ਨਸ਼ਾ ਮੁਕਤੀ ਯਾਤਰਾ ਤਹਿਤ ਸ਼ਹਿਰਾਂ ਅਤੇ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਜਾਰੀ
ਨਸ਼ਾ ਮੁਕਤੀ ਯਾਤਰਾ ਤਹਿਤ ਸ਼ਹਿਰਾਂ ਅਤੇ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਜਾਰੀ
ਵਿਧਾਇਕ ਪੰਡੋਰੀ, ਵਿਧਾਇਕ ਉੱਗੋਕੇ ਅਤੇ ਚੇਅਰਮੈਨ ਮੰਨਾ ਨੇ ਨਸ਼ਾ ਮੁਕਤੀ ਇਕੱਠਾਂ ਨੂੰ ਕੀਤਾ ਸੰਬੋਧਨ
ਬਰਨਾਲਾ, 31 ਮਈ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਤਹਿਤ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ।
ਇਸ ਤਹਿਤ ਹਲਕਾ ਮਹਿਲ ਕਲਾਂ ਵਿੱਚ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਅਤੇ ਵਿਧਾਇਕ ਸ. ਕੁਲਵੰਤ ਸਿੰਘ ਪੰਡੋਰੀ, ਹਲਕਾ ਭਦੌੜ ਵਿਚ ਸ. ਲਾਭ ਸਿੰਘ ਉੱਗੋਕੇ ਅਤੇ ਬਰਨਾਲਾ ਵਿੱਚ ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਜ਼ਿਲ੍ਹਾ ਕੋਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ ਸ੍ਰੀ ਰਾਮ ਤੀਰਥ ਮੰਨਾ ਨੇ ਸੰਬੋਧਨ ਕੀਤਾ ਅਤੇ ਨਸ਼ਿਆਂ ਵਿਰੁੱਧ ਸਹੁੰ ਚੁਕਾਈ।
ਨਸ਼ਾ ਮੁਕਤੀ ਯਾਤਰਾ ਦੇ ਸਮਾਗਮ ਦੌਰਾਨ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਪਿੰਡ ਬੀਹਲਾ ਵਿਖੇ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਮੁਹਿੰਮ ਵਿਚ ਆਮ ਲੋਕਾਂ ਦੇ ਨਾਲ-ਨਾਲ ਨੌਜਵਾਨ ਵਰਗ ਦੇ ਸਹਿਯੋਗ ਦੀ ਪੂਰਨ ਲੋੜ ਹੈ ਤਾਂ ਹੀ ਅਸੀ ਨਸ਼ਿਆਂ ਦੀ ਇਸ ਭੈੜੀ ਅਲਾਮਤ ਤੋਂ ਛੁਟਕਾਰਾ ਪਾ ਸਕਦੇ ਹਾਂ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ, ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵਿੱਚ ਆਪਣੀ ਰੁਚੀ ਵਧਾਉਣ ਅਤੇ ਹੋਰਨਾਂ ਨੂੰ ਵੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾ ਕੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ।
ਇਸ ਦੌਰਾਨ ਵਿਧਾਇਕ ਲਾਭ ਸਿੰਘ ਉੱਗੋਕੇ ਵਲੋਂ ਪਿੰਡ ਰਾਜੀਆ, ਪੰਧੇਰ, ਧੂਰਕੋਟ, ਅਸਪਾਲ ਖੁਰਦ, ਕੋਟਦੁੰਨਾ ਵਿਖੇ ਨਸ਼ਾ ਰੋਕੂ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਓਨ੍ਹਾਂ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋ ਕੇ ਨਸ਼ੇ ਖ਼ਿਲਾਫ਼ ਲੜਨ ਦੀ ਲੋੜ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਅੱਜ ਲੋੜ ਹੈ ਕਿ ਪੰਜਾਬ ਦੇ ਪਾਣੀ ਅਤੇ ਜਵਾਨੀ ਬਚਾਏ ਜਾਣ, ਇਸ ਲਈ ਪੰਜਾਬ ਸਰਕਾਰ ਡਟੀ ਹੋਈ ਹੈ ਅਤੇ ਲੋਕ ਵੀ ਪੂਰਾ ਸਹਿਯੋਗ ਦੇਣ। ਉਨ੍ਹਾਂ ਪਿੰਡਾਂ ਦੇ ਪਹਿਰੇਦਾਰਾਂ ਨੂੰ ਮੁਹਿੰਮ ਵਿੱਚ ਸਰਗਰਮ ਹੋਣ ਦਾ ਸੱਦਾ ਦਿੱਤਾ।
ਇਸ ਮੌਕੇ ਮੁਹਿੰਮ ਦੇ ਜ਼ਿਲ੍ਹਾ ਕੋਆਰਡੀਨੇਟਰ ਅਤੇ ਚੇਅਰਮੈਨ ਸ੍ਰੀ ਰਾਮ ਤੀਰਥ ਮੰਨਾ ਨੇ ਬਰਨਾਲਾ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿਚ ਸੰਬੋਧਨ ਕਰਦੇ ਹੋਏ ਕਿਹਾ ਕਿ ਆਓ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਸੂਬੇ ਨੂੰ ਮੁੜ ਤੋਂ ਹੱਸਦਾ-ਵਸਦਾ ਅਤੇ ਰੰਗਲਾ ਪੰਜਾਬ ਬਣਾਈਏ।
ਇਸ ਮੌਕੇ ਪੰਚਾਇਤ ਵਿਭਾਗ, ਸਿਹਤ ਵਿਭਾਗ, ਪੁਲੀਸ ਵਿਭਾਗ ਤੋਂ ਅਧਿਕਾਰੀ/ ਕਰਮਚਾਰੀ, ਪਿੰਡ ਵਾਸੀ ਅਤੇ ਪਤਵੰਤੇ ਹਾਜ਼ਰ ਸਨ।
© 2022 Copyright. All Rights Reserved with Arth Parkash and Designed By Web Crayons Biz