ਪਰਾਲੀ ਪ੍ਰਬੰਧਨ ਸਬੰਧੀ ਡੀ.ਸੀ. ਅਤੇ ਐੱਸ.ਐੱਸ.ਪੀ. ਵੱਲੋਂ ਪਿੰਡਾਂ ਦਾ ਦੌਰਾ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫ਼ਰੀਦਕੋਟ
ਪਰਾਲੀ ਪ੍ਰਬੰਧਨ ਸਬੰਧੀ ਡੀ.ਸੀ. ਅਤੇ ਐੱਸ.ਐੱਸ.ਪੀ. ਵੱਲੋਂ ਪਿੰਡਾਂ ਦਾ ਦੌਰਾ
ਸੁਪਰੀਮ ਕੋਰਟ ਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਜਾਗਰੂਕ
ਫ਼ਰੀਦਕੋਟ 26 ਸਤੰਬਰ (2025) ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਅਤੇ ਐਸ.ਐਸ.ਪੀ. ਡਾ. ਪ੍ਰੱਗਿਆ ਜੈਨ ਵੱਲੋਂ ਅੱਜ ਬਲਾਕ ਕੋਟਕਪੂਰਾ ਦੇ ਕੋਠੇ ਵੜਿੰਗ ਅਤੇ ਜੈਤੋ ਦੇ ਬਰਗਾੜੀ ਆਦਿ ਪਿੰਡਾਂ ਦਾ ਦੌਰਾ ਕਰਕੇ ਪਿੰਡ ਵਾਸੀਆਂ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕੀਤਾ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਜਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀ ਘਟਨਾਵਾਂ ਨੂੰ ਜੀਰੋ ਪੱਧਰ ਤੇ ਲਿਆਂਦਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਹਵਾ ਵਿੱਚ ਜ਼ਹਿਰੀਲਾ ਧੂੰਆਂ ਫੈਲਦਾ ਹੈ ਜੋ ਲੋਕਾਂ ਦੀ ਸਿਹਤ ਲਈ ਬਹੁਤ ਖ਼ਤਰਨਾਕ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਲਈ ਕਈ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਜਿਵੇਂ ਕਿ ਸਬਸਿਡੀ ‘ਤੇ ਹੈਪੀ ਸੀਡਰ, ਸੁਪਰ ਐਸ.ਐਮ.ਐਸ. ਮਸ਼ੀਨਾਂ, ਜ਼ੀਰੋ ਟਿਲ ਸੀਡਰ ਆਦਿ ਜਿੰਨਾਂ ਦੀ ਵਰਤੋਂ ਕਰਕੇ ਕਿਸਾਨ ਪਰਾਲੀ ਨੂੰ ਖੇਤ ਵਿੱਚ ਹੀ ਮਿਲਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਪਰਾਲੀ ਪ੍ਰਬੰਧਨ ਲਈ ਜਿਲ੍ਹਾ ਫਰੀਦਕੋਟ ਦੇ 22 ਕਲੱਸਟਰਾਂ ਵਿੱਚ ਤੈਨਾਤ ਕੀਤੇ ਗਏ ਅਧਿਕਾਰੀਆਂ/ਕਰਮਚਾਰੀਆਂ, ਪਿੰਡਾਂ ਵਿੱਚ ਬਣਾਈਆਂ ਕਮੇਟੀਆਂ ਜਿਹਨਾਂ ਵਿੱਚ ਕਲੱਸਟਰ ਅਫਸਰ, ਸਹਾਇਕ ਕਲੱਸਟਰ ਅਫਸਰ, ਨੋਡਲ ਅਫਸਰ, ਪਟਵਾਰੀਆਂ ਤੋਂ ਇਲਾਵਾ ਸੁਸਾਇਟੀ ਕਮੇਟੀ ਮੈਂਬਰ, ਮਨਰੇਗਾ ਵਰਕਰ, ਆਂਗਨਵਾੜੀ ਵਰਕਰ, ਆਸ਼ਾ ਵਰਕਰ, ਪਿੰਡ ਦੇ ਸਰਪੰਚ, ਨੰਬਰਦਾਰ ਸ਼ਾਮਿਲ ਹਨ ਨਾਲ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਹਰ ਪਿੰਡ ਵਿੱਚ ਨੋਡਲ ਅਫਸਰ ਅਤੇ ਕਲੱਸਟਰ ਇੰਚਾਰਜ ਤੈਨਾਤ ਕੀਤੇ ਗਏ ਹਨ ਜੋ ਕਿਸਾਨਾਂ ਨਾਲ ਮਿਲ ਕੇ ਪਰਾਲੀ ਦੇ ਸੰਬੰਧ ਜਾਣਕਾਰੀ ਦੇ ਰਹੇ ਹਨ। ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਕੈਂਪ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਐੱਸ.ਐੱਸ.ਪੀ. ਡਾ. ਪ੍ਰੱਗਿਆ ਜੈਨ ਨੇ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਪਰਾਲੀ ਸਾੜਨ ‘ਤੇ ਪਾਬੰਦੀ ਹੈ ।। ਇਸ ਲਈ ਸਭ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਸਾਂਝੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਵਾਤਾਵਰਣ ਦੀ ਰੱਖਿਆ ਕਰਨ।
ਡੀ.ਸੀ. ਅਤੇ ਐੱਸ.ਐੱਸ.ਪੀ. ਨੇ ਪਿੰਡਾਂ ਦੀਆਂ ਪੰਚਾਇਤਾਂ, ਨੌਜਵਾਨਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਤਾਂ ਜੋ ਪਰਾਲੀ ਸਾੜਨ ‘ਤੇ ਪੂਰੀ ਤਰ੍ਹਾਂ ਰੋਕ ਲਗਾਈ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਜੇ ਕਿਸਾਨ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਲੈਂਦੇ ਹਨ ਤਾਂ ਨਾ ਸਿਰਫ਼ ਵਾਤਾਵਰਣ ਸੁੱਚਾ ਰਹੇਗਾ ਸਗੋਂ ਮਿੱਟੀ ਦੀ ਉਪਜਾਊ ਸ਼ਕਤੀ ਵੀ ਬਣੀ ਰਹੇਗੀ।
ਇਸ ਮੌਕੇ ਐਸ.ਡੀ.ਐਮ ਕੋਟਕਪੂਰਾ/ਜੈਤੋ ਸ੍ਰੀ ਸੂਰਜ ਕੁਮਾਰ, ਮੁੱਖ ਖੇਤੀਬਾੜੀ ਅਫਸਰ ਡਾ. ਕੁਲਵੰਤ ਸਿੰਘ, ਡਾ. ਗੁਰਪ੍ਰੀਤ ਸਿੰਘ, ਬੀ.ਡੀ.ਪੀ.ਓ ਕੋਟਕਪੂਰਾ ਵਿਕਾਸ, ਬੀ.ਡੀ.ਪੀ.ਓ ਜੈਤੋ ਇਕਬਾਲ ਸਿੰਘ, ਗੈਰੀ ਵੜਿੰਗ ਤੋਂ ਇਲਾਵਾ ਪਿੰਡਾਂ ਦੇ ਸਰਪੰਚ, ਪੰਚ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।