ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਜ਼ਰੂਰੀ ਪ੍ਰਬੰਧ ਮੁਕੰਮਲ ਰੱਖੇ ਜਾਣ-ਡਿਪਟੀ ਕਮਿਸ਼ਨਰ
ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਜ਼ਰੂਰੀ ਪ੍ਰਬੰਧ ਮੁਕੰਮਲ ਰੱਖੇ ਜਾਣ-ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਵੱਲੋਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
ਮਾਨਸਾ, 30 ਅਪ੍ਰੈਲ :
ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਕੰਮਾਂ ਦੀ ਅਧਿਕਾਰੀ ਖੁਦ ਨਿਗਰਾਨੀ ਕਰਨ, ਤਾਂ ਜੋ ਆਉਣ ਵਾਲੇ ਬਰਸਾਤੀ ਸੀਜ਼ਨ ਦੌਰਾਨ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸਮੂਹ ਕਾਰਜ ਸਾਧਕ ਅਫਸਰਾਂ ਨੂੰ ਹਦਾਇਤ ਕੀਤੀ ਕਿ ਡਰੇਨਾਂ ਦੀ ਤੁਰੰਤ ਸਫਾਈ ਕਰਵਾਈ ਜਾਵੇ ਅਤੇ ਜਿੱਥੇ ਕਿਧਰੇ ਵੀ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਆ ਰਹੀ ਹੈ, ਉਥੇ ਤੁਰੰਤ ਸਫਾਈ ਕਰਵਾਕੇ ਪਾਣੀ ਦੀ ਨਿਕਾਸੀ ਕਰਵਾਈ ਜਾਵੇ।
ਉਨ੍ਹਾਂ ਸਿਹਤ ਵਿਭਾਗ ਨੂੰ ਕਿਹਾ ਕਿ ਲੋੜੀਂਦੀਆਂ ਦਵਾਈਆਂ ਦਾ ਪਹਿਲਾਂ ਹੀ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਪਸ਼ੂ ਪਾਲਣ ਵਿਭਾਗ ਨੂੰ ਹੜ੍ਹਾਂ ਦੌਰਾਨ ਪਸ਼ੂਆਂ ਲਈ ਲੋੜੀਂਦੀਆਂ ਦਵਾਈਆਂ ਦਾ ਪ੍ਰਬੰਧ ਕਰਨ ਲਈ ਕਿਹਾ। ਉਨ੍ਹਾਂ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਘੱਗਰ ਸਮੇਤ ਸਾਰੇ ਕੁਦਰਤੀ ਜਲ ਸਰੋਤ ਸਾਧਨਾਂ ਦੇ ਕੰਢੇ ਮਜ਼ਬੂਤ ਕੀਤੇ ਜਾਣ ਦੇ ਕਾਰਜ ਜਲਦ ਤੋਂ ਜਲਦ ਪੂਰੇ ਕੀਤੇ ਜਾਣ।
ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਮਨਦੀਪ ਸਿੰਘ ਮਾਨ, ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀਮਤੀ ਹਰਪ੍ਰੀਤਪਾਲ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਪਰਮਜੀਤ ਸਿੰਘ ਭੋਗਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਦਨ ਲਾਲ ਕਟਾਰੀਆ, ਐਸ.ਡੀ.ਓ. ਡਰੇਨੇਜ਼ ਵਿਕਾਸ ਸਿੰਗਲਾ, ਡਾ. ਚਮਨਦੀਪ ਸਿੰਘ, ਏ.ਸੀ.ਐਸ. ਡਾ. ਰਵਿੰਦਰ ਸਿੰਗਲਾ, ਸੰਤੋਸ਼ ਕੁਮਾਰ ਭਾਰਤੀ, ਐਸ.ਡੀ.ਓ. ਵਿਸ਼ਾਲ ਕੁਮਾਰ, ਉਪ ਮੰਡਲ ਇੰਜੀਨੀਅਰ ਕਰਮਜੀਤ ਸਿੰਘ ਸਿੱਧੂ, ਈ.ਓ. ਹੈਪੀ ਕੁਮਾਰ, ਸਿਕੰਦਰ ਸਿੰਘ, ਬਲਵਿੰਦਰ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।