ਹੁਣ ਵਟਸਐਪ ਅਤੇ ਮਿਸਡ ਕਾਲ ਰਾਹੀਂ ਵੀ ਦਰਜ ਕਰਵਾਈ ਜਾ ਸਕਦੀ ਹੈ ਬਿਜਲੀ ਸਬੰਧੀ ਸ਼ਿਕਾਇਤ
ਹੁਣ ਵਟਸਐਪ ਅਤੇ ਮਿਸਡ ਕਾਲ ਰਾਹੀਂ ਵੀ ਦਰਜ ਕਰਵਾਈ ਜਾ ਸਕਦੀ ਹੈ ਬਿਜਲੀ ਸਬੰਧੀ ਸ਼ਿਕਾਇਤ
ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵਾਸੀਆਂ ਨੂੰ ਨਿਰਵਿਘਨ ਤੇ ਸੁਚਾਰੂ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਡਿਪਟੀ ਕਮਿਸ਼ਨਰ
ਜਲੰਧਰ, 1 ਜੁਲਾਈ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਬਿਜਲੀ ਖ਼ਪਤਕਾਰਾਂ ਦੀ ਸਹੂਲਤ ਲਈ ਸ਼ਿਕਾਇਤ ਕੇਂਦਰਾਂ ਦੇ ਨੰਬਰ ਤੋਂ ਇਲਾਵਾ ਹੋਰ ਹੈਲਪ ਲਾਈਨ ਨੰਬਰ ਸਾਂਝੇ ਕਰਦਿਆਂ ਦੱਸਿਆ ਕਿ ਬਿਜਲੀ ਖਪਤਕਾਰ ਵਟਸਐਪ ਅਤੇ ਮਿਸਡ ਕਾਲ ਰਾਹੀਂ ਵੀ ਬਿਜਲੀ ਸਬੰਧੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।
ਡਾ. ਅਗਰਵਾਲ ਨੇ ਦੱਸਿਆ ਕਿ ਖਪਤਕਾਰ ਟੋਲ ਫ੍ਰੀ ਨੰਬਰ 1912 ’ਤੇ ਪਹਿਲੀ ਵਾਰ ਕਾਲ ਰਾਹੀਂ/ਉਸ ਤੋਂ ਬਾਅਦ ਐਸ.ਐਮ.ਐਸ. ਰਾਹੀਂ ‘ਨੋ ਸਪਲਾਈ’ ਲਿਖ ਕੇ ਸ਼ਿਕਾਇਤ ਕਰ ਸਕਦੇ ਹਨ। ਇਸੇ ਤਰ੍ਹਾਂ ਪੀ.ਐਸ.ਪੀ.ਸੀ.ਐੱਲ. ਕੰਜ਼ਿਊਮਰ ਸਰਵਿਸ ਐਪ ’ਤੇ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ ਜਾਂ ਫਿਰ ਟੋਲ ਫ੍ਰੀ ਨੰਬਰ 1800-180-1512 ’ਤੇ ਮਿਸਡ ਕਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਖਪਤਕਾਰ 96461-01912 ’ਤੇ ਵਟਸਐਪ ਵੀ ਕਰ ਸਕਦੇ ਹਨ। ਇਸ ਤੋਂ ਇਲਾਵਾ ਪੀ.ਐਸ.ਪੀ.ਸੀ.ਐਲ ਦੇ ਸੋਸ਼ਲ ਮੀਡੀਆ ਪਲੇਟਫਾਰਮ fb.com/pspclpb, twitter.com/PSPCLPb, Instagram.com/PSPCLPb ’ਤੇ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਕੈਬਨਿਟ ਮੰਤਰੀ ਸ਼੍ਰੀ ਮੋਹਿੰਦਰ ਭਗਤ ਵੱਲੋਂ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਅਤੇ ਖਪਤਕਾਰਾਂ ਦੀਆਂ ਬਿਜਲੀ ਸਬੰਧੀ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ ਸਨ।
ਲੋਕਾਂ ਨੂੰ ਨਿਰਵਿਘਨ ਤੇ ਸੁਚਾਰੂ ਸੇਵਾਵਾਂ ਪ੍ਰਦਾਨ ਕਰਨ ਦੀ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਦਹੁਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਜਲੰਧਰ ਵਾਸੀਆਂ ਨੂੰ ਨਿਰਵਿਘਨ ਤੇ ਸੁਚਾਰੂ ਬਿਜਲੀ ਸਪਲਾਈ ਸਬੰਧੀ ਢੁੱਕਵੇਂ ਪ੍ਰਬੰਧ ਯਕੀਨੀ ਬਣਾਉਣ ਲਈ ਨਿਰਦੇਸ਼ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਸ਼ਹਿਰ ਵਿੱਚ ਲਟਕਦੀਆਂ ਢਿੱਲੀਆਂ, ਗੈਰ ਵਰਤੋਂਯੋਗ ਅਤੇ ਖ਼ਰਾਬ ਤਾਰਾਂ ਹਟਾਉਣ ਜਾਂ ਠੀਕ ਕਰਨ ਦੀਆਂ ਹਦਾਇਤਾਂ ਵੀ ਪਹਿਲਾਂ ਹੀ ਦਿੱਤੀਆਂ ਜਾ ਚੁੱਕੀਆਂ ਹਨ।