ਰਵਿੰਦਰ ਹੰਸ ਨੇ ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਅਤੇ ਵਿੱਤ ਨਿਗਮ ਮੈਂਬਰ ਡਾਇਰੈਕਟਰ ਵੱਜੋਂ ਅਹੁਦਾ ਸੰਭਾਲਿਆ
ਰਵਿੰਦਰ ਹੰਸ ਨੇ ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਅਤੇ ਵਿੱਤ ਨਿਗਮ ਮੈਂਬਰ ਡਾਇਰੈਕਟਰ ਵੱਜੋਂ ਅਹੁਦਾ ਸੰਭਾਲਿਆ
ਕਿਹਾ, ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਪ੍ਰਤੀਬੱਧਤਾ ਨਾਲ ਸੇਵਾ ਕਰਾਂਗਾ: ਹੰਸ
ਚੰਡੀਗੜ੍ਹ, 28 ਮਈ:
ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਅਤੇ ਵਿੱਤ ਨਿਗਮ, ਪੰਜਾਬ ਦੇ ਨਵੇਂ ਮੈਂਬਰ ਡਾਇਰੈਕਟਰ ਰਵਿੰਦਰ ਹੰਸ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ।
ਇਸ ਮੌਕੇ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਇੰਦਰਬੀਰ ਸਿੰਘ ਨਿੱਝਰ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਦੀਪ ਸਿੰਘ ਲੱਖਣਾ, ਪੰਜਾਬ ਰਾਜ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਸੰਨੀ ਆਹਲੂਵਾਲੀਆ ਅਤੇ ਹੋਰ ਕਈ ਪੱਤਵੰਤੇ ਵਿਅਕਤੀ ਮੌਜੂਦ ਸਨ।
ਇਸ ਮੌਕੇ ਰਵਿੰਦਰ ਹੰਸ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਅਨੁਸੂਚਿਤ ਜਾਤੀਆਂ ਦੇ ਲੋਕਾਂ ਦੀ ਭਲਾਈ, ਉਨ੍ਹਾਂ ਦੀ ਆਰਥਿਕ ਅਤੇ ਸਮਾਜਿਕ ਤਰੱਕੀ ਲਈ ਪੂਰੀ ਨਿਸ਼ਠਾ, ਈਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨਗੇ।
ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਅਤੇ ਵਿੱਤ ਨਿਗਮ, ਪੰਜਾਬ ਦੀ ਸਥਾਪਨਾ ਹੀ ਇਸ ਲਈ ਕੀਤੀ ਗਈ ਸੀ ਕਿ ਇਹ ਨਿਗਮ ਅਨੁਸੂਚਿਤ ਜਾਤੀਆਂ ਦੇ ਵਿਅਕਤੀਆਂ ਨੂੰ ਰੁਜ਼ਗਾਰ, ਸਵੈ-ਰੁਜ਼ਗਾਰ ਅਤੇ ਵਿੱਤੀ ਸਹਾਇਤਾ ਦੇ ਕੇ ਉਨ੍ਹਾਂ ਨੂੰ ਆਤਮਨਿਰਭਰ ਅਤੇ ਸਸ਼ਕਤ ਬਣਾ ਸਕੇ।
ਜ਼ਿਕਰਯੋਗ ਹੈ ਕਿ ਇਸ ਨਿਗਮ ਰਾਹੀਂ ਛੋਟੇ ਅਤੇ ਮੱਧਮ ਦਰਜੇ ਦੇ ਉਦਯੋਗਾਂ, ਵਪਾਰਕ ਸਰਗਰਮੀਆਂ ਲਈ ਘੱਟ ਵਿਆਜ ਦਰਾਂ 'ਤੇ ਕਰਜ਼ੇ, ਸਬਸਿਡੀਆਂ ਅਤੇ ਰੁਜ਼ਗਾਰ ਯੋਜਨਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਸਰਕਾਰ ਦੀ ਇਹ ਕੋਸ਼ਿਸ਼ ਹੈ ਕਿ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇ ਖੇਤਰ 'ਚ ਬਰਾਬਰੀ ਦੇ ਮੌਕੇ ਦਿੱਤੇ ਜਾਣ।
ਰਵਿੰਦਰ ਹੰਸ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ "ਰੰਗਲਾ ਪੰਜਾਬ" ਦੇ ਸੁਪਨੇ ਨੂੰ ਹਕੀਕਤ ਬਣਾਉਣ ਲਈ ਆਪਣੇ ਪੂਰੇ ਯਤਨ ਅਤੇ ਜੋਸ਼ ਨਾਲ ਕੰਮ ਕਰਨ ਦਾ ਐਲਾਨ ਵੀ ਕੀਤਾ।