ਫਿਰੋਜ਼ਪੁਰ ਦੋਹਰਾ ਕਤਲ ਕਾਂਡ: ਆਸ਼ੀਸ਼ ਚੋਪੜਾ ਗੈਂਗ ਦੇ ਤਿੰਨ ਮੈਂਬਰ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ
ਫਿਰੋਜ਼ਪੁਰ ਦੋਹਰਾ ਕਤਲ ਕਾਂਡ: ਆਸ਼ੀਸ਼ ਚੋਪੜਾ ਗੈਂਗ ਦੇ ਤਿੰਨ ਮੈਂਬਰ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ
ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਇੱਕ ਹੋਰ ਕਤਲ ਕੇਸ ਦੀ ਗੁੱਥੀ ਸੁਲਝੀ: ਡੀਜੀਪੀ ਗੌਰਵ ਯਾਦਵ
ਦੋ-ਤਰਫ਼ਾ ਗੋਲੀਬਾਰੀ ਤੋਂ ਬਾਅਦ ਏਜੀਟੀਐਫ ਅਤੇ ਫਿਰੋਜ਼ਪੁਰ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਦੋਸ਼ੀ ਮਨਪ੍ਰੀਤ ਮੰਨੂ ਨੂੰ ਕੀਤਾ ਕਾਬੂ: ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ
ਅਗਲੇਰੀ ਜਾਂਚ ਜਾਰੀ; ਅੱਗੇ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਐਸਐਸਪੀ ਫਿਰੋਜ਼ਪੁਰ ਭੂਪਿੰਦਰ ਸਿੰਘ
ਚੰਡੀਗੜ੍ਹ/ਫਿਰੋਜ਼ਪੁਰ, 25 ਮਈ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਮਹੱਤਵਪੂਰਨ ਸਫ਼ਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਫਿਰੋਜ਼ਪੁਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਨਾਟਾ ਗੈਂਗ ਅਤੇ ਆਸ਼ੀਸ਼ ਚੋਪੜਾ ਗੈਂਗ ਵਿਚਕਾਰ ਆਪਸੀ ਰੰਜਿਸ਼ ਦੇ ਚਲਦਿਆਂ ਰਿਸ਼ਭ ਅਤੇ ਸ਼ਾਲੂ ਦੇ ਕਤਲ ਕਾਂਡ ਵਿੱਚ ਸ਼ਾਮਲ ਆਸ਼ੀਸ਼ ਚੋਪੜਾ ਗੈਂਗ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ।
ਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਿਰੋਜ਼ਪੁਰ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਉਰਫ਼ ਮੰਨੂ ਅਤੇ ਰਮਨਦੀਪ ਸਿੰਘ ਅਤੇ ਫਰੀਦਕੋਟ ਦੇ ਰਹਿਣ ਵਾਲੇ ਸੋਨੂੰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਪਿਸਤੌਲਾਂ ਦੇ ਨਾਲ-ਨਾਲ ਸੱਤ ਜ਼ਿੰਦਾ ਕਾਰਤੂਸ ਅਤੇ ਚਾਰ ਖੋਲ ਵੀ ਬਰਾਮਦ ਕੀਤੇ ਹਨ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਨ੍ਹਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਇੱਕ ਹੋਰ ਕਤਲ ਕੇਸ ਦੀ ਗੁੱਥੀ ਵੀ ਸੁਲਝ ਗਈ ਹੈ, ਜਿਸ ਵਿੱਚ ਯੋਥਮ ਨਾਮੀ ਵਿਅਕਤੀ ਮਾਰਿਆ ਗਿਆ ਸੀ ਅਤੇ ਇਸ ਮਾਮਲੇ ਵਿੱਚ ਮਨਪ੍ਰੀਤ ਮੰਨੂ ਮੁੱਖ ਸ਼ੂਟਰ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਗਿਰੋਹ ਦੇ ਹੋਰ ਸਾਥੀਆਂ ਦੀ ਪਛਾਣ ਅਤੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।
ਇਸ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਪ੍ਰਾਪਤ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਡੀਐਸਪੀ ਰਾਜਨ ਪਰਮਿੰਦਰ ਦੀ ਅਗਵਾਈ ਵਾਲੀ ਏਜੀਟੀਐਫ ਦੀ ਪੁਲਿਸ ਟੀਮ ਨੇ ਫਿਰੋਜ਼ਪੁਰ ਪੁਲਿਸ ਨਾਲ ਮਿਲ ਕੇ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਗੁਲਾਬੇ ਵਾਲਾ ਵਿੱਚ ਰਮਨਦੀਪ ਸਿੰਘ ਅਤੇ ਸੋਨੂੰ ਦੇ ਟਿਕਾਣੇ 'ਤੇ ਛਾਪਾ ਮਾਰਿਆ।
ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਦੌਰਾਨ ਪੁਲਿਸ ਪਾਰਟੀ 'ਤੇ ਗੋਲੀਆਂ ਚਲਾ ਦਿੱਤੀਆਂ ਪਰ ਪੁਲਸ ਨੇ ਉਨ੍ਹਾਂ ਨੂੰ ਸਫ਼ਲਤਾਪੂਰਵਕ ਗ੍ਰਿਫ਼ਤਾਰ ਕਰ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੁਲਿਸ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 109, 132 ਅਤੇ 22 ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਐਫਆਈਆਰ ਨੰ. 89 ਮਿਤੀ 24/5/2025 ਦਰਜ ਕੀਤੀ ਗਈ ਹੈ।
ਏਡੀਜੀਪੀ ਨੇ ਕਿਹਾ ਕਿ ਇੱਕ ਵੱਖਰੇ ਆਪ੍ਰੇਸ਼ਨ ਵਿੱਚ ਦੋਸ਼ੀ ਮਨਪ੍ਰੀਤ ਮੰਨੂ ਨੂੰ ਪੁਲਿਸ ਨੇ ਫਿਰੋਜ਼ਪੁਰ ‘ਚ ਘੇਰਾ ਪਾ ਲਿਆ, ਜਿੱਥੇ ਉਸਨੇ ਭੱਜਣ ਦੀ ਕੋਸ਼ਿਸ਼ ਵਿੱਚ ਪੁਲਿਸ ਟੀਮ 'ਤੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਕਿਹਾ ਕਿ ਪੁਲਿਸ ਦੀ ਜਵਾਬੀ ਗੋਲੀਬਾਰੀ ਵਿੱਚ ਦੋਸ਼ੀ ਨੂੰ ਗੋਲੀ ਲੱਗੀ ਜਿਸ ਉਪਰੰਤ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਉਸਦਾ ਹੀਰੋ ਐਚਐਫ ਡੀਲਕਸ ਮੋਟਰਸਾਈਕਲ, ਜਿਸ ‘ਤੇ ਉਹ ਜਾ ਰਿਹਾ ਸੀ, ਵੀ ਜ਼ਬਤ ਕਰ ਲਿਆ ਹੈ।
ਇਸ ਸਬੰਧ ਵਿੱਚ ਪੁਲਿਸ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਬੀਐਨਐਸ ਦੀ ਧਾਰਾ 109 ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਇੱਕ ਵੱਖਰਾ ਕੇਸ ਦਰਜ ਕੀਤਾ ਗਿਆ ਹੈ।
ਫਿਰੋਜ਼ਪੁਰ ਦੇ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਭੁਪਿੰਦਰ ਸਿੰਘ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਅਤੇ ਉਹ ਹਾਲ ਹੀ ਵਿੱਚ ਵਾਪਰੇ ਦੋਹਰੇ ਕਤਲ ਕੇਸ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।