Hindi
1000347661

ਜ਼ਿਲ੍ਹੇ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਪਿੰਡ ਪੱਧਰੀ ਟਾਸਕ ਫੋਰਸ ਗਠਿਤ ਕੀਤੀ ਜਾਵੇਗੀ :  ਡਿਪਟੀ

ਜ਼ਿਲ੍ਹੇ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਪਿੰਡ ਪੱਧਰੀ ਟਾਸਕ ਫੋਰਸ ਗਠਿਤ ਕੀਤੀ ਜਾਵੇਗੀ :  ਡਿਪਟੀ ਕਮਿਸ਼ਨਰ

ਜ਼ਿਲ੍ਹੇ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਪਿੰਡ ਪੱਧਰੀ ਟਾਸਕ ਫੋਰਸ ਗਠਿਤ ਕੀਤੀ ਜਾਵੇਗੀ :  ਡਿਪਟੀ ਕਮਿਸ਼ਨਰ

 

ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੇ ਜਲੰਧਰ ’ਚ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਸਬੰਧੀ ਉਪਾਵਾਂ ਦਾ ਲਿਆ ਜਾਇਜ਼ਾ

 

ਕਿਹਾ  ਕਿਸਾਨ ਫ਼ਸਲੀ ਰਹਿੰਦ-ਖੂਹੰਦ ਪ੍ਰਬੰਧਨ ਲਈ ਆਈ-ਖੇਤ ਐਪ 'ਤੇ ਮਸ਼ੀਨਰੀ ਦੀ ਉਪਲਬਧਤਾ ਕਰ ਸਕਦੇ ਨੇ ਚੈੱਕ

 

ਖੇਤਾਂ ’ਚ ਅੱਗ ਲੱਗਣ ਦੀਆਂ ਘਟਨਾਵਾਂ 'ਤੇ ਸਖ਼ਤ ਨਜ਼ਰ ਰੱਖਣ ਲਈ ਕਲੱਸਟਰ ਅਧਿਕਾਰੀ ਵੀ ਕੀਤੇ ਨਿਯੁਕਤ

 

ਜਲੰਧਰ, 21 ਜੁਲਾਈ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸੋਮਵਾਰ ਨੂੰ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ ਰੁਝਾਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਠੱਲ੍ਹ ਪਾਉਣ ਲਈ ਪਿੰਡ ਪੱਧਰੀ ਟਾਸਕ ਫੋਰਸ ਗਠਿਤ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਇਹ ਟਾਸਕ ਫੋਰਸ ਜ਼ਮੀਨੀ ਪੱਧਰ 'ਤੇ ਸਾਰੇ ਜ਼ਰੂਰੀ ਕਦਮ ਚੁੱਕੇਗੀ।

ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਸਮੇਤ ਡਿਪਟੀ ਕਮਿਸ਼ਨਰ ਨੇ ਆਉਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਚੁੱਕੇ ਜਾ ਰਹੇ ਕਦਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਕਿਉਂਕਿ ਅੱਗ ਤੋਂ ਪੈਦਾ ਹੋਣ ਵਾਲਾ ਧੂੰਆਂ ਲੋਕਾਂ ਲਈ ਸਮੱਸਿਆਵਾਂ ਵਧਾ ਸਕਦਾ ਹੈ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਮੱਸਿਆ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਬਹੁ-ਪੱਖੀ ਰਣਨੀਤੀ ਅਪਣਾਈ ਜਾਵੇਗੀ ਤਾਂ ਜੋ ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

ਡਾ. ਅਗਰਵਾਲ ਨੇ ਆਈ-ਖੇਤ ਮੋਬਾਇਲ ਐਪ ਨੂੰ ਇਨਕਲਾਬੀ ਕਦਮ ਦੱਸਦਿਆਂ ਕਿਹਾ ਕਿ ਕਿਸਾਨ ਇਸ ਰਾਹੀਂ ਬਲਾਕ ਪੱਧਰ 'ਤੇ ਮਸ਼ੀਨਰੀ ਦੀ ਉਪਲਬਧਤਾ ਚੈੱਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸੁਪਰ ਸੀਡਰ, ਮਲਚਰ, ਆਰ.ਐਮ.ਬੀ. ਪਲਾਓ, ਹੈਪੀ ਸੀਡਰ, ਸੁਪਰ ਐਸ.ਐਮ.ਐਸ. ਸਮੇਤ ਵੱਡੀ ਗਿਣਤੀ ਵਿੱਚ ਮਸ਼ੀਨਾਂ ਉਪਲਬਧ ਹਨ, ਜਿਨ੍ਹਾਂ ਨੂੰ ਆਈ.-ਖੇਤ ਐਪ ਦੇ ਜ਼ਰੀਏ ਦੇਖਿਆ ਜਾ ਸਕਦਾ ਹੈ।

ਪਰਾਲੀ ਸਾੜਨ ਪੱਖੋਂ ਸੰਵੇਦਨਸ਼ੀਲ ਸਥਾਨਾਂ (ਹਾਟ ਸਪਾਟਸ) ਦੀ ਸਮੇਂ ਸਿਰ ਪਛਾਣ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਵੱਲੋਂ ਅਜਿਹੀਆਂ ਘਟਨਾਵਾਂ 'ਤੇ ਤੁਰੰਤ ਕਾਰਵਾਈ ਕਰਨ ਲਈ ਵੱਖ-ਵੱਖ ਕਲੱਸਟਰ ਅਧਿਕਾਰੀ ਨਿਯੁਕਤ ਕੀਤੇ ਗਏ। ਉਨ੍ਹਾਂ ਹਾਟ ਸਪਾਟਸ ਵਾਲੇ ਪਿੰਡਾਂ ਵਿੱਚ ਕਿਸਾਨਾਂ ਦੀ ਨਿਗਰਾਨੀ ਅਤੇ ਜਾਗਰੂਕਤਾ ਲਈ ਉਪਾਵਾਂ 'ਤੇ ਵੀ ਚਰਚਾ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਜਾਗਰੂਕਤਾ ਮੁਹਿੰਮ ਤੋਂ ਲੈ ਕੇ ਡਿਫਾਲਟਰਾਂ ਵਿਰੁੱਧ ਕਾਰਵਾਈ ਤੱਕ ਬਹੁ-ਪੱਖੀ ਰਣਨੀਤੀ ਅਪਣਾਈ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਹਰੇਕ ਘਟਨਾ ਦੀ ਮੌਕੇ ’ਤੇ ਜਾ ਕੇ ਪੜਤਾਲ ਯਕੀਨੀ ਬਣਾਉਂਦਿਆਂ ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ 'ਤੇ ਨੇੜਿਓਂ ਨਜ਼ਰ ਰੱਖੀ ਜਾਵੇ।

ਡਾ. ਅਗਰਵਾਲ ਨੇ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸਾਰੀਆਂ ਕੰਬਾਈਨਾਂ ਸੁਪਰ ਐਸ.ਐਮ.ਐਸ ਤਕਨੀਕ ਨਾਲ ਲੈਸ ਹੋਣ ਅਤੇ ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਵਾਤਾਵਰਣ ਮੁਆਵਜ਼ੇ ਦੇ ਬਕਾਇਆ ਮਾਮਲਿਆਂ ਦੀ ਰਿਕਵਰੀ ਦਾ ਵੀ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਡਿਫਾਲਟਰਾਂ ਪਾਸੋਂ ਰਿਕਵਰੀ ਤੇਜ਼ ਕਰਨ ਦੇ ਨਾਲ-ਨਾਲ ਮਾਲ ਰਿਕਾਰਡ ਵਿੱਚ ਲਾਲ ਐਂਟਰੀਆਂ ਕਰਨ ਦੇ ਵੀ ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਸਾਰੇ ਭਾਗੀਦਾਰਾਂ ਨੂੰ ਅਜਿਹੇ ਮਾਮਲਿਆਂ ਨੂੰ ਠੱਲ੍ਹ ਪਾਉਣ ਲਈ ਰੋਕਥਾਮ ਉਪਾਵਾਂ ਨੂੰ ਪੂਰੇ ਤਾਲਮੇਲ ਨਾਲ ਲਾਗੂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਖੇਤੀਬਾੜੀ ਵਿਭਾਗ ਨੂੰ ਪਿਛਲੇ ਸਾਲ ਸ਼ੁਰੂ ਕੀਤੀ ਗਈ ਵਾਤਾਵਰਣ ਦੇ ਰਖਵਾਲੇ ਸਕੀਮ ਨੂੰ ਅੱਗੇ ਵਧਾਉਣ ਲਈ ਕਿਹਾ। ਇਸ ਯੋਜਨਾ ਤਹਿਤ ਪਰਾਲੀ ਸਾੜਨ ਦੇ ਰੁਝਾਨ ਨੂੰ ਛੱਡਣ ਵਾਲੇ ਅਗਾਂਹਵਧੂ ਕਿਸਾਨਾਂ ਨੂੰ ਪ੍ਰਸ਼ਾਸਨ ਵੱਲੋਂ ਸਨਮਾਨਿਤ ਕੀਤਾ ਜਾਂਦਾ ਹੈ। ਇਨ੍ਹਾਂ ਅਗਾਂਹਵਧੂ ਕਿਸਾਨਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਆਪਣੇ ਕੰਮ ਲਈ ਤਰਜੀਹ ਵੀ ਮਿਲਦੀ ਹੈ ਅਤੇ ਅਗਾਂਹਵਧੂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਵੀ ਮਿਲਦੀਆਂ ਹਨ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਪਰਾਲੀ ਸਾੜਨ ਦੀ ਘਟਨਾ ਦੀ ਸੂਚਨਾ ਮਿਲਣ ’ਤੇ ਸਬੰਧਤ ਕਲੱਸਟਰ ਅਧਿਕਾਰੀਆਂ ਵੱਲੋਂ ਐਫ.ਆਈ.ਆਰ. ਦਰਜ ਕਰਵਾਈ ਜਾਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਕਾਨੂੰਨੀ ਕਾਰਵਾਈ ਦਾ ਉਦੇਸ਼ ਇਸ ਰੁਝਾਨ ਨੂੰ ਰੋਕਣ ਲਈ ਰੋਕਥਾਮ ਉਪਾਅ ਕਰਨਾ ਹੈ।

.........


Comment As:

Comment (0)