ੍ਰਤੀਨਿਧੀਆਂ ਨੂੰ ਉਨ੍ਹਾਂ ਵੱਲੋਂ ਅਣਗੌਲਿਆ ਕੀਤਾ ਜਾ ਰਿਹਾ ਹੈ। ਰਾਹਤ ਕਾਰਜਾਂ ਲਈ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਦੀ ਮੰਗ ਕੀਤੀ ਕੀਤੀ ਪਰ ਪ੍ਰਧਾਨ ਮੰਤਰੀ ਕੋਲ ਚੁਣੇ ਹੋਏ ਪ੍ਰਤੀਨਿਧੀਆਂ ਲਈ ਸਮਾਂ ਨਹੀਂ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੰਭੀਰ ਸੰਕਟ ਦੀ ਇਸ ਘੜੀ ਵਿੱਚ ਵੀ ਕੇਂਦਰੀ ਮੰਤਰੀ ਸੂਬਾ ਸਰਕਾਰ ਅਤੇ ਲੋਕਾਂ ਦੀ ਮਦਦ ਦੀ ਬਜਾਏ ਆਫ਼ਤ ਸਿਰਫ਼ ਹੜ੍ਹ ਸੈਰ-ਸਪਾਟੇ ਲਈ ਫੋਟੋਆਂ ਖਿਚਵਾਉਣ ਵਾਸਤੇ ਸੂਬੇ ਵਿੱਚ ਆਏ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਐਲਾਨੇ ਗਏ 1600 ਕਰੋੜ ਰੁਪਏ ਵੀ ਸੂਬੇ ਨਾਲ ਇੱਕ ਕੋਝਾ ਮਜ਼ਾਕ ਹੈ। ਉਨ੍ਹਾਂ ਕਿਹਾ ਕਿ ਇਹ ਵੀ ਸੁਣਨ ਵਿੱਚ ਆ ਰਿਹਾ ਹੈ ਕਿ ਸੂਬੇ ਨੂੰ ਐਸ.ਡੀ.ਆਰ.ਐਫ. ਤੋਂ ਮਿਲਣ ਵਾਲੇ 240 ਕਰੋੜ ਰੁਪਏ ਵੀ ਇਸ ਵਿੱਚ ਹੀ ਸ਼ਾਮਲ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਪ੍ਰਧਾਨ ਮੰਤਰੀ ਬਿਹਾਰ ਵਰਗੇ ਚੋਣਾਂ ਵਾਲੇ ਸੂਬਿਆਂ ਵਿੱਚ ਵੱਡੇ ਰਾਹਤ ਪੈਕੇਜ ਦਾ ਐਲਾਨ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਮਤਰੇਈ ਮਾਂ ਵਾਲੇ ਸਲੂਕ ਦਾ ਸਖ਼ਤ ਵਿਰੋਧ ਕਰਦਾ ਹੈ ਅਤੇ ਉਹ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਕੋਲ ਇਹ ਮੁੱਦੇ ਉਠਾਉਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਅਜਿਹੀਆਂ ਘਟੀਆ ਚਾਲਾਂ ਨਾਲ ਲੋਕਾਂ ਦੇ ਫ਼ਤਵੇ ਨੂੰ ਦਰਕਿਨਾਰ ਕਰ ਰਹੀ ਹੈ, ਜੋ ਕਿ ਪੂਰੀ ਤਰ੍ਹਾਂ ਗੈਰ-ਵਾਜਬ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ 'ਅਣਐਲਾਨਿਆ ਰਾਸ਼ਟਰਪਤੀ ਰਾਜ' ਲਾਗੂ ਕੀਤਾ ਹੋਇਆ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਸੰਵਿਧਾਨ ਦੇ ਮੁੱਢਲੇ ਸੰਘੀ ਢਾਂਚੇ ਨੂੰ ਢਾਹ ਲਾ ਰਹੀ, ਜੋ ਕਿ ਬਹੁਤ ਹੀ ਮੰਦਭਾਗਾ ਹੈ।
ਵਿਰੋਧੀ ਧਿਰ ਦੇ ਨੇਤਾ ਦੇ ਵਿਰੋਧ 'ਤੇ ਸਖ਼ਤ ਪ੍ਰਤੀਕਰਮ ਦਿੰਦਿਆਂ ਮੁੱਖ ਮੰਤਰੀ ਨੇ ਪੁੱਛਿਆ ਕਿ ਸੂਬਾ ਸਰਕਾਰ ਦੁਆਰਾ ਕਾਇਮ ਕੀਤੇ ਗਏ ਰੰਗਲਾ ਪੰਜਾਬ ਫੰਡ ਦਾ ਵਿਰੋਧ ਕਰਨ ਪਿੱਛੇ ਉਨ੍ਹਾਂ ਦਾ ਕੀ ਤਰਕ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਹ ਫੰਡ ਸੀ.ਐਸ.ਆਰ. ਅਤੇ ਹੋਰ ਸਮਾਜ ਸੇਵੀ ਸੰਸਥਾਵਾਂ, ਜੋ ਹੜ੍ਹ ਪੀੜਤਾਂ ਦੀ ਮਦਦ ਕਰਨਾ ਚਾਹੁੰਦੇ ਹਨ, ਤੋਂ ਯੋਗਦਾਨ ਹਾਸਲ ਕਰਨ ਲਈ ਸਥਾਪਤ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਅਜਿਹੇ ਕਾਰਨਾਂ ਕਰਕੇ, ਜਿਨ੍ਹਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ, ਇਸ ਸਬੰਧ ਵਿੱਚ ਬੇਬੁਨਿਆਦ ਬਿਆਨ ਜਾਰੀ ਕਰ ਰਹੇ ਹਨ।
ਇੱਕ ਕਿੱਸਾ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 1962 ਦੀ ਭਾਰਤ-ਚੀਨ ਜੰਗ ਦੌਰਾਨ ਦੇਸ਼ ਦੇ ਲੋਕਾਂ ਨੇ ਕੌਮੀ ਰੱਖਿਆ ਫੰਡ ਵਿੱਚ ਸੋਨਾ ਦਾਨ ਕੀਤਾ ਸੀ ਅਤੇ ਪੰਜਾਬੀ ਲੋਕਾਂ ਨੇ ਉਸ ਸਮੇਂ ਦੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੀ ਅਪੀਲ 'ਤੇ ਵੱਡਾ ਮਾਤਰਾ ਵਿੱਚ ਸੋਨਾ ਅਤੇ ਕਰੋੜਾਂ ਰੁਪਏ ਦਾ ਯੋਗਦਾਨ ਪਾਇਆ ਸੀ। ਉਨ੍ਹਾਂ ਕਿਹਾ ਕਿ ਜਦੋਂ ਵੀ ਦੇਸ਼ ਨੂੰ ਕੋਈ ਸੰਕਟ ਦਰਪੇਸ਼ ਆਉਂਦਾ ਹੈ ਤਾਂ ਲੋਕ ਉਸੇ ਮਿਸ਼ਨਰੀ ਜੋਸ਼ ਨਾਲ ਯੋਗਦਾਨ ਪਾਉਂਦੇ ਹਨ, ਪਰ ਹੁਣ ਜਦੋਂ ਪੰਜਾਬ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਤਾਂ ਅਜਿਹੇ ਗੈਰ-ਜ਼ਿੰਮੇਵਾਰਾਨਾ ਬਿਆਨ ਜਾਰੀ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਦੁੱਖ ਪ੍ਰਗਟ ਕੀਤਾ ਕਿ ਕਾਂਗਰਸੀ ਆਗੂ ਇਸ ਸਮੇਂ ਬੇਬੁਨਿਆਦ ਟਿੱਪਣੀਆਂ ਕਰ ਰਹੇ ਹਨ ਕਿ ਸੂਬਾ ਸਰਕਾਰ ਨੇ ਲੋਕਾਂ ਲਈ 'ਕਬਰ ਪੁੱਟ ਦਿੱਤੀ ਹੈ'।
ਮੁੱਖ ਮੰਤਰੀ ਨੇ ਭਾਜਪਾ ਵੱਲੋਂ ਕਰਵਾਏ ਗਏ ਮੌਕ ਸੈਸ਼ਨ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਭਾਜਪਾ ਦੇ ਚੁਣੇ ਹੋਏ ਮੈਂਬਰ ਅਸਲ ਸੈਸ਼ਨ ਵਿੱਚ ਮੌਜੂਦ ਨਹੀਂ ਰਹੇ, ਜਦੋਂ ਕਿ ਜਾਅਲੀ ਵਿਧਾਨ ਸਭਾ ਵਿੱਚ ਵਧ-ਚੜ੍ਹ ਕੇ ਹਿੱਸਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਮੌਕ ਸੈਸ਼ਨ ਕਰਵਾਉਣ ਵਾਲੇ ਸਾਰੇ ਆਗੂਆਂ ਨੂੰ ਲੋਕ ਆਮ ਚੋਣਾਂ ਤੋਂ ਬਾਅਦ ਸਾਲ 2029 ਵਿੱਚ ਫਰਜ਼ੀ ਲੋਕ ਸਭਾ ਸੈਸ਼ਨ ਕਰਨ ਦਾ ਖੁੱਲ੍ਹਾ ਸਮਾਂ ਦੇ ਦੇਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਚੁਣੌਤੀ ਇੱਕ ਸਬਕ ਦਿੰਦੀ ਹੈ ਅਤੇ ਹੁਣ ਅਸੀਂ ਹੜ੍ਹਾਂ ਦੇ ਇਸ ਸੰਕਟ ਤੋਂ ਬਹੁਤ ਕੁਝ ਸਿੱਖਿਆ ਹੈ, ਉਨ੍ਹਾਂ ਕਿਹਾ ਕਿ ਸੂਬੇ ਦੇ ਕਈ ਹਿੱਸਿਆਂ ਵਿੱਚ ਵਾਟਰ ਰੀਚਾਰਜਿੰਗ ਪੁਆਇੰਟ ਬਣਾਏ ਜਾਣਗੇ ਅਤੇ ਪਾਣੀ ਦਾ ਪੱਧਰ ਵਧਾਇਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੂਰੇ ਮਿਸ਼ਨਰੀ ਜੋਸ਼ ਨਾਲ ਕੰਮ ਕਰ ਰਹੀ ਹੈ ਅਤੇ ਕਣਕ ਦੀ ਫ਼ਸਲ ਲਈ ਖੇਤ ਤਿਆਰ ਕਰਨ ਵਾਸਤੇ ਗਾਰ ਕੱਢਣ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੱਡੀ ਰਾਹਤ ਦੇਣ ਲਈ ਮੈਂਬਰਾਂ ਦੇ ਸੁਝਾਵਾਂ 'ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੂੰ ਇਸ ਸੰਕਟ ਦੀ ਘੜੀ ਵਿੱਚ ਸਰਕਾਰ ਨਾਲ ਇੱਕਜੁੱਟ ਹੋ ਕੇ ਚੱਲਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰ ਨੂੰ ਨੀਵੇਂ ਦਰਜੇ ਦੀ ਰਾਜਨੀਤੀ ਤੋਂ ਉੱਪਰ ਉੱਠ ਕੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਭਲਾਈ ਲਈ ਪੂਰੇ ਦਿਲ ਨਾਲ ਕੰਮ ਕਰਨ ਦੀ ਅਪੀਲ ਕੀਤੀ।
-----


Comment As:

Comment (0)