ਸਰਕਾਰ ਆਪ ਦੇ ਦੁਆਰ" ਸਕੀਮ ਤਹਿਤ ਜ਼ਿਲ੍ਹੇ ਅੰਦਰ ਲੱਗਣ ਵਾਲੇ ਕੈਂਪਾਂ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫਿਰੋਜ਼ਪੁਰ
"ਸਰਕਾਰ ਆਪ ਦੇ ਦੁਆਰ" ਸਕੀਮ ਤਹਿਤ ਜ਼ਿਲ੍ਹੇ ਅੰਦਰ ਲੱਗਣ ਵਾਲੇ ਕੈਂਪਾਂ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ
‘ਸਰਕਾਰ ਆਪ ਦੇ ਦੁਆਰ‘ ਤਹਿਤ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਜਾਵੇਗਾ ਨਿਪਟਾਰਾ: ਧੀਮਾਨ
ਜ਼ਿਲ੍ਹੇ ਦੀਆਂ ਤਿੰਨ ਸਬ-ਡਵੀਜ਼ਨਾਂ ਦੇ ਪਿੰਡਾਂ ਵਿੱਚ 6 ਫਰਵਰੀ ਨੂੰ ਕੈਂਪ ਲਗਾ ਕੇ ਲੋਕਾਂ ਨੂੰ ਦਿੱਤਾ ਜਾਵੇਗਾ ਸਰਕਾਰੀ ਸਕੀਮਾਂ ਦਾ ਲਾਭ
ਫਿਰੋਜ਼ਪੁਰ 5 ਫਰਵਰੀ 2024.
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਦੇ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਦੇ ਉਦੇਸ਼ ਨਾਲ ਸ਼ੁਰੂ ਕੀਤੇ ‘ਸਰਕਾਰ ਆਪ ਦੇ ਦੁਆਰ‘ ਸਕੀਮ ਤਹਿਤ ਜ਼ਿਲ੍ਹੇ ਦੀਆਂ ਤਿੰਨਾਂ ਸਬ-ਡਵੀਜ਼ਨਾਂ ਦੇ ਪਿੰਡਾਂ/ਸ਼ਹਿਰਾਂ ਵਿੱਚ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੈਂਪਾਂ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਮੌਕੇ ਦਿੱਤੀ।
ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਮੀਟਿੰਗ ਦੌਰਾਨ ਦੱਸਿਆ ਕਿ ਫਿਰੋਜ਼ਪੁਰ ਸਬ-ਡਵੀਜ਼ਨ, ਸਬ-ਡਵੀਜ਼ਨ ਜ਼ੀਰਾ ਅਤੇ ਸਬ-ਡਵੀਜ਼ਨ ਗੁਰੂਹਰਸਹਾਏ ਦੇ ਵੱਖ-ਵੱਖ ਪਿੰਡਾਂ ਵਿੱਚ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪੋ-ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਲਗਨ ਨਾਲ ਕਰਨ ਲਈ ਕਿਹਾ । ਉਨ੍ਹਾਂ ਕਿਹਾ ਕਿ ਸਮੂਹ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨਗੇ ਅਤੇ ਕੈਂਪ ਵਿੱਚ ਆਉਣ ਵਾਲੇ ਲੋਕਾਂ ਦੀਆਂ ਸਮੱਸਿਆਵਾਂ ਦਾ ਜ਼ਿਆਦਾਤਰ ਨਿਪਟਾਰਾ ਮੌਕੇ ਤੇ ਕੀਤਾ ਜਾਵੇਗਾ ਅਤੇ ਬਾਕੀ ਸੇਵਾਵਾਂ ਦੇ ਨਿਪਟਾਰਾ 15 ਦਿਨਾਂ ਦੇ ਅੰਦਰ-ਅੰਦਰ ਕੀਤਾ ਜਾਵੇਗਾ।
ਸ੍ਰੀ ਧੀਮਾਨ ਨੇ ਕਿਹਾ ਕਿ ਇਨ੍ਹਾਂ ਸੁਵਿਧਾ ਕੈਂਪਾਂ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ ਅਤੇ ਮੌਕੇ ‘ਤੇ ਸ਼ਿਕਾਇਤਾਂ ਦੇ ਹੱਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਸਮੱਸਿਆਵਾਂ ਸੁਣੀਆਂ ਜਾਣਗੀਆਂ ਤੇ ਸਮੱਸਿਆਵਾਂ ਸੁਣਨ ਉਪਰੰਤ ਤੁਰੰਤ ਹੀ ਸਬੰਧਿਤ ਵਿਭਾਗੀ ਅਧਿਕਾਰੀ ਸ਼ਿਕਾਇਤਾਂ ਦੇ ਨਿਪਟਾਰੇ ਕਰਨਗੇ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕੇ ਸਰਕਾਰੀ ਸਕੀਮਾਂ ਦਾ ਲਾਭ ਜ਼ਰੂਰ ਪ੍ਰਾਪਤ ਕਰਨ।
ਉਨ੍ਹਾਂ ਦੱਸਿਆ ਕਿ 6 ਫਰਵਰੀ ਨੂੰ ਸਬ-ਡਵੀਜ਼ਨ ਫਿਰੋਜ਼ਪੁਰ ਦੇ ਪਿੰਡ ਸ਼ਕੂਰ, ਗੱਟੀ ਰਾਜੋ ਕੇ, ਦੋਨਾ ਮੱਤੜ ਹਿਠਾੜ ਅਤੇ ਤਲਵੰਡੀ ਭਾਈ ਵਾਰਡ ਨੰਬਰ 5,6,7,8 ਵਿੱਚ ਕੈਂਪ ਲਗਾਇਆ ਜਾਵੇਗਾ। ਸਬ-ਡਵੀਜ਼ਨ ਜ਼ੀਰਾ ਅਧੀਨ ਪੈਂਦੇ ਪਿੰਡ ਬੋਘੇ ਵਾਲਾ, ਮੱਲੂ ਵਾਲਾ, ਮੁਹਾਰ, ਜ਼ੀਰਾ ਵਾਰਡ ਨੰਬਰ 5,6,7,8 ਵਿੱਚ ਕੈਂਪ ਲੱਗੇਗਾ। ਇਸੇ ਤਰ੍ਹਾਂ ਹੀ ਸਬ-ਡਵੀਜ਼ਨ ਗੁਰੂਹਰਸਹਾਏ ਦੇ ਪਿੰਡ ਫਤਿਹਗੜ੍ਹ, ਚੱਘਾ, ਚੱਕ ਕੰਧੇਸ਼ਾਹ ਅਤੇ ਚੱਕ ਮਾਦੀਕੇ ਵਿਖੇ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਦਿੱਤਾ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮਦ ਬਾਮਬਾ, ਐਸ.ਪੀ. ਸ੍ਰੀ ਜੁਗਰਾਜ ਸਿੰਘ, ਐਸ.ਡੀ.ਐਮ. ਫਿਰੋਜ਼ਪੁਰ ਸ. ਜਸਪਾਲ ਸਿੰਘ ਬਰਾੜ, ਐਸ.ਡੀ.ਐਮ. ਜ਼ੀਰਾ ਸ੍ਰੀ ਗੁਰਮੀਤ ਸਿੰਘ, ਐਸ.ਡੀ.ਐਮ. ਗੁਰੂਹਰਸਹਾਏ ਸ੍ਰੀ ਗਗਨਦੀਪ, ਸਹਾਇਕ ਕਮਿਸ਼ਨਰ ਸ੍ਰੀ ਸੂਰਜ, ਡੀ.ਡੀ.ਪੀ.ਓ. ਸ. ਜਸਵੰਤ ਸਿੰਘ ਬੜੈਚ, ਤਹਿਸੀਲਦਾਰ ਚੋਣਾਂ ਸ੍ਰੀ ਚਾਂਦ ਪ੍ਰਕਾਸ਼ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।