ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਵਰਗੀ ਸੰਜੇ ਵਰਮਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਵਰਗੀ ਸੰਜੇ ਵਰਮਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
ਸੰਜੇ ਵਰਮਾ ਨੇ ਸਖ਼ਤ ਮਿਹਨਤ ਨਾਲ ਸਮਾਜ ਵਿੱਚ ਵੱਡਾ ਮੁਕਾਮ ਹਾਸਲ ਕੀਤਾ
ਦੁਖੀ ਪਰਿਵਾਰ ਨੂੰ ਪੂਰੀ ਸੁਰੱਖਿਆ ਤੇ ਇਨਸਾਫ ਦੇਣ ਦਾ ਭਰੋਸਾ
ਜਗਤ ਵਰਮਾ ਨੇ ਅਪਰਾਧੀਆਂ ਵਿਰੁੱਧ ਤੇਜ਼ ਅਤੇ ਫੈਸਲਾਕੁੰਨ ਕਾਰਵਾਈ ਲਈ ਸੂਬਾ ਸਰਕਾਰ ਦਾ ਧੰਨਵਾਦ ਕੀਤਾ
ਅਬੋਹਰ, 1 ਅਗਸਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਸਵਰਗੀ ਸੰਜੇ ਵਰਮਾ ਦੇ ਘਰ ਜਾ ਕੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।
ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਜੇ ਵਰਮਾ ਦੇ ਭਰਾ ਜਗਤ ਵਰਮਾ ਨਾਲ ਮੁਲਾਕਾਤ ਕਰਕੇ ਦੁੱਖ ਵੰਡਾਇਆ। ਉਨ੍ਹਾਂ ਕਿਹਾ ਕਿ ਜਿੱਥੇ ਇਹ ਪਰਿਵਾਰ ਲਈ ਇਕ ਨਾ ਪੂਰਾ ਹੋਣ ਵਾਲਾ ਘਾਟਾ ਹੈ, ਉੱਥੇ ਇਹ ਸਮਾਜ ਲਈ ਵੀ ਵੱਡਾ ਘਾਟਾ ਹੈ, ਜਿਸ ਨੇ ਦ੍ਰਿੜ ਇਰਾਦੇ ਵਾਲੀ ਉੱਦਮੀ ਹਸਤੀ ਨੂੰ ਗੁਆ ਲਿਆ। ਦੋਵਾਂ ਆਗੂਆਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਸ਼ਾਂਤੀ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਦੋਵਾਂ ਆਗੂਆਂ ਨੇ ਕਿਹਾ ਕਿ ਵਰਮਾ ਪਰਿਵਾਰ ਨੇ ਸਖ਼ਤ ਮਿਹਨਤ, ਸਮਰਪਣ ਭਾਵਨਾ ਅਤੇ ਦ੍ਰਿੜ੍ਹ ਵਚਨਬੱਧਤਾ ਰਾਹੀਂ ਵੱਡਾ ਮੁਕਾਮ ਹਾਸਲ ਕੀਤਾ ਹੈ ਜਿਸ ਸਦਕਾ ਅਬੋਹਰ ਸ਼ਹਿਰ ਨੂੰ ਵਿਸ਼ਵ ਪੱਧਰ ’ਤੇ ਪਛਾਣ ਮਿਲੀ। ਉਨ੍ਹਾਂ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਦੁੱਖ ਤੇ ਸੰਕਟ ਦੀ ਇਸ ਘੜੀ ਵਿੱਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਘਿਨਾਉਣੇ ਅਪਰਾਧਾਂ ਪ੍ਰਤੀ ਸੂਬਾ ਸਰਕਾਰ ਦੀ ਕੋਈ ਲਿਹਾਜ਼ ਨਾ ਵਰਤਣ ਨੀਤੀ ਨੂੰ ਦੁਹਰਾਉਂਦਿਆਂ ਕਿਹਾ ਕਿ ਅਜਿਹੀ ਕਾਰਵਾਈਆਂ ਲਈ ਜ਼ਿੰਮੇਵਾਰ ਲੋਕਾਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ।
ਦੋਵਾਂ ਆਗੂਆਂ ਨੇ ਅੱਗੇ ਦੱਸਿਆ ਕਿ ਪੰਜਾਬ ਪੁਲਿਸ ਨਾਲ ਹੋਏ ਮੁਕਾਬਲੇ ਵਿੱਚ ਕਤਲ ’ਚ ਸ਼ਾਮਲ ਦੋ ਗੈਂਗਸਟਰ ਪਹਿਲਾਂ ਹੀ ਮਾਰੇ ਜਾ ਚੁੱਕੇ ਹਨ। ਮੁੱਖ ਮੰਤਰੀ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਇਸ ਘਟਨਾ ਵਿੱਚ ਪੂਰਾ ਇਨਸਾਫ਼ ਦਿੱਤਾ ਜਾਵੇਗਾ ਅਤੇ ਘਿਨਾਉਣੇ ਕਾਰੇ ਦੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਇਸ ਪਰਿਵਾਰ ਸਮੇਤ ਸਾਰੇ ਪੰਜਾਬੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸੂਬਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਦੌਰਾਨ ਸੰਜੇ ਵਰਮਾ ਦੇ ਭਰਾ ਜਗਤ ਵਰਮਾ ਨੇ ਇਸ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਤੇਜ਼ ਅਤੇ ਫੈਸਲਾਕੁੰਨ ਕਾਰਵਾਈ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨਾਲ ਖੜ੍ਹਨ ਅਤੇ ਅਪਰਾਧੀਆਂ ਵਿਰੁੱਧ ਮਿਸਾਲੀ ਕਾਰਵਾਈ ਕਰਕੇ ਇਨਸਾਫ ਦੇਣ ਲਈ ਦੋਵੇਂ ਨੇਤਾਵਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਆਪ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਵੀ ਹਾਜ਼ਰ ਸਨ।