ਨਸ਼ਾ ਛੱਡ ਚੁੱਕੇ ਤੇ ਛੱਡ ਰਹੇ ਨੌਜਵਾਨਾਂ ਦੀ ਜਿੰਦਗੀ ਨੂੰ ਮੁੜ ਤੋਂ ਲੀਹ ਤੇ ਲਿਆਉਣ ਲਈ ਪੰਜਾਬ ਸਰਕਾਰ ਯਤਨਸ਼ੀਲ-ਵਿਧਾਇਕ
ਨਸ਼ਾ ਛੱਡ ਚੁੱਕੇ ਤੇ ਛੱਡ ਰਹੇ ਨੌਜਵਾਨਾਂ ਦੀ ਜਿੰਦਗੀ ਨੂੰ ਮੁੜ ਤੋਂ ਲੀਹ ਤੇ ਲਿਆਉਣ ਲਈ ਪੰਜਾਬ ਸਰਕਾਰ ਯਤਨਸ਼ੀਲ-ਵਿਧਾਇਕ
ਡਾ. ਅਮਨਦੀਪ ਕੌਰ ਅਰੋੜਾ ਨੇ ਨਸ਼ਾ ਮੁਕਤੀ ਯਾਤਰਾ ਅਧੀਨ ਪਿੰਡਾਂ ਦੇ ਲੋਕਾਂ ਨੂੰ ਇੱਕਜੁਟ ਹੋਣ ਲਈ ਪ੍ਰੇਰਿਆ
ਮੋਗਾ, 21 ਮਈ,
ਪੰਜਾਬ ਸਰਕਾਰ ਨਸ਼ਿਆਂ ਦਾ ਖਾਤਮਾ ਕਰਨ ਲਈ ਆਪਣੀ ਪੂਰੀ ਤਾਕਤ ਲਗਾ ਕੇ ਕੰਮ ਕਰ ਰਹੀ ਹੈ ਤਾਂ ਕਿ ਪੰਜਾਬ ਦੀ ਜਵਾਨੀ ਨੂੰ ਮੁੜ ਤੋਂ ਖੇਡਾਂ, ਗਰਾਊਂਡਾਂ ਨਾਲ ਜੋੜਿਆ ਜਾ ਸਕੇ। ਇਸਦੇ ਨਾਲ ਨਾਲ ਸਰਕਾਰ ਨਸ਼ਾ ਛੱਡਣ ਦੇ ਚਾਹਵਾਨ ਅਤੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਦੀ ਜਿੰਦਗੀ ਮੁੜ ਤੋਂ ਲੀਹ ਤੇ ਲਿਆਉਣ ਲਈ ਵੀ ਸਾਰਥਕ ਯਤਨ ਕਰ ਰਹੀ ਹੈ ਜਿਸ ਲਈ ਹਰੇਕ ਜ਼ਿਲ੍ਹੇ ਵਿੱਚ ਨਸ਼ਾ ਛੁਡਾਊ ਕੇਂਦਰਾਂ ਵਿੱਚ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਆਮ ਲੋਕਾਂ ਦਾ ਵੀ ਇਹ ਫਰਜ ਬਣਦਾ ਹੈ ਕਿ ਉਹ ਸਰਕਾਰ ਦੇ ਪੂਰੀ ਤਨਦੇਹੀ ਨਾਲ ਸਾਥ ਦੇਣ ਤਾਂ ਕਿ ਨਸ਼ਾ ਮੁਕਤੀ ਮੁਹਿੰਮ ਪ੍ਰਭਾਵਸ਼ਾਲੀ ਨਤੀਜੇ ਨਿਕਲ ਕੇ ਆ ਸਕਣ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਨੇ ਝੰਡੇਵਾਲਾ, ਚੜਿੱਕ ਜੰਗੀਰ ਪੱਤੀ, ਚੁੱਪਕੀਤੀ, ਰੌਲੀ ਪਿੰਡ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਇਸ ਮੌਕੇ ਉਹਨਾਂ ਨਾਲ ਮੇਅਰ ਨਗਰ ਨਿਗਮ ਮੋਗਾ ਸ੍ਰ. ਬਲਜੀਤ ਸਿੰਘ ਚਾਨੀ ਤੇ ਹੋਰ ਵੀ ਮੋਹਤਬਰ ਵਿਅਕਤੀ ਹਾਜਰ ਸਨ।
ਉਹਨਾਂ ਪਿੰਡਾਂ ਦੇ ਵਾਸੀਆਂ ਨੂੰ ਇਸ ਨਸ਼ਿਆਂ ਵਿਰੁੱਧ ਜੰਗ ਵਿੱਚ ਇੱਕਜੁਟ ਹੋ ਕੇ ਲੜਨ ਦੀ ਅਪੀਲ ਕਰਦਿਆ ਕਿਹਾ ਕਿ ਹੁਣ ਜਨ ਜਨ ਨੂੰ ਇਸ ਮੁਹਿੰਮ ਵਿੱਚ ਸਰਕਾਰ ਵੱਲੋਂ ਜੋੜਿਆ ਜਾ ਰਿਹਾ ਹੈ। ਇਸ ਲਈ ਇਹ ਨਸ਼ਾ ਮੁਕਤੀ ਯਾਤਰਾ ਪਿੰਡ ਤੇ ਵਾਰਡਾਂ ਵਿੱਚ ਲਿਆਂਦੀ ਗਈ ਹੈ। ਉਹਨਾਂ ਹਾਜਰੀਨ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਇਸ ਮੁਹਿੰਮ ਨਾਲ ਨੌਜਵਾਨਾਂ ਦੇ ਮਾਪਿਆਂ ਦੇ ਚਿਹਰਿਆਂ ਤੇ ਰੌਣਕ ਆਈ ਹੈ ਕਿਉਂਕਿ ਉਹਨਾਂ ਨੂੰ ਹੁਣ ਵਿਸ਼ਵਾਸ਼ ਹੋ ਗਿਆ ਹੈ ਕਿ ਨਸ਼ਾ ਤਸਕਰਾਂ ਨੂੰ ਪਨਾਅ ਦੇਣ ਵਾਲਾ ਹੁਣ ਕੋਈ ਨਹੀਂ ਹੈ ਅਤੇ ਨਸ਼ਾ ਤਸਕਰ ਪੰਜਾਬ ਛੱਡ ਕੇ ਭੱਜ ਚੁੱਕੇ ਹਨ ਅਤੇ ਭੱਜ ਰਹੇ ਵੀ ਹਨ। ਉਹਨਾਂ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਡਟ ਕੇ ਇਸ ਮੁਹਿੰਮ ਵਿੱਚ ਯੋਗਦਾਨ ਦੇਣ ਲਈ ਕਿਹਾ।
ਇਸ ਮੌਕੇ 'ਤੇ ਉਨ੍ਹਾਂ ਪਿੰਡ ਵਾਸੀਆਂ, ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਇਸ ਦੌਰਾਨ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿਹਤ ਵਿਭਾਗ, ਪੁਲਿਸ ਪ੍ਰਸ਼ਾਸਨ ਅਤੇ ਸਮਾਜਿਕ ਸੰਗਠਨਾਂ ਦੇ ਸਹਿਯੋਗ ਨਾਲ ਨਸ਼ਾ ਮੁਕਤੀ ਲਈ ਚਲਾਏ ਜਾ ਰਹੇ ਇਸ ਸਾਂਝੇ ਯਤਨ ਨੂੰ ਲੋਕਾਂ ਦਾ ਪੂਰਨ ਸਮਰਥਨ ਮਿਲ ਰਿਹਾ ਹੈ। ਨਸ਼ਾ ਮੁਕਤੀ ਯਾਤਰਾ ਆਉਂਦੇ ਦਿਨਾਂ ਵਿੱਚ ਹੋਰ ਪਿੰਡਾਂ ’ਚ ਪੁੱਜ ਕੇ ਪਿੰਡ ਨਿਵਾਸੀਆਂ ਨੂੰ ਜਾਗਰੂਕ ਕਰੇਗੀ ਤਾਂ ਜੋ ਪੂਰੇ ਖੇਤਰ ਨੂੰ ਨਸ਼ਿਆਂ ਦੀ ਲਪੇਟ ਤੋਂ ਬਾਹਰ ਕੱਢਿਆ ਜਾ ਸਕੇ।
ਹੁਣ ਮਿਤੀ 22 ਮਈ ਨੂੰ ਵਾਰਡ ਨੰਬਰ 50, ਕੋਕਰੀ ਹੇਰਾਂ, ਧੱਲੇਕੇ, ਕੋਕਰੀ ਕਲਾਂ, ਰੱਤੀਆਂ, ਕੋਕਰੀ ਫੂਲਾ ਸਿੰਘ ਦੇ ਵਾਸੀ ਨੂੰ ਨਸ਼ਾ ਮੁਕਤੀ ਯਾਤਰਾ ਨਾਲ ਜੋੜਿਆ ਜਾਵੇਗਾ।