ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਪਿਛਲੀ ਕਾਂਗਰਸ ਸਰਕਾਰ ਲੋੜਵੰਦ ਪਰਿਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨੌਕਰੀਆਂ ਦੇਣ ਵਿੱਚ ਵੀ ਨਾਕਾਮ ਰਹੀ: ਹਰਦੀਪ ਸਿੰਘ ਮੁੰਡੀਆਂ
ਚੰਡੀਗੜ੍ਹ, 12 ਜਨਵਰੀ:
ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਗਰੁੱਪ-ਡੀ ਦੇ 12 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਨਿਯੁਕਤੀਆਂ ਘਰ ਦੇ ਇੱਕੋ-ਇੱਕ ਕਮਾਉਣ ਵਾਲੇ ਮੈਂਬਰ ਦੀ ਮੌਤ ਹੋਣ ਦੀ ਸੂਰਤ ਵਿੱਚ ਵਿੱਤੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਤਰਸ ਦੇ ਆਧਾਰ 'ਤੇ ਰੋਜ਼ਗਾਰ ਦੇਣ ਸਬੰਧੀ ਪੰਜਾਬ ਸਰਕਾਰ ਦੀ ਨੀਤੀ ਤਹਿਤ ਦਿੱਤੀਆਂ ਗਈਆਂ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ 12 ਉਮੀਦਵਾਰਾਂ ਵਿੱਚੋਂ ਇੱਕ ਨੂੰ ਕਲਰਕ, ਅੱਠ ਨੂੰ ਸੇਵਾਦਾਰ, ਇੱਕ ਨੂੰ ਸਫ਼ਾਈ ਸੇਵਕ ਅਤੇ ਦੋ ਨੂੰ ਹੈਲਪਰ ਟੈਕਨੀਕਲ ਵਜੋਂ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਭਾਗੀ ਸਮਰੱਥਾ ਨੂੰ ਹੋਰ ਮਜ਼ਬੂਤ ਕਰਨ ਲਈ ਲੋੜਵੰਦ ਪਰਿਵਾਰਾਂ ਦੀ ਸਮੇਂ ਸਿਰ ਸਹਾਇਤਾ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਿਸਾਲੀ ਕਦਮ ਹੈ।
ਪਿਛਲੀ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸਪੱਸ਼ਟ ਨਿਰਦੇਸ਼ਾਂ ਦੇ ਬਾਵਜੂਦ ਤਰਸ ਦੇ ਆਧਾਰ 'ਤੇ ਨਿਯੁਕਤੀਆਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਅਤੇ ਇਸ ਪ੍ਰਕਿਰਿਆ ਵਿੱਚ ਦੇਰੀ ਕੀਤੀ ਗਈ। ਉਨ੍ਹਾਂ ਧਿਆਨ ਦਿਵਾਇਆ ਕਿ ਅੱਜ ਨਿਯੁਕਤ ਹੋਏ ਉਮੀਦਵਾਰਾਂ ਵਿੱਚੋਂ ਦੋ ਉਮੀਦਵਾਰਾਂ ਦੇ ਪਿਤਾ ਦੀ ਜਾਨ ਕ੍ਰਮਵਾਰ ਸਾਲ 2017 ਅਤੇ ਸਾਲ 2018 ਵਿੱਚ ਚਲੀ ਗਈ ਸੀ ਪਰ ਕਾਂਗਰਸ ਸਰਕਾਰ ਦੌਰਾਨ ਉਨ੍ਹਾਂ ਨੂੰ ਨੌਕਰੀ ਦੇਣ ਤੋਂ ਵਾਂਝਾ ਰੱਖਿਆ ਗਿਆ। ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਨੇ ਤੁਰੰਤ ਅਤੇ ਨਿਰਪੱਖ ਫ਼ੈਸਲਾ ਲੈ ਕੇ ਇਨ੍ਹਾਂ ਨੌਜਵਾਨਾਂ ਨੂੰ ਨੌਕਰੀ ਦਿੱਤੀ।
ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਖ਼ੁਸ਼ੀ ਜ਼ਾਹਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਵੱਲ ਬਰਾਬਰ ਧਿਆਨ ਦੇ ਕੇ ਸਮੁੱਚੇ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਰਕਾਰ ਨੇ ਉਨ੍ਹਾਂ ਨੂੰ ਸੁਰੱਖਿਅਤ ਰੋਜ਼ਗਾਰ ਮੁਹੱਈਆ ਕਰਵਾ ਕੇ ਆਪਣੀ ਜ਼ਿੰਮੇਵਾਰੀ ਨਿਭਾਈ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਨਵੇਂ ਮੁਲਾਜ਼ਮ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਵਿੱਚ ਭਰਪੂਰ ਯੋਗਦਾਨ ਪਾਉਣਗੇ।
ਇਸ ਮੌਕੇ ਵਿਭਾਗ ਦੇ ਮੁਖੀ ਹਰਪ੍ਰੀਤ ਸਿੰਘ ਅਤੇ ਵਿਭਾਗ ਦੇ ਚੀਫ਼ ਇੰਜਨੀਅਰ ਹਾਜ਼ਰ ਸਨ। ਨਿਯੁਕਤੀ ਪੱਤਰ ਮਿਲਣ 'ਤੇ ਨਵ-ਨਿਯੁਕਤ ਉਮੀਦਵਾਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਕੈਬਨਿਟ ਮੰਤਰੀ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।