Punjab Vigilance Bureau Arrests Ludhiana ASI for Taking Bribe
Ludhiana ਵਿੱਚ ਵਿਜੀਲੈਂਸ ਦੀ ਵੱਡੀ ਕਾਰਵਾਈ, ASI ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੁਲਿਸ ਥਾਣਾ ਡਿਵੀਜ਼ਨ ਨੰਬਰ-8, ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ASI) ਹਰਦੀਪ ਸਿੰਘ ਨੂੰ 14 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੋਪਾਲ ਨਗਰ, ਹੈਬੋਵਾਲ ਕਲਾਂ, ਲੁਧਿਆਣਾ ਦੇ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਅਨੁਸਾਰ ਉਸ ਦੀ ਕਰੀਬ 22 ਸਾਲਾ ਧੀ, ਜਿਸ ਨੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ITI) ਲੁਧਿਆਣਾ ਤੋਂ ਸਿਲਾਈ ਦਾ ਕੋਰਸ ਪਾਸ ਕੀਤਾ ਸੀ, ਆਪਣਾ ਨਤੀਜਾ ਲੈਣ ਲਈ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਘੁਮਾਰ ਮੰਡੀ ਗਈ ਸੀ, ਪਰ ਉਹ ਸ਼ਾਮ ਤੱਕ ਘਰ ਵਾਪਸ ਨਹੀਂ ਪਰਤੀ। ਸ਼ਿਕਾਇਤਕਰਤਾ ਨੇ ਆਪਣੇ ਪੱਧਰ 'ਤੇ ਉਸ ਦੀ ਭਾਲ ਕੀਤੀ, ਪਰ ਉਸ ਦੀ ਧੀ ਨਹੀਂ ਮਿਲੀ। ਇਸ ਤੋਂ ਬਾਅਦ ਸ਼ਿਕਾਇਤਕਰਤਾ ਨੇ ਆਪਣੀ ਧੀ ਦੇ ਲਾਪਤਾ ਹੋਣ ਸਬੰਧੀ ਰਿਪੋਰਟ ਪੁਲਿਸ ਥਾਣਾ ਡਿਵੀਜ਼ਨ ਨੰਬਰ-8, ਲੁਧਿਆਣਾ ਵਿਖੇ ਡਿਊਟੀ ਅਫ਼ਸਰ ਸਹਾਇਕ ਸਬ-ਇੰਸਪੈਕਟਰ ਹਰਦੀਪ ਸਿੰਘ ਕੋਲ ਦਰਜ ਕਰਵਾਈ।
ਦੋਸ਼ ਹੈ ਕਿ ਮੁਲਜ਼ਮ ਸਹਾਇਕ ਸਬ-ਇੰਸਪੈਕਟਰ ਨੇ ਸ਼ਿਕਾਇਤਕਰਤਾ ਨੂੰ ਥਾਣੇ ਬੁਲਾਇਆ ਅਤੇ ਉਸ ਦੀ ਸ਼ਿਕਾਇਤ 'ਤੇ ਕਾਰਵਾਈ ਕਰਨ ਬਦਲੇ 20 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਅਤੇ ਮੌਕੇ 'ਤੇ ਹੀ ਉਸ ਕੋਲੋਂ 6 ਹਜ਼ਾਰ ਰੁਪਏ ਲੈ ਲਏ।
ਬੁਲਾਰੇ ਨੇ ਅੱਗੇ ਦੱਸਿਆ ਕਿ ਸੀਨੀਅਰ ਅਧਿਕਾਰੀਆਂ ਦੇ ਨਿਰਦੇਸ਼ਾਂ ਤੋਂ ਬਾਅਦ ਪੁਲਿਸ ਥਾਣਾ ਡਿਵੀਜ਼ਨ ਨੰਬਰ-08, ਲੁਧਿਆਣਾ ਵਿਖੇ ਐਫ.ਆਈ.ਆਰ. (FIR) ਦਰਜ ਕੀਤੀ ਗਈ। ਇਸ ਤੋਂ ਬਾਅਦ ਮੁਲਜ਼ਮ ਏ.ਐਸ.ਆਈ. ਹਰਦੀਪ ਸਿੰਘ ਨੇ ਸ਼ਿਕਾਇਤਕਰਤਾ ਨੂੰ ਐਫ.ਆਈ.ਆਰ. ਦੀ ਕਾਪੀ ਦੇਣ ਅਤੇ ਮਾਮਲੇ ਵਿੱਚ ਅਗਲੇਰੀ ਕਾਰਵਾਈ ਕਰਨ ਲਈ ਬਾਕੀ ਰਹਿੰਦੇ 14 ਹਜ਼ਾਰ ਰੁਪਏ ਦੇਣ ਲਈ ਕਿਹਾ।
ਰਿਸ਼ਵਤ ਦੇਣ ਲਈ ਤਿਆਰ ਨਾ ਹੋਣ 'ਤੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਸੰਪਰਕ ਕੀਤਾ। ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਸਹਾਇਕ ਸਬ-ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 14 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।
ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਵਿਜੀਲੈਂਸ ਬਿਊਰੋ ਦੇ ਲੁਧਿਆਣਾ ਪੁਲਿਸ ਥਾਣੇ ਵਿੱਚ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।