ਯੁੱਧ ਨਸ਼ਿਆਂ ਵਿਰੁੱਧ : ਨਿਊ ਹਰਦਿਆਲ ਨਗਰ ’ਚ ਬਦਨਾਮ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਉਸਾਰੀ ਢਾਹੀ
ਯੁੱਧ ਨਸ਼ਿਆਂ ਵਿਰੁੱਧ : ਨਿਊ ਹਰਦਿਆਲ ਨਗਰ ’ਚ ਬਦਨਾਮ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਉਸਾਰੀ ਢਾਹੀ
ਕਮਿਸ਼ਨਰੇਟ ਪੁਲਿਸ ਨੇ ਸ਼ਹਿਰ ’ਚੋਂ ਨਸ਼ਿਆਂ ਨੂੰ ਖਤਮ ਕਰਨ ਦੀ ਵਚਨਬੱਧਤਾ ਦੁਹਰਾਈ
ਜਲੰਧਰ, 24 ਜੁਲਾਈ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਗਰ ਨਿਗਮ ਜਲੰਧਰ ਵੱਲੋਂ ਕਮਿਸ਼ਨਰੇਟ ਪੁਲਿਸ ਜਲੰਧਰ ਦੇ ਸਹਿਯੋਗ ਨਾਲ ਵੀਰਵਾਰ ਨੂੰ ਨਿਊ ਹਰਦਿਆਲ ਨਗਰ ਵਿੱਚ ਇੱਕ ਬਦਨਾਮ ਨਸ਼ਾ ਤਸਕਰ ਦੀ ਇੱਕ ਗੈਰ-ਕਾਨੂੰਨੀ ਉਸਾਰੀ ਢਾਹ ਦਿੱਤੀ ਗਈ।
‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਗੈਰ-ਕਾਨੂੰਨੀ ਕਬਜ਼ੇ ਢਾਹੁਣ ਦੀ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਅਧਿਕਾਰੀਆਂ ਵੱਲੋਂ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਇਸ ਮੁਹਿੰਮ ਦੌਰਾਨ ਜੁਆਇੰਟ ਪੁਲਿਸ ਕਮਿਸ਼ਨਰ ਸੰਦੀਪ ਸ਼ਰਮਾ ਤੇ ਏ.ਡੀ.ਸੀ.ਪੀ.-1 ਜਲੰਧਰ ਆਕਰਸ਼ੀ ਜੈਨ ਅਤੇ ਏ.ਸੀ.ਪੀ. ਉੱਤਰੀ ਆਤਿਸ਼ ਭਾਟੀਆ ਦੀ ਅਗਵਾਈ ਹੇਠ ਪੁਲਿਸ ਟੀਮਾਂ ਵੱਲੋਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਪੁਲਿਸ ਸਹਾਇਤਾ ਯਕੀਨੀ ਬਣਾਈ ਗਈ।
ਪੁਲਿਸ ਕਮਿਸ਼ਨਰ ਜਲੰਧਰ ਸ਼੍ਰੀਮਤੀ ਧਨਪ੍ਰੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਨੂੰ ਬਦਨਾਮ ਨਸ਼ਾ ਤਸਕਰ ਵਿਜੇ ਕੁਮਾਰ ਉਰਫ ਲੱਡੂ ਵੱਲੋਂ ਇੱਕ ਗੈਰ-ਕਾਨੂੰਨੀ ਉਸਾਰੀ ਬਾਰੇ ਸੂਚਨਾ ਮਿਲੀ ਸੀ। ਜਿਸ ’ਤੇ ਤੁਰੰਤ ਕਾਰਵਾਈ ਕਰਦਿਆਂ ਨਗਰ ਨਿਗਮ ਅਤੇ ਪੁਲਿਸ ਦੀਆਂ ਟੀਮਾਂ ਨੇ ਕਬਜ਼ੇ ਵਾਲੇ ਢਾਂਚੇ ਨੂੰ ਢਾਹ ਦਿੱਤਾ, ਜਿਸ ਨਾਲ ਸਖ਼ਤ ਸੰਦੇਸ਼ ਗਿਆ ਹੈ ਕਿ ਜਲੰਧਰ ਸ਼ਹਿਰ ਵਿੱਚ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਆਦਤਨ ਅਪਰਾਧੀ ਹੈ, ਜਿਸ ਦੇ ਖਿਲਾਫ਼ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨ.ਡੀ.ਪੀ.ਐਸ.) ਐਕਟ ਅਤੇ ਹੋਰ ਅਪਰਾਧਾਂ ਤਹਿਤ ਕੁੱਲ 20 ਮਾਮਲੇ ਦਰਜ ਹਨ। ਉਨ੍ਹਾਂ ਇਸ ਕਾਰਵਾਈ ਨੂੰ ਨਸ਼ਾ ਤਸਕਰਾਂ ਦੇ ਵਿੱਤੀ ਨੈੱਟਵਰਕ ਨੂੰ ਖ਼ਤਮ ਕਰਨ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਵੱਲ ਮਹੱਤਵਪੂਰਣ ਕਦਮ ਕਰਾਰ ਦਿੱਤਾ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਅਜਿਹੀਆਂ ਕਾਰਵਾਈਆਂ ਅਮਲ ਵਿੱਚ ਲਿਆਂਦੀਆਂ ਗਈਆਂ ਹਨ, ਜਿਨ੍ਹਾਂ ਵਿੱਚ ਫਿਲੌਰ ਖੇਤਰ, ਧਨਕੀਆ ਮੁਹੱਲਾ, ਰਾਮਾ ਮੰਡੀ, ਗੜ੍ਹਾ, ਭਾਰਗਵ ਨਗਰ, ਬਸਤੀ ਗੁਜਾਂ ਅਤੇ ਲੋਹੀਆਂ ਵਿਖੇ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਨਾਲ ਸਬੰਧਤ ਗੈਰ-ਕਾਨੂੰਨੀ ਉਸਾਰੀਆਂ ਨੂੰ ਢਾਹੁਣਾ ਸ਼ਾਮਲ ਹੈ।
ਕਮਿਸ਼ਨਰੇਟ ਪੁਲਿਸ ਨੇ ਸਮਾਜ ਵਿੱਚੋਂ ਨਸ਼ੇ ਖ਼ਤਮ ਕਰਨ ਦੀ ਵਚਨਬੱਧਤਾ ਦਹੁਰਾਉਂਦਿਆਂ ਨਾਗਰਿਕਾਂ ਨੂੰ ਜਲੰਧਰ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ।