ਪੈਂਡਿੰਗ ਮਾਲ ਕੇਸਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾਵੇ- ਡਿਪਟੀ ਕਮਿਸ਼ਨਰ
ਪੈਂਡਿੰਗ ਮਾਲ ਕੇਸਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾਵੇ- ਡਿਪਟੀ ਕਮਿਸ਼ਨਰ
• ਸਵਾਮਿਤਵਾ ਸਕੀਮ, ਇੰਤਕਾਲ ਅਤੇ ਜਮ੍ਹਾਂਬੰਦੀ ਅਤੇ ਹੋਰ ਮਾਲ ਵਿਭਾਗ ਨਾਲ ਸਬੰਧੀ ਕੰਮਾਂ ’ਚ ਤੇਜ਼ੀ ਲਿਆਉਣ ਲਈ ਸਖ਼ਤ ਹਦਾਇਤ
ਮਾਲੇਰਕੋਟਲਾ, 09 ਜਨਵਰੀ :
ਜ਼ਿਲ੍ਹੇ ਵਿੱਚ ਮਾਲ ਵਿਭਾਗ ਦੀ ਕਾਰਗੁਜ਼ਾਰੀ ਨੂੰ ਹੋਰ ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਜਨ-ਹਿਤੈਸ਼ੀ ਬਣਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਚੱਲ ਰਹੇ ਮਾਲ ਸੰਬੰਧੀ ਕੰਮਾਂ, ਲੰਬਿਤ ਕੇਸਾਂ ਅਤੇ ਵੱਖ-ਵੱਖ ਸਕੀਮਾਂ ਦੀ ਵਿਸਥਾਰ ਨਾਲ ਸਮੀਖਿਆ ਕਰਕੇ ਅਧਿਕਾਰੀਆਂ ਨੂੰ ਸਪਸ਼ਟ ਅਤੇ ਸਮੇਂ-ਬੱਧ ਹਦਾਇਤਾਂ ਜਾਰੀ ਕੀਤੀਆਂ ਗਈਆਂ।
ਡਿਪਟੀ ਕਮਿਸ਼ਨਰ ਨੇ ਜ਼ੋਰ ਦਿੰਦਿਆਂ ਕਿਹਾ ਕਿ ਪੈਂਡਿੰਗ ਇੰਤਕਾਲਾਂ, ਜਮ੍ਹਾਂਬੰਦੀਆਂ ਅਤੇ ਨਿਸ਼ਾਨਦੇਹੀ ਨਾਲ ਸਬੰਧਿਤ ਮਾਮਲਿਆਂ ਨੂੰ ਬਿਨਾਂ ਕਿਸੇ ਦੇਰੀ ਦੇ ਨਿਪਟਾਇਆ ਜਾਵੇ ਤਾਂ ਜੋ ਆਮ ਲੋਕਾਂ ਨੂੰ ਬੇਵਜ੍ਹਾ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ। ਉਨ੍ਹਾਂ ਜ਼ਮੀਨੀ ਮਾਲੀਏ ਦੇ ਬਕਾਏ ਦੀ ਵਸੂਲੀ, ਲੰਬਿਤ ਅਦਾਲਤੀ ਕੇਸਾਂ, ਭੂਮੀ ਅਧਿਗ੍ਰਹਿਣ ਮਾਮਲਿਆਂ ਅਤੇ ਖਸਰਾ-ਵਾਈਜ਼ ਮੈਪਿੰਗ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ।
ਉਨ੍ਹਾਂ ਦੱਸਿਆ ਕਿ ਮੁਸਾਵੀ-ਕੈਡਸਟ੍ਰਲ ਡਿਜੀਟਾਈਜ਼ੇਸ਼ਨ, ਈ-ਜਮ੍ਹਾਂਬੰਦੀ ਅਤੇ ਆਨਲਾਈਨ ਮਿਊਟੇਸ਼ਨ ਰਿਪੋਰਟਾਂ ਵਰਗੀਆਂ ਸੇਵਾਵਾਂ ਨੂੰ ਹੋਰ ਤੇਜ਼ ਅਤੇ ਸੁਚਾਰੂ ਬਣਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਸਵਾਮਿਤਵਾ ਸਕੀਮ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਵੀ ਸਪਸ਼ਟ ਨਿਰਦੇਸ਼ ਜਾਰੀ ਕੀਤੇ ਗਏ, ਤਾਂ ਜੋ ਪਿੰਡਾਂ ਵਿੱਚ ਜਾਇਦਾਦ ਦੇ ਹੱਕਾਂ ਸਬੰਧੀ ਲੋਕਾਂ ਨੂੰ ਸਮੇਂ ਸਿਰ ਲਾਭ ਮਿਲ ਸਕੇ।
ਡਿਪਟੀ ਕਮਿਸ਼ਨਰ ਨੇ ਫੀਲਡ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਰੋਜ਼ਾਨਾ ਫੀਲਡ ਵਿੱਚ ਜਾਣ ਤੋਂ ਪਹਿਲਾਂ ਮੂਵਮੈਂਟ ਰਜਿਸਟਰ ਵਿੱਚ ਇੰਦਰਾਜ ਕਰਨਾ ਯਕੀਨੀ ਬਣਾਉਣ ਅਤੇ ਆਪਣੀ ਡਿਊਟੀ ਪ੍ਰਤੀ ਪੂਰੀ ਜ਼ਿੰਮੇਵਾਰੀ ਨਾਲ ਕੰਮ ਕਰਨ। ਉਨ੍ਹਾਂ ਸਪਸ਼ਟ ਕੀਤਾ ਕਿ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨ੍ਹਾਂ ਸਮੂਹ ਕਰਮਚਾਰੀਆਂ ਨੂੰ ਦਫ਼ਤਰੀ ਸਮੇਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਦਫ਼ਤਰ ਵਿੱਚ ਹਾਜ਼ਰ ਰਹਿਣ ਅਤੇ ਲੋਕਾਂ ਦੇ ਕੰਮ ਨੂੰ ਪਹਿਲ ਦੇ ਆਧਾਰ ’ਤੇ ਨਿਪਟਾਉਣ ਦੇ ਨਿਰਦੇਸ਼ ਦਿੱਤੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਐਸ.ਡੀ.ਐਮ ਮਾਲੇਰਕੋਟਲਾ/ਅਹਿਮਦਗੜ੍ਹ ਗੁਰਮੀਤ ਕੁਮਾਰ ਬਾਂਸਲ, ਐਸ.ਡੀ.ਐਮ ਅਮਰਗੜ੍ਹ ਸੁਰਿੰਦਰ ਕੌਰ, ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਕੌਰ, ਤਹਿਸੀਲਦਾਰ ਰਿੱਤੂ ਗੁਪਤਾ, ਏ.ਐਸ.ਐਮ ਵਿਕਾਸ ਹੰਸ, ਏ.ਐਸ.ਐਮ ਆਜ਼ਮ ਖ਼ਾਨ, ਜ਼ਿਲ੍ਹਾ ਤਕਨੀਕੀ ਕੋਆਰਡੀਨੇਟਰ ਜਸਪ੍ਰੀਤ ਕੌਰ ਸਮੇਤ ਦਫ਼ਤਰ ਦੀਆਂ ਵੱਖ-ਵੱਖ ਸ਼ਾਖਾਵਾਂ ਦੇ ਕਰਮਚਾਰੀ ਹਾਜ਼ਰ ਸਨ।