ਮੁਠਭੇੜ ਦੌਰਾਨ ਜ਼ਖ਼ਮੀ ਹੋਏ ਪੰਜਾਬ ਪੁਲਿਸ ਦੇ ਜਵਾਨ ਗੁਲਾਬ ਸਿੰਘ ਨਾਲ ਐਮਐਲਏ ਕੁਲਜੀਤ ਸਿੰਘ ਰੰਧਾਵਾ ਨੇ ਮੁਲਾਕਾਤ ਕਰ ਹੌ
ਮੁਠਭੇੜ ਦੌਰਾਨ ਜ਼ਖ਼ਮੀ ਹੋਏ ਪੰਜਾਬ ਪੁਲਿਸ ਦੇ ਜਵਾਨ ਗੁਲਾਬ ਸਿੰਘ ਨਾਲ ਐਮਐਲਏ ਕੁਲਜੀਤ ਸਿੰਘ ਰੰਧਾਵਾ ਨੇ ਮੁਲਾਕਾਤ ਕਰ ਹੌਂਸਲਾ ਅਫ਼ਜ਼ਾਈ ਕੀਤੀ
ਡੇਰਾਬੱਸੀ, 19 ਦਸੰਬਰ (ਜਸਬੀਰ ਸਿੰਘ)
ਪੰਜਾਬ ਦੇ ਮਸ਼ਹੂਰ ਕਬੱਡੀ ਖਿਡਾਰੀ ਅਤੇ ਪ੍ਰਮੋਟਰ ਰਾਣਾ ਬਲਾਚੌਰੀਆ ਦੀ ਹੱਤਿਆ ਮਾਮਲੇ ਵਿੱਚ ਸ਼ਾਮਲ ਦੋਸ਼ੀਆਂ ਨਾਲ ਹੋਈ ਪੁਲਿਸ ਮੁਠਭੇੜ ਦੌਰਾਨ ਜ਼ਖ਼ਮੀ ਹੋਏ ਪੰਜਾਬ ਪੁਲਿਸ ਦੇ ਜਵਾਨ ਗੁਲਾਬ ਸਿੰਘ ਨਾਲ ਡੇਰਾਬੱਸੀ ਹਲਕੇ ਦੇ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਨੇ ਸਿਵਲ ਹਸਪਤਾਲ ਡੇਰਾਬੱਸੀ ਵਿਖੇ ਮੁਲਾਕਾਤ ਕਰਕੇ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ।
ਕਬੱਡੀ ਜਗਤ ਨੂੰ ਹਿਲਾ ਕੇ ਰੱਖ ਦੇਣ ਵਾਲੀ ਇਸ ਘਟਨਾ ਤੋਂ ਬਾਅਦ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਜਵਾਨ ਗੁਲਾਬ ਸਿੰਘ ਦੀ ਲੱਤ ਵਿੱਚ ਗੋਲੀ ਲੱਗ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਵਿਧਾਇਕ ਰੰਧਾਵਾ ਨੇ ਜ਼ਖ਼ਮੀ ਜਵਾਨ ਦਾ ਹਾਲ-ਚਾਲ ਪੁੱਛਦੇ ਹੋਏ ਕਿਹਾ ਕਿ ਪੰਜਾਬ ਪੁਲਿਸ ਦੇ ਬਹਾਦਰ ਜਵਾਨ ਕਬੱਡੀ ਸਮੇਤ ਸੂਬੇ ਦੇ ਖੇਡ ਜਗਤ ਅਤੇ ਸਮਾਜ ਦੀ ਸੁਰੱਖਿਆ ਲਈ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਡਿਊਟੀ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਕਬੱਡੀ ਵਰਗੀਆਂ ਦੇਸੀ ਖੇਡਾਂ ਨਾਲ ਜੁੜੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ।
ਉਨ੍ਹਾਂ ਨੇ ਜਵਾਨ ਗੁਲਾਬ ਸਿੰਘ ਦੀ ਬਹਾਦਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਹਿੰਮਤ ਅਤੇ ਫਰਜ਼ਨਿਸ਼ਠਾ ਸਿਰਫ਼ ਪੁਲਿਸ ਬਲ ਹੀ ਨਹੀਂ, ਸਗੋਂ ਨੌਜਵਾਨ ਖਿਡਾਰੀਆਂ ਲਈ ਵੀ ਪ੍ਰੇਰਣਾ ਹੈ। ਨਾਲ ਹੀ ਡਾਕਟਰਾਂ ਨੂੰ ਵਧੀਆ ਇਲਾਜ ਯਕੀਨੀ ਬਣਾਉਣ ਲਈ ਲੋੜੀਂਦੀਆਂ ਹਦਾਇਤਾਂ ਵੀ ਦਿੱਤੀਆਂ।
ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡੇਰਾਬੱਸੀ, ਐਸ.ਐਚ.ਓ. ਸਮੇਤ ਕਈ ਪੁਲਿਸ ਅਧਿਕਾਰੀ ਹਾਜ਼ਰ ਸਨ।