ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਹੜ੍ਹ ਪ੍ਰਭਾਵਿਤ ਪੰਜਾਬ ਲਈ ਵਿਸ਼ੇਸ਼ ਪੈਕੇਜ ਮੰਗਿਆ
ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਹੜ੍ਹ ਪ੍ਰਭਾਵਿਤ ਪੰਜਾਬ ਲਈ ਵਿਸ਼ੇਸ਼ ਪੈਕੇਜ ਮੰਗਿਆ
• ਹੜ੍ਹ ਪੀੜਤਾਂ ਲਈ ਮੁਆਵਜ਼ਾ ਵਧਾਉਣ ਵਾਸਤੇ ਐਸ.ਡੀ.ਆਰ.ਐਫ./ਐਨ.ਡੀ.ਆਰ.ਐਫ. ਦੇ ਨਿਯਮਾਂ ਵਿੱਚ ਸੋਧ ਦੀ ਕੀਤੀ ਮੰਗ
• ਅਨਾਜ ਦੀ ਚੱਲ ਰਹੀ ਖ਼ਰੀਦ ਦੌਰਾਨ ਮਾਪਦੰਡਾਂ ਵਿੱਚ ਢਿੱਲ ਦੇਣ ਦੀ ਕੀਤੀ ਅਪੀਲ
ਨਵੀਂ ਦਿੱਲੀ, 30 ਸਤੰਬਰ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ ਦੇ ਮੱਦੇਨਜ਼ਰ ਸੂਬੇ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ।
ਮੁੱਖ ਮੰਤਰੀ ਨੇ ਇੱਥੇ ਅਮਿਤ ਸ਼ਾਹ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ ਅਤੇ ਹੜ੍ਹ ਪੀੜਤਾਂ ਨੂੰ ਐਸ.ਡੀ.ਆਰ.ਐਫ./ਐਨ.ਡੀ.ਆਰ.ਐਫ. ਤੋਂ ਮੁਆਵਜ਼ਾ ਦਿਵਾਉਣ ਲਈ ਨਿਯਮਾਂ ਵਿੱਚ ਸੋਧ ਕਰਨ ਦੀ ਮੰਗ ਕੀਤੀ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਨੂੰ ਦੱਸਿਆ ਕਿ ਪੰਜਾਬ ਨੇ ਦਹਾਕਿਆਂ ਬਾਅਦ ਆਪਣੇ ਸਭ ਤੋਂ ਭਿਆਨਕ ਹੜ੍ਹਾਂ ਵਿੱਚੋਂ ਇਕ ਦਾ ਸਾਹਮਣਾ ਕੀਤਾ ਹੈ, ਜਿਸ ਨਾਲ 2614 ਪਿੰਡਾਂ ਦੇ 20 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ, 6.87 ਲੱਖ ਲੋਕ ਬੇਘਰ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਆਫ਼ਤ ਨੇ ਵਿਆਪਕ ਨੁਕਸਾਨ ਪਹੁੰਚਾਇਆ ਹੈ ਕਿਉਂਕਿ 4.8 ਲੱਖ ਏਕੜ ਤੋਂ ਵੱਧ ਫਸਲਾਂ ਤਬਾਹ ਹੋ ਗਈਆਂ ਹਨ, 17,000 ਤੋਂ ਵੱਧ ਘਰ ਨੁਕਸਾਨੇ ਗਏ ਹਨ, 2.5 ਲੱਖ ਤੋਂ ਵੱਧ ਪਸ਼ੂ ਪ੍ਰਭਾਵਿਤ ਹੋਏ ਹਨ ਅਤੇ 4657 ਕਿਲੋਮੀਟਰ ਪੇਂਡੂ ਸੜਕਾਂ, 485 ਪੁਲਾਂ, 1417 ਪੁਲੀਆਂ ਅਤੇ 190 ਮੰਡੀਆਂ ਨੂੰ ਵੱਡਾ ਨੁਕਸਾਨ ਪਹੁੰਚਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਨੁਕਸਾਨ ਦਾ ਮੁੱਢਲਾ ਅਨੁਮਾਨ 13,832 ਕਰੋੜ ਰੁਪਏ ਹੈ, ਜਿਸ ਵਿੱਚ ਖੇਤੀਬਾੜੀ, ਬੁਨਿਆਦੀ ਢਾਂਚਾ, ਸਿਹਤ, ਸਿੱਖਿਆ ਅਤੇ ਰੋਜ਼ੀ-ਰੋਟੀ ਦਾ ਨੁਕਸਾਨ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਐਸ.ਡੀ.ਆਰ.ਐਫ./ ਐਨ.ਡੀ.ਆਰ.ਐਫ. ਮਾਪਦੰਡ ਨੁਕਸਾਨ ਦੇ ਅਸਲ ਪੈਮਾਨੇ ਦੀ ਪੂਰਤੀ ਲਈ ਨਾਕਾਫ਼ੀ ਹਨ। ਉਨ੍ਹਾਂ ਕਿਹਾ ਕਿ ਜਿੱਥੇ ਫਸਲਾਂ ਦਾ ਨੁਕਸਾਨ 33 ਫੀਸਦ ਅਤੇ ਇਸ ਤੋਂ ਵੱਧ ਹੈ, ਉੱਥੇ ਗ੍ਰਹਿ ਮੰਤਰਾਲੇ ਵੱਲੋਂ 6800 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣਾ ਬਣਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਏਨਾ ਘੱਟ ਮੁਆਵਜ਼ਾ ਦੇਣਾ ਸਰਾਸਰ ਬੇਇਨਸਾਫ਼ੀ ਹੋਵੇਗੀ ਕਿਉਂਕਿ ਫਸਲਾਂ ਲਗਪਗ ਤਿਆਰ ਸਨ। ਇਸ ਲਈ ਕਿਸਾਨਾਂ ਨੂੰ ਘੱਟੋ-ਘੱਟ 50,000 ਰੁਪਏ ਪ੍ਰਤੀ ਏਕੜ ਦਾ ਭੁਗਤਾਨ ਕੀਤਾ ਜਾਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਮੰਤਰਾਲੇ ਕੋਲ ਇਹ ਮੁੱਦਾ ਉਠਾ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਹਾਲੇ ਤੱਕ ਇਸ ਦਾ ਕੋਈ ਜਵਾਬ ਨਹੀਂ ਮਿਲਿਆ, ਇਸ ਲਈ ਸੂਬੇ ਨੇ ਮੁਆਵਜ਼ਾ ਵਧਾਉਣ ਲਈ ਆਪਣੇ ਪੱਧਰ ਉੱਤੇ ਸੂਬਾਈ ਬਜਟ ਵਿੱਚੋਂ ਹਿੱਸਾ ਵਧਾ ਦਿੱਤਾ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਨੂੰ ਰਾਹਤ ਪਹੁੰਚਾਉਣ ਲਈ ਸੂਬਾ ਸਰਕਾਰ ਨੇ ਐਸ.ਡੀ.ਆਰ.ਐਫ. ਨਿਯਮਾਂ ਤਹਿਤ 26 ਤੋਂ 33 ਪ੍ਰਤੀਸ਼ਤ ਫਸਲ ਨੁਕਸਾਨ ਦੇ ਮੁਆਵਜ਼ੇ ਨੂੰ ਮੌਜੂਦਾ 2000 ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 10,000 ਰੁਪਏ ਪ੍ਰਤੀ ਏਕੜ, 33 ਤੋਂ 75 ਪ੍ਰਤੀਸ਼ਤ ਫਸਲ ਨੁਕਸਾਨ ਦੇ ਮੁਆਵਜ਼ੇ ਨੂੰ ਮੌਜੂਦਾ 6800 ਰੁਪਏ ਤੋਂ ਵਧਾ ਕੇ 10,000 ਰੁਪਏ ਪ੍ਰਤੀ ਏਕੜ ਅਤੇ 75 ਤੋਂ 100 ਪ੍ਰਤੀਸ਼ਤ ਫਸਲ ਨੁਕਸਾਨ ਦੇ ਮੁਆਵਜ਼ੇ ਨੂੰ ਮੌਜੂਦਾ 6800 ਰੁਪਏ ਤੋਂ ਵਧਾ ਕੇ 20,000 ਰੁਪਏ ਪ੍ਰਤੀ ਏਕੜ ਕਰਨ ਦਾ ਫੈਸਲਾ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ੇ ਵਿੱਚੋਂ ਸੂਬਾ ਸਰਕਾਰ ਦਾ ਯੋਗਦਾਨ 14900 ਰੁਪਏ ਦਾ ਹੋਵੇਗਾ, ਜੋ ਪੂਰੇ ਦੇਸ਼ ਵਿੱਚੋਂ ਸਭ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਪੂਰੀ ਤਰ੍ਹਾਂ ਨੁਕਸਾਨੇ ਗਏ ਘਰ/ਢਹਿ ਚੁੱਕੇ ਘਰ ਲਈ ਮੁਆਵਜ਼ਾ ਮੌਜੂਦਾ 1.20 ਲੱਖ ਰੁਪਏ ਤੋਂ ਦੁੱਗਣਾ ਕਰ ਕੇ 2.40 ਲੱਖ ਰੁਪਏ ਕੀਤਾ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਸ਼ਕ ਤੌਰ ’ਤੇ ਨੁਕਸਾਨੇ ਗਏ ਘਰ (ਝੁੱਗੀ-ਝੌਪੜੀਆਂ ਤੋਂ ਇਲਾਵਾ) ਲਈ ਮੌਜੂਦਾ 6500 ਰੁਪਏ ਤੋਂ ਵਧਾ ਕੇ 50 ਹਜ਼ਾਰ ਰੁਪਏ ਪ੍ਰਤੀ ਘਰ ਕੀਤਾ ਜਾਣਾ ਚਾਹੀਦਾ ਹੈ, ਜਦੋਂ ਕਿ ਕੱਚੇ ਮਕਾਨਾਂ ਲਈ ਮੁਆਵਜ਼ਾ ਮੌਜੂਦਾ ਚਾਰ ਹਜ਼ਾਰ ਰੁਪਏ ਤੋਂ ਵਧਾ ਕੇ 10 ਹਜ਼ਾਰ ਰੁਪਏ ਕੀਤਾ ਜਾਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਮਕਾਨਾਂ ਨਾਲ ਲੱਗਦੇ ਪਸ਼ੂਆਂ ਦੇ ਵਾੜੇ ਲਈ ਮੌਜੂਦਾ ਮੁਆਵਜ਼ਾ ਤਿੰਨ ਹਜ਼ਾਰ ਰੁਪਏ ਤੋਂ ਵਧਾ ਕੇ 10 ਹਜ਼ਾਰ ਰੁਪਏ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੇ ਇਸ ਸਾਲ 1988 ਤੋਂ ਬਾਅਦ ਹੁਣ ਤੱਕ ਦੇ ਸਭ ਤੋਂ ਭਿਆਨਕ ਹੜ੍ਹਾਂ ਦਾ ਸਾਹਮਣਾ ਕੀਤਾ ਹੈ ਅਤੇ ਸ਼ੁਰੂਆਤੀ ਮੁਲਾਂਕਣ ਅਨੁਸਾਰ ਇਸ ਕੁਦਰਤੀ ਆਫ਼ਤ ਦੇ ਨਤੀਜੇ ਵਜੋਂ ਲਗਪਗ 1900 ਪਿੰਡ ਡੁੱਬ ਗਏ ਹਨ, ਜਿਸ ਨਾਲ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਹੋਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਆਫ਼ਤ ਦਾ ਸਭ ਤੋਂ ਵੱਧ ਨੁਕਸਾਨ ਕਿਸਾਨਾਂ ਨੂੰ ਝੱਲਣਾ ਪਿਆ ਹੈ, ਜਿਸ ਵਿੱਚ ਲਗਪਗ ਚਾਰ ਲੱਖ ਏਕੜ ਜ਼ਮੀਨ `ਤੇ ਫਸਲਾਂ ਦਾ ਨੁਕਸਾਨ ਹੋਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਗੁਰਦਾਸਪੁਰ, ਅੰਮ੍ਰਿਤਸਰ, ਫਾਜ਼ਿਲਕਾ, ਕਪੂਰਥਲਾ ਅਤੇ ਫਿਰੋਜ਼ਪੁਰ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹੇ ਹਨ, ਇਸ ਲਈ ਸਾਉਣੀ ਮੰਡੀਕਰਨ ਸੀਜ਼ਨ 2025-26 ਲਈ ਪੰਜਾਬ ਲਈ ਵਿਸ਼ੇਸ਼ ਛੋਟ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਖ਼ੁਰਾਕ ਤੇ ਜਨਤਕ ਵੰਡ ਮੰਤਰਾਲਾ, ਭਾਰਤ ਸਰਕਾਰ ਤਰਜੀਹ ਦੇ ਆਧਾਰ ਉੱਤੇ ਸਾਉਣੀ ਖ਼ਰੀਦ ਸੀਜ਼ਨ 2025-26 ਦੌਰਾਨ ਖ਼ਰੀਦ ਲਈ ਝੋਨੇ ਦੇ ਮਾਪਦੰਡਾਂ ਵਿੱਚ ਛੋਟ ਦੇ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯਕੀਨੀ ਬਣਾਉਣਾ ਜ਼ਰੂਰੀ ਹੈ ਤਾਂ ਕਿ ਕਿਸਾਨਾਂ ਨੂੰ ਕੁਦਰਤੀ ਆਫ਼ਤ ਕਾਰਨ ਹੋਏ ਭਾਰੀ ਨੁਕਸਾਨ ਤੋਂ ਇਲਾਵਾ ਹੋਰ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਸਰਹੱਦੀ ਬੁਨਿਆਦੀ ਢਾਂਚੇ ਨੂੰ ਹੜ੍ਹਾਂ ਤੋਂ ਬਚਾਉਣ ਵਾਲੇ ਕੰਮਾਂ ਲਈ ਫੰਡਾਂ ਦਾ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੌਮਾਂਤਰੀ ਸਰਹੱਦ ਉੱਤੇ ਅਜਿਹੀਆਂ ਥਾਵਾਂ ਹਨ, ਜਿੱਥੇ ਰਾਵੀ ਅਤੇ ਸਤਲੁਜ ਦਰਿਆ ਕਈ ਵਾਰ ਅੰਤਰਰਾਸ਼ਟਰੀ ਸਰਹੱਦ ਨੂੰ ਪਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਦਰਿਆ ਸਮੇਂ ਦੇ ਨਾਲ-ਨਾਲ ਆਪਣਾ ਰਸਤਾ ਵੀ ਬਦਲਦੇ ਰਹਿੰਦੇ ਹਨ। ਪੰਜਾਬ ਸੂਬਾ ਦਰਿਆਵਾਂ ਦੇ ਰਸਤਾ ਬਦਲਣ ਕਾਰਨ ਜ਼ਮੀਨਾਂ ਦਰਿਆ ਬੁਰਦ ਹੋਣ ਕਾਰਨ ਸਮੱਸਿਆ ਦਾ ਸਾਹਮਣਾ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ ਕਿ ਕਿਸਾਨਾਂ ਦੀ ਜ਼ਮੀਨ ਅਤੇ ਹੋਰ ਬੁਨਿਆਦੀ ਢਾਂਚੇ ਦਾ ਘੱਟ ਤੋਂ ਘੱਟ ਨੁਕਸਾਨ ਹੋਵੇ।
ਮੁੱਖ ਮੰਤਰੀ ਨੇ ਕਿਹਾ ਕਿ ਹਰ ਸਾਲ ਕਈ ਥਾਵਾਂ `ਤੇ ਹੜ੍ਹ ਸੁਰੱਖਿਆ ਲਈ ਪ੍ਰਬੰਧ ਕੀਤੇ ਜਾਂਦੇ ਹਨ ਪਰ ਸੂਬਾ ਸਰਕਾਰ ਕੋਲ ਫੰਡਾਂ ਦੀ ਘਾਟ ਹੋਣ ਕਾਰਨ ਅੰਤਰਰਾਸ਼ਟਰੀ ਸਰਹੱਦਾਂ `ਤੇ ਹੜ੍ਹਾਂ ਤੋਂ ਬਚਾਅ ਲਈ ਲੋੜੀਂਦੇ ਫੰਡ ਮੁਹੱਈਆ ਕਰਾਉਣੇ ਸੰਭਵ ਨਹੀਂ ਹਨ। ਉਨ੍ਹਾਂ ਗ੍ਰਹਿ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਬੀ.ਐਸ.ਐਫ. ਨਾਲ ਹੋਈ ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਇਸ ਗੱਲ ਉੱਤੇ ਧਿਆਨ ਦਿਵਾਇਆ ਗਿਆ ਹੈ ਕਿ ਬੀ.ਐਸ.ਐਫ. ਵੱਲੋਂ ਸੰਭਾਲੀਆਂ ਗਈਆਂ ਬਾਰਡਰ ਚੌਕੀਆਂ ਨੂੰ ਹੜ੍ਹ ਤੋਂ ਖ਼ਤਰਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਰਡਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਬੀ.ਐਸ.ਐਫ. ਤੋਂ ਇਕੱਠੇ ਕੀਤੇ ਪ੍ਰੋਜੈਕਟਾਂ ਦੀ ਸੂਚੀ ਪ੍ਰਦਾਨ ਕੀਤੀ ਹੈ, ਜਿਨ੍ਹਾਂ ਨੂੰ ਹੜ੍ਹਾਂ ਤੋਂ ਤੁਰੰਤ ਸੁਰੱਖਿਆ ਦੀ ਲੋੜ ਹੈ।
ਮੁੱਖ ਮੰਤਰੀ ਨੇ ਕਿਹਾ ਕਿ 175.96 ਕਰੋੜ ਰੁਪਏ ਦੀ ਇਕ ਵਿਸਤ੍ਰਿਤ ਪ੍ਰੋਜੈਕਟ ਰਿਪੋਰਟ (ਡੀ.ਪੀ.ਆਰ.) ਕਾਰਜਾਂ ਨੂੰ ਲਾਗੂ ਕਰਨ ਲਈ ਫੰਡ ਜਾਰੀ ਕਰਨ ਲਈ ਸੀ.ਡਬਲਿਯੂ.ਸੀ. ਅਤੇ ਐਨ.ਡੀ.ਐਮ.ਏ., ਨਵੀਂ ਦਿੱਲੀ ਨੂੰ ਸੌਂਪੀ ਗਈ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿਛਲੇ ਇਕ ਸਾਲ ਦੌਰਾਨ ਸੀ.ਡਬਲਿਯੂ.ਸੀ. ਅਤੇ ਐਨ.ਡੀ.ਐਮ.ਏ. ਨਾਲ ਕਈ ਮੀਟਿੰਗਾਂ ਕੀਤੀਆਂ ਗਈਆਂ ਸਨ। ਹਾਲਾਂਕਿ, ਇਨ੍ਹਾਂ ਦੇ ਜਵਾਬ ਦੀ ਅਜੇ ਵੀ ਉਡੀਕ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਲਈ ਬੇਨਤੀ ਕੀਤੀ ਜਾਂਦੀ ਹੈ ਕਿ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਲੋੜੀਂਦੇ ਫੰਡ ਜਲਦੀ ਤੋਂ ਜਲਦੀ ਜਾਰੀ ਕੀਤੇ ਜਾਣ।
ਆਰ.ਡੀ.ਐਫ. ਤੇ ਮੰਡੀ ਫੀਸ ਦਾ 11297 ਕਰੋੜ ਰੁਪਏ ਦੇ ਬਕਾਏ ਦਾ ਮੁੱਦਾ ਚੁੱਕਦਿਆਂ ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਪੰਜਾਬ ਪੇਂਡੂ ਵਿਕਾਸ ਐਕਟ-1987 ਦੀ ਧਾਰਾ 7 ਅਤੇ ਪੰਜਾਬ ਖੇਤੀਬਾੜੀ ਉਪਜ ਮਾਰਕੀਟਿੰਗ ਐਕਟ-1961 ਦੀ ਧਾਰਾ-23 ਅਨੁਸਾਰ ਭੁਗਤਾਨ ਕਰਨ ਦੀ ਸਪੱਸ਼ਟ ਵਿਵਸਥਾ ਦੇ ਬਾਵਜੂਦ ਪੇਂਡੂ ਵਿਕਾਸ ਫੀਸ ਅਤੇ ਮਾਰਕੀਟ ਫੀਸਾਂ ਦੀ ਅਦਾਇਗੀ ਸੂਬਾ ਸਰਕਾਰ ਨੂੰ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਫੰਡ ਦਾ ਉਦੇਸ਼ ਖੇਤੀਬਾੜੀ ਅਤੇ ਪੇਂਡੂ ਬੁਨਿਆਦੀ ਢਾਂਚੇ ਨੂੰ ਉਤਸ਼ਾਹਿਤ ਕਰਨਾ ਹੈ, ਜੋ ਅੰਤ ਵਿੱਚ ਖੇਤੀਬਾੜੀ ਦੇ ਸਮੁੱਚੇ ਵਿਕਾਸ ਵਿੱਚ ਵਾਧਾ ਕਰਦਾ ਹੈ, ਜਿਵੇਂ ਕਿ ਪੇਂਡੂ ਸੜਕੀ ਨੈੱਟਵਰਕ, ਮੰਡੀਆਂ ਦਾ ਬੁਨਿਆਦੀ ਢਾਂਚਾ, ਸਟੋਰੇਜ ਸਹੂਲਤ ਦਾ ਵਾਧਾ, ਜ਼ਮੀਨੀ ਰਿਕਾਰਡ ਦਾ ਕੰਪਿਊਟਰੀਕਰਨ, ਮੰਡੀਆਂ ਦਾ ਆਟੋਮੇਸ਼ਨ ਅਤੇ ਮਸ਼ੀਨੀਕਰਨ ਆਦਿ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਡੀ.ਐਫ.ਪੀ.ਡੀ., ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੇਂਡੂ ਵਿਕਾਸ ਐਕਟ-1987 ਵਿੱਚ ਸੋਧ ਕੀਤੀ ਹੈ ਪਰ ਡੀ.ਐਫ.ਪੀ.ਡੀ. ਦੇ ਸਾਰੇ ਨਿਰਦੇਸ਼ਾਂ ਦੀ ਪਾਲਣਾ ਦੇ ਬਾਵਜੂਦ ਸਾਉਣੀ ਖ਼ਰੀਦ ਸੀਜ਼ਨ-2021-22 ਤੋਂ ਸੂਬਾ ਸਰਕਾਰ ਨੂੰ ਆਰ.ਡੀ.ਐਫ. ਦਾ ਬਣਦਾ ਹਿੱਸਾ ਨਹੀਂ ਮਿਲਿਆ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਫੰਡਾਂ ਦੀ ਅਦਾਇਗੀ ਨਾ ਹੋਣ ਕਾਰਨ ਸੂਬਾ ਗੰਭੀਰ ਵਿੱਤੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਜਿਸ ਨਾਲ ਪੇਂਡੂ ਬੁਨਿਆਦੀ ਢਾਂਚੇ ਅਤੇ ਪੇਂਡੂ ਅਰਥ-ਵਿਵਸਥਾ ਦੇ ਵਿਕਾਸ ਅਤੇ ਰੱਖ-ਰਖਾਅ `ਤੇ ਮਾੜਾ ਪ੍ਰਭਾਵ ਪੈ ਰਿਹਾ ਹੈ। ਉਨ੍ਹਾਂ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਆਰ.ਡੀ.ਐਫ. ਅਤੇ ਮਾਰਕੀਟ ਫੀਸਾਂ ਦੀ ਅਦਾਇਗੀ ਪੰਜਾਬ ਨੂੰ ਜਲਦੀ ਕੀਤੀ ਜਾਵੇ ਤਾਂ ਜੋ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਕੰਮ ਨੂੰ ਤੇਜ਼ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਆੜ੍ਹਤੀਆ ਦਾ ਕਮਿਸ਼ਨ ਘਟਾਉਣ ਦਾ ਮੁੱਦਾ ਵੀ ਚੁੱਕਿਆ ਅਤੇ ਕਿਹਾ ਕਿ ਪੰਜਾਬ ਵਿੱਚ ਆੜ੍ਹਤੀਆ ਕਮਿਸ਼ਨ ਪੰਜਾਬ ਖੇਤੀਬਾੜੀ ਉਤਪਾਦ ਮਾਰਕੀਟਿੰਗ ਐਕਟ, 1961 ਦੀਆਂ ਤਜਵੀਜ਼ਾਂ ਅਨੁਸਾਰ ਐਮ.ਐਸ.ਪੀ. ਦੇ 2.5 ਫੀਸਦ ਦੇ ਹਿਸਾਬ ਨਾਲ ਭੁਗਤਾਨਯੋਗ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਾਲ 2019-20 ਦੇ ਖਰੀਦ ਸੀਜ਼ਨ ਤੋਂ ਆੜ੍ਹਤੀਆ ਕਮਿਸ਼ਨ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ ਅਤੇ ਮੌਜੂਦਾ ਸਮੇਂ ਇਹ ਕਮਿਸ਼ਨ ਕਣਕ ਲਈ 46 ਰੁਪਏ/ਕੁਇੰਟਲ ਅਤੇ ਝੋਨੇ ਲਈ 45.88 ਰੁਪਏ/ਕੁਇੰਟਲ ਤੱਕ ਸੀਮਤ ਹੈ। ਪੰਜਾਬ ਖੇਤੀਬਾੜੀ ਉਤਪਾਦਨ ਮਾਰਕੀਟਿੰਗ ਐਕਟ, 1961 ਅਨੁਸਾਰ ਆੜ੍ਹਤੀਆਂ ਨੂੰ ਸਾਉਣੀ ਖ਼ਰੀਦ ਸੀਜ਼ਨ-2025-26 ਲਈ ਐਮ.ਐਸ.ਪੀ. ਦੇ 2.5 ਫ਼ੀਸਦ ਭਾਵ 59.73 ਰੁਪਏ/ਕੁਇੰਟਲ ਦੇ ਹਿਸਾਬ ਨਾਲ ਆੜ੍ਹਤੀਆ ਕਮਿਸ਼ਨ ਦੇਣਯੋਗ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਡੀ.ਐਫ.ਪੀ.ਡੀ. ਭਾਰਤ ਸਰਕਾਰ ਨੇ ਝੋਨੇ ਲਈ 45.88 ਰੁਪਏ/ਕੁਇੰਟਲ ਦੀ ਦਰ ਨਾਲ ਆੜ੍ਹਤੀਆ ਕਮਿਸ਼ਨ ਦੇਣ ਦੀ ਮਨਜ਼ੂਰੀ ਦਿੱਤੀ ਹੈ, ਜਿਸ ਕਾਰਨ ਆੜ੍ਹਤੀਆਂ ਵਿੱਚ ਬੇਚੈਨੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਨ੍ਹਾਂ ਮੁੱਦਿਆਂ ਦੇ ਤੁਰੰਤ ਹੱਲ ਲਈ ਖਪਤਕਾਰ ਮਾਮਲਿਆਂ ਬਾਰੇ ਮੰਤਰਾਲੇ ਅਤੇ ਖੁਰਾਕ ਅਤੇ ਜਨਤਕ ਵੰਡ ਵਿਭਾਗ, ਭਾਰਤ ਸਰਕਾਰ ਕੋਲ ਬੇਨਤੀ ਕੀਤੀ ਜਾ ਰਹੀ ਹੈ ਪਰ ਇਹ ਮੁੱਦੇ ਅਜੇ ਵੀ ਲੰਬਿਤ ਹਨ। ਉਨ੍ਹਾਂ ਕਿਹਾ ਕਿ ਮੁੱਦੇ ਦੀ ਸੰਵੇਦਨਸ਼ੀਲਤਾ ਨੂੰ ਦੇਖਦਿਆਂ, ਇਨ੍ਹਾਂ ਦੇ ਹੱਲ ਵਿੱਚ ਦੇਰੀ ਨਾਲ ਆੜ੍ਹਤੀਆ ਭਾਈਚਾਰੇ ਵਿੱਚ ਬੇਚੈਨੀ ਜਾਂ ਸੰਘਰਸ਼ ਸ਼ੁਰੂ ਹੋ ਸਕਦਾ ਹੈ, ਜਿਸ ਨਾਲ ਸੂਬੇ ਵਿੱਚ ਸੁਚਾਰੂ ਖਰੀਦ ਪ੍ਰਕਿਰਿਆ ਵਿੱਚ ਵਿਘਨ ਪੈ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਆੜ੍ਹਤੀਆ ਕਮਿਸ਼ਨ ਦੀਆਂ ਦਰਾਂ ਨੂੰ ਜਲਦ ਅੰਤਿਮ ਰੂਪ ਦੇਣ/ਸੋਧਣ ਲਈ ਨਿਰਦੇਸ਼ ਦੇਣ।
ਪੰਜਾਬ ਵਿੱਚੋਂ ਪੀ.ਈ.ਜੀ. ਸਕੀਮ ਅਧੀਨ ਚੌਲਾਂ ਦੀ ਢੁਆਈ ਅਤੇ ਕਵਰਡ ਗੋਦਾਮਾਂ ਦੇ ਨਿਰਮਾਣ ਦਾ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੀ ਕੁੱੱਲ ਕਵਰਡ ਸਟੋਰੇਜ ਸਮਰੱਥਾ ਲਗਪਗ 180 ਲੱਖ ਮੀਟਰਕ ਟਨ ਹੈ, ਜਿਸ ਦੇ ਮੁਕਾਬਲੇ ਹੁਣ ਤੱਕ ਲਗਪਗ 171 ਲੱਖ ਮੀਟਰਕ ਟਨ ਅਨਾਜ ਭੰਡਾਰ (140 ਲੱਖ ਮੀਟਰਕ ਟਨ ਚੌਲ ਅਤੇ 31 ਲੱਖ ਮੀਟਰਕ ਟਨ ਕਣਕ) ਕਵਰਡ ਖੇਤਰ ਵਿੱਚ ਸਟੋਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਾਉਣੀ ਖ਼ਰੀਦ ਸੀਜ਼ਨ 2025-26 ਲਈ ਮਿੱਲਰਾਂ ਦੁਆਰਾ ਕਸਟਮ ਮਿੱਲ ਕੀਤੇ ਚੌਲਾਂ ਦੀ ਡਿਲੀਵਰੀ ਦਸੰਬਰ 2025 ਵਿੱਚ ਸ਼ੁਰੂ ਹੋਵੇਗੀ ਅਤੇ 117-120 ਲੱਖ ਮੀਟਰਿਕ ਟਨ ਚੌਲ 30 ਜੂਨ, 2026 ਤੱਕ ਐਫ.ਸੀ.ਆਈ. ਨੂੰ ਡਿਲੀਵਰ ਕੀਤੇ ਜਾਣੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਤੱਕ ਚੌਲਾਂ ਦੀ ਪ੍ਰਾਪਤੀ ਲਈ ਸਿਰਫ 9 ਲੱਖ ਮੀਟਰਿਕ ਟਨ ਕਵਰਡ ਸਪੇਸ ਮੁਹੱਈਆ ਹੈ। ਇਸ ਤੋਂ ਇਲਾਵਾ ਪਿਛਲੇ ਦੋ ਮਹੀਨਿਆਂ ਤੋਂ ਸੂਬੇ ਵਿੱਚੋਂ ਸਿਰਫ਼ 5 ਲੱਖ ਮੀਟਰਕ ਟਨ ਚੌਲ ਚੁੱਕੇ ਜਾ ਰਹੇ ਹਨ, ਜਿਸ ਅਨੁਸਾਰ ਦਸੰਬਰ 2025 ਤੱਕ ਸਿਰਫ਼ 19 ਲੱਖ ਮੀਟਰਿਕ ਟਨ ਚੌਲ ਲਈ ਥਾਂ ਉਪਲਬਧ ਹੋਵੇਗੀ ਅਤੇ 2025-26 ਦੇ ਸਾਉਣੀ ਖ਼ਰੀਦ ਸੀਜ਼ਨ ਦੇ ਚੌਲਾਂ ਦੀ ਸਪੁਰਦਗੀ ਨੂੰ ਸਮੇਂ ਸਿਰ ਪੂਰਾ ਕਰਨ ਲਈ ਜੂਨ 2026 ਤੱਕ 100 ਲੱਖ ਮੀਟਰਕ ਟਨ ਚੌਲਾਂ ਲਈ ਥਾਂ ਬਣਾਉਣ ਦੀ ਲੋੜ ਹੋਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਜੂਨ 2026 ਤੱਕ ਹਰ ਮਹੀਨੇ ਘੱਟੋ-ਘੱਟ 10-12 ਲੱਖ ਮੀਟਰਕ ਟਨ ਚੌਲਾਂ ਦੀ ਢੋਆ-ਢੁਆਈ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਸਥਿਤੀ ਦੇ ਮੱਦੇਨਜ਼ਰ ਪੰਜਾਬ ਵਿੱਚੋਂ ਜੂਨ, 2026 ਤੱਕ ਪ੍ਰਤੀ ਮਹੀਨਾ ਘੱਟੋ-ਘੱਟ 10-12 ਲੱਖ ਮੀਟਰਕ ਟਨ ਚੌਲਾਂ ਦੀ ਢੋਆ-ਢੁਆਈ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ ਤਾਂ ਜੋ ਇਸ ਸਰਹੱਦੀ ਸੰਵੇਦਨਸ਼ੀਲ ਸੂਬੇ ਵਿੱਚ ਵਿਆਪਕ ਜਨਤਕ ਹਿੱਤ ਵਿੱਚ 30 ਜੂਨ, 2026 ਤੱਕ ਸਾਉਣੀ ਖ਼ਰੀਦ ਸੀਜ਼ਨ 2025-26 ਦੇ ਚੌਲਾਂ ਦੀ ਮਿਲਿੰਗ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਡੀ.ਐਫ.ਪੀ.ਡੀ. ਭਾਰਤ ਸਰਕਾਰ ਨੇ ਪੰਜਾਬ ਵਿੱਚ 10 ਸਾਲ ਦੀ ਗਾਰੰਟੀ ਪੀ.ਈ.ਜੀ. ਸਕੀਮ ਤਹਿਤ ਕਵਰਡ ਗੋਦਾਮ ਬਣਾਉਣ ਲਈ 60 ਲੱਖ ਮੀਟਰਿਕ ਟਨ ਦੀ ਸਮਰੱਥਾ ਨੂੰ ਮਨਜ਼ੂਰੀ ਦਿੱਤੀ ਹੈ ਤਾਂ ਜੋ ਪੜਾਅਵਾਰ ਢੰਗ ਨਾਲ ਓਪਨ ਸਟੋਰੇਜ ਨੂੰ ਖ਼ਤਮ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖੁੱਲ੍ਹੀ, ਮੁਕਾਬਲੇ ਵਾਲੀ ਅਤੇ ਨਿਰਪੱਖ ਟੈਂਡਰਿੰਗ ਪ੍ਰਕਿਰਿਆ ਦੁਆਰਾ ਖੋਜੇ ਜਾ ਰਹੇ ਪੀ.ਈ.ਜੀ. ਗੋਦਾਮਾਂ ਦੀਆਂ ਦਰਾਂ ਨੂੰ ਸਵੀਕਾਰ ਕੀਤਾ ਜਾ ਸਕਦਾ ਹੈ ਜਾਂ ਵਿਕਲਪਕ ਤੌਰ `ਤੇ ਮੌਜੂਦਾ ਸਥਿਤੀ ਨੂੰ ਉਲਟਣ ਲਈ ਸੀ.ਡਬਲਯੂ.ਸੀ. ਦਰਾਂ ਤੋਂ ਇਲਾਵਾ ਇਕ ਵਿਹਾਰਕ ਦਰ ਨੂੰ ਮਾਪਦੰਡ ਵਜੋਂ ਨਿਰਧਾਰਤ ਕੀਤਾ ਜਾ ਸਕਦਾ ਹੈ।
ਹਾੜ੍ਹੀ ਸੀਜ਼ਨ 2025-26 ਲਈ ਡੀ.ਏ.ਪੀ. ਦੇ ਪ੍ਰਬੰਧ ਦਾ ਮੁੱਦਾ ਚੁੱਕਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੰਦਾਜ਼ਨ 35 ਲੱਖ ਹੈਕਟੇਅਰ ਰਕਬਾ ਕਣਕ ਦੀ ਕਾਸ਼ਤ ਅਧੀਨ ਹੋਵੇਗਾ, ਜਿਸ ਲਈ ਲਗਭਗ ਪੰਜ ਲੱਖ ਮੀਟ੍ਰਿਕ ਟਨ ਡੀ.ਏ.ਪੀ. ਖਾਦ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਇਹ ਹੈ ਕਿ ਇਸ ਮੁਸ਼ਕਿਲ ਸਮੇਂ ਦੌਰਾਨ ਫਾਸਫੇਟ ਵਾਲੀਆਂ ਖਾਦਾਂ, ਖਾਸ ਤੌਰ `ਤੇ ਡੀ.ਏ.ਪੀ., ਦੀ ਲਗਾਤਾਰ ਕਮੀ ਵੇਖੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਡੀ.ਏ.ਪੀ. ਕਣਕ, ਆਲੂ ਅਤੇ ਹੋਰ ਹਾੜ੍ਹੀ ਦੀਆਂ ਫ਼ਸਲਾਂ ਦੇ ਅਨੁਕੂਲ ਉਤਪਾਦਨ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਖਾਦ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਪਹਿਲਾਂ ਹੀ ਡੀ.ਏ.ਪੀ. ਦੀ ਘੱਟ ਸਪਲਾਈ ਦਾ ਸਾਹਮਣਾ ਕੀਤਾ ਹੈ, ਜਿਸ ਵਿੱਚ ਜੁਲਾਈ ਦੇ ਮਹੀਨੇ ਨੂੰ ਛੱਡ ਕੇ ਅਸਲ ਡਿਲੀਵਰੀ ਅਲਾਟ ਕੀਤੀ ਮਿਕਦਾਰ ਤੋਂ ਘੱਟ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹਰ ਸਾਲ ਐਫ.ਸੀ.ਆਈ. ਦੁਆਰਾ ਖਰੀਦੇ ਗਏ ਬਫਰ ਸਟਾਕ ਦਾ ਲਗਪਗ 50 ਫੀਸਦੀ ਹਿੱਸਾ ਪ੍ਰਦਾਨ ਕਰਦਾ ਹੈ, ਇਸ ਲਈ ਖਾਦ ਦੀ ਘੱਟ ਸਪਲਾਈ ਕਾਰਨ ਕਣਕ ਦੇ ਉਤਪਾਦਨ ਵਿੱਚ ਆਉਣ ਵਾਲੀ ਕੋਈ ਵੀ ਗਿਰਾਵਟ ਸਾਡੀ ਕੌਮੀ ਭੋਜਨ ਸੁਰੱਖਿਆ ਉੱਤੇ ਡੂੰਘਾ ਪ੍ਰਭਾਵ ਪਾਵੇਗੀ। ਇਸ ਲਈ ਭਗਵੰਤ ਸਿੰਘ ਮਾਨ ਨੇ ਅਪੀਲ ਕੀਤੀ ਕਿ ਭਾਰਤ ਸਰਕਾਰ ਦੇ ਖਾਦ ਵਿਭਾਗ ਨੂੰ ਅਗਸਤ ਤੋਂ ਸਤੰਬਰ ਦੇ ਮਹੀਨਿਆਂ ਦੌਰਾਨ ਪੰਜਾਬ ਰਾਜ ਨੂੰ ਡੀ.ਏ.ਪੀ. ਅਤੇ ਹੋਰ ਫਾਸਫੇਟ ਵਾਲੀਆਂ ਖਾਦਾਂ ਦੀ ਵੱਧ ਤੋਂ ਵੱਧ ਅਲਾਟਮੈਂਟਾਂ ਅਤੇ ਸਮੇਂ ਸਿਰ ਸਪਲਾਈ ਨੂੰ ਯਕੀਨੀ ਬਣਾਉਣ ਲਈ ਪਹਿਲ ਦੇ ਤੌਰ ਉੱਤੇ ਨਿਰਦੇਸ਼ ਦਿੱਤਾ ਜਾਵੇ।
ਮੁੱਖ ਮੰਤਰੀ ਨੇ ਲੈਵਲ ਕਰਾਸਿੰਗ ਨੰਬਰ. 62-ਏ, ਸ਼ੇਰੋਂ ਡਿਸਟ੍ਰੀਬਿਊਟਰੀ, ਰਾਜਪੁਰਾ-ਬਠਿੰਡਾ ਲਾਇਨ, ਧੂਰੀ, ਜ਼ਿਲ੍ਹਾ ਸੰਗਰੂਰ (ਪੰਜਾਬ) ਉੱਪਰ ਪ੍ਰਸਤਾਵਿਤ ਰੇਲਵੇ ਓਵਰ ਬ੍ਰਿਜ ਲਈ ਜਨਰਲ ਅਰੇਂਜਮੈਂਟ ਡਰਾਇੰਗ (ਜੀ.ਏ.ਡੀ.) ਨੂੰ ਫੌਰੀ ਮਨਜ਼ੂਰੀ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਦੇ ਦਖ਼ਲ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਰੇਲਵੇ ਓਵਰ ਬ੍ਰਿਜ ਦੇ ਨਿਰਮਾਣ ਦੀ ਇਕ ਮਹੱਤਵਪੂਰਨ ਬੁਨਿਆਦੀ ਢਾਂਚਾ ਪ੍ਰੋਜੈਕਟ ਵਜੋਂ ਨਿਸ਼ਾਨਦੇਹੀ ਕੀਤੀ ਗਈ ਹੈ, ਜੋ ਨਾ ਸਿਰਫ ਚੱਲ ਰਹੀਆਂ ਟ੍ਰੈਫਿਕ ਸਮੱਸਿਆਵਾਂ ਨੂੰ ਦੂਰ ਕਰੇਗਾ, ਸਗੋਂ ਸੜਕ ਸੁਰੱਖਿਆ ਵਿੱਚ ਵੀ ਕਾਫ਼ੀ ਸੁਧਾਰ ਕਰੇਗਾ, ਵਾਹਨਾਂ ਦੇ ਪ੍ਰਵਾਹ ਨੂੰ ਸੌਖਾ ਬਣਾਏਗਾ ਅਤੇ ਪੰਜਾਬ ਦੇ ਇਸ ਮਹੱਤਵਪੂਰਨ ਖੇਤਰ ਵਿੱਚ ਸੰਪਰਕ ਨੂੰ ਮਜ਼ਬੂਤ ਕਰੇਗਾ। ਇਸ ਪ੍ਰੋਜੈਕਟ ਨੂੰ ਲਾਗੂ ਕਰਨ ਲਈ ਲੋੜੀਂਦੀ 54 ਕਰੋੜ ਰੁਪਏ ਦੀ ਪੂਰੀ ਲਾਗਤ ਪੂਰੀ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਮੇਂ ਭਾਰਤੀ ਰੇਲਵੇ ਦੁਆਰਾ ਜਨਰਲ ਅਰੇਂਜਮੈਂਟ ਡਰਾਇੰਗ (ਜੀ.ਏ.ਡੀ.) ਦੀ ਲੰਬਿਤ ਕਲੀਅਰੈਂਸ ਕਾਰਨ ਪ੍ਰੋਜੈਕਟ ਦੀ ਸਮੇਂ ਸਿਰ ਪ੍ਰਗਤੀ ਵਿੱਚ ਰੁਕਾਵਟ ਆ ਰਹੀ ਹੈ।
ਕੌਮੀ ਸੁਰੱਖਿਆ ਨਾਲ ਸਮਝੌਤਾ ਕੀਤੇ ਬਗੈਰ ਕੌਮਾਂਤਰੀ ਸਰਹੱਦ ਉੱਤੇ ਕੰਡਿਆਲੀ ਤਾਰ ਨੂੰ ਸੰਭਵ ਹੱਦ ਤੱਕ ਸਰਹੱਦ ਵਾਲੇ ਪਾਸੇ ਤਬਦੀਲ ਕਰਨ ਲਈ ਮਦਦ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੰਤਰਰਾਸ਼ਟਰੀ ਨਿਯਮਾਂ ਅਨੁਸਾਰ ਜ਼ੀਰੋ ਲਾਈਨ ਦੇ 150 ਮੀਟਰ ਤੋਂ ਅੱਗੇ ਨਿਰਮਾਣ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੁਝ ਥਾਵਾਂ `ਤੇ ਸਰਹੱਦੀ ਸੁਰੱਖਿਆ ਤਾਰ ਜ਼ੀਰੋ ਲਾਈਨ ਤੋਂ ਬਹੁਤ ਦੂਰੀ `ਤੇ ਹੈ, ਜਿਸ ਕਾਰਨ ਖੇਤੀਬਾੜੀ ਵਾਲੀ ਜ਼ਮੀਨ ਦਾ ਵੱਡਾ ਹਿੱਸਾ ਅੰਤਰਰਾਸ਼ਟਰੀ ਸਰਹੱਦ ਅਤੇ ਮੌਜੂਦਾ ਵਾੜ ਦੇ ਵਿਚਕਾਰ ਪੈਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਜ਼ਮੀਨ `ਤੇ ਖੇਤੀ ਕਰਨ ਲਈ ਸਰਹੱਦੀ ਤਾਰ ਪਾਰ ਜਾਣ ਵਾਲੇ ਕਿਸਾਨਾਂ ਦੀ ਗਿਣਤੀ ਵੀ ਬਹੁਤ ਜ਼ਿਆਦਾ ਹੈ। ਇਨ੍ਹਾਂ ਸਾਰੇ ਕਿਸਾਨਾਂ ਨੂੰ ਰੋਜ਼ਾਨਾ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਬੀ.ਐਸ.ਐਫ. ਦਾ ਕੰਮ ਦਾ ਬੋਝ ਵੀ ਵਧਦਾ ਹੈ। ਇਸ ਤੋਂ ਇਲਾਵਾ ਸਰਕਾਰ ਨੂੰ ਇਨ੍ਹਾਂ ਕਿਸਾਨਾਂ ਨੂੰ ਕਾਫ਼ੀ ਮੁਆਵਜ਼ਾ ਦੇਣਾ ਪਵੇਗਾ। ਇਸ ਦੇ ਮੱਦੇਨਜ਼ਰ ਇਹ ਬੇਨਤੀ ਕੀਤੀ ਜਾਂਦੀ ਹੈ ਕਿ ਬੀ.ਐਸ.ਐਫ. ਨੂੰ ਰਾਸ਼ਟਰੀ ਸੁਰੱਖਿਆ ਨਾਲ ਸਮਝੌਤਾ ਕੀਤੇ ਬਿਨਾਂ ਜਿੱਥੇ ਵੀ ਸੰਭਵ ਹੋਵੇ, ਸਰਹੱਦੀ ਵਾੜ ਨੂੰ ਅੰਤਰਰਾਸ਼ਟਰੀ ਸਰਹੱਦ ਵੱਲ ਤਬਦੀਲ ਕਰਨ ਦੀ ਸੰਭਾਵਨਾ ਦੀ ਪੜਚੋਲ ਕਰਨ ਲਈ ਨਿਰਦੇਸ਼ ਦਿੱਤੇ ਜਾਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਇਹ ਮੁੱਦਾ ਭਾਰਤ ਸਰਕਾਰ ਕੋਲ ਚੁੱਕਿਆ ਹੋਇਆ ਹੈ ਪਰ ਇਹ ਹਾਲੇ ਤੱਕ ਲੰਬਿਤ ਹੈ।
----------