ਪੰਜਾਬ ਸਖੀ ਸ਼ਕਤੀ ਮੇਲਾ 16 ਤੋਂ 18 ਜਨਵਰੀ ਤੱਕ ਕੋਟਕਪੂਰਾ ਵਿਖੇ ਲੱਗੇਗਾ –ਡਿਪਟੀ ਕਮਿਸ਼ਨਰ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਰੀਦਕੋਟ।
ਪੰਜਾਬ ਸਖੀ ਸ਼ਕਤੀ ਮੇਲਾ 16 ਤੋਂ 18 ਜਨਵਰੀ ਤੱਕ ਕੋਟਕਪੂਰਾ ਵਿਖੇ ਲੱਗੇਗਾ –ਡਿਪਟੀ ਕਮਿਸ਼ਨਰ
– ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਸ਼ਿਰਕਤ ਕਰਨ ਦੀ ਅਪੀਲ
ਕੋਟਕਪੂਰਾ, 15 ਜਨਵਰੀ — ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਸਖੀ ਸ਼ਕਤੀ ਮੇਲਾ 16 ਜਨਵਰੀ ਤੋਂ 18 ਜਨਵਰੀ 2026 ਤੱਕ ਡਾ. ਹਰੀ ਸਿੰਘ ਸੇਵਕ ਸਕੂਲ ਆਫ਼ ਐਮੀਨੈਂਸ, ਕੋਟਕਪੂਰਾ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਮੇਲੇ ਦਾ ਉਦਘਾਟਨ ਕਰਨਗੇ। ਉਨ੍ਹਾਂ ਦੱਸਿਆ ਕਿ ਇਹ ਮੇਲਾ ਔਰਤਾਂ ਦੇ ਸਵੈ-ਸਹਾਇਤਾ ਸਮੂਹਾਂ (ਐਸਐਚਜੀਜ਼), ਕਾਰੀਗਰਾਂ, ਛੋਟੇ ਉਦਯੋਗਪਤੀਆਂ ਅਤੇ ਸਥਾਨਕ ਉੱਦਮੀਆਂ ਲਈ ਆਪਣੇ ਉਤਪਾਦ ਸਿੱਧੇ ਤੌਰ ‘ਤੇ ਲੋਕਾਂ ਤੱਕ ਪਹੁੰਚਾਉਣ ਲਈ ਇੱਕ ਮਹੱਤਵਪੂਰਨ ਮੰਚ ਸਾਬਤ ਹੋਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੇਲੇ ਵਿੱਚ ਹੱਥ ਕਲਾਕਾਰੀ, ਖਾਦ ਪਦਾਰਥ, ਘਰੇਲੂ ਵਰਤੋਂ ਦੀਆਂ ਵਸਤਾਂ, ਹੱਥ ਨਾਲ ਬਣੇ ਸਮਾਨ ਸਮੇਤ ਕਈ ਕਿਸਮ ਦੀ ਉੱਚ ਗੁਣਵੱਤਾ ਵਾਲੀ ਸਮਗਰੀ ਉਪਲਬਧ ਹੋਵੇਗੀ। ਉਨ੍ਹਾਂ ਕਿਹਾ ਕਿ ਸਥਾਨਕ ਤੌਰ ‘ਤੇ ਤਿਆਰ ਕੀਤੇ ਉਤਪਾਦਾਂ ਦੀ ਖਰੀਦਦਾਰੀ ਨਾਲ ਨਾ ਸਿਰਫ਼ ਜ਼ਿਲ੍ਹੇ ਦੀ ਆਰਥਿਕਤਾ ਮਜ਼ਬੂਤ ਹੋਵੇਗੀ, ਸਗੋਂ ਔਰਤਾਂ ਦੀ ਆਰਥਿਕ ਸਵੈ-ਨਿਰਭਰਤਾ ਅਤੇ ਸਸ਼ਕਤੀਕਰਨ ਨੂੰ ਵੀ ਵੱਡਾ ਹੁਲਾਰਾ ਮਿਲੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਮੇਲੇ ਦੌਰਾਨ ਵੱਖ-ਵੱਖ ਸਰਕਾਰੀ ਵਿਭਾਗਾਂ ਵੱਲੋਂ ਔਰਤਾਂ ਅਤੇ ਸਮਾਜਿਕ ਕਲਿਆਣ ਨਾਲ ਸੰਬੰਧਿਤ ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ, ਤਾਂ ਜੋ ਜ਼ਿਲ੍ਹਾ ਵਾਸੀ ਇਨ੍ਹਾਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੇਲੇ ਵਿੱਚ ਆਉਣ ਵਾਲੇ ਲੋਕਾਂ ਲਈ ਸੁਰੱਖਿਆ, ਸਾਫ਼-ਸਫ਼ਾਈ ਅਤੇ ਹੋਰ ਸਾਰੀਆਂ ਲੋੜੀਂਦੀਆਂ ਸੁਵਿਧਾਵਾਂ ਦੇ ਪੁਖ਼ਤਾ ਬੰਦੋਬਸਤ ਕੀਤੇ ਗਏ ਹਨ । ਉਨ੍ਹਾਂ ਸਾਰੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰ ਸਮੇਤ ਮੇਲੇ ਵਿੱਚ ਸ਼ਿਰਕਤ ਕਰਕੇ ਸਥਾਨਕ ਉਤਪਾਦਾਂ ਦੀ ਖਰੀਦਦਾਰੀ ਕਰਦਿਆਂ ਜ਼ਿਲ੍ਹੇ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ।