Retired IAS Sanjay Gupta Takes Charge as PSERC Chairman | Punjab Power
Hindi
SERC

Retired IAS Sanjay Gupta Takes Charge as PSERC Chairman | Punjab Power

Retired IAS ਸੰਜੇ ਗੁਪਤਾ ਨੇ Punjab State Electricity Regulatory Commission ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ/ਮੋਹਾਲੀ: ਸੇਵਾਮੁਕਤ ਆਈ.ਏ.ਐਸ. ਅਧਿਕਾਰੀ ਸੰਜੇ ਗੁਪਤਾ ਨੇ ਅੱਜ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (PSERC) ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ।

ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਵਿਕਾਸ ਭਵਨ, ਮੋਹਾਲੀ ਵਿਖੇ ਸ਼੍ਰੀ ਸੰਜੇ ਗੁਪਤਾ ਨੂੰ ਅਹੁਦੇ ਅਤੇ ਭੇਦਗੁਪਤ ਰੱਖਣ ਦੀ ਸਹੁੰ ਚੁਕਾਈ। ਸ਼੍ਰੀ ਗੁਪਤਾ 1988 ਬੈਚ ਦੇ ਸੇਵਾਮੁਕਤ ਆਈ.ਏ.ਐਸ. ਅਧਿਕਾਰੀ ਹਨ, ਜਿਨ੍ਹਾਂ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਸਕੱਤਰ ਅਤੇ ਹੋਰ ਕਈ ਅਹਿਮ ਅਹੁਦਿਆਂ ’ਤੇ ਸੇਵਾਵਾਂ ਨਿਭਾਈਆਂ ਹਨ।

ਇਸ ਵੱਕਾਰੀ ਜ਼ਿੰਮੇਵਾਰੀ ਦਾ ਕਾਰਜਭਾਰ ਸੰਭਾਲਣ ’ਤੇ ਸ਼੍ਰੀ ਗੁਪਤਾ ਨੂੰ ਵਧਾਈ ਦਿੰਦਿਆਂ ਬਿਜਲੀ ਮੰਤਰੀ ਸ. ਸੌਂਦ ਨੇ ਭਰੋਸਾ ਪ੍ਰਗਟਾਇਆ ਕਿ ਉਨ੍ਹਾਂ ਦਾ ਵਿਆਪਕ ਪ੍ਰਸ਼ਾਸਨਿਕ ਤਜਰਬਾ ਅਤੇ ਸ਼ਾਸਨ-ਪ੍ਰਸ਼ਾਸਨ ਦੀ ਡੂੰਘੀ ਸਮਝ ਪੰਜਾਬ ਦੇ ਬਿਜਲੀ ਖੇਤਰ ਦੇ ਰੈਗੂਲੇਟਰੀ ਢਾਂਚੇ ਨੂੰ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਪਾਰਦਰਸ਼ੀ, ਉਪਭੋਗਤਾ-ਅਨੁਕੂਲ ਅਤੇ ਪ੍ਰਭਾਵਸ਼ਾਲੀ ਬਿਜਲੀ ਨਿਯਮਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਹਨਾਂ ਉਦੇਸ਼ਾਂ ਦੀ ਪ੍ਰਾਪਤੀ ਵਿੱਚ ਕਮਿਸ਼ਨ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ।

ਇਸ ਮੌਕੇ ਨਵ-ਨਿਯੁਕਤ ਚੇਅਰਮੈਨ ਸੰਜੇ ਗੁਪਤਾ ਨੇ ਉਨ੍ਹਾਂ ’ਤੇ ਭਰੋਸਾ ਪ੍ਰਗਟਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਕਮਿਸ਼ਨ ਬਿਜਲੀ ਐਕਟ 2003 ਦੇ ਉਪਬੰਧਾਂ ਅਨੁਸਾਰ ਕੰਮ ਕਰਨਾ ਜਾਰੀ ਰੱਖੇਗਾ। ਉਨ੍ਹਾਂ ਕਿਹਾ ਕਿ ਕਮਿਸ਼ਨ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਬਿਜਲੀ ਖੇਤਰ ਦੇ ਸਮੁੱਚੇ ਵਿਕਾਸ ਨੂੰ ਵੀ ਉਤਸ਼ਾਹਿਤ ਕਰੇਗਾ।

ਮੁੱਖ ਤਰਜੀਹਾਂ: ਸ਼੍ਰੀ ਗੁਪਤਾ ਨੇ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਲਈ ਕੰਮ ਕਰਨਗੇ ਕਿ ਬਿਜਲੀ ਕੱਟਾਂ ਨੂੰ ਜਿੰਨਾ ਸੰਭਵ ਹੋ ਸਕੇ ਘੱਟ ਕੀਤਾ ਜਾਵੇ ਅਤੇ ਖਪਤਕਾਰਾਂ ਨੂੰ ਮਿਆਰੀ ਬਿਜਲੀ ਉਪਲਬਧ ਹੋਵੇ। ਉਨ੍ਹਾਂ ਕਿਹਾ ਕਿ ਟ੍ਰਾਂਸਮਿਸ਼ਨ ਲਾਸ (ਬਿਜਲੀ ਦੇ ਨੁਕਸਾਨ) ’ਤੇ ਪ੍ਰਭਾਵਸ਼ਾਲੀ ਕੰਟਰੋਲ ਅਤੇ ਵੱਖ-ਵੱਖ ਸਮੱਸਿਆਵਾਂ ਦੇ ਹੱਲ ਰਾਹੀਂ ਲੋੜੀਂਦੇ ਨਤੀਜੇ ਪ੍ਰਾਪਤ ਕੀਤੇ ਜਾ ਸਕਦੇ ਹਨ।

ਇਸ ਮੌਕੇ ਪੀ.ਐਸ.ਪੀ.ਸੀ.ਐਲ. (PSPCL) ਦੇ ਸੀ.ਐਮ.ਡੀ. ਡਾ. ਬਸੰਤ ਗਰਗ, ਪੀ.ਐਸ.ਈ.ਆਰ.ਸੀ. (PSERC) ਦੇ ਮੈਂਬਰ ਰਵਿੰਦਰ ਸਿੰਘ ਸੈਣੀ ਅਤੇ ਰਵੀ ਕੁਮਾਰ, ਡਿਸਟ੍ਰੀਬਿਊਸ਼ਨ ਡਾਇਰੈਕਟਰ ਇੰਦਰਪਾਲ ਸਿੰਘ ਸਮੇਤ ਬਿਜਲੀ ਵਿਭਾਗ, ਪੀ.ਐਸ.ਈ.ਆਰ.ਸੀ. ਦੇ ਹੋਰ ਸੀਨੀਅਰ ਅਧਿਕਾਰੀ, ਨਵ-ਨਿਯੁਕਤ ਚੇਅਰਮੈਨ ਦੇ ਪਰਿਵਾਰਕ ਮੈਂਬਰ ਅਤੇ ਹੋਰ ਪਤਵੰਤੇ ਹਾਜ਼ਰ ਸਨ।


Comment As:

Comment (0)