Hindi

ਡਿਪਟੀ ਕਮਿਸ਼ਨਰ ਵਲੋਂ ਪਿੰਡ ਹਥਨ ਦਾ ਦੌਰਾ, ਪਰਾਲੀ ਸਾੜਨ ਖ਼ਿਲਾਫ਼ ਜਾਗਰੂਕਤਾ ਅਤੇ ਸਖ਼਼ਤ ਕਾਰਵਾਈ ਲਈ ਸੱਦਾ

ਡਿਪਟੀ ਕਮਿਸ਼ਨਰ ਵਲੋਂ ਪਿੰਡ ਹਥਨ ਦਾ ਦੌਰਾ, ਪਰਾਲੀ ਸਾੜਨ ਖ਼ਿਲਾਫ਼ ਜਾਗਰੂਕਤਾ ਅਤੇ ਸਖ਼਼ਤ ਕਾਰਵਾਈ ਲਈ ਸੱਦਾ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਲੇਰਕੋਟਲਾ

ਡਿਪਟੀ ਕਮਿਸ਼ਨਰ ਵਲੋਂ ਪਿੰਡ ਹਥਨ ਦਾ ਦੌਰਾ, ਪਰਾਲੀ ਸਾੜਨ ਖ਼ਿਲਾਫ਼ ਜਾਗਰੂਕਤਾ ਅਤੇ ਸਖ਼਼ਤ ਕਾਰਵਾਈ ਲਈ ਸੱਦਾ

*ਕਿਹਾ, ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ ਅਪਣਾਇਆ ਜਾਵੇਗਾ

* ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ 1378 ਮਸ਼ੀਨਾਂ (1292 ਇਨ ਸੀਟੂ ਅਤੇ 86ਐਕਸ ਸੀਟੂ) ਉੱਪਲਬਧ

* ਕਿਸਾਨਾਂ, ਸਰਪੰਚਾਂ, ਕਿਸਾਨ ਯੂਨੀਅਨਾਂ, ਪ੍ਰਭਾਵਸ਼ਾਲੀ ਵਿਅਕਤੀਆਂ ਨੂੰ ਅਪੀਲ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਤੋਂ ਵਾਤਾਵਰਨ ਨੂੰ ਬਚਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਨੂੰ ਸਹਿਯੋਗ ਦੇਣ

* ਕਿਹਾ, ਕਿਸਾਨ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ

ਅਮਰਗੜ੍ਹ/ਮਾਲੇਰਕੋਟਲਾ, 16 ਸਤੰਬਰ –

                        ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਵਾਤਾਵਰਣ ਦੀ ਸੰਭਾਲ ਲਈ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਅੱਜ ਪਿੰਡ ਹਥਨ ਦਾ ਦੌਰਾ ਕੀਤਾ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਇੱਥੇ ਸਭ ਤੋਂ ਵੱਧ 8 ਪਰਾਲੀ ਸਾੜਨ ਦੇ ਮਾਮਲੇ ਦਰਜ ਕੀਤੇ ਗਏ ਸਨ। ਡਿਪਟੀ ਕਮਿਸ਼ਨਰ ਨੇ ਪਿੰਡ ਵਾਸੀਆਂ, ਕਿਸਾਨਾਂ, ਸਰਪੰਚਾਂ ਅਤੇ ਪ੍ਰਭਾਵਸ਼ਾਲੀ ਵਿਅਕਤੀਆਂ ਨਾਲ ਨੁੱਕੜ ਮੀਟਿੰਗ ਕਰਕੇ ਪਰਾਲੀ ਨਾ ਸਾੜਨ ਲਈ ਜਾਗਰੂਕਤਾ ਪੈਦਾ ਕੀਤੀ। ਇਸ ਮੌਕੇ ਖੇਤੀਬਾੜੀ ਅਫਸਰ ਡਾ. ਕੁਲਵੀਰ ਸਿੰਘ,ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਸ.ਡੀ.ਓ.ਇੰਜੀ. ਗੁਰਮੇਹਰ ਸਿੰਘ ,ਬਲਾਕ ਵਿਕਾਸ ਤੇ ਪੰਚਾਇਤ ਅਫਸਰ  ਜਗਰਾਜ ਸਿੰਘ,ਸਰਪੰਚ ਹਥਨ ਕੰਵਲਜੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

                        ਨੁੱਕੜ ਮੀਟਿੰਗ ਦੌਰਾਨ ਪਿੰਡ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਕਿਹਾ ਕਿ ਖੇਤੀਬਾੜੀ ਸਿਰਫ਼ ਅਨਾਜ ਉਗਾਉਣ ਦੀ ਪ੍ਰਕਿਰਿਆ ਨਹੀਂ ਹੈ, ਸਗੋਂ ਇਹ ਸਮਾਜਕ ਸਮਝ, ਵਾਤਾਵਰਣੀ ਸੰਭਾਲ ਅਤੇ ਧਰਤੀ ਮਾਂ ਪ੍ਰਤੀ ਜ਼ਿੰਮੇਵਾਰੀ ਨਾਲ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਸਮਾਜ ਉਦੋਂ ਤੱਕ ਖ਼ੁਸ਼ਹਾਲ ਨਹੀਂ ਹੋ ਸਕਦਾ ਜਦ ਤੱਕ ਉਹ ਧਰਤੀ ਦੀ ਸਿਹਤ ਦੀ ਰੱਖਿਆ ਨਹੀਂ ਕਰਦਾ।

                        ਡਿਪਟੀ ਕਮਿਸ਼ਨਰ ਨੇ ਸੱਪਸ਼ਟ ਕੀਤਾ, “ਸਾਡਾ ਮਕਸਦ ਕਿਸਾਨ ਭਰਾਵਾਂ ਨਾਲ ਸਹਿਯੋਗ ਦੀ ਸਾਂਝ ਬਣਾਕੇ ਪਰਾਲੀ ਸਾੜਨ ਦੀ ਪ੍ਰਥਾ ਨੂੰ ਜ਼ਿਲ੍ਹੇ ਵਿੱਚ ਨਿਲ ਕਰਨਾ ਹੈ। ਪਰਾਲੀ ਸਾੜਨਾ ਸਾਡੇ ਵਾਤਾਵਰਣ ਅਤੇ ਭਵਿੱਖੀ ਪੀੜ੍ਹੀਆਂ ਲਈ ਖ਼ਤਰਨਾਕ ਹੈ। ਜੇ ਅਸੀਂ ਮਿਲ ਕੇ ਆਪਣੀ ਧਰਤੀ ਮਾਂ ਨੂੰ ਬਚਾਵਾਂਗੇ ਤਾਂ ਇਹ ਸਾਡੇ ਬੱਚਿਆਂ ਲਈ ਸਭ ਤੋਂ ਵੱਡਾ ਤੋਹਫ਼ਾ ਹੋਵੇਗਾ।”

     ਉਨ੍ਹਾਂ ਅੰਕੜਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਾਲ 2022 ਵਿੱਚ 676, ਸਾਲ 2023 ਵਿੱਚ 413 ਅਤੇ ਪਿਛਲੇ ਸਾਲ ਕੇਵਲ 203 ਪਰਾਲੀ ਸਾੜਨ ਦੇ ਮਾਮਲੇ ਸੈਟਲਾਈਟ ਰਾਹੀਂ ਦਰਜ ਹੋਏ ਸਨ ਜਿਨ੍ਹਾਂ ਵਿੱਚ ਲਗਾਤਾਰ ਕਿਸਾਨਾਂ ਦੇ ਸਹਿਯੋਗ ਨਾਲ ਗਿਰਾਵਟ ਆ ਰਹੀ ਹੈ। ਉਨ੍ਹਾਂ ਉਮੀਦ ਜਾਹਰ ਕਰਦਿਆਂ ਕਿਹਾ ਕਿ ਇਸ ਸਾਲ ਪ੍ਰਸਾਸ਼ਨ ਵਲੋਂ “ਜ਼ੀਰੋ ਟੋਲਰੈਂਸ ਨੀਤੀ” ਅਪਣਾਈ ਜਾ ਰਹੀ ਹੈ,ਤਾਂ ਜੋ ਜ਼ਿਲ੍ਹੇ ਵਿੱਚ ਅੱਗ ਲਗਾਉਣ ਦੇ ਰੁਝਾਣ ਨੂੰ ਨਿਲ ਕੀਤਾ ਜਾ ਸਕੇ ।

                 ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ 1378 ਮਸ਼ੀਨਾਂ (1292 ਇਨ ਸੀਟੂ ਅਤੇ 86ਐਕਸ ਸੀਟੂ) ਉੱਪਲਬਧ ਹਨ। ਇਸ ਲਈ ਖੇਤਾਂ ਵਿੱਚ ਅੱਗ ਲਗਾਉਣ ਦੀ ਕੋਈ ਵੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੇਕਰ ਕਿਸਾਨ ਪਰਾਲੀ ਸਾੜਦੇ ਪਾਏ ਗਏ ਤਾਂ ਉਨ੍ਹਾਂ ਵਿਰੁੱਧ ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

                        ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸੋਚ ਬਦਲ ਕੇ ਉਪਲਬਧ ਮਸ਼ੀਨਰੀ ਦੀ ਵਰਤੋਂ ਨਾਲ ਪਰਾਲੀ ਦਾ ਸੰਭਾਲ ਕਰਨ ਜਾਂ ਇਸ ਨੂੰ ਖੇਤਾਂ ਵਿੱਚ ਹੀ ਵਾਹੁਣ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਣ ਪ੍ਰਦੂਸ਼ਿਤ ਹੋਣ ਦੇ ਨਾਲ ਧਰਤੀ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ, ਜਿਸ ਨਾਲ ਖੇਤੀਬਾੜੀ ਨੂੰ ਲੰਬੇ ਸਮੇਂ ਤੱਕ ਨੁਕਸਾਨ ਹੋ ਸਕਦਾ ਹੈ।

                        ਇਸ ਮੌਕੇ ਉਨ੍ਹਾਂ ਨੇ ਕਿਸਾਨਾਂ,ਸਰਪੰਚਾਂ,ਕਿਸਾਨ ਯੂਨੀਅਨਾਂ ਅਤੇ ਪ੍ਰਭਾਵਸ਼ਾਲੀ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਤੋਂ ਵਾਤਾਵਰਣ ਨੂੰ ਬਚਾਉਣ ਲਈ ਪ੍ਰਸਾਸ਼ਨ ਦਾ ਪੂਰਾ ਸਾਥ ਦੇਣ।

           ਉਨ੍ਹਾਂ ਇੱਕਤਰ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰੀ ਖਰੀਦ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਉਹ ਅਨਾਜ ਮੰਡੀਆਂ ਵਿੱਚ ਸਿਰਫ਼ 17 ਫ਼ੀਸਦੀ ਜਾਂ ਇਸ ਤੋਂ ਘੱਟ ਨਮੀ ਵਾਲਾ ਸੁੱਕਾ ਝੋਨਾ ਹੀ ਲੈ ਕੇ ਆਉਣ ਅਤੇ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ ।  


Comment As:

Comment (0)