ਇੰਤਕਾਲਾਂ ਦੇ ਲੰਬਿਤ ਪਏ ਮਾਮਲਿਆਂ ਦੇ ਨਿਪਟਾਰੇ ਲਈ ਭਲਕੇ ਜ਼ਿਲ੍ਹਾ ਭਰ 'ਚ ਲੱਗਣਗੇ ਵਿਸ਼ੇਸ਼ ਕੈਂਪ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਲੁਧਿਆਣਾ
ਇੰਤਕਾਲਾਂ ਦੇ ਲੰਬਿਤ ਪਏ ਮਾਮਲਿਆਂ ਦੇ ਨਿਪਟਾਰੇ ਲਈ ਭਲਕੇ ਜ਼ਿਲ੍ਹਾ ਭਰ 'ਚ ਲੱਗਣਗੇ ਵਿਸ਼ੇਸ਼ ਕੈਂਪ
ਮਾਲ ਵਿਭਾਗ ਦੀ ਨਿਵੇਕਲੀ ਪਹਿਲ ਤਹਿਤ ਛੁੱਟੀ ਵਾਲੇ ਦਿਨ ਕੀਤੇ ਜਾਣਗੇ ਇੰਤਕਾਲ ਦਰਜ਼
ਜ਼ਿਲ੍ਹਾ ਵਾਸੀ ਕੈਂਪ ਦਾ ਵੱਧ ਤੋਂ ਵੱਧ ਲੈਣ ਲਾਭ - ਡਿਪਟੀ ਕਮਿਸ਼ਨਰ ਸੁਰਭੀ ਮਲਿਕ
ਲੁਧਿਆਣਾ, 05 ਜਨਵਰੀ (000) - ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਭਲਕੇ 06 ਜਨਵਰੀ ਸ਼ਨਿੱਚਰਵਾਰ (ਛੁੱਟੀ ਵਾਲੇ ਦਿਨ) ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਇੰਤਕਾਲਾਂ ਦੇ ਲੰਬਿਤ ਪਏ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਆਮ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਸੁਚਾਰੂ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਇਹ ਨਿਵੇਕਲੀ ਮੁਹਿੰਮ ਵਿੱਢੀ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਲੋਕਾਂ ਤੱਕ ਸੁਚਾਰੂ ਤਰੀਕੇ ਨਾਲ ਪਹੁੰਚਾਉਣ ਦੀ ਦਿਸ਼ਾ ਵਿੱਚ ਵੱਡੀ ਪੁਲਾਂਘ ਪੁੱਟਦਿਆਂ ਭਲਕੇ 6 ਜਨਵਰੀ ਨੂੰ ਛੁੱਟੀ ਵਾਲੇ ਦਿਨ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਖੰਨਾ, ਪਾਇਲ, ਮਲੌਦ, ਸਮਰਾਲਾ, ਮਾਛੀਵਾੜਾ, ਕੂੰਮ ਕਲਾਂ, ਸਾਹਨੇਵਾਲ, ਡੇਹਲੋਂ, ਲੁਧਿਆਣਾ ਪੂਰਬੀ, ਲੁਧਿਆਣਾ ਪੱਛਮੀ, ਲੁਧਿਆਣਾ ਕੇਂਦਰੀ, ਮੁਲਾਂਪੁਰ ਦਾਖਾ, ਜਗਰਾਉਂ, ਸਿੱਧਵਾਂ ਬੇਟ, ਰਾਏਕੋਟ ਆਦਿ ਵਿਖੇ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦਾ ਭਰਪੂਰ ਲਾਹਾ ਲਿਆ ਜਾਵੇ।
ਡਿਪਟੀ ਕਮਿਸ਼ਨਰ ਮਲਿਕ ਨੇ ਦੱਸਿਆ ਕਿ ਕੱਲ੍ਹ ਮਾਲ ਦਫ਼ਤਰਾਂ ਵਿੱਚ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਰਹਿਣਗੇ ਅਤੇ ਲੰਬਿਤ ਪਏ ਇੰਤਕਾਲ ਦਰਜ ਕਰਨਗੇ। ਵਿਸ਼ੇਸ਼ ਕੈਂਪ ਦੌਰਾਨ ਸਾਰੇ ਲੰਬਿਤ ਇੰਤਕਾਲ ਮੌਕੇ 'ਤੇ ਹੀ ਦਰਜ ਕਰਨ ਲਈ ਅਧਿਕਾਰੀਆਂ ਨੂੰ ਪਹਿਲਾਂ ਹੀ ਆਦੇਸ਼ ਜਾਰੀ ਕੀਤੇ ਜਾ ਚੁੱਕੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਸਪੱਸ਼ਟ ਕੀਤਾ ਕਿ ਲੰਬਿਤ ਇੰਤਕਾਲਾਂ ਦੇ ਨਿਪਟਾਰੇ ਸਬੰਧੀ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਇਹ ਕੰਮ ਸਮਾਂਬੱਧ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤਣ ਦੀ ਹਦਾਇਤ ਕਰਦਿਆਂ ਕਿਹਾ ਕਿ ਲੋਕਾਂ ਦੇ ਜਾਇਜ਼ ਕੰਮਕਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਨ੍ਹਾਂ ਕਿਹਾ ਕਿ ਮਾਲ ਵਿਭਾਗ ਵਿਚ ਜੇਕਰ ਕਿਸੇ ਵੀ ਪੱਧਰ 'ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਬਾਬਤ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ ਜਿਸ 'ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਐਨ.ਆਰ.ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ 'ਤੇ ਭੇਜ ਸਕਦੇ ਹਨ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ ਜਿਸਦੇ ਤਹਿਤ ਮਾਲ ਵਿਭਾਗ ਦੇ ਸਾਰੇ ਕੰਮਕਾਜ ਨੂੰ ਪਹਿਲਾਂ ਹੀ ਸੁਚਾਰੂ ਕੀਤਾ ਜਾ ਰਿਹਾ ਹੈ ਤਾਂ ਕਿ ਲੋਕਾਂ ਨੂੰ ਜਾਇਦਾਦਾਂ ਸਬੰਧੀ ਕਿਸੇ ਵੀ ਤਰ੍ਹਾਂ ਦੇ ਝਗੜਿਆਂ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਕਿਹਾ ਕਿ ਮਾਲ ਵਿਭਾਗ ਦੇ ਕੰਮਕਾਜ ਨੂੰ ਚੁਸਤ ਦਰੁਸਤ ਅਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਪ੍ਰਸ਼ਾਸਨਿਕ ਕੰਮ ਕਰਵਾਉਣ ਵਿੱਚ ਕੋਈ ਦਿੱਕਤ ਨਾ ਆਵੇ।
© 2022 Copyright. All Rights Reserved with Arth Parkash and Designed By Web Crayons Biz