ਪੰਜਾਬ ਪੁਲਿਸ ਨੇ ਮਿੱਥ ਕੇ ਹੱਤਿਆਵਾਂ ਕਰਨ ਦੀ ਸੰਭਾਵੀ ਕੋਸ਼ਿਸ਼ ਨੂੰ ਟਾਲਿਆ; ਆਧੁਨਿਕ ਹਥਿਆਰਾਂ ਨਾਲ ਚਾਰ ਮੁਲਜ਼ਮ ਗ੍ਰਿਫ਼ਤਾ
ਪੰਜਾਬ ਪੁਲਿਸ ਨੇ ਮਿੱਥ ਕੇ ਹੱਤਿਆਵਾਂ ਕਰਨ ਦੀ ਸੰਭਾਵੀ ਕੋਸ਼ਿਸ਼ ਨੂੰ ਟਾਲਿਆ; ਆਧੁਨਿਕ ਹਥਿਆਰਾਂ ਨਾਲ ਚਾਰ ਮੁਲਜ਼ਮ ਗ੍ਰਿਫ਼ਤਾਰ
— ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਅੰਮ੍ਰਿਤਸਰ ਅਤੇ ਬਟਾਲਾ ਵਿੱਚ ਕੁਝ ਵਿਅਕਤੀਆਂ ਦੀ ਰੇਕੀ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ
— ਬਰਾਮਦ ਕੀਤੇ ਗਏ ਹਥਿਆਰ ਟਾਰਗੇਟ ਕਿਲਿੰਗ ਦੇ ਅਪਰਾਧ ਨੂੰ ਅੰਜਾਮ ਦੇਣ ਲਈ ਸਨ: ਏਆਈਜੀ ਐਸਐਸਓਸੀ ਸੁਖਮਿੰਦਰ ਸਿੰਘ ਮਾਨ
ਚੰਡੀਗੜ੍ਹ/ਅੰਮ੍ਰਿਤਸਰ, 10 ਨਵੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਇੱਕ ਗੈਂਗਸਟਰ ਮਾਡਿਊਲ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਸੂਬੇ ਵਿੱਚ ਮਿੱਥ ਕੇ ਹੱਤਿਆਵਾਂ ਕਰਨ ਦੀ ਸੰਭਾਵੀ ਕੋਸ਼ਿਸ਼ ਨੂੰ ਟਾਲ ਦਿੱਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਆਧੁਨਿਕ ਹਥਿਆਰ ਬਰਾਮਦ ਕੀਤੇ ਹਨ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਪੀਜੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਗਪ੍ਰੀਤ ਸਿੰਘ ਉਰਫ਼ ਜੱਗਾ ਅਤੇ ਮੁਹੰਮਦ ਸਿੰਘ, ਦੋਵੇਂ ਵਾਸੀ ਕਾਜ਼ੀ ਕੋਟ ਕਲਾਂ, ਤਰਨਤਾਰਨ, ਲਵੀਸ਼ ਨਾਹਰ ਵਾਸੀ ਬੋਰੀ ਵਾਲਾ ਬਾਜ਼ਾਰ, ਗੇਟ ਹਕੀਮਾਨ ਅੰਮ੍ਰਿਤਸਰ ਅਤੇ ਅਮਰਬੀਰ ਸਿੰਘ ਵਾਸੀ ਪ੍ਰੀਤ ਐਵੀਨਿਊ, ਗੇਟ ਹਕੀਮਾਨ, ਅੰਮ੍ਰਿਤਸਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ ਮੈਗਜ਼ੀਨ ਤੇ ਪੰਜ ਜ਼ਿੰਦਾ ਕਾਰਤੂਸ ਸਮੇਤ 9 ਐਮਐਮ ਗਲੌਕ ਪਿਸਤੌਲ ਅਤੇ ਇੱਕ ਮੈਗਜ਼ੀਨ ਤੇ ਤਿੰਨ ਜ਼ਿੰਦਾ ਕਾਰਤੂਸ ਸਮੇਤ ਇੱਕ.30 ਬੋਰ ਸਟਾਰ ਮਾਰਕ ਪਿਸਤੌਲ ਸ਼ਾਮਲ ਹਨ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪੁਰਤਗਾਲ ਅਧਾਰਤ ਲੋੜੀਂਦੇ ਗੈਂਗਸਟਰ ਨਾਲ ਨੇੜਲੇ ਸੰਪਰਕ ਵਿੱਚ ਸਨ ਅਤੇ ਉਸ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਵਿਦੇਸ਼ੀ ਹੈਂਡਲਰ ਨੇ ਬਰਾਮਦ ਕੀਤੇ ਗਏ ਹਥਿਆਰਾਂ ਦੀ ਡਲਿਵਰੀ ਦਾ ਪ੍ਰਬੰਧ ਕੀਤਾ ਸੀ।
ਡੀਜੀਪੀ ਨੇ ਕਿਹਾ ਕਿ ਜਾਂਚ ਵਿੱਚ ਪਤਾ ਲੱਗਾ ਹੈ ਕਿ ਮੁਲਜ਼ਮਾਂ ਨੇ ਬਟਾਲਾ ਅਤੇ ਅੰਮ੍ਰਿਤਸਰ ਦੇ ਕੁਝ ਵਿਅਕਤੀਆਂ ਦੀ ਰੇਕੀ ਕੀਤੀ ਸੀ ਅਤੇ ਬਰਾਮਦ ਕੀਤੇ ਗਏ ਆਧੁਨਿਕ ਹਥਿਆਰ ਨਾਲ ਉਨ੍ਹਾਂ ਵਿਅਕਤੀਆਂ ਦਾ ਕਤਲ ਕਰਨਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਗਿਰੋਹ ਦੀਆਂ ਗਤੀਵਿਧੀਆਂ ਸਬੰਧੀ ਮਹੱਤਵਪੂਰਨ ਸੁਰਾਗਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਇਸ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਠੋਸ ਜਾਣਕਾਰੀ ਦੇ ਆਧਾਰ 'ਤੇ ਇਸ ਮਾਡਿਊਲ ਦਾ ਪਰਦਾਫਾਸ਼ ਕਰਨ ਉਪਰੰਤ ਐਸਐਸਓਸੀ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਅੰਮ੍ਰਿਤਸਰ ਖੇਤਰ ਤੋਂ ਇਹਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਏਆਈਜੀ ਨੇ ਕਿਹਾ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਆਪਣੇ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ 'ਤੇ, ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਨੇ ਵੱਖ-ਵੱਖ ਸਮਿਆਂ ‘ਤੇ ਹਥਿਆਰਾਂ ਅਤੇ ਪੈਸਿਆਂ ਦਾ ਲੈਣ-ਦੇਣ ਕੀਤਾ ਸੀ। ਉਨ੍ਹਾਂ ਅੱਗੇ ਕਿਹਾ ਕਿ ਅਗਲੇ ਪਿਛਲੇ ਸਾਰੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧੀ ਕੇਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 61(2) ਤਹਿਤ ਐਫਆਈਆਰ ਨੰਬਰ 66 ਮਿਤੀ 09.11.2025 ਨੂੰ ਦਰਜ ਕੀਤਾ ਗਿਆ ਹੈ।