ਬਾਬਾ ਸਾਹਿਬ ਦੇ ਬੁੱਤ ਨਾਲ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਛੇੜਛਾੜ ਦੀ ਘਟਨਾ ਬਰਦਾਸ਼ਤਯੋਗ ਨਹੀਂ : ਮੋਹਿੰਦਰ ਭਗਤ
ਬਾਬਾ ਸਾਹਿਬ ਦੇ ਬੁੱਤ ਨਾਲ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਛੇੜਛਾੜ ਦੀ ਘਟਨਾ ਬਰਦਾਸ਼ਤਯੋਗ ਨਹੀਂ : ਮੋਹਿੰਦਰ ਭਗਤ
- ਕਿਹਾ, ਪੰਜਾਬ ਸਰਕਾਰ ਅਜਿਹੀਆਂ ਕੋਝੀਆਂ ਹਰਕਤਾਂ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰੇਗੀ
ਜਲੰਧਰ, 3 ਜੂਨ :
ਉਪ ਮੰਡਲ ਫਿਲੌਰ ਅਧੀਨ ਪੈਂਦੇ ਪਿੰਡ ਨੰਗਲ ਵਿਖੇ ਭਾਰਤੀ ਸੰਵਿਧਾਨ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਨਾਲ ਸ਼ਰਾਰਤੀ ਅਨਾਸਰਾਂ ਵੱਲੋਂ ਕੀਤੀ ਗਈ ਛੇੜਛਾੜ ਦੀ ਘਟਨਾ ਨਾ ਸਿਰਫ ਸ਼ਰਮਨਾਕ ਹੈ, ਸਗੋਂ ਭਾਰਤ ਦੀਆਂ ਲੋਕਤੰਤਰਿਕ ਕਦਰਾਂ ਕੀਮਤਾਂ 'ਤੇ ਸਿੱਧਾ ਹਮਲਾ ਵੀ ਹੈ।
ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਬਿਆਨ ਜਾਰੀ ਕਰਦਿਆਂ ਇਸ ਘਟਨਾ ਨੂੰ ਕੱਟੜਪੰਥੀਆਂ ਵੱਲੋਂ ਪੰਜਾਬ ਦੇ ਸ਼ਾਂਤੀਪੂਰਨ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਸੂਬੇ ਵਿੱਚ ਸ਼ਾਂਤੀਪੂਰਨ ਮਾਹੌਲ ਕਾਇਮ ਰੱਖਣ ਲਈ ਵਚਨਬੱਧ ਹੈ ਅਤੇ ਅਜਿਹੀਆਂ ਕੋਝੀਆਂ ਹਰਕਤਾਂ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਸ਼੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਜੋ ਸ਼ਾਂਤੀਪੂਰਨ ਅਤੇ ਭਾਈਚਾਰਕ ਮਾਹੌਲ ਸਿਰਜਿਆ ਹੈ, ਉਹ ਕੱਟੜਪੰਥੀਆਂ ਨੂੰ ਬਰਦਾਸ਼ਤ ਨਹੀਂ ਹੋ ਰਿਹਾ। ਇਸ ਲਈ ਉਹ ਅਜਿਹੀਆਂ ਘਟੀਆ ਹਰਕਤਾਂ ਰਾਹੀਂ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਪੰਜਾਬ ਸਰਕਾਰ ਉਨ੍ਹਾਂ ਦੇ ਕਿਸੇ ਵੀ ਮਨਸੂਬੇ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ।
ਉਨ੍ਹਾਂ ਕਿਹਾ ਕਿ ਇਹ ਅਜਿਹੀ ਦੂਜੀ ਘਟਨਾ ਹੈ, ਜੋ ਕਿ ਕਿਸੇ ਡੂੰਘੀ ਸਾਜ਼ਿਸ਼ ਵੱਲ ਇਸ਼ਾਰਾ ਕਰਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਪੰਜਾਬ ਵਿੱਚ ਸੰਤਾਂ ਜਾਂ ਮਹਾਨ ਸ਼ਖਸੀਅਤਾਂ ਦੇ ਸਮਾਗਮ ਹੁੰਦੇ ਹਨ, ਇਹ ਕੱਟੜਪੰਥੀ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰਦੇ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੀ ਸ਼ਾਂਤੀ ਦੇ ਦੁਸ਼ਮਣਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।