ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜ਼ਰੂਰੀ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਮਾਨਸਾ
ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜ਼ਰੂਰੀ :
ਡਿਪਟੀ ਕਮਿਸ਼ਨਰ
-ਜ਼ਿਲ੍ਹੇ ਅੰਦਰ ਮਾਹਿਰ ਟ੍ਰੇਨਰ ਦੇ ਰਹੇ ਹਨ ਯੋਗਾ ਦੀ ਸਿਖਲਾਈ
ਮਾਨਸਾ, 10 ਜੂਨ :
ਪੰਜਾਬ ਸਰਕਾਰ ਵੱਲੋਂ ਸਿਹਤਮੰਦ ਪੰਜਾਬ ਦੇ ਮੰਤਵ ਨਾਲ ਸੂਬੇ ਅੰਦਰ ਸ਼ੁਰੂ ਕੀਤੀ ਗਈ ਸੀ.ਐਮ. ਦੀ ਯੋਗਸ਼ਾਲਾ ਤਹਿਤ ਮਾਨਸਾ ਜ਼ਿਲ੍ਹੇ ਅੰਦਰ ਰੋਜ਼ਾਨਾ ਮੁਫਤ ਯੋਗਾ ਦੀਆਂ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਜਿਸ ਦਾ ਆਮ ਲੋਕਾਂ ਦੀ ਸਿਹਤ ਤੇ ਬਹੁਤ ਵਧੀਆ ਪ੍ਰਭਾਵ ਦੇਖਣ ਨੂੰ ਮਿਲ ਰਿਹਾ ਹੈ ਅਤੇ ਜ਼ਿਲ੍ਹੇ ਦੇ ਵੱਡੀ ਗਿਣਤੀ ਲੋਕ ਇਨ੍ਹਾਂ ਯੋਗ ਕਲਾਸਾਂ ਦਾ ਲਾਹਾ ਲੈ ਰਹੇ ਹਨ। ਇਸ ਤੋਂ ਇਲਾਵਾ ਚੰਡੀਗੜ੍ਹ ਦੀ ਟੀਮ ਵੱਲੋਂ ਨੌਜਵਾਨਾਂ ਨੂੰ ਆਨ-ਲਾਈਨ ਯੋਗਾ ਦੀ ਸਿਖਲਾਈ ਦਿੱਤੀ ਗਈ ਜੋ ਹੁਣ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਯੋਗਾ ਦੀ ਸਿਖਲਾਈ ਅਤੇ ਲਾਭਾਂ ਤੋਂ ਜਾਣੂ ਕਰਵਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ
ਸੀ.ਐਮ ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਮਾਨਸਾ ਵਿੱਚ ਮੁਫਤ ਯੋਗਾ ਦੀਆਂ ਕਲਾਸਾਂ ਚੱਲ ਰਹੀਆਂ ਹਨ ਅਤੇ ਯੋਗਾ ਦੇ ਮਾਹਿਰ ਟ੍ਰੇਨਰਾਂ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਤੇ ਮੁਫ਼ਤ ਯੋਗਾ ਕਲਾਸਾਂ ਰਾਹੀਂ ਲੋਕਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜ਼ਰੂਰੀ ਹੈ।
ਜ਼ਿਲ੍ਹਾ ਕੋਆਰਡੀਨੇਟਰ ਸੀ.ਐਮ. ਯੋਗਸ਼ਾਲਾ ਰਮਨਦੀਪ ਕੌਰ ਨੇ ਦੱਸਿਆ ਕਿ ਸੀ.ਐਮ. ਦੀ ਯੋਗਸ਼ਾਲਾ ਨਾਲ ਜਿਲ੍ਹੇ ਦੇ ਕਰੀਬ 4000 ਦੇ ਕਰੀਬ ਵਿਅਕਤੀ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਰੋਜ਼ਾਨਾ ਯੋਗ ਕਰਨ ਨਾਲ ਲੋਕਾਂ ਨੂੰ ਕਾਫ਼ੀ ਲਾਭ ਮਿਲ ਰਿਹਾ ਹੈ ਅਤੇ ਬਿਮਾਰੀਆਂ ਤੋਂ ਨਿਜਾਤ ਪਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜੋ ਵਿਅਕਤੀ ਰੋਜ਼ਾਨਾ ਯੋਗ ਕਰ ਰਹੇ ਹਨ, ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਯੋਗ ਕਰਨ ਨਾਲ ਉਨ੍ਹਾਂ ਨੂੰ ਸਰਵਾਈਕਲ, ਬੈਕਪੇਨ, ਜੋੜਾਂ ਦਾ ਦਰਦ, ਮਾਨਸਿਕ ਤਨਾਣ ਤੋਂ ਰਾਹਤ ਮਿਲੀ ਹੈ ਅਤੇ ਜਿਨ੍ਹਾਂ ਨੂੰ ਸ਼ੂਗਰ ਜਾਂ ਬੀ.ਪੀ. ਦੇ ਰੋਗ ਹਨ, ਉਨ੍ਹਾਂ ਦੀ ਰਿਪੋਰਟ ਵੀ ਨਾਰਮਲ ਆਉਣ ਲੱਗੀ ਹੈ।
ਉਨ੍ਹਾਂ ਕਿਹਾ ਕਿ ਟ੍ਰੇਨਰਾਂ ਵੱਲੋਂ ਜਿੱਥੇ ਲੋਕਾਂ ਨੂੰ ਵੱਖ-ਵੱਖ ਯੋਗ ਆਸਨ ਕਰਵਾਏ ਜਾਂਦੇ ਹਨ, ਉਥੇ ਹੀ ਉਨ੍ਹਾਂ ਨੂੰ ਯੋਗ ਆਸਨ ਦੇ ਕੀ-ਕੀ ਫਾਇਦੇ ਹੁੰਦੇ ਹਨ, ਉਨ੍ਹਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਜ਼ਿਲ੍ਹਾ ਵਾਸੀ ਆਪਣੇ ਮੁਹੱਲੇ ਵਿੱਚ ਸੀ.ਐਮ. ਦੀ ਯੋਗਸ਼ਾਲਾ ਸ਼ੁਰੂ ਕਰਵਾਉਣਾ ਚਾਹੁੰਦਾ ਹੈ ਤਾਂ ਉਹ 76694-00500 ਨੰਬਰ ‘ਤੇ ਇੱਕ ਮਿਸ ਕਾਲ ਕਰ ਸਕਦਾ ਹੈ। ਇਸ ਤੋਂ ਇਲਾਵਾ ਇਨ੍ਹਾਂ ਯੋਗਾ ਕਲਾਸਾਂ ਲਈ https://cmdiyogshala.punjab.gov.in ’ਤੇ ਵੀ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ।