Haryana Women Commission Chairperson Renu Bhatia Resigns; Shares Emotional Video
ਹਰਿਆਣਾ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਣੂ ਭਾਟੀਆ (Renu Bhatia) ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਸਤੀਫ਼ੇ ਤੋਂ ਠੀਕ ਪਹਿਲਾਂ ਜਾਰੀ ਕੀਤਾ ਗਿਆ ਉਨ੍ਹਾਂ ਦਾ ਭਾਵੁਕ ਵੀਡੀਓ ਸੰਦੇਸ਼ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ਵਿੱਚ ਰੇਣੂ ਭਾਟੀਆ ਨੇ ਹਰਿਆਣਾ ਦੀਆਂ ਧੀਆਂ ਨੂੰ ਆਪਣਾ ਆਸ਼ੀਰਵਾਦ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਆਪਣੇ ਸਾਢੇ ਚਾਰ ਸਾਲ ਦੇ ਕਾਰਜਕਾਲ ਨੂੰ ਯਾਦ ਕੀਤਾ।
ਆਪਣੇ ਵਿਦਾਇਗੀ ਸੰਦੇਸ਼ ਵਿੱਚ ਉਨ੍ਹਾਂ ਨੇ ਰਾਜ ਦੀ ਲੀਡਰਸ਼ਿਪ ਦਾ ਧੰਨਵਾਦ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਨ੍ਹਾਂ 'ਤੇ ਭਰੋਸਾ ਜਤਾਉਂਦੇ ਹੋਏ ਉਨ੍ਹਾਂ ਨੂੰ ਇਸ ਮਹੱਤਵਪੂਰਨ ਜ਼ਿੰਮੇਵਾਰੀ ਲਈ ਚੁਣਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਮੌਜੂਦਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਉਨ੍ਹਾਂ ਦੇ ਦੂਜੇ ਕਾਰਜਕਾਲ ਨੂੰ ਸਫਲਤਾਪੂਰਵਕ ਅੱਗੇ ਵਧਾਉਣ ਵਿੱਚ ਸਹਿਯੋਗ ਦਿੱਤਾ।
ਵੀਡੀਓ ਦੇ ਅੰਤ ਵਿੱਚ ਰੇਣੂ ਭਾਟੀਆ ਕਾਫੀ ਭਾਵੁਕ ਨਜ਼ਰ ਆਈ। ਉਨ੍ਹਾਂ ਨੇ ਆਪਣੇ ਹੱਥ ਵਿੱਚ ਸ਼੍ਰੀਮਦ ਭਗਵਦ ਗੀਤਾ ਲੈ ਕੇ ਕਿਹਾ ਕਿ ਉਨ੍ਹਾਂ ਨੇ ਆਪਣੇ ਪੂਰੇ ਕਾਰਜਕਾਲ ਨੂੰ ਗੀਤਾ ਦੇ ਸਿਧਾਂਤਾਂ ਅਤੇ ਉਪਦੇਸ਼ਾਂ ਅਨੁਸਾਰ ਜਿਊਣ ਦਾ ਯਤਨ ਕੀਤਾ। ਗੀਤਾ ਦੀ ਸਹੁੰ ਖਾਂਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਕਦੇ ਵੀ ਕਿਸੇ ਨਾਲ ਬੇਇਨਸਾਫ਼ੀ ਨਹੀਂ ਕੀਤੀ ਅਤੇ ਹਮੇਸ਼ਾ ਇਨਸਾਫ਼ ਦੀ ਉਮੀਦ ਲੈ ਕੇ ਆਉਣ ਵਾਲੇ ਲੋਕਾਂ ਦੀ ਮਦਦ ਕਰਨ ਦੀ ਕੋਸ਼ਿਸ਼ ਕੀਤੀ।
ਰੇਣੂ ਭਾਟੀਆ ਨੇ ਆਪਣੇ ਕਾਰਜਕਾਲ ਦੌਰਾਨ ਹੋਈ ਕਿਸੇ ਵੀ ਸੰਭਾਵਿਤ ਕਮੀ, ਦੇਰੀ ਜਾਂ ਗਲਤੀ ਲਈ ਵੀ ਮੁਆਫੀ ਮੰਗੀ। ਉਨ੍ਹਾਂ ਕਿਹਾ ਕਿ ਇਨਸਾਨ ਗਲਤੀਆਂ ਤੋਂ ਸਿੱਖਦਾ ਹੈ ਅਤੇ ਜੇਕਰ ਉਨ੍ਹਾਂ ਦੇ ਕਿਸੇ ਫੈਸਲੇ ਜਾਂ ਕੰਮ ਨਾਲ ਕਿਸੇ ਨੂੰ ਠੇਸ ਪਹੁੰਚੀ ਹੋਵੇ ਜਾਂ ਕਿਸੇ ਦਾ ਕੰਮ ਪ੍ਰਭਾਵਿਤ ਹੋਇਆ ਹੋਵੇ ਤਾਂ ਉਹ ਇਸ ਦੇ ਲਈ ਖ਼ਿਮਾ ਦੀ ਜਾਚਕ ਹਨ। ਉਨ੍ਹਾਂ ਦਾ ਇਹ ਭਾਵੁਕ ਸੰਦੇਸ਼ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।