ਵਿਜੀਲੈਂਸ ਬਿਊਰੋ ਨੇ ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਸੁਪਰਡੰਟ ਇੰਜੀਨੀਅਰ ਰੰਗੇ ਹੱਥੀਂ ਕੀਤਾ ਕਾਬੂ
ਵਿਜੀਲੈਂਸ ਬਿਊਰੋ ਨੇ ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਸੁਪਰਡੰਟ ਇੰਜੀਨੀਅਰ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ, 15 ਮਈ:
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਐਸ.ਏ.ਐਸ.ਨਗਰ ਵਿਖੇ ਤਾਇਨਾਤ ਸੁਪਰਡੰਟ ਇੰਜਨੀਅਰ (ਐਸ.ਈ.) ਕੁਆਲਿਟੀ ਕੰਟਰੋਲ, ਆਰ.ਕੇ. ਗੁਪਤਾ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਲਖਪਤ ਰਾਏ ਵਾਸੀ ਸ੍ਰੀ ਮੁਕਤਸਰ ਸਾਹਿਬ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਹ ਇੱਕ ਸਰਕਾਰੀ ਠੇਕੇਦਾਰ ਨਾਲ ਕੰਮ ਕਰ ਰਿਹਾ ਹੈ ਜਿਸ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਬਲਾਕ ਕੋਟਭਾਈ ਦੇ ਪਿੰਡ ਖੁੰਨਣ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਸਕੀਮ ਸਬੰਧੀ ਟੈਂਡਰ ਅਲਾਟ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਉਕਤ ਸੁਪਰਡੰਟ ਇੰਜਨੀਅਰ ਨੇ ਬਕਾਇਆ ਬਿੱਲਾਂ ਦੇ ਨਿਪਟਾਰੇ ਅਤੇ ਉਕਤ ਪ੍ਰੋਜੈਕਟ ਦੀ ਨਿਰੀਖਣ ਰਿਪੋਰਟ ਪੇਸ਼ ਕਰਨ ਬਦਲੇ 2,00,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ ਇੱਕ ਲੱਖ ਰੁਪਏ ਵਿੱਚ ਤੈਅ ਹੋਇਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਬਠਿੰਡਾ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਜਾਲ ਵਿਛਾਇਆ ਅਤੇ ਦੋਸ਼ੀ ਸੁਪਰਡੰਟ ਇੰਜਨੀਅਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਟੀਮ ਨੇ ਉਸ ਕੋਲੋਂ ਮੌਕੇ 'ਤੇ ਹੀ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ।
ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਆਰੰਭ ਦਿੱਤੀ ਗਈ ਹੈ।
© 2022 Copyright. All Rights Reserved with Arth Parkash and Designed By Web Crayons Biz