ਪੰਜਾਬ ਦੇ 55 ਲੱਖ ਲੋੜਵੰਦ ਤੇ ਗਰੀਬ ਲੋਕਾਂ ਨੂੰ ਰਾਸ਼ਨ ਤੋਂ ਵਾਂਝਾ ਕਰਨਾ ਚਾਹੁੰਦੀ ਹੈ ਕੇਂਦਰ ਦੀ ਭਾਜਪਾ ਸਰਕਾਰ
ਤਾਰਨ
ਪੰਜਾਬ ਦੇ 55 ਲੱਖ ਲੋੜਵੰਦ ਤੇ ਗਰੀਬ ਲੋਕਾਂ ਨੂੰ ਰਾਸ਼ਨ ਤੋਂ ਵਾਂਝਾ ਕਰਨਾ ਚਾਹੁੰਦੀ ਹੈ ਕੇਂਦਰ ਦੀ ਭਾਜਪਾ ਸਰਕਾਰ-ਕੈਬਨਿਟ ਮੰਤਰੀ ਸ੍ਰ. ਲਾਲਜੀਤ ਸਿੰਘ
ਪੰਜਾਬ ਸਰਕਾਰ ਵੱਲੋਂ ਕਿਸੇ ਵੀ ਕੀਮਤ ‘ਤੇ ਗਰੀਬਾਂ ਹਿੱਸੇ ਦਾ ਰਾਸ਼ਨ ਖੋਹਣ ਨਹੀਂ ਦਿੱਤਾ ਜਾਵੇਗਾ-ਕੈਬਨਿਟ ਮੰਤਰੀ
ਪੰਜਾਬ ਸਰਕਾਰ ਆਪਣੇ ਲੋਕਾਂ ਨਾਲ ਡੱਟ ਕੇ ਖੜ੍ਹੀ, ਕੇਂਦਰ ਸਰਕਾਰ ਦੇ ਮਨਸੂਬੇ ਕਾਮਯਾਬ ਨਹੀਂ ਹੋਣ ਦਿੱਤੇ ਜਾਣਗੇ
ਤਰਨ ਤਾਰਨ, 24 ਅਗਸਤ
ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਮੀਡੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ, ਪੰਜਾਬ ਦੇ ਲੱਗਭੱਗ 55 ਲੱਖ ਲੋੜਵੰਦ ਤੇ ਗਰੀਬ ਲੋਕਾਂ ਨੂੰ ਰਾਸ਼ਨ ਤੋਂ ਵਾਂਝਾ ਕਰਨਾ ਚਾਹੁੰਦੀ ਹੈ, ਪ੍ਰੰਤੂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸੇ ਵੀ ਕੀਮਤ ‘ਤੇ ਗਰੀਬਾਂ ਹਿੱਸੇ ਦਾ ਰਾਸ਼ਨ ਖੋਹਣ ਨਹੀਂ ਦਿੱਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਪਹਿਲਾਂ ਕੇ. ਵਾਈ. ਸੀ. ਤੇ ਵੈਰੀਫਿਕੇਸ਼ਨ ਦੇ ਨਾਂ ਉੱਤੇ 23 ਲੱਖ ਲੋਕਾਂ ਦਾ ਰਾਸ਼ਨ ਰੋਕ ਰੱਖਿਆ ਹੈ ਤੇ ਹੁਣ ਪੰਜਾਬ ਸਰਕਾਰ ਨੂੰ ਨਵਾਂ ਤਾਨਾਸ਼ਾਹੀ ਫੁਰਮਾਨ ਜਾਰੀ ਕਰਦਿਆਂ 08 ਲੱਖ 02 ਹਜ਼ਾਰ 500 ਰਾਸ਼ਨ ਕਾਰਡ (ਕਰੀਬ 32 ਲੱਖ ਲੋਕ) ਕੱਟਣ ਲਈ ਕਿਹਾ ਹੈ। ਇਸ ਤਰ੍ਹਾਂ ਕੇਂਦਰ ਸਰਕਾਰ ਪੰਜਾਬ ਦੇ ਕਰੀਬ 55 ਲੱਖ ਲੋੜਵੰਦ ਲੋਕਾਂ ਦਾ ਰਾਸ਼ਨ ਖੋਹਣਾ ਚਾਹੁੰਦੀ ਹੈ।
ਕੈਬਨਿਟ ਮੰਤਰੀ ਨੇ ਪੰਜਾਬ ਦੇ ਗਰੀਬ ਲੋਕਾਂ ਨੂੰ ਮਿਲਣ ਵਾਲੇ ਰਾਸ਼ਨ ‘ਤੇ ਡਾਕਾ ਮਾਰਨ ਦੀ ਯੋਜਨਾ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਲੋਕਾਂ ਨਾਲ ਡੱਟ ਕੇ ਖੜ੍ਹੀ ਹੈ ਅਤੇ ਕਿਸੇ ਵੀ ਹਾਲਤ ਵਿਚ ਕੇਂਦਰ ਸਰਕਾਰ ਦੇ ਮਨਸੂਬੇ ਕਾਮਯਾਬ ਨਹੀਂ ਹੋਣ ਦਿੱਤੇ ਜਾਣਗੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਨੈਸ਼ਨਲ ਫੂਡ ਸਕਿਉਰਿਟੀ ਐਕਟ ਅਧੀਨ ਕਰੀਬ 01 ਕਰੋੜ 53 ਲੱਖ ਲਾਭਪਾਤਰੀ ਹਨ ਤੇ 01 ਕਰੋੜ 29 ਲੱਖ ਲਾਭਪਾਤਰੀਆਂ ਸਬੰਧੀ ਵੈਰੀਫਿਕੇਸ਼ਨ ਹੋ ਚੁੱਕੀ ਹੈ ਤੇ ਬਾਕੀਆਂ ਸਬੰਧੀ ਇਹ ਪ੍ਰਕਿਰਆ ਜਾਰੀ ਹੈ। ਪੰਜਾਬ ਸਰਕਾਰ ਨੇ ਇਸ ਕਾਰਜ ਬਾਬਤ 06 ਮਹੀਨੇ ਦਾ ਸਮਾਂ ਹੋਰ ਮੰਗਿਆ ਹੈ। ਜੇਕਰ ਕੇਂਦਰ ਨੂੰ ਕਿਸੇ ਕਿਸਮ ਦੀ ਕੋਈ ਕਮੀ ਨਜ਼ਰ ਆਉਂਦੀ ਹੈ ਤਾਂ ਪੰਜਾਬ ਸਰਕਾਰ, ਜੋ ਕਿ ਨੈਸ਼ਨਲ ਫੂਡ ਸਕਿਉਰਿਟੀ ਐਕਟ ਅਧੀਨ ਐਗਜ਼ੀਕਿਊਟਿੰਗ ਏਜੰਸੀ ਹੈ, ਨਾਲ ਰਾਬਤਾ ਕਰ ਕੇ ਮਸਲਾ ਹੱਲ ਕੀਤਾ ਜਾ ਸਕਦਾ ਹੈ। ਇੱਕ ਪਾਸੜ ਤਾਨਾਸ਼ਾਹੀ ਫੁਰਮਾਨ ਜਾਰੀ ਕਰਨਾ ਬਹੁਤ ਗਲਤ ਹੈ ਤੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਹੈ।
ਸ੍ਰ. ਭੁੱਲਰ ਨੇ ਕਿਹਾ ਕਿ ਰਾਸ਼ਨ ਕਾਰਡ ਕੱਟਣ ਲਈ ਜਿਹੜੇ ਮਾਪਦੰਡ ਕੇਂਦਰ ਵੱਲੋਂ ਅਪਣਾਏ ਜਾ ਰਹੇ ਹਨ, ਉਹ ਮਾਪਦੰਡ ਪੰਜਾਬ ਉੱਤੇ ਢੁੱਕਵੇਂ ਹੀ ਨਹੀਂ ਹਨ, ਜਿਨ੍ਹਾਂ ਵਿੱਚ ਕਿਸੇ ਪਰਿਵਾਰ ਦੇ ਬੱਚੇ ਵੱਲੋਂ ਨੌਕਰੀ ਕੀਤੇ ਜਾਣਾ ਤੇ 2.5 ਏਕੜ ਤੋਂ ਵੱਧ ਜ਼ਮੀਨ ਹੋਣਾ ਸ਼ਾਮਲ ਹਨ।
ਉਹਨਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸੇ ਵੀ ਕੀਮਤ ‘ਤੇ ਪੰਜਾਬੀਆਂ ਨਾਲ ਧੋਖਾ ਨਹੀਂ ਹੋਣ ਦੇਵੇਗੀ ਅਤੇ ਮਜ਼ਦੂਰਾਂ, ਦਲਿਤਾਂ, ਕਿਸਾਨਾਂ ਦੇ ਰਾਸ਼ਨ ਕਾਰਡਾਂ ਨੂੰ ਨਹੀਂ ਕੱਟਣ ਦੇਵੇਗੀ।ਜੇਕਰ ਅਜਿਹਾ ਕੀਤਾ ਗਿਆ ਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਕਿਸੇ ਵੀ ਸੰਘਰਸ਼ ਤੋਂ ਪਿੱਛੇ ਨਹੀਂ ਹਟੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਕੋਈ ਵੀ ਹਾਲਾਤ ਹੋਣ ਪੰਜਾਬ ਦੇ ਲੋਕ ਡੱਟ ਕੇ ਦੇਸ਼ ਨਾਲ ਖੜਦੇ ਹਨ। ਚਾਹੇ ਦੇਸ਼ ਦੇ ਅਨਾਜ ਭੰਡਾਰ ਭਰਨੇ ਹੋਣ ਤੇ ਚਾਹੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ। ਪਰ ਬਦਲੇ ਵਿਚ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਪਹਿਲਾਂ ਆਪ੍ਰੇਸ਼ਨ ਸੰਦੂਰ ਦੌਰਾਨ ਇਸਦਾ ਸੇਕ ਪੰਜਾਬ ਦੇ ਲੋਕਾਂ ਨੇ ਝੱਲਿਆਂ ਤੇ ਹੁਣ ਹੜਾਂ ਦੀ ਮਾਰ ਪੰਜਾਬ ਝੱਲ ਰਿਹਾ ਹੈ, ਜਦ ਪਾਣੀ ਦੀ ਕਮੀ ਸੀ ਤਾਂ ਸਾਡਾ ਪਾਣੀ ਲੁੱਟਣ ਦੀਆਂ ਸਾਜਿਸ਼ਾ ਰਚੀਆਂ ਜਾ ਰਹੀਆਂ ਸਨ ਅਤੇ ਹੁਣ ਜਦ ਹੜ੍ਹ ਆਏ ਤਾਂ ਪੰਜਾਬ ਨੂੰ ਡੁੱਬਣ ਲਈ ਛੱਡ ਦਿੱਤਾ।
ਸ੍ਰ. ਭੁੱਲਰ ਨੇ ਭਾਜਪਾ ਦੀ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਹਾ ਕਿ ‘ਵੋਟ ਚੋਰੀ’ ਤੋਂ ਬਾਅਦ ‘ਰਾਸ਼ਨ ਚੋਰੀ’ ਦੇ ਹੱਥਕੰਡੇ ਅਪਣਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਮੁਫ਼ਤ ਰਾਸ਼ਨ ਬੰਦ ਕਰਨ ਲਈ ਵਿਸ਼ੇਸ਼ ਤੌਰ ਉਤੇ ਪੰਜਾਬ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਜਦਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਪੰਜਾਬ ਨੇ ਅਨਾਜ ਉਤਪਾਦਨ ਵਿੱਚ ਦੇਸ਼ ਨੂੰ ਆਤਮ ਨਿਰਭਰ ਬਣਾਉਣ ਵਿੱਚ ਸਭ ਤੋਂ ਵੱਧ ਯੋਗਦਾਨ ਪਾਇਆ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਇੰਨ੍ਹਾਂ ਪੰਜਾਬ ਵਿਰੋਧੀ ਯੋਜਨਾਵਾਂ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਪੰਜਾਬ ਸਰਕਾਰ ਆਪਣੇ ਲੋਕਾਂ ਦੇ ਹਿੱਤਾਂ ਦੀ ਡੱਟ ਕੇ ਰੱਖਿਆ ਕਰੇਗੀ।
ਇਸ ਮੌਕੇ ਹਲਕਾ ਵਿਧਾਇਕ ਖੇਮਕਰਨ ਸ. ਸਰਵਨ ਸਿੰਘ ਧੁੰਨ ਅਤੇ ਚੇਅਰਮੈਨ ਜਿਲਾ ਯੋਜਨਾ ਕਮੇਟੀ ਤਰਨ ਤਾਰਨ ਸ. ਗੁਰਵਿੰਦਰ ਸਿੰਘ ਬਹਿੜਵਾਲ, ਚੇਅਰਮੈਨ ਸ੍ਰੀ ਗੁਰਦੇਵ ਸਿੰਘ ਲਾਖਣਾ, ਚੇਅਰਮੈਨ ਮਾਰਕੀਟ ਕਮੇਟੀ ਨੌਸ਼ਹਿਰਾ ਪੰਨੂਆਂ ਸ੍ਰੀ ਹਰਜੀਤ ਸਿੰਘ ਸੰਧੂ ਅਤੇ ਹਲਕਾ ਇੰਚਾਰਜ ਤਾਰਨ ਤਾਰਨ ਸ. ਹਰਮੀਤ ਸਿੰਘ ਸੰਧੂ ਅਤੇ ਹੋਰ ਆਗੂ ਤੇ ਪਾਰਟੀ ਵਰਕਰ ਵੀ ਹਾਜ਼ਰ ਸਨ।