ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਵੇਂ ਸਾਲ ਮੌਕੇ ਲਾਲੜੂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਦੇ ਪ੍ਰੋਜੈਕਟ ਦੀ ਸ਼ੁਰੂਆ
ਦਫ਼ਤਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਵੇਂ ਸਾਲ ਮੌਕੇ ਲਾਲੜੂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਦੇ ਪ੍ਰੋਜੈਕਟ ਦੀ ਸ਼ੁਰੂਆਤ
ਦੋ ਨਵੇਂ ਟਿਊਬਵੈੱਲ ਅਤੇ 5.93 ਕਿਲੋਮੀਟਰ ਲੰਬੀ ਪਾਈਪਲਾਈਨ ਪ੍ਰੋਜੈਕਟ ਦਾ ਹਿੱਸਾ
ਲਾਲੜੂ/(ਐੱਸ.ਏ.ਐੱਸ. ਨਗਰ), 02 ਜਨਵਰੀ, 2026:
ਵਿਧਾਨ ਸਭਾ ਹਲਕਾ ਡੇਰਾਬੱਸੀ ਦੇ ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ਨਵੇਂ ਸਾਲ ਮੌਕੇ ਨਗਰ ਕੌਂਸਲ ਲਾਲੜੂ ਅਧੀਨ ਜਲ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਲਾਗੂ ਕੀਤੇ ਜਾ ਰਹੇ ਮਹੱਤਵਪੂਰਨ ਪਾਣੀ ਸਪਲਾਈ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ ਪ੍ਰੋਜੈਕਟ ਦੀ ਕੁੱਲ ਲਾਗਤ 2 ਕਰੋੜ 70 ਲੱਖ 89 ਹਜ਼ਾਰ ਰੁਪਏ ਮਨਜ਼ੂਰ ਕੀਤੀ ਗਈ ਹੈ, ਜਿਸ ਦਾ ਮਕਸਦ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਸਹੂਲਤ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਇਸ ਮੌਕੇ ਨਵੇਂ ਸਾਲ ਦੀ ਵਧਾਈ ਦਿੰਦੇ ਹੋਏ ਹਲਕੇ ਦੇ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਪ੍ਰਗਟਾਈ।
ਵਿਧਾਇਕ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਦੋ ਨਵੇਂ ਟਿਊਬਵੈੱਲ ਲਗਾਏ ਜਾਣਗੇ, ਜਿਨ੍ਹਾਂ ਦੀ ਅੰਦਾਜ਼ਨ ਲਾਗਤ 40-40 ਲੱਖ ਰੁਪਏ ਹੈ, ਇਸ ਤਰ੍ਹਾਂ ਦੋਹਾਂ ਟਿਊਬਵੈੱਲਾਂ ’ਤੇ ਕੁੱਲ 80 ਲੱਖ ਰੁਪਏ ਖਰਚ ਆਵੇਗਾ। ਪਹਿਲਾ ਟਿਊਬਵੈੱਲ ਅਨਾਜ ਮੰਡੀ, ਸਰਦਾਰਪੁਰਾ (ਵਾਰਡ ਨੰਬਰ 4), ਲਾਲੜੂ ਵਿਖੇ ਅਤੇ ਦੂਜਾ ਟਿਊਬਵੈੱਲ ਆਲਮਗੀਰ (ਵਾਰਡ ਨੰਬਰ 9) ਵਿੱਚ ਲਾਇਆ ਜਾਵੇਗਾ, ਜਿਸ ਨਾਲ ਇਲਾਕੇ ਵਿੱਚ ਪਾਣੀ ਦੀ ਉਪਲਬਧਤਾ ਵਿੱਚ ਵੱਡਾ ਸੁਧਾਰ ਆਵੇਗਾ। ਇਸ ਤੋਂ ਇਲਾਵਾ, ਪਾਣੀ ਦੀ ਸੁਚੱਜੀ ਵੰਡ ਨੂੰ ਯਕੀਨੀ ਬਣਾਉਣ ਲਈ 5.93 ਕਿਲੋਮੀਟਰ ਲੰਬੀ ਪਾਣੀ ਸਪਲਾਈ ਪਾਈਪਲਾਈਨ ਵਿਛਾਈ ਜਾਵੇਗੀ, ਜਿਸ ਦੀ ਅੰਦਾਜ਼ਨ ਲਾਗਤ 190.89 ਲੱਖ ਰੁਪਏ ਹੈ।
ਇਸ ਮੌਕੇ ’ਤੇ ਬੋਲਦਿਆਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬੁਨਿਆਦੀ ਨਾਗਰਿਕ ਸੁਵਿਧਾਵਾਂ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਸਾਫ਼ ਤੇ ਨਿਰੰਤਰ ਪੀਣ ਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਲਾਲੜੂ ਵਿੱਚ ਲੰਮੇ ਸਮੇਂ ਤੋਂ ਚੱਲ ਰਹੀਆਂ ਪਾਣੀ ਸੰਬੰਧੀ ਸਮੱਸਿਆਵਾਂ ਦਾ ਹੱਲ ਕਰਨ ਵਿੱਚ ਮਦਦਗਾਰ ਸਾਬਤ ਹੋਵੇਗਾ ਅਤੇ ਸ਼ਹਿਰੀ ਵਿਕਾਸ ਨੂੰ ਨਵੀਂ ਰਫ਼ਤਾਰ ਦੇਵੇਗਾ।
ਪ੍ਰੋਜੈਕਟ ਦੀ ਸ਼ੁਰੂਆਤ ਸਮੇਂ ਨਗਰ ਕੌਂਸਲ ਪ੍ਰਧਾਨ, ਪਾਰਟੀ ਦੇ ਬਲਾਕ ਪ੍ਰਧਾਨ, ਕੌਂਸਲਰ ਸਾਹਿਬਾਨ, ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਸਮੇਤ ਪਾਰਟੀ ਦੀ ਸਮੁੱਚੀ ਟੀਮ ਤੇ ਸਥਾਨਕ ਵਾਰਡ ਵਾਸੀ ਵੀ ਮੌਜੂਦ ਸਨ।