Auspicious Day of Baisakhi
* ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਕੀਤੀ ਅਰਦਾਸ
* ਮੁਸ਼ਕਲ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ
* ਦੇਸ਼ ਦੇ ਸਭ ਤੋਂ ਸ਼ਾਂਤ ਸੂਬਿਆਂ ਵਿੱਚੋਂ ਇਕ ਹੈ ਪੰਜਾਬ
ਪਟਿਆਲਾ, 14 ਅਪ੍ਰੈਲ: Auspicious Day of Baisakhi: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਵਿਸਾਖੀ ਦੇ ਪਵਿੱਤਰ ਤਿਉਹਾਰ ਮੌਕੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ।
ਮੁੱਖ ਮੰਤਰੀ ਨੇ ਪੰਜਾਬ ਤੇ ਪੰਜਾਬੀਅਤ ਦੀ ਭਾਵਨਾ ਅਤੇ ਅਨੇਕਤਾ ਵਿੱਚ ਏਕਤਾ ਦਾ ਪ੍ਰਤੀਕ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਵਿਸ਼ਵ ਭਰ ਦੇ ਪੰਜਾਬੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਲੋਕਾਂ ਨੂੰ ਇਸ ਦਿਨ ਦੇ ਅਮੀਰ ਗੌਰਵਮਈ ਅਤੇ ਸੱਭਿਆਚਾਰਕ ਵਿਰਸੇ ਬਾਰੇ ਯਾਦ ਦਿਵਾਉਂਦਿਆਂ ਕਿਹਾ ਕਿ ਇਸ ਪਵਿੱਤਰ ਦਿਹਾੜੇ 'ਤੇ 1699 ਵਿੱਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪਵਿੱਤਰ ਨਗਰੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਵੱਖ-ਵੱਖ ਖੇਤਰਾਂ ਤੇ ਧਰਮਾਂ ਨਾਲ ਸਬੰਧਤ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾ ਕੇ 'ਖਾਲਸਾ ਪੰਥ' ਦੀ ਸਾਜਨਾ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਦਸਮੇਸ਼ ਪਿਤਾ ਨੇ ਜਾਤ-ਪਾਤ ਰਹਿਤ ਸਮਾਜ ਦੀ ਸਿਰਜਣਾ ਕੀਤੀ ਅਤੇ ਮਨੁੱਖਤਾ ਲਈ ਪਿਆਰ ਤੇ ਹਮਦਰਦੀ, ਸਰਬ-ਸਾਂਝੀਵਾਲਤਾ ਅਤੇ ਭਾਈਚਾਰਕ ਸਾਂਝ ਦਾ ਪ੍ਰਚਾਰ ਕੀਤਾ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਤਿਉਹਾਰ ਵਾਢੀ ਦੀ ਸ਼ੁਰੂਆਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪੱਕਣ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਹ ਮੌਕਾ ਸੂਬੇ ਦੇ ਕਿਸਾਨਾਂ ਦੀ ਮਿਹਨਤ ਦਾ ਫਲ ਇਕੱਤਰ ਕਰਨ ਦਾ ਵੇਲਾ ਹੈ। ਭਗਵੰਤ ਮਾਨ ਨੇ ਅਫਸੋਸ ਜ਼ਾਹਰ ਕੀਤਾ ਕਿ ਇਸ ਸਾਲ ਸਥਿਤੀ ਵੱਖਰੀ ਹੈ ਕਿਉਂਕਿ ਲਗਾਤਾਰ ਮੀਂਹ ਕਾਰਨ ਕਿਸਾਨਾਂ ਦੀ ਫਸਲ ਦਾ ਭਾਰੀ ਨੁਕਸਾਨ ਹੋਇਆ ਹੈ।
ਮੁੱਖ ਮੰਤਰੀ ਨੇ ਕਿਸਾਨਾਂ ਨੂੰ ਇਸ ਸਥਿਤੀ ਵਿੱਚੋਂ ਕੱਢਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਨਾਲ ਪੂਰੀ ਤਰ੍ਹਾਂ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਵੱਡੇ ਨੁਕਸਾਨ ਲਈ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਨੁਕਸਾਨ ਦਾ ਪਤਾ ਲਾਉਣ ਲਈ ਗਿਰਦਾਵਰੀ ਲਈ ਪਾਰਦਰਸ਼ੀ ਪ੍ਰਕਿਰਿਆ ਅਪਣਾਈ ਗਈ ਹੈ।
ਲੋਕਾਂ ਨੂੰ ਇਸ ਖ਼ੁਸ਼ੀ ਦੇ ਤਿਉਹਾਰ ਨੂੰ ਰਵਾਇਤੀ ਧੂਮ-ਧਾਮ ਨਾਲ ਮਨਾਉਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਡੇ ਦੇਸ਼ ਦੇ ਧਰਮ ਨਿਰਪੱਖ ਅਤੇ ਸਮਾਜਿਕ ਤਾਣੇ-ਬਾਣੇ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਮਹਾਨ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ 'ਤੇ ਚੱਲਦਿਆਂ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਣਥੱਕ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਦੇਸ਼ ਦੇ ਸਭ ਤੋਂ ਸ਼ਾਂਤ ਰਾਜਾਂ ਵਿੱਚੋਂ ਇੱਕ ਹੈ, ਜਿਸ ਕਾਰਨ ਦੇਸ਼ ਦੇ ਵੱਡੇ ਉਦਯੋਗਪਤੀ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ। ਉਨ੍ਹਾਂ ਨੇ ਲੋਕਾਂ ਨੂੰ ਕੁਝ ਅਨਸਰਾਂ ਵੱਲੋਂ ਸੂਬੇ ਦੀ ਸਖ਼ਤ ਘਾਲਣਾ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਭੰਗ ਕਰਨ ਲਈ ਕੀਤੇ ਜਾ ਰਹੇ ਗੁਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਤੇ ਡਾ. ਬਲਬੀਰ ਸਿੰਘ ਅਤੇ ਹੋਰ ਹਾਜ਼ਰ ਸਨ।
ਇਸ ਨੂੰ ਪੜ੍ਹੋ:
ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਖੁਦ ਲੱਗ ਪਏ ਟੁੱਟੀ ਨਹਿਰ ਬਣਵਾਉਣ
ਜਲੰਧਰ ਦੇ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ
ਜਲੰਧਰ 'ਚ 'ਆਪ' ਵੱਲੋਂ ਭਾਜਪਾ ਨੂੰ ਵੱਡਾ ਝਟਕਾ; ਮਹਿੰਦਰ ਭਗਤ ਹੋਏ ਆਮ ਆਦਮੀ ਪਾਰਟੀ 'ਚ ਸ਼ਾਮਲ
© 2022 Copyright. All Rights Reserved with Arth Parkash and Designed By Web Crayons Biz