Ladowal Toll Plaza Made Free for 4 Hours by BKU Sidhupur Farmers in Ludhiana
ਲੁਧਿਆਣਾ: ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਨੇ ਮੰਗਲਵਾਰ ਨੂੰ ਲਾਡੋਵਾਲ ਟੋਲ ਪਲਾਜ਼ਾ ਨੂੰ ਚਾਰ ਘੰਟਿਆਂ ਲਈ ਟੋਲ ਮੁਫ਼ਤ (ਫ੍ਰੀ) ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀ ਅਨੁਸਾਰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਟੋਲ ਪਲਾਜ਼ਾ ਤੋਂ ਲੰਘਣ ਵਾਲੇ ਸਾਰੇ ਵਾਹਨਾਂ ਨੂੰ ਬਿਨਾਂ ਕਿਸੇ ਟੋਲ ਫ਼ੀਸ ਦੇ ਲੰਘਾਇਆ ਜਾਵੇਗਾ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਹੋਰ ਟੋਲ ਪਲਾਜ਼ੇ ਵੀ ਮੁਫ਼ਤ ਕੀਤੇ ਜਾਣਗੇ।
ਇਹ ਵਿਰੋਧ ਪੰਜਾਬ ਸਰਕਾਰ ਦੀ ਪ੍ਰਸਤਾਵਿਤ ਲੈਂਡ ਪੂਲਿੰਗ ਨੀਤੀ ਅਤੇ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ (FTA) ਦੇ ਖ਼ਿਲਾਫ਼ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਮੁੜ ਅਜਿਹੀ ਲੈਂਡ ਪੂਲਿੰਗ ਨੀਤੀ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨਾਲ ਸੂਬੇ ਦੀ ਉਪਜਾਊ ਖੇਤੀਯੋਗ ਜ਼ਮੀਨ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਜਾਣ ਦਾ ਖ਼ਤਰਾ ਹੈ।
ਉਨ੍ਹਾਂ ਨੇ ਸਰਕਾਰ ਤੋਂ ਇਸ ਨੀਤੀ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ। ਕਿਸਾਨਾਂ ਦਾ ਦੋਸ਼ ਹੈ ਕਿ ਇਹ ਨੀਤੀ ਖੇਤੀ ਅਤੇ ਕਿਸਾਨਾਂ ਦੇ ਹਿੱਤਾਂ ਦੇ ਵਿਰੁੱਧ ਹੈ। ਯੂਨੀਅਨ ਨੇ ਕੇਂਦਰ ਸਰਕਾਰ ਤੋਂ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਤੋਂ ਬਾਹਰ ਆਉਣ ਦੀ ਵੀ ਮੰਗ ਕੀਤੀ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੇ ਸਮਝੌਤੇ ਦੇਸ਼ ਦੇ ਕਿਸਾਨਾਂ, ਖੇਤੀਬਾੜੀ ਖੇਤਰ ਅਤੇ ਖ਼ੁਰਾਕ ਸੁਰੱਖਿਆ ਲਈ ਨੁਕਸਾਨਦੇਹ ਸਾਬਤ ਹੋ ਸਕਦੇ ਹਨ।
ਕਿਸਾਨ ਜਥੇਬੰਦੀ ਨੇ ਲੋਕਾਂ ਨੂੰ ਇਸ ਅੰਦੋਲਨ ਨੂੰ ਸ਼ਾਂਤਮਈ ਢੰਗ ਨਾਲ ਸਫ਼ਲ ਬਣਾਉਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਵਾਹਨ ਚਾਲਕਾਂ ਨੂੰ ਵੀ ਸੂਚਿਤ ਕੀਤਾ ਗਿਆ ਹੈ ਕਿ ਮਿੱਥੇ ਸਮੇਂ ਦੌਰਾਨ ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸੇ ਵੀ ਤਰ੍ਹਾਂ ਦੀ ਟੋਲ ਫ਼ੀਸ ਨਹੀਂ ਲਈ ਜਾਵੇਗੀ।