ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵੱਲੋਂ ਡੀ.ਏ.ਸੀ. ਕੰਪਲੈਕਸ 'ਚ ਲਗਾਈ ਪ੍ਰਦਰਸ਼ਨੀ ਨੂੰ ਮਿਲਿਆ ਭਰਵਾਂ ਹੁੰਗਾਰਾ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸੰਗਰੂਰ
ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵੱਲੋਂ ਡੀ.ਏ.ਸੀ. ਕੰਪਲੈਕਸ 'ਚ ਲਗਾਈ ਪ੍ਰਦਰਸ਼ਨੀ ਨੂੰ ਮਿਲਿਆ ਭਰਵਾਂ ਹੁੰਗਾਰਾ
-ਡਿਪਟੀ ਕਮਿਸ਼ਨਰ ਨੇ ਪ੍ਰਦਰਸ਼ਨੀ 'ਚ ਪੁੱਜ ਕੇ ਬੱਚਿਆਂ ਦੀ ਕੀਤੀ ਹੌਸਲਾ ਅਫਜਾਈ
ਸੰਗਰੂਰ, 17 ਅਕਤੂਬਰ:
ਵਿਸ਼ਵਾਸ ਸਕੂਲ ਫ਼ਾਰ ਆਟੀਜ਼ਮ, ਸੰਗਰੂਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀਏਸੀ) ਸੰਗਰੂਰ ਵਿਖੇ ਲਗਾਈ ਇੱਕ ਦਿਨਾਂ ਪ੍ਰਦਰਸ਼ਨੀ ਨੂੰ ਭਰਵਾਂ ਹੁੰਗਾਰਾ ਮਿਲਿਆ। ਇਸ ਪ੍ਰਦਰਸ਼ਨੀ ਵਿੱਚ ਵਿਸ਼ੇਸ਼ ਲੋੜਾਂ (ਆਟੀਜ਼ਮ) ਵਾਲੇ ਬੱਚਿਆਂ ਵੱਲੋਂ ਤਿਆਰ ਕੀਤੀਆਂ ਰੋਜ਼ਾਨਾ ਵਰਤੋਂ ਵਾਲੀਆਂ ਤੇ ਤਿਉਹਾਰੀ ਸਜਾਵਟ ਦੀਆਂ ਵਸਤਾਂ ਸਾਬਣ, ਰੰਗ-ਬਿਰੰਗੀਆਂ ਮੋਮਬੱਤੀਆਂ ਅਤੇ ਕੱਚ ਦੇ ਗਿਲਾਸਾਂ ਵਿੱਚ ਬਣੀਆਂ ਸਜਾਵਟੀ ਮੋਮਬੱਤੀਆਂ ਆਦਿ ਪ੍ਰਦਰਸ਼ਿਤ ਕੀਤੀਆਂ ਗਈਆਂ ਸਨ।
ਸੰਗਰੂਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਆਈ.ਏ.ਐਸ ਵਿਸ਼ੇਸ਼ ਤੌਰ 'ਤੇ ਪ੍ਰਦਰਸ਼ਨੀ ਦਾ ਦੌਰਾ ਕਰਨ ਪੁੱਜੇਅਤੇ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ। ਉਨ੍ਹਾਂ ਬੱਚਿਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀ ਕਲਾ, ਜੋਸ਼ ਤੇ ਰਚਨਾਤਮਕਤਾ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਨਾ ਸਿਰਫ਼ ਬੱਚਿਆਂ ਦੇ ਆਤਮ ਵਿਸ਼ਵਾਸ ਨੂੰ ਮਜ਼ਬੂਤ ਕਰਦੇ ਹਨ, ਸਗੋਂ ਸਮਾਜ ਵਿੱਚ ਉਨ੍ਹਾਂ ਦੀ ਯੋਗਤਾ ਪ੍ਰਤੀ ਜਾਗਰੂਕਤਾ ਵੀ ਵਧਾਉਂਦੇ ਹਨ। ਉਨ੍ਹਾਂ ਨੇ ਵਿਸ਼ਵਾਸ ਸਕੂਲ ਦੀ ਟੀਮ ਦੀ ਸਰਹਾਨਾ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਬੱਚਿਆਂ ਨੂੰ ਮੁੱਖਧਾਰਾ 'ਚ ਸ਼ਾਮਲ ਕਰਨ ਲਈ ਮਹੱਤਵਪੂਰਣ ਭੂਮਿਕਾ ਨਿਭਾ ਰਹੇ ਹਨ।
ਇਸ ਪ੍ਰਦਰਸ਼ਨੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਸਮੇਤ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਆਏ ਲੋਕਾਂ ਵੱਲੋਂ ਸ਼ਮੂਲੀਅਤ ਕੀਤੀ ਗਈ ਅਤੇ ਬੱਚਿਆਂ ਵੱਲੋਂ ਤਿਆਰ ਕੀਤੀਆਂ ਵਸਤਾਂ ਖਰੀਦ ਕੇ ਉਨ੍ਹਾਂ ਦੇ ਉਪਰਾਲੇ ਦਾ ਹੌਸਲਾ ਵਧਾਇਆ ਗਿਆ।
ਵਿਸ਼ਵਾਸ ਸਕੂਲ ਦੇ ਪ੍ਰਿੰਸੀਪਲ ਅਤੇ ਸਟਾਫ ਮੈਂਬਰਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਮੰਚ ਮੁਹੱਈਆ ਕਰਵਾਇਆ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਰਾਹੀਂ ਵਿਸ਼ੇਸ਼ ਬੱਚਿਆਂ ਨੂੰ ਆਤਮਨਿਰਭਰ ਬਣਾਉਣ ਵੱਲ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ।
ਇੱਕ ਦਿਨ ਦੀ ਇਹ ਪ੍ਰਦਰਸ਼ਨੀ ਸਫਲ ਰਹੀ ਅਤੇ ਵਿਸ਼ੇਸ਼ ਬੱਚਿਆਂ ਦੀ ਯੋਗਤਾ ਪ੍ਰਤੀ ਜਾਗਰੂਕਤਾ ਫੈਲਾਉਣ ਵੱਲ ਇੱਕ ਪ੍ਰੇਰਣਾਦਾਇਕ ਕਦਮ ਸਾਬਤ ਹੋਈ।